ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮੂਰਖ ਮਨੁੱਖ ਪਰਮਾਤਮਾ ਦਾ ਨਾਮ ਚੇਤੇ ਨਹੀਂ ਕਰਦਾ, ਆਪਣਾ ਜੀਵਨ ਵਿਅਰਥ ਗਵਾ ਜਾਂਦਾ ਹੈ।
ਪਰ ਜਦੋਂ ਉਸ ਨੂੰ ਗੁਰੂ ਮਿਲ ਪੈਂਦਾ ਹੈ ਤਦੋਂ ਉਹ ਹਰਿ-ਨਾਮ ਦੀ ਦਾਤ ਹਾਸਲ ਕਰਦਾ ਹੈ, ਤੇ, ਆਪਣੇ ਅੰਦਰੋਂ ਮਾਇਆ ਦਾ ਮੋਹ ਅਤੇ ਹਉਮੈ ਦੂਰ ਕਰ ਲੈਂਦਾ ਹੈ ॥੩॥
ਗੁਰੂ ਦੇ ਸ਼ਬਦ ਦੀ ਰਾਹੀਂ ਵਿਚਾਰਵਾਨ ਹੋ ਕੇ ਪਰਮਾਤਮਾ ਦੇ ਦਾਸ ਸਦਾ-ਥਿਰ ਪ੍ਰਭੂ ਦਾ ਸਦਾ-ਥਿਰ ਨਾਮ ਸਿਮਰਨ ਦੀ ਕਮਾਈ ਕਰਦੇ ਰਹਿੰਦੇ ਹਨ।
ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨੇ ਆਪ ਹੀ ਉਹਨਾਂ ਨੂੰ ਆਪਣੇ ਚਰਨਾਂ ਵਿਚ ਮਿਲਾ ਰੱਖਿਆ ਹੁੰਦਾ ਹੈ। ਉਹ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦੇ ਹਨ।
ਹੇ ਨਾਨਕ! ਪਰਮਾਤਮਾ ਦੇ ਨਾਮ ਤੋਂ ਹੀ ਉੱਚੀ ਆਤਮਕ ਅਵਸਥਾ ਤੇ (ਚੰਗੀ) ਅਕਲ ਪ੍ਰਾਪਤ ਹੁੰਦੀ ਹੈ। ਪਰਮਾਤਮਾ ਦਾ ਨਾਮ ਹੀ ਸਾਡਾ (ਜੀਵਾਂ) ਦਾ ਸਰਮਾਇਆ ਹੈ ॥੪॥੧॥
(ਗੁਰੂ) ਭਗਤ ਜਨਾਂ ਨੂੰ ਪਰਮਾਤਮਾ ਦੀ ਭਗਤੀ ਦਾ ਖ਼ਜ਼ਾਨਾ ਦੇਂਦਾ ਹੈ, ਪਰਮਾਤਮਾ ਦਾ ਨਾਮ ਐਸਾ ਧਨ ਹੈ ਜੋ ਸਦਾ ਕਾਇਮ ਰਹਿੰਦਾ ਹੈ।
ਹਰਿ-ਨਾਮ-ਧਨ ਕਦੇ ਮੁੱਕਣ ਵਾਲਾ ਨਹੀਂ, ਇਹ ਧਨ ਕਦੇ ਨਹੀਂ ਮੁੱਕਦਾ, ਕਿਸੇ ਪਾਸੋਂ ਇਸ ਦਾ ਮੁੱਲ ਭੀ ਨਹੀਂ ਪਾਇਆ ਜਾ ਸਕਦਾ (ਭਾਵ, ਕੋਈ ਮਨੁੱਖ ਇਸ ਧਨ ਨੂੰ ਦੁਨਿਆਵੀ ਪਦਾਰਥਾਂ ਨਾਲ ਖ਼ਰੀਦ ਭੀ ਨਹੀਂ ਸਕਦਾ)।
ਜਿਨ੍ਹਾਂ ਨੇ ਇਹ ਸਦਾ-ਥਿਰ ਹਰਿ-ਧਨ ਪ੍ਰਾਪਤ ਕਰ ਲਿਆ, ਉਹਨਾਂ ਨੂੰ ਇਸ ਨਾਮ-ਧਨ ਦੀ ਬਰਕਤਿ ਨਾਲ (ਲੋਕ ਪਰਲੋਕ ਵਿਚ) ਇੱਜ਼ਤ ਮਿਲਦੀ ਹੈ ॥੧॥
ਹੇ ਮੇਰੇ ਮਨ! (ਗੁਰੂ ਦੇ ਸ਼ਬਦ ਦੀ ਰਾਹੀਂ ਹੀ ਪਰਮਾਤਮਾ ਮਿਲ ਸਕਦਾ ਹੈ।
ਸ਼ਬਦ ਤੋਂ ਬਿਨਾ ਜਗਤ ਕੁਰਾਹੇ ਪਿਆ ਹੋਇਆ ਭਟਕਦਾ ਫਿਰਦਾ ਹੈ, (ਅਗਾਂਹ ਪਰਲੋਕ ਵਿਚ) ਪ੍ਰਭੂ ਦੀ ਦਰਗਾਹ ਵਿਚ ਦੰਡ ਸਹਿੰਦਾ ਹੈ। ਰਹਾਉ॥
ਇਸ ਸਰੀਰ ਵਿਚ ਕਾਮ, ਕ੍ਰੋਧ, ਲੋਭ, ਮੋਹ ਤੇ ਅਹੰਕਾਰ ਦੇ ਪੰਜ ਚੋਰ ਵੱਸਦੇ ਹਨ,
(ਇਹ) ਆਤਮਕ ਜੀਵਨ ਦੇਣ ਵਾਲਾ ਨਾਮ-ਧਨ ਲੁੱਟਦੇ ਰਹਿੰਦੇ ਹਨ, ਪਰ, ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਇਹ ਸਮਝਦੇ ਨਹੀਂ। (ਜਦੋਂ ਸਭ ਕੁਝ ਲੁਟਾ ਕੇ ਉਹ ਦੁੱਖੀ ਹੁੰਦੇ ਹਨ, ਤਾਂ) ਕੋਈ ਉਹਨਾਂ ਦੀ ਪੁਕਾਰ ਨਹੀਂ ਸੁਣਦਾ (ਕੋਈ ਉਹਨਾਂ ਦੀ ਸਹਾਇਤਾ ਨਹੀਂ ਕਰ ਸਕਦਾ)।
ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਜਗਤ ਅੰਨ੍ਹਿਆਂ ਵਾਲੀ ਕਰਤੂਤ ਕਰਦਾ ਰਹਿੰਦਾ ਹੈ, ਗੁਰੂ ਤੋਂ ਖੁੰਝ ਕੇ (ਇਸ ਦੇ ਆਤਮਕ ਜੀਵਨ ਦੇ ਰਸਤੇ ਵਿਚ) ਹਨੇਰਾ ਹੋਇਆ ਰਹਿੰਦਾ ਹੈ ॥੨॥
ਇਹ ਆਖ ਆਖ ਕੇ ਕਿ 'ਮੈਂ ਵੱਡਾ ਹਾਂ', 'ਇਹ ਧਨ ਪਦਾਰਥ ਮੇਰਾ ਹੈ' (ਮਾਇਆ-ਵੇੜ੍ਹੇ) ਮਨੁੱਖ ਖ਼ੁਆਰ ਹੁੰਦੇ ਰਹਿੰਦੇ ਹਨ, ਪਰ ਜਗਤ ਤੋਂ ਤੁਰਨ ਵੇਲੇ ਕੋਈ ਚੀਜ਼ ਭੀ ਕਿਸੇ ਦੇ ਨਾਲ ਨਹੀਂ ਤੁਰਦੀ।
ਜੇਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ, ਉਹ ਸਦਾ ਪਰਮਾਤਮਾ ਦੇ ਨਾਮ ਨੂੰ ਹਿਰਦੇ ਵਿਚ ਵਸਾ ਕੇ ਨਾਮ ਸਿਮਰਦਾ ਰਹਿੰਦਾ ਹੈ।
ਉਹ ਸਦਾ-ਥਿਰ ਰਹਿਣ ਵਾਲੀ ਸਿਫ਼ਤ-ਸਾਲਾਹ ਦੀ ਬਾਣੀ ਦੀ ਰਾਹੀਂ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ ਤੇ ਪਰਮਾਤਮਾ ਦੀ ਮੇਹਰ ਦੀ ਨਜ਼ਰ ਨਾਲ ਉਹ ਸਦਾ ਸੁਖੀ ਰਹਿੰਦਾ ਹੈ ॥੩॥
ਜਿਨ੍ਹਾਂ ਦੇ ਹਿਰਦੇ ਵਿਚ ਗੁਰੂ ਦਾ ਬਖ਼ਸ਼ਿਆ ਗਿਆਨ ਸਦਾ ਚਾਨਣ ਕਰੀ ਰੱਖਦਾ ਹੈ ਉਹਨਾਂ ਦਾ ਹੁਕਮ (ਦੁਨੀਆ ਦੇ) ਬਾਦਸ਼ਾਹਾਂ ਦੇ ਸਿਰ ਉਤੇ (ਭੀ) ਚੱਲਦਾ ਹੈ,
ਉਹ ਹਰ ਵੇਲੇ ਦਿਨ ਰਾਤ ਪਰਮਾਤਮਾ ਦੀ ਭਗਤੀ ਕਰਦੇ ਰਹਿੰਦੇ ਹਨ, ਉਹ ਹਰਿ-ਨਾਮ ਦਾ ਲਾਭ ਖੱਟਦੇ ਹਨ ਜੋ ਸਦਾ ਕਾਇਮ ਰਹਿੰਦਾ ਹੈ।
ਹੇ ਨਾਨਕ! ਪਰਮਾਤਮਾ ਦੇ ਨਾਮ ਦੀ ਰਾਹੀਂ ਸੰਸਾਰ ਤੋਂ ਪਾਰ-ਉਤਾਰਾ ਹੋ ਜਾਂਦਾ ਹੈ, ਜੇਹੜੇ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਹਰਿ-ਨਾਮ ਦੇ ਰੰਗ ਵਿਚ ਰੰਗੇ ਰਹਿੰਦੇ ਹਨ, ਪਰਮਾਤਮਾ ਉਹਨਾਂ ਦੇ ਨੇੜੇ ਵੱਸਦਾ ਹੈ ॥੪॥੨॥
ਜੇਹੜਾ ਮਨੁੱਖ ਆਪਣੇ ਅੰਦਰੋਂ ਆਪਾ-ਭਾਵ ਦੂਰ ਕਰ ਕੇ ਬਹੁਤ ਗਰੀਬੀ ਸੁਭਾਵ ਵਾਲਾ ਬਣਦਾ ਹੈ, ਉਹ ਪਰਮਾਤਮਾ ਨੂੰ ਮਿਲ ਪੈਂਦਾ ਹੈ।
ਪਰਮਾਤਮਾ ਦੇ ਭਗਤਾਂ ਦਾ ਮੁੱਖ ਕੰਮ ਇਹੀ ਹੁੰਦਾ ਹੈ ਕਿ ਉਹ (ਆਪਾ-ਭਾਵ ਗਵਾ ਕੇ) ਹਰ ਵੇਲੇ ਪ੍ਰਭੂ ਦੀ ਸਿਫ਼ਤ-ਸਾਲਾਹ ਦੇ ਗੀਤ ਗਾ ਕੇ ਉਸ ਦੇ ਮਿਲਾਪ ਦਾ ਆਨੰਦ ਮਾਣਦੇ ਹਨ।
ਭਗਤ ਜਨ ਗੁਰੂ ਦੇ ਸ਼ਬਦ ਵਿਚ ਸਦਾ ਇਕ-ਰਸ ਰੰਗੇ ਰਹਿ ਕੇ ਪਰਮਾਤਮਾ (ਦੀ ਯਾਦ) ਵਿਚ ਲੀਨ ਰਹਿੰਦੇ ਹਨ ॥੧॥
ਹੇ ਪ੍ਰਭ ਜੀ! ਤੇਰੀ ਮੇਹਰ ਦੀ ਨਿਗਾਹ (ਆਪਣੇ ਸੇਵਕਾਂ ਉਤੇ) ਸਦਾ ਟਿਕੀ ਰਹਿੰਦੀ ਹੈ।
ਹੇ ਪਿਆਰੇ! ਤੂੰ ਆਪਣੇ ਦਾਸਾਂ ਉਤੇ ਕਿਰਪਾ ਕਰਦਾ ਰਹਿੰਦਾ ਹੈਂ, ਮੇਰੀ ਭੀ ਇੱਜ਼ਤ ਰੱਖ! ਰਹਾਉ॥
(ਹੇ ਪ੍ਰਭੂ!) ਮੈਂ ਗੁਰੂ ਦੇ ਸ਼ਬਦ ਵਿਚ (ਜੁੜ ਕੇ) ਤੇਰੀ ਸਿਫ਼ਤ-ਸਾਲਾਹ ਕਰਦਾ ਰਹਾਂ, ਤੇ, ਸਦਾ ਆਤਮਕ ਜੀਵਨ ਪ੍ਰਾਪਤ ਕਰਦਾ ਰਹਾਂ। ਗੁਰੂ ਦੀ ਮੱਤ ਉਤੇ ਤੁਰਨ ਨਾਲ ਡਰ ਦੂਰ ਹੋ ਜਾਂਦਾ ਹੈ।
ਮੇਰਾ ਪ੍ਰਭੂ ਸੋਹਣਾ ਹੈ, ਤੇ, ਸਦਾ ਕਾਇਮ ਰਹਿਣ ਵਾਲਾ ਹੈ। ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਸ ਦਾ ਚਿੱਤ (ਉਸ ਸੋਹਣੇ ਪ੍ਰਭੂ ਵਿਚ) ਮਗਨ ਰਹਿੰਦਾ ਹੈ।
(ਜਿਸ ਮਨੁੱਖ ਦੇ ਹਿਰਦੇ ਵਿਚ) ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦਾ ਸ਼ਬਦ, ਸਿਫ਼ਤ-ਸਾਲਾਹ ਦੀ ਬਾਣੀ (ਵੱਸਦੀ ਹੈ) ਉਹ ਮਨੁੱਖ ਹਰ ਵੇਲੇ (ਸਿਫ਼ਤ-ਸਾਲਾਹ ਵਿਚ) ਸੁਚੇਤ ਰਹਿੰਦਾ ਹੈ ॥੨॥
ਪਰਮਾਤਮਾ ਵੱਡੇ ਡੂੰਘੇ ਜਿਗਰੇ ਵਾਲਾ ਹੈ, ਸਦਾ ਹੀ (ਜੀਵਾਂ ਨੂੰ) ਸੁਖ ਦੇਣ ਵਾਲਾ ਹੈ, ਉਸ ਦੇ ਗੁਣਾਂ ਦਾ ਅੰਤ ਨਹੀਂ ਪੈ ਸਕਦਾ।
ਜੇਹੜਾ ਮਨੁੱਖ ਪੂਰੇ ਗੁਰੂ ਦੀ ਦੱਸੀ ਸੇਵਾ ਕਰਦਾ ਹੈ, ਉਸ ਦੇ ਮਨ ਵਿਚ ਉਹ ਪਰਮਾਤਮਾ ਆ ਵੱਸਦਾ ਹੈ ਜਿਸ ਨੂੰ ਕੋਈ ਚਿੰਤਾ ਪੋਹ ਨਹੀਂ ਸਕਦੀ।
ਉਸ ਮਨੁੱਖ ਦਾ ਮਨ ਪਵਿਤ੍ਰ ਹੋ ਜਾਂਦਾ ਹੈ ਹਿਰਦਾ ਪਵਿਤ੍ਰ ਹੋ ਜਾਂਦਾ ਹੈ, ਉਸ ਦੇ ਹਿਰਦੇ ਵਿਚ ਸਦਾ ਸੁਖ ਹੀ ਸੁਖ ਹੈ, ਉਹ ਆਪਣੇ ਅੰਦਰੋਂ ਭਟਕਣਾ ਦੂਰ ਕਰ ਲੈਂਦਾ ਹੈ ॥੩॥
ਪਰਮਾਤਮਾ ਦੇ ਮਿਲਾਪ ਦਾ ਰਸਤਾ ਬੜਾ ਕਠਨ ਹੈ, ਕੋਈ ਵਿਰਲਾ ਹੀ ਉਹ ਰਸਤਾ ਲੱਭਦਾ ਹੈ ਜੇਹੜਾ ਗੁਰੂ ਦੇ ਸ਼ਬਦ ਦੀ ਵਿਚਾਰ ਕਰਦਾ ਹੈ।
ਉਹ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗਿਆ ਜਾਂਦਾ ਹੈ, ਗੁਰੂ ਦੇ ਸ਼ਬਦ ਵਿਚ ਮਸਤ ਰਹਿੰਦਾ ਹੈ, ਆਪਣੇ ਅੰਦਰੋਂ ਹਉਮੈ ਆਦਿਕ ਵਿਕਾਰ ਦੂਰ ਕਰ ਦੇਂਦਾ ਹੈ।
ਹੇ ਨਾਨਕ! ਉਹ ਮਨੁੱਖ ਉਸ ਪ੍ਰਭੂ ਦੇ ਨਾਮ ਵਿਚ ਇਕ-ਰਸ ਰੱਤਾ ਰਹਿੰਦਾ ਹੈ, ਜੋ ਗੁਰੂ ਦੇ ਸ਼ਬਦ ਦੀ ਰਾਹੀਂ ਉਸ ਦਾ ਜੀਵਨ ਸਵਾਰ ਦੇਂਦਾ ਹੈ ॥੪॥੩॥