ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ

ਅੰਗ - 585


ਭ੍ਰਮੁ ਮਾਇਆ ਵਿਚਹੁ ਕਟੀਐ ਸਚੜੈ ਨਾਮਿ ਸਮਾਏ ॥

(ਤਦੋਂ ਮਨੁੱਖ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਨਾਮ ਵਿਚ ਲੀਨ ਹੋ ਜਾਂਦਾ ਹੈ ਤੇ ਇਸ ਦੇ ਅੰਦਰੋਂ ਮਾਇਆ ਦੀ ਖ਼ਾਤਰ ਭਟਕਣਾ ਦੂਰ ਹੋ ਜਾਂਦੀ ਹੈ।

ਸਚੈ ਨਾਮਿ ਸਮਾਏ ਹਰਿ ਗੁਣ ਗਾਏ ਮਿਲਿ ਪ੍ਰੀਤਮ ਸੁਖੁ ਪਾਏ ॥

ਮਨੁੱਖ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਲੀਨ ਹੋ ਜਾਂਦਾ ਹੈ, ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਪ੍ਰਭੂ-ਪ੍ਰੀਤਮ ਨੂੰ ਮਿਲ ਕੇ ਆਨੰਦ ਮਾਣਦਾ ਹੈ।

ਸਦਾ ਅਨੰਦਿ ਰਹੈ ਦਿਨੁ ਰਾਤੀ ਵਿਚਹੁ ਹੰਉਮੈ ਜਾਏ ॥

ਇਸ ਆਨੰਦ ਵਿਚ ਦਿਨ ਰਾਤ ਸਦਾ ਟਿਕਿਆ ਰਹਿੰਦਾ ਹੈ, ਤੇ, ਇਸ ਦੇ ਅੰਦਰੋਂ ਹਉਮੈ ਦੂਰ ਹੋ ਜਾਂਦੀ ਹੈ।

ਜਿਨੀ ਪੁਰਖੀ ਹਰਿ ਨਾਮਿ ਚਿਤੁ ਲਾਇਆ ਤਿਨ ਕੈ ਹੰਉ ਲਾਗਉ ਪਾਏ ॥

ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦੇ ਨਾਮ ਵਿਚ ਚਿੱਤ ਜੋੜਿਆ ਹੋਇਆ ਹੈ, ਮੈਂ ਉਹਨਾਂ ਦੀ ਚਰਨੀਂ ਲੱਗਦਾ ਹਾਂ।

ਕਾਂਇਆ ਕੰਚਨੁ ਤਾਂ ਥੀਐ ਜਾ ਸਤਿਗੁਰੁ ਲਏ ਮਿਲਾਏ ॥੨॥

ਸਰੀਰ ਤਦੋਂ ਸੋਨੇ ਵਾਂਗ ਪਵਿਤ੍ਰ ਹੋ ਜਾਂਦਾ ਹੈ, ਜਦੋਂ ਗੁਰੂ ਮਨੁੱਖ ਨੂੰ ਪਰਮਾਤਮਾ ਦੇ ਚਰਨਾਂ ਵਿਚ ਜੋੜ ਦੇਂਦਾ ਹੈ ॥੨॥

ਸੋ ਸਚਾ ਸਚੁ ਸਲਾਹੀਐ ਜੇ ਸਤਿਗੁਰੁ ਦੇਇ ਬੁਝਾਏ ॥

ਉਸ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਸਿਫ਼ਤ-ਸਾਲਾਹ ਤਦੋਂ ਹੀ ਕੀਤੀ ਜਾ ਸਕਦੀ ਹੈ, ਜਦੋਂ ਗੁਰੂ ਇਹ ਸੂਝ ਦੇਂਦਾ ਹੈ।

ਬਿਨੁ ਸਤਿਗੁਰ ਭਰਮਿ ਭੁਲਾਣੀਆ ਕਿਆ ਮੁਹੁ ਦੇਸਨਿ ਆਗੈ ਜਾਏ ॥

ਗੁਰੂ ਦੀ ਸਰਨ ਤੋਂ ਬਿਨਾ (ਜੀਵ-ਇਸਤ੍ਰੀਆਂ) ਮਾਇਆ ਦੀ ਭਟਕਣਾ ਵਿਚ ਪੈ ਕੇ ਕੁਰਾਹੇ ਪੈ ਜਾਂਦੀਆਂ ਹਨ ਤੇ ਪਰਲੋਕ ਵਿਚ ਜਾ ਕੇ ਸ਼ਰਮ-ਸਾਰ ਹੁੰਦੀਆਂ ਹਨ।

ਕਿਆ ਦੇਨਿ ਮੁਹੁ ਜਾਏ ਅਵਗੁਣਿ ਪਛੁਤਾਏ ਦੁਖੋ ਦੁਖੁ ਕਮਾਏ ॥

ਪਰਲੋਕ ਵਿਚ ਜਾ ਕੇ ਉਹ ਮੂੰਹ ਨਹੀਂ ਵਿਖਾ ਸਕਦੀਆਂ। ਜੇਹੜੀ (ਜੀਵ-ਇਸਤ੍ਰੀ) ਔਗੁਣ ਵਿਚ ਫਸ ਜਾਂਦੀ ਹੈ, ਉਹ ਆਖ਼ਰ ਪਛੁਤਾਂਦੀ ਹੈ, ਉਹ ਸਦਾ ਦੁੱਖ ਹੀ ਦੁੱਖ ਸਹੇੜਦੀ ਹੈ।

ਨਾਮਿ ਰਤੀਆ ਸੇ ਰੰਗਿ ਚਲੂਲਾ ਪਿਰ ਕੈ ਅੰਕਿ ਸਮਾਏ ॥

ਪਰਮਾਤਮਾ ਦੇ ਨਾਮ ਵਿਚ ਰੰਗੀਆਂ ਹੋਈਆਂ ਜੀਵ-ਇਸਤ੍ਰੀਆਂ ਪਰਮਾਤਮਾ ਦੇ ਚਰਨਾਂ ਵਿਚ ਲੀਨ ਹੋ ਕੇ ਗੂੜ੍ਹੇ ਪ੍ਰੇਮ-ਰੰਗ ਵਿਚ (ਮਸਤ ਰਹਿੰਦੀਆਂ ਹਨ)।

ਤਿਸੁ ਜੇਵਡੁ ਅਵਰੁ ਨ ਸੂਝਈ ਕਿਸੁ ਆਗੈ ਕਹੀਐ ਜਾਏ ॥

ਉਸ ਪਰਮਾਤਮਾ ਦੇ ਬਰਾਬਰ ਦਾ (ਜਗਤ ਵਿਚ) ਹੋਰ ਕੋਈ ਨਹੀਂ ਦਿੱਸਦਾ (ਇਸ ਵਾਸਤੇ ਪਰਮਾਤਮਾ ਤੋਂ ਬਿਨਾ) ਕਿਸੇ ਹੋਰ ਅੱਗੇ (ਕੋਈ ਦੁਖ ਸੁਖ) ਦੱਸਿਆ ਨਹੀਂ ਜਾ ਸਕਦਾ।

ਸੋ ਸਚਾ ਸਚੁ ਸਲਾਹੀਐ ਜੇ ਸਤਿਗੁਰੁ ਦੇਇ ਬੁਝਾਏ ॥੩॥

ਉਸ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਸਿਫ਼ਤ-ਸਾਲਾਹ ਤਦੋਂ ਹੀ ਕੀਤੀ ਜਾ ਸਕਦੀ ਹੈ, ਜਦੋਂ ਗੁਰੂ ਇਹ ਸੂਝ ਦੇਂਦਾ ਹੈ ॥੩॥

ਜਿਨੀ ਸਚੜਾ ਸਚੁ ਸਲਾਹਿਆ ਹੰਉ ਤਿਨ ਲਾਗਉ ਪਾਏ ॥

ਜਿਨ੍ਹਾਂ ਨੇ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਕੀਤੀ, ਮੈਂ ਉਹਨਾਂ ਦੇ ਚਰਨੀਂ ਲੱਗਦਾ ਹਾਂ।

ਸੇ ਜਨ ਸਚੇ ਨਿਰਮਲੇ ਤਿਨ ਮਿਲਿਆ ਮਲੁ ਸਭ ਜਾਏ ॥

ਉਹ ਮਨੁੱਖ ਅਡੋਲ-ਚਿੱਤ ਹੋ ਜਾਂਦੇ ਹਨ, ਪਵਿਤ੍ਰ ਹੋ ਜਾਂਦੇ ਹਨ, ਉਹਨਾਂ ਦਾ ਦਰਸ਼ਨ ਕੀਤਿਆਂ (ਵਿਕਾਰਾਂ ਦੀ) ਸਾਰੀ ਮੈਲ ਦੂਰ ਹੋ ਜਾਂਦੀ ਹੈ।

ਤਿਨ ਮਿਲਿਆ ਮਲੁ ਸਭ ਜਾਏ ਸਚੈ ਸਰਿ ਨਾਏ ਸਚੈ ਸਹਜਿ ਸੁਭਾਏ ॥

ਉਹਨਾਂ ਦਾ ਦੀਦਾਰ ਕਰਨ ਨਾਲ (ਵਿਕਾਰਾਂ ਦੀ) ਸਾਰੀ ਮੈਲ ਲਹਿ ਜਾਂਦੀ ਹੈ ਮਨੁੱਖ ਸਦਾ-ਥਿਰ ਪ੍ਰਭੂ ਦੇ ਨਾਮ-ਸਰੋਵਰ ਵਿਚ ਇਸ਼ਨਾਨ ਕਰਦਾ ਹੈ ਉਸ (ਪ੍ਰਭੂ) ਵਿਚ ਲੀਨ ਹੋ ਜਾਂਦਾ ਹੈ।

ਨਾਮੁ ਨਿਰੰਜਨੁ ਅਗਮੁ ਅਗੋਚਰੁ ਸਤਿਗੁਰਿ ਦੀਆ ਬੁਝਾਏ ॥

ਸਤਿਗੁਰ ਨੇ ਮੈਨੂੰ ਇਹ ਸੂਝ ਦਿੱਤੀ ਹੈ ਕਿ ਪਰਮਾਤਮਾ ਦਾ ਨਾਮ ਮਾਇਆ ਦੀ ਕਾਲਖ ਤੋਂ ਰਹਿਤ (ਕਰਨ ਵਾਲਾ) ਹੈ, ਪਰ ਪ੍ਰਭੂ (ਸਿਆਣਪ ਚਤੁਰਾਈ ਦੀ ਰਾਹੀਂ) ਅਪਹੁੰਚ ਹੈ, ਗਿਆਨ-ਇੰਦ੍ਰਿਆਂ ਦੀ ਭੀ ਉਸ ਤਕ ਪਹੁੰਚ ਨਹੀਂ।

ਅਨਦਿਨੁ ਭਗਤਿ ਕਰਹਿ ਰੰਗਿ ਰਾਤੇ ਨਾਨਕ ਸਚਿ ਸਮਾਏ ॥

ਹੇ ਨਾਨਕ! ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਕੇ ਹਰ ਵੇਲੇ ਨਾਮ-ਰੰਗ ਵਿਚ ਰੰਗੇ ਕੇ ਪ੍ਰਭੂ ਦੀ ਭਗਤੀ ਕਰ!

ਜਿਨੀ ਸਚੜਾ ਸਚੁ ਧਿਆਇਆ ਹੰਉ ਤਿਨ ਕੈ ਲਾਗਉ ਪਾਏ ॥੪॥੪॥

ਜਿਨ੍ਹਾਂ ਨੇ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਕੀਤੀ, ਮੈਂ ਉਹਨਾਂ ਦੇ ਚਰਨੀਂ ਲੱਗਦਾ ਹਾਂ ॥੪॥੪॥

ਵਡਹੰਸ ਕੀ ਵਾਰ ਮਹਲਾ ੪ ਲਲਾਂ ਬਹਲੀਮਾ ਕੀ ਧੁਨਿ ਗਾਵਣੀ ॥

ਵਡਹੰਸ ਰਾਗ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ 'ਵਾਰ'। ਲਲਾਂ ਤੇ ਬਹਲੀਮਾ ਦੀ ਧੁਨ ਅਨੁਸਾਰ ਗਾਈ ਜਾਵੇ।

ੴ ਸਤਿਗੁਰ ਪ੍ਰਸਾਦਿ ॥

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਸਲੋਕ ਮਃ ੩ ॥

ਸਬਦਿ ਰਤੇ ਵਡ ਹੰਸ ਹੈ ਸਚੁ ਨਾਮੁ ਉਰਿ ਧਾਰਿ ॥

ਜੋ ਸੱਚੇ ਨਾਮ ਨੂੰ ਹਿਰਦੇ ਵਿਚ ਪਰੋ ਕੇ ਸਤਿਗੁਰੂ ਦੇ ਸ਼ਬਦ ਵਿਚ ਰੱਤੇ ਹੋਏ ਹਨ, ਉਹ ਵੱਡੇ ਬਿਬੇਕੀ (ਸੰਤ) ਹਨ।

ਸਚੁ ਸੰਗ੍ਰਹਹਿ ਸਦ ਸਚਿ ਰਹਹਿ ਸਚੈ ਨਾਮਿ ਪਿਆਰਿ ॥

ਉਹ ਸੱਚਾ ਨਾਮ (ਰੂਪ ਧਨ) ਇਕੱਠਾ ਕਰਦੇ ਹਨ, ਤੇ ਸੱਚੇ ਨਾਮ ਵਿਚ ਪਿਆਰ ਦੇ ਕਾਰਨ ਸੱਚ ਵਿਚ ਹੀ ਲੀਨ ਰਹਿੰਦੇ ਹਨ।

ਸਦਾ ਨਿਰਮਲ ਮੈਲੁ ਨ ਲਗਈ ਨਦਰਿ ਕੀਤੀ ਕਰਤਾਰਿ ॥

ਕਰਤਾਰ ਨੇ ਉਹਨਾਂ ਉਤੇ ਮੇਹਰ ਦੀ ਨਜ਼ਰ ਕੀਤੀ ਹੋਈ ਹੈ; (ਇਸ ਕਰਕੇ) ਉਹ ਸਦਾ ਪਵਿਤ੍ਰ ਹਨ ਉਹਨਾਂ ਨੂੰ (ਵਿਕਾਰਾਂ ਦੀ) ਮੈਲ ਨਹੀਂ ਲੱਗਦੀ।

ਨਾਨਕ ਹਉ ਤਿਨ ਕੈ ਬਲਿਹਾਰਣੈ ਜੋ ਅਨਦਿਨੁ ਜਪਹਿ ਮੁਰਾਰਿ ॥੧॥

ਹੇ ਨਾਨਕ! ਜੋ ਮਨੁੱਖ ਹਰ ਵੇਲੇ ਪ੍ਰਭੂ ਨੂੰ ਸਿਮਰਦੇ ਹਨ, ਮੈਂ ਉਹਨਾਂ ਤੋਂ ਸਦਕੇ ਹਾਂ ॥੧॥

ਮਃ ੩ ॥

ਮੈ ਜਾਨਿਆ ਵਡ ਹੰਸੁ ਹੈ ਤਾ ਮੈ ਕੀਆ ਸੰਗੁ ॥

ਮੈਂ ਸਮਝਿਆ ਸੀ ਕਿ ਇਹ ਕੋਈ ਵੱਡਾ ਸੰਤ ਹੈ, ਇਸ ਵਾਸਤੇ ਮੈਂ ਇਸ ਨਾਲ ਸਾਥ ਕੀਤਾ ਸੀ।

ਜੇ ਜਾਣਾ ਬਗੁ ਬਪੁੜਾ ਤ ਜਨਮਿ ਨ ਦੇਦੀ ਅੰਗੁ ॥੨॥

ਜੇ ਮੈਨੂੰ ਪਤਾ ਹੁੰਦਾ ਕਿ ਇਹ ਵਿਚਾਰਾ ਪਖੰਡੀ ਮਨੁੱਖ ਹੈ ਤਾਂ ਮੈਂ ਮੁੱਢ ਤੋਂ ਹੀ ਇਸ ਦੇ ਪਾਸ ਨਾਹ ਬੈਠਦੀ ॥੨॥

ਮਃ ੩ ॥

ਹੰਸਾ ਵੇਖਿ ਤਰੰਦਿਆ ਬਗਾਂ ਭਿ ਆਯਾ ਚਾਉ ॥

ਹੰਸਾਂ ਨੂੰ ਤਰਦਿਆਂ ਵੇਖ ਕੇ ਬਗਲਿਆਂ ਨੂੰ ਭੀ ਚਾਅ ਕੁੱਦਿਆ,

ਡੁਬਿ ਮੁਏ ਬਗ ਬਪੁੜੇ ਸਿਰੁ ਤਲਿ ਉਪਰਿ ਪਾਉ ॥੩॥

ਪਰ ਬਗਲੇ ਵਿਚਾਰੇ ਸਿਰ-ਪਰਨੇ ਹੋ ਕੇ ਡੁੱਬ ਕੇ ਮਰ ਗਏ ॥੩॥

ਪਉੜੀ ॥

ਤੂ ਆਪੇ ਹੀ ਆਪਿ ਆਪਿ ਹੈ ਆਪਿ ਕਾਰਣੁ ਕੀਆ ॥

(ਹੇ ਪ੍ਰਭੂ!) ਸੰਸਾਰ ਦਾ ਮੁੱਢ ਤੂੰ ਆਪ ਹੀ ਬਣਾਇਆ, (ਕਿਉਂਕਿ ਇਸ ਤੋਂ ਪਹਿਲਾਂ ਦਾ ਭੀ) ਤੂੰ ਆਪ ਹੀ ਹੈਂ, ਤੂੰ ਆਪ ਹੀ ਹੈਂ।

ਤੂ ਆਪੇ ਆਪਿ ਨਿਰੰਕਾਰੁ ਹੈ ਕੋ ਅਵਰੁ ਨ ਬੀਆ ॥

ਤੇਰਾ ਕੋਈ ਖ਼ਾਸ ਸਰੂਪ ਨਹੀਂ ਹੈ (ਜੋ ਮੈਂ ਬਿਆਨ ਕਰ ਸਕਾਂ), ਤੇਰੇ ਵਰਗਾ ਕੋਈ ਦੂਜਾ ਨਹੀਂ ਹੈ।

ਤੂ ਕਰਣ ਕਾਰਣ ਸਮਰਥੁ ਹੈ ਤੂ ਕਰਹਿ ਸੁ ਥੀਆ ॥

ਸ੍ਰਿਸ਼ਟੀ ਦੀ ਉਤਪੱਤੀ ਕਰਨ ਦੇ ਤੂੰ ਹੀ ਸਮਰੱਥ ਹੈਂ, ਜੋ ਕੁਝ ਤੂੰ ਕਰਦਾ ਹੈਂ ਉਹੀ ਹੁੰਦਾ ਹੈ।

ਤੂ ਅਣਮੰਗਿਆ ਦਾਨੁ ਦੇਵਣਾ ਸਭਨਾਹਾ ਜੀਆ ॥

ਤੂੰ ਸਾਰੇ ਜੀਵਾਂ ਨੂੰ (ਉਹਨਾਂ ਦੇ) ਮੰਗਣ ਤੋਂ ਬਿਨਾ ਹੀ ਸਭ ਦਾਤਾਂ ਦੇ ਰਿਹਾ ਹੈਂ।

ਸਭਿ ਆਖਹੁ ਸਤਿਗੁਰੁ ਵਾਹੁ ਵਾਹੁ ਜਿਨਿ ਦਾਨੁ ਹਰਿ ਨਾਮੁ ਮੁਖਿ ਦੀਆ ॥੧॥

ਸਾਰੇ ਆਖੋ! ਸਤਿਗੁਰੂ (ਭੀ) ਧੰਨ ਹੈ ਜਿਸ ਨੇ (ਇਹੋ ਜਿਹੇ) ਪ੍ਰਭੂ ਦੀ ਨਾਮ-ਰੂਪ ਦਾਤ (ਅਸਾਡੇ) ਮੂੰਹ ਵਿਚ ਪਾਈ ਹੈ ॥੧॥


ਸੂਚੀ (1 - 1430)
ਜਪੁ ਅੰਗ: 1 - 8
ਸੋ ਦਰੁ ਅੰਗ: 8 - 10
ਸੋ ਪੁਰਖੁ ਅੰਗ: 10 - 12
ਸੋਹਿਲਾ ਅੰਗ: 12 - 13
ਸਿਰੀ ਰਾਗੁ ਅੰਗ: 14 - 93
ਰਾਗੁ ਮਾਝ ਅੰਗ: 94 - 150
ਰਾਗੁ ਗਉੜੀ ਅੰਗ: 151 - 346
ਰਾਗੁ ਆਸਾ ਅੰਗ: 347 - 488
ਰਾਗੁ ਗੂਜਰੀ ਅੰਗ: 489 - 526
ਰਾਗੁ ਦੇਵਗੰਧਾਰੀ ਅੰਗ: 527 - 536
ਰਾਗੁ ਬਿਹਾਗੜਾ ਅੰਗ: 537 - 556
ਰਾਗੁ ਵਡਹੰਸੁ ਅੰਗ: 557 - 594
ਰਾਗੁ ਸੋਰਠਿ ਅੰਗ: 595 - 659
ਰਾਗੁ ਧਨਾਸਰੀ ਅੰਗ: 660 - 695
ਰਾਗੁ ਜੈਤਸਰੀ ਅੰਗ: 696 - 710
ਰਾਗੁ ਟੋਡੀ ਅੰਗ: 711 - 718
ਰਾਗੁ ਬੈਰਾੜੀ ਅੰਗ: 719 - 720
ਰਾਗੁ ਤਿਲੰਗ ਅੰਗ: 721 - 727
ਰਾਗੁ ਸੂਹੀ ਅੰਗ: 728 - 794
ਰਾਗੁ ਬਿਲਾਵਲੁ ਅੰਗ: 795 - 858
ਰਾਗੁ ਗੋਂਡ ਅੰਗ: 859 - 875
ਰਾਗੁ ਰਾਮਕਲੀ ਅੰਗ: 876 - 974
ਰਾਗੁ ਨਟ ਨਾਰਾਇਨ ਅੰਗ: 975 - 983
ਰਾਗੁ ਮਾਲੀ ਗਉੜਾ ਅੰਗ: 984 - 988
ਰਾਗੁ ਮਾਰੂ ਅੰਗ: 989 - 1106
ਰਾਗੁ ਤੁਖਾਰੀ ਅੰਗ: 1107 - 1117
ਰਾਗੁ ਕੇਦਾਰਾ ਅੰਗ: 1118 - 1124
ਰਾਗੁ ਭੈਰਉ ਅੰਗ: 1125 - 1167
ਰਾਗੁ ਬਸੰਤੁ ਅੰਗ: 1168 - 1196
ਰਾਗੁ ਸਾਰੰਗ ਅੰਗ: 1197 - 1253
ਰਾਗੁ ਮਲਾਰ ਅੰਗ: 1254 - 1293
ਰਾਗੁ ਕਾਨੜਾ ਅੰਗ: 1294 - 1318
ਰਾਗੁ ਕਲਿਆਨ ਅੰਗ: 1319 - 1326
ਰਾਗੁ ਪ੍ਰਭਾਤੀ ਅੰਗ: 1327 - 1351
ਰਾਗੁ ਜੈਜਾਵੰਤੀ ਅੰਗ: 1352 - 1359
ਸਲੋਕ ਸਹਸਕ੍ਰਿਤੀ ਅੰਗ: 1353 - 1360
ਗਾਥਾ ਮਹਲਾ ੫ ਅੰਗ: 1360 - 1361
ਫੁਨਹੇ ਮਹਲਾ ੫ ਅੰਗ: 1361 - 1663
ਚਉਬੋਲੇ ਮਹਲਾ ੫ ਅੰਗ: 1363 - 1364
ਸਲੋਕੁ ਭਗਤ ਕਬੀਰ ਜੀਉ ਕੇ ਅੰਗ: 1364 - 1377
ਸਲੋਕੁ ਸੇਖ ਫਰੀਦ ਕੇ ਅੰਗ: 1377 - 1385
ਸਵਈਏ ਸ੍ਰੀ ਮੁਖਬਾਕ ਮਹਲਾ ੫ ਅੰਗ: 1385 - 1389
ਸਵਈਏ ਮਹਲੇ ਪਹਿਲੇ ਕੇ ਅੰਗ: 1389 - 1390
ਸਵਈਏ ਮਹਲੇ ਦੂਜੇ ਕੇ ਅੰਗ: 1391 - 1392
ਸਵਈਏ ਮਹਲੇ ਤੀਜੇ ਕੇ ਅੰਗ: 1392 - 1396
ਸਵਈਏ ਮਹਲੇ ਚਉਥੇ ਕੇ ਅੰਗ: 1396 - 1406
ਸਵਈਏ ਮਹਲੇ ਪੰਜਵੇ ਕੇ ਅੰਗ: 1406 - 1409
ਸਲੋਕੁ ਵਾਰਾ ਤੇ ਵਧੀਕ ਅੰਗ: 1410 - 1426
ਸਲੋਕੁ ਮਹਲਾ ੯ ਅੰਗ: 1426 - 1429
ਮੁੰਦਾਵਣੀ ਮਹਲਾ ੫ ਅੰਗ: 1429 - 1429
ਰਾਗਮਾਲਾ ਅੰਗ: 1430 - 1430