ਹੇ ਪਿਆਰੇ ਪ੍ਰਭੂ ਜੀ! (ਮੇਹਰ ਕਰ) ਜਿਤਨਾ ਚਿਰ ਮੇਰੇ ਸਰੀਰ ਵਿਚ ਜਿੰਦ ਹੈ, ਮੈਂ ਸਦਾ ਤੇਰੀ ਸਿਫ਼ਤ-ਸਾਲਾਹ ਕਰਦਾ ਰਹਾਂ।
ਹੇ ਪ੍ਰਭੂ! ਜੇ ਤੂੰ ਮੈਥੋਂ ਇਕ ਪਲ-ਭਰ ਜਾਂ ਇਕ ਛਿਨ-ਭਰ ਵੀ ਵਿੱਸਰਦਾ ਹੈਂ, ਮੈਂ ਉਹ ਵਕਤ ਪੰਜਾਹ ਸਾਲ ਬੀਤ ਗਏ ਸਮਝਦਾ ਹਾਂ।
ਹੇ ਭਾਈ! ਅਸੀਂ ਸਦਾ ਤੋਂ ਮੂਰਖ ਅੰਞਾਣ ਤੁਰੇ ਆ ਰਹੇ ਸਾਂ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਸਾਡੇ ਅੰਦਰ ਆਤਮਕ ਜੀਵਨ ਦਾ) ਚਾਨਣ ਹੋਇਆ ਹੈ ॥੧॥
ਹੇ ਪ੍ਰਭੂ ਜੀ! ਤੂੰ ਆਪ ਹੀ (ਆਪਣਾ ਨਾਮ ਜਪਣ ਦੀ ਮੈਨੂੰ) ਸਮਝ ਬਖ਼ਸ਼।
ਹੇ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਵਾਂ, ਮੈਂ ਤੇਰੇ ਨਾਮ ਤੋਂ ਕੁਰਬਾਨ ਜਾਵਾਂ। ਰਹਾਉ॥
ਹੇ ਭਾਈ! ਅਸੀਂ (ਜੀਵ) ਗੁਰੂ ਦੇ ਸ਼ਬਦ ਦੀ ਰਾਹੀਂ (ਵਿਕਾਰਾਂ ਵਲੋਂ) ਮਰ ਸਕਦੇ ਹਾਂ, ਸ਼ਬਦ ਦੀ ਰਾਹੀਂ ਹੀ (ਵਿਕਾਰਾਂ ਵਲੋਂ) ਮਨ ਮਾਰ ਕੇ (ਗੁਰੂ) ਆਤਮਕ ਜੀਵਨ ਦੇਂਦਾ ਹੈ।
ਗੁਰੂ ਦੇ ਸ਼ਬਦ ਵਿਚ ਜੁੜਿਆਂ ਹੀ ਵਿਕਾਰਾਂ ਵਲੋਂ ਖ਼ਲਾਸੀ ਹਾਸਲ ਹੁੰਦੀ ਹੈ, ਤੇ ਮਨ ਪਵਿਤ੍ਰ ਹੁੰਦਾ ਹੈ, ਸਰੀਰ ਪਵਿਤ੍ਰ ਹੁੰਦਾ ਹੈ, ਅਤੇ ਪਰਮਾਤਮਾ ਅੰਦਰ ਆ ਵੱਸਦਾ ਹੈ।
ਗੁਰੂ ਦਾ ਸ਼ਬਦ (ਹੀ ਨਾਮ ਦੀ ਦਾਤਿ) ਦੇਣ ਵਾਲਾ ਹੈ, ਜਦੋਂ ਸ਼ਬਦ ਵਿਚ ਮਨ ਰੰਗਿਆ ਜਾਂਦਾ ਹੈ ਤਾਂ ਪਰਮਾਤਮਾ ਵਿਚ ਲੀਨ ਹੋ ਜਾਂਦਾ ਹੈ ॥੨॥
ਜੇਹੜੇ ਮਨੁੱਖ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦੇ ਉਹ (ਮਾਇਆ ਦੇ ਮੋਹ ਵਿਚ ਆਤਮਕ ਜੀਵਨ ਵਲੋਂ) ਅੰਨ੍ਹੇ ਬੋਲੇ ਹੋਏ ਰਹਿੰਦੇ ਹਨ, ਸੰਸਾਰ ਵਿਚ ਆ ਕੇ ਉਹ ਕੁਝ ਨਹੀਂ ਖੱਟਦੇ।
ਉਹਨਾਂ ਨੂੰ ਪ੍ਰਭੂ ਦੇ ਨਾਮ ਦਾ ਸੁਆਦ ਨਹੀਂ ਆਉਂਦਾ, ਉਹ ਆਪਣਾ ਜੀਵਨ ਵਿਅਰਥ ਗਵਾ ਜਾਂਦੇ ਹਨ, ਉਹ ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ।
ਜਿਵੇਂ ਗੰਦ ਦੇ ਕੀੜੇ ਗੰਦ ਵਿਚ ਹੀ ਟਿਕੇ ਰਹਿੰਦੇ ਹਨ, ਤਿਵੇਂ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ (ਅਗਿਆਨਤਾ ਦੇ) ਹਨੇਰੇ ਵਿਚ ਹੀ (ਮਸਤ ਰਹਿੰਦੇ ਹਨ) ॥੩॥
ਪ੍ਰਭੂ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਸੰਭਾਲ ਕਰਦਾ ਹੈ, ਆਪ ਹੀ (ਜੀਵਨ ਦੇ ਸਹੀ) ਰਸਤੇ ਪਾਂਦਾ ਹੈ, ਉਸ ਪ੍ਰਭੂ ਤੋਂ ਬਿਨਾ ਹੋਰ ਕੋਈ ਨਹੀਂ (ਜੋ ਜੀਵਾਂ ਨੂੰ ਰਾਹ ਦੱਸ ਸਕੇ)।
ਕਰਤਾਰ ਜੋ ਕੁਝ ਕਰਦਾ ਹੈ ਉਹੀ ਹੁੰਦਾ ਹੈ, ਧੁਰ ਦਰਗਾਹ ਤੋਂ (ਜੀਵਾਂ ਦੇ ਮੱਥੇ ਤੇ ਲੇਖ) ਲਿਖ ਦੇਂਦਾ ਹੈ, ਉਸ ਨੂੰ ਕੋਈ (ਹੋਰ) ਮਿਟਾ ਨਹੀਂ ਸਕਦਾ।
ਹੇ ਨਾਨਕ! (ਉਸ ਪ੍ਰਭੂ ਦੀ ਮੇਹਰ ਨਾਲ ਹੀ ਉਸ ਦਾ) ਨਾਮ (ਮਨੁੱਖ ਦੇ) ਮਨ ਵਿਚ ਵੱਸ ਸਕਦਾ ਹੈ, ਕੋਈ ਹੋਰ ਇਹ ਦਾਤ ਦੇਣ ਜੋਗਾ ਨਹੀਂ ਹੈ ॥੪॥੪॥
ਹੇ ਭਾਈ! ਗੁਰੂ ਦੀ ਸਰਨ ਪੈਣ ਵਾਲੇ ਮਨੁੱਖ ਹਰ ਵੇਲੇ ਪਰਮਾਤਮਾ ਦਾ ਨਾਮ ਸਿਮਰ ਕੇ ਭਗਤੀ ਕਰਦੇ ਹਨ ਅਤੇ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ।
ਹੇ ਪ੍ਰਭੂ! ਭਗਤਾਂ ਦੀ ਸੰਭਾਲ ਤੂੰ ਆਪ ਕਰਦਾ ਹੈਂ, ਤੂੰ ਆਪ ਉਹਨਾਂ ਦੀ ਰੱਖਿਆ ਕਰਦਾ ਹੈਂ, ਕਿਉਂਕਿ ਉਹ ਤੈਨੂੰ ਆਪਣੇ ਮਨ ਵਿਚ ਪਿਆਰੇ ਲੱਗਦੇ ਹਨ।
ਤੂੰ ਉਹਨਾਂ ਨੂੰ ਆਪਣੇ ਗੁਣ ਬਖ਼ਸ਼ਦਾ ਹੈਂ, ਗੁਰੂ ਦੇ ਸ਼ਬਦ ਦੀ ਰਾਹੀਂ ਉਹ ਤੇਰੇ ਨਾਲ ਸਾਂਝ ਪਾਂਦੇ ਹਨ। ਹੇ ਭਾਈ! ਪਰਮਾਤਮਾ ਦੀ ਸਿਫ਼ਤ-ਸਾਲਾਹ ਕਰ ਕਰ ਕੇ (ਭਗਤ) ਗੁਣਾਂ ਦੇ ਮਾਲਕ-ਪ੍ਰਭੂ ਵਿਚ ਲੀਨ ਰਹਿੰਦੇ ਹਨ ॥੧॥
ਹੇ ਮੇਰੇ ਮਨ! ਪਰਮਾਤਮਾ ਨੂੰ ਸਦਾ ਚੇਤੇ ਕਰਦਾ ਰਹੁ।
ਅਖ਼ੀਰਲੇ ਸਮੇ ਪਰਮਾਤਮਾ ਹੀ ਤੇਰਾ ਮਦਦਗਾਰ ਬਣੇਗਾ, ਪਰਮਾਤਮਾ ਸਦਾ ਤੇਰੇ ਨਾਲ ਸਾਥ ਨਿਬਾਹੇਗਾ ਰਹਾਉ॥
ਪਰ, ਹੇ ਭਾਈ! ਭੈੜੇ ਮਨੁੱਖ ਸਦਾ ਭੈੜ ਹੀ ਕਮਾਂਦੇ ਹਨ, ਉਹ ਵਿਚਾਰ ਕਰ ਕੇ ਸਮਝਦੇ ਨਹੀਂ,
ਕਿ ਭੈੜੀ ਨਿੰਦਿਆ (ਆਦਿਕ) ਤੋਂ ਕਿਸੇ ਨੇ ਕਦੇ ਚੰਗਾ ਫਲ ਨਹੀਂ ਪਾਇਆ। ਹਰਣਾਖਸ਼ (ਨੇ ਭਗਤ ਨੂੰ ਦੁੱਖ ਦੇਣਾ ਸ਼ੁਰੂ ਕੀਤਾ, ਤਾਂ ਉਹ) ਨਹੁੰਆਂ ਨਾਲ ਚੀਰਿਆ ਗਿਆ।
ਪਰਮਾਤਮਾ ਦਾ ਭਗਤ ਪ੍ਰਹਿਲਾਦ ਸਦਾ ਪਰਮਾਤਮਾ ਦੇ ਗੁਣ ਗਾਂਦਾ ਸੀ, ਪਰਮਾਤਮਾ ਨੇ ਉਸ ਨੂੰ (ਨਰਸਿੰਘ ਰੂਪ ਧਾਰ ਕੇ) ਬਚਾ ਲਿਆ ॥੨॥
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ ਨੂੰ ਕੋਈ ਅਕਲ-ਸ਼ਊਰ ਨਹੀਂ ਹੁੰਦੀ, ਉਹ ਆਪਣੇ ਆਪ ਨੂੰ ਤਾਂ ਚੰਗਾ ਸਮਝਦੇ ਹਨ,
ਪਰ ਨੇਕ ਬੰਦਿਆਂ ਦੀ ਨਿੰਦਿਆ ਕਰਨ ਵਿਚ ਰੁੱਝੇ ਰਹਿੰਦੇ ਹਨ, ਉਹ ਆਪਣਾ ਜੀਵਨ ਵਿਅਰਥ ਗਵਾ ਜਾਂਦੇ ਹਨ।
ਉਹ ਪਰਮਾਤਮਾ ਦਾ ਨਾਮ ਕਦੇ ਯਾਦ ਨਹੀਂ ਕਰਦੇ, ਆਖ਼ਰ ਹੱਥ ਮਲਦੇ (ਜਗਤ ਤੋਂ) ਚਲੇ ਜਾਂਦੇ ਹਨ ॥੩॥
ਹੇ ਭਾਈ! ਪਰਮਾਤਮਾ ਆਪ ਹੀ ਭਗਤਾਂ ਦੀ ਜ਼ਿੰਦਗੀ ਕਾਮਯਾਬ ਬਣਾਂਦਾ ਹੈ, ਉਹ ਆਪ ਹੀ ਉਹਨਾਂ ਨੂੰ ਗੁਰੂ ਦੀ ਸੇਵਾ ਵਿਚ ਜੋੜਦਾ ਹੈ।
(ਇਸ ਤਰ੍ਹਾਂ ਉਹ) ਹਰ ਵੇਲੇ ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਗੀਤ ਗਾ ਕੇ ਗੁਰੂ ਦੇ ਸ਼ਬਦ (ਦੇ ਰੰਗ) ਵਿਚ ਰੰਗੇ ਰਹਿੰਦੇ ਹਨ ਅਤੇ ਆਤਮਕ ਅਡੋਲਤਾ ਵਿਚ ਮਸਤ ਰਹਿੰਦੇ ਹਨ।
ਦਾਸ ਨਾਨਕ ਬੇਨਤੀ ਕਰਦਾ ਹੈ-ਮੈਂ ਉਹਨਾਂ ਭਗਤਾਂ ਦੇ ਚਰਨੀਂ ਲੱਗਦਾ ਹਾਂ ॥੪॥੫॥
ਹੇ ਭਾਈ! ਉਹੀ ਮਨੁੱਖ ਗੁਰੂ ਦਾ ਸਿੱਖ ਹੈ, ਗੁਰੂ ਦਾ ਮਿੱਤਰ ਹੈ, ਗੁਰੂ ਦਾ ਰਿਸ਼ਤੇਦਾਰ ਹੈ, ਜੇਹੜਾ ਗੁਰੂ ਦੀ ਰਜ਼ਾ ਵਿਚ ਤੁਰਦਾ ਹੈ।
ਪਰ, ਜੇਹੜਾ ਮਨੁੱਖ ਆਪਣੀ ਮਰਜ਼ੀ ਅਨੁਸਾਰ ਤੁਰਦਾ ਹੈ, ਉਹ ਪ੍ਰਭੂ ਤੋਂ ਵਿੱਛੁੜ ਕੇ ਦੁਖ ਸਹਾਰਦਾ ਹੈ।
ਗੁਰੂ ਦੀ ਸਰਨ ਪੈਣ ਤੋਂ ਬਿਨਾ ਮਨੁੱਖ ਕਦੇ ਸੁਖ ਨਹੀਂ ਪਾ ਸਕਦਾ, ਤੇ ਮੁੜ ਮੁੜ (ਦੁੱਖੀ ਹੋ ਕੇ) ਪਛੁਤਾਂਦਾ ਹੈ ॥੧॥
ਹੇ ਭਾਈ! ਪਰਮਾਤਮਾ ਦੇ ਭਗਤ ਸੁਖੀ ਜੀਵਨ ਬਿਤੀਤ ਕਰਦੇ ਹਨ।