ਹੇ ਭਾਈ! ਗੁਰੂ ਦੇ ਸ਼ਬਦ ਵਿਚ ਜੁੜ ਕੇ (ਵਿਕਾਰਾਂ ਵਲੋਂ) ਅਛੋਹ ਹੋ ਜਾਵੋ, ਫਿਰ ਸਦਾ ਲਈ ਹੀ ਆਤਮਕ ਜੀਵਨ ਜੀਊਂਦੇ ਰਹੋਗੇ, ਫਿਰ ਕਦੇ ਆਤਮਕ ਮੌਤ ਨੇੜੇ ਨਹੀਂ ਢੁਕੇਗੀ।
ਜੇਹੜਾ ਭੀ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ ਹਰਿ-ਨਾਮ ਪ੍ਰਾਪਤ ਕਰ ਲੈਂਦਾ ਹੈ, ਉਸ ਨੂੰ ਇਹ ਆਤਮਕ ਜੀਵਨ ਦੇਣ ਵਾਲਾ ਨਾਮ ਸਦਾ ਲਈ ਮਨ ਵਿਚ ਮਿੱਠਾ ਲੱਗਣ ਲੱਗ ਪੈਂਦਾ ਹੈ ॥੩॥
ਹੇ ਭਾਈ! ਦਾਤਾਰ ਨੇ (ਨਾਮ ਦੀ ਇਹ) ਦਾਤਿ ਆਪਣੇ ਹੱਥ ਵਿਚ ਰੱਖੀ ਹੋਈ ਹੈ, ਜਿਸ ਨੂੰ ਚਾਹੁੰਦਾ ਹੈ ਉਸ ਨੂੰ ਦੇ ਦੇਂਦਾ ਹੈ।
ਹੇ ਨਾਨਕ! ਜੇਹੜੇ ਮਨੁੱਖ ਪ੍ਰਭੂ ਦੇ ਨਾਮ-ਰੰਗ ਵਿਚ ਰੰਗੇ ਜਾਂਦੇ ਹਨ, ਉਹ (ਇਥੇ) ਸੁਖ ਮਾਣਦੇ ਹਨ, ਪਰਮਾਤਮਾ ਦੀ ਹਜ਼ੂਰੀ ਵਿਚ ਭੀ ਉਹੀ ਮਨੁੱਖ ਆਦਰ-ਮਾਣ ਪਾਂਦੇ ਹਨ ॥੪॥੧੧॥
ਹੇ ਭਾਈ! ਜਦੋਂ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਤਦੋਂ (ਇਸ ਦੇ ਅੰਦਰ) ਆਤਮਕ ਅਡੋਲਤਾ ਦੀ ਰੌ ਚੱਲ ਪੈਂਦੀ ਹੈ। ਤਦੋਂ ਹੀ (ਗੁਰੂ ਦੀ ਸਰਨ ਪੈ ਕੇ ਹੀ) ਮਨੁੱਖ ਉੱਚੀ ਆਤਮਕ ਅਵਸਥਾ ਤੇ ਉੱਚੀ ਮਤਿ ਹਾਸਲ ਕਰਦਾ ਹੈ।
ਸਦਾ ਕਾਇਮ ਰਹਿਣ ਵਾਲਾ ਹਰਿ-ਨਾਮ ਮਨੁੱਖ ਦੇ ਮਨ ਵਿਚ ਆ ਵੱਸਦਾ ਹੈ, ਤੇ, ਮਨੁੱਖ ਸਦਾ ਨਾਮ ਵਿਚ ਹੀ ਲੀਨ ਰਹਿੰਦਾ ਹੈ ॥੧॥
ਹੇ ਭਾਈ! ਗੁਰੂ ਦੀ ਸਰਨ ਪੈਣ ਤੋਂ ਬਿਨਾ ਸਾਰਾ ਜਗਤ (ਮਾਇਆ ਦੇ ਮੋਹ ਵਿਚ) ਝੱਲਾ ਹੋਇਆ ਫਿਰਦਾ ਹੈ।
ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਮਾਇਆ ਦੇ ਮੋਹ ਵਿਚ) ਅੰਨ੍ਹਾ ਹੋ ਕੇ ਗੁਰੂ ਦੇ ਸ਼ਬਦ ਨਾਲ ਡੂੰਘੀ ਸਾਂਝ ਨਹੀਂ ਪਾਂਦਾ। ਝੂਠੀ ਦੁਨੀਆ ਦੇ ਕਾਰਨ ਭਟਕਣਾ ਵਿਚ ਪੈ ਕੇ ਕੁਰਾਹੇ ਪਿਆ ਰਹਿੰਦਾ ਹੈ ਰਹਾਉ॥
ਹੇ ਭਾਈ! ਮਨੁੱਖ ਤ੍ਰਿਗੁਣੀ ਮਾਇਆ ਦੀ ਭਟਕਣਾ ਵਿਚ ਪੈ ਕੇ ਕੁਰਾਹੇ ਪਿਆ ਰਹਿੰਦਾ ਹੈ, ਤੇ, ਹਉਮੈ ਦੇ ਕਾਰਨ ਮੋਹ ਦੇ ਬੰਧਨ ਵਧਾਣ ਵਾਲੇ ਕੰਮ ਹੀ ਕਰਦਾ ਹੈ।
ਉਸ ਦੇ ਸਿਰ ਉਤੇ ਜਨਮ ਮਰਨ ਦਾ ਗੇੜ ਹਰ ਵੇਲੇ ਟਿਕਿਆ ਰਹਿੰਦਾ ਹੈ, ਤੇ, ਜਨਮ ਮਰਨ ਵਿਚ ਪੈ ਕੇ ਦੁੱਖ ਸਹਿੰਦਾ ਰਹਿੰਦਾ ਹੈ ॥੨॥
ਹੇ ਭਾਈ! ਮਾਇਆ ਦੇ ਤਿੰਨ ਗੁਣ ਸਾਰੇ ਸੰਸਾਰ ਉੱਤੇ ਆਪਣਾ ਪਰਭਾਵ ਪਾਈ ਰੱਖਦੇ ਹਨ, (ਇਹਨਾਂ ਦੇ ਅਸਰ ਹੇਠ ਮਨੁੱਖ) ਹਉਮੈ ਵਿਚ ਫਸ ਕੇ ਇੱਜ਼ਤ ਗਵਾ ਲੈਂਦਾ ਹੈ।
ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਹ ਉਸ ਆਤਮਕ ਅਵਸਥਾ ਨੂੰ ਪਛਾਣ ਲੈਂਦਾ ਹੈ ਜਿਥੇ ਮਾਇਆ ਦੇ ਤਿੰਨ ਗੁਣ ਅਸਰ ਨਹੀਂ ਪਾ ਸਕਦੇ, ਪਰਮਾਤਮਾ ਦੇ ਨਾਮ ਵਿਚ ਟਿਕ ਕੇ ਉਹ ਆਤਮਕ ਆਨੰਦ ਮਾਣਦਾ ਹੈ ॥੩॥
ਹੇ ਪ੍ਰਭੂ! ਮਾਇਆ ਦੇ ਇਹ ਤਿੰਨੇ ਗੁਣ ਤੇਰੇ ਹੀ ਬਣਾਏ ਹੋਏ ਹਨ, ਤੂੰ ਆਪ ਹੀ (ਸਭ ਦਾ) ਪੈਦਾ ਕਰਨ ਵਾਲਾ ਹੈਂ। (ਜਗਤ ਵਿਚ) ਉਹੀ ਹੁੰਦਾ ਹੈ ਜੋ ਤੂੰ ਕਰਦਾ ਹੈਂ।
ਹੇ ਨਾਨਕ! (ਆਖ-ਹੇ ਭਾਈ!) ਪਰਮਾਤਮਾ ਦੇ ਨਾਮ ਵਿਚ ਜੁੜਿਆਂ (ਮਾਇਆ ਦੇ ਤਿੰਨ ਗੁਣਾਂ ਤੋਂ) ਪੂਰੀ ਖ਼ਲਾਸੀ ਹੁੰਦੀ ਹੈ। ਮਨੁੱਖ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਹੀ (ਆਪਣੇ ਅੰਦਰੋਂ) ਹਉਮੈ ਦੂਰ ਕਰ ਸਕਦਾ ਹੈ ॥੪॥੧੨॥
ਰਾਗ ਸੋਰਠਿ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ।
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਹੇ ਭਾਈ! ਪ੍ਰਭੂ ਆਪ ਹੀ ਹਰ ਥਾਂ ਮੌਜੂਦ ਹੈ (ਵਿਆਪਕ ਹੁੰਦਿਆਂ ਭੀ) ਪ੍ਰਭੂ ਆਪ ਹੀ ਨਿਰਲੇਪ (ਭੀ) ਹੈ।
ਜਗਤ-ਵਣਜਾਰਾ ਪ੍ਰਭੂ ਆਪ ਹੀ ਹੈ (ਜਗਤ-ਵਣਜਾਰੇ ਨੂੰ ਰਾਸਿ-ਪੂੰਜੀ ਦੇਣ ਵਾਲਾ ਭੀ) ਸਦਾ ਕਾਇਮ ਰਹਿਣ ਵਾਲਾ ਪ੍ਰਭੂ ਆਪ ਹੀ ਸ਼ਾਹੂਕਾਰ ਹੈ।
ਪ੍ਰਭੂ ਆਪ ਹੀ ਵਣਜ ਹੈ, ਆਪ ਹੀ ਵਪਾਰ ਕਰਨ ਵਾਲਾ ਹੈ, ਆਪ ਸਦਾ-ਥਿਰ ਰਹਿਣ ਵਾਲਾ ਸਰਮਾਇਆ ਹੈ ॥੧॥
ਹੇ (ਮੇਰੇ) ਮਨ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਸਿਫ਼ਤ-ਸਾਲਾਹ ਕਰਿਆ ਕਰ।
(ਹੇ ਭਾਈ!) ਗੁਰੂ ਦੀ ਮੇਹਰ ਨਾਲ ਹੀ ਉਹ ਪਿਆਰਾ ਪ੍ਰਭੂ ਮਿਲ ਸਕਦਾ ਹੈ, ਜੋ ਆਤਮਕ ਜੀਵਨ ਦੇਣ ਵਾਲਾ ਹੈ, ਜੋ ਅਪਹੁੰਚ ਹੈ, ਤੇ, ਜੋ ਬਹੁਤ ਡੂੰਘਾ ਹੈ ਰਹਾਉ॥
ਹੇ ਭਾਈ! ਪ੍ਰਭੂ ਆਪ ਹੀ (ਜੀਵਾਂ ਦੀਆਂ ਅਰਦਾਸਾਂ) ਸੁਣ ਕੇ ਸਭ ਦੀ ਸੰਭਾਲ ਕਰਦਾ ਹੈ, ਆਪ ਹੀ ਮੂੰਹੋਂ (ਜੀਵਾਂ ਨੂੰ ਢਾਰਸ ਦੇਣ ਲਈ) ਮਿੱਠਾ ਬੋਲ ਬੋਲਦਾ ਹੈ।
ਪਿਆਰਾ ਪ੍ਰਭੂ ਆਪ ਹੀ (ਜੀਵਾਂ ਨੂੰ) ਕੁਰਾਹੇ ਪਾ ਦੇਂਦਾ ਹੈ, ਆਪ ਹੀ (ਜ਼ਿੰਦਗੀ ਦਾ ਸਹੀ) ਰਸਤਾ ਵਿਖਾਂਦਾ ਹੈ।
ਹੇ ਭਾਈ! ਹਰ ਥਾਂ ਪ੍ਰਭੂ ਆਪ ਹੀ ਆਪ ਹੈ, (ਇਤਨੇ ਖਲਜਗਨ ਦਾ ਮਾਲਕ ਹੁੰਦਾ ਹੋਇਆ) ਪ੍ਰਭੂ ਬੇ-ਪਰਵਾਹ ਰਹਿੰਦਾ ਹੈ ॥੨॥
ਹੇ ਭਾਈ! ਪ੍ਰਭੂ ਆਪ ਹੀ (ਸਭ ਜੀਵਾਂ ਨੂੰ) ਪੈਦਾ ਕਰਦਾ ਹੈ, ਆਪ ਹੀ ਹਰੇਕ ਜੀਵ ਨੂੰ ਮਾਇਆ ਦੇ ਆਹਰ ਵਿਚ ਲਾਈ ਰੱਖਦਾ ਹੈ।
ਪ੍ਰਭੂ ਆਪ ਹੀ (ਜੀਵਾਂ ਦੀ) ਬਣਤਰ ਬਣਾਂਦਾ ਹੈ, ਆਪ ਹੀ ਮਾਰਦਾ ਹੈ, (ਤਾਂ ਉਸ ਦਾ ਪੈਦਾ ਕੀਤਾ ਜੀਵ) ਮਰ ਜਾਂਦਾ ਹੈ।
ਪ੍ਰਭੂ ਆਪ ਹੀ (ਸੰਸਾਰ-ਨਦੀ ਉਤੇ) ਪੱਤਣ ਹੈ, ਆਪ ਹੀ ਮਲਾਹ ਹੈ, ਆਪ ਹੀ (ਜੀਵਾਂ ਨੂੰ) ਪਾਰ ਲੰਘਾਂਦਾ ਹੈ ॥੩॥
ਹੇ ਭਾਈ! ਪ੍ਰਭੂ ਆਪ ਹੀ (ਸੰਸਾਰ-) ਸਮੁੰਦਰ ਹੈ, ਆਪ ਹੀ ਜਹਾਜ਼ ਹੈ, ਆਪ ਹੀ ਗੁਰੂ-ਮਲਾਹ ਹੋ ਕੇ ਜਹਾਜ਼ ਨੂੰ ਚਲਾਂਦਾ ਹੈ।
ਪ੍ਰਭੂ ਆਪ ਹੀ (ਜਹਾਜ਼ ਵਿਚ) ਚੜ੍ਹ ਕੇ ਪਾਰ ਲੰਘਦਾ ਹੈ। ਪ੍ਰਭੂ-ਪਾਤਿਸ਼ਾਹ ਕੌਤਕ-ਤਮਾਸ਼ੇ ਕਰ ਕੇ ਆਪ ਹੀ (ਇਤਨਾ ਤਮਾਸ਼ਿਆਂ ਨੂੰ) ਵੇਖ ਰਿਹਾ ਹੈ।
ਹੇ ਨਾਨਕ! (ਆਖ-) ਪ੍ਰਭੂ ਆਪ ਹੀ (ਸਦਾ) ਦਇਆ ਦਾ ਸੋਮਾ ਹੈ, ਆਪ ਹੀ ਬਖ਼ਸ਼ਸ਼ ਕਰ ਕੇ (ਆਪਣੇ ਪੈਦਾ ਕੀਤੇ ਜੀਵਾਂ ਨੂੰ ਆਪਣੇ ਨਾਲ) ਮਿਲਾ ਲੈਂਦਾ ਹੈ ॥੪॥੧॥
ਹੇ ਭਾਈ! ਪ੍ਰਭੂ ਆਪ ਹੀ (ਚਾਰੇ ਖਾਣੀਆਂ) ਅੰਡਜ ਜੇਰਜ ਸੇਤਜ ਉਤਭੁਜ ਹੈ, ਪ੍ਰਭੂ ਆਪ ਹੀ (ਧਰਤੀ ਦੇ ਨੌ) ਖੰਡ ਹੈ, ਪ੍ਰਭੂ ਆਪ ਹੀ (ਸ੍ਰਿਸ਼ਟੀ ਦੇ) ਸਾਰੇ ਭਵਨ ਹੈ।
ਪ੍ਰਭੂ ਆਪ ਹੀ (ਸੱਤਿਆ-ਰੂਪ) ਧਾਗਾ ਹੈ, ਪ੍ਰਭੂ ਆਪ (ਬੇਅੰਤ ਜੀਵ ਰੂਪ) ਅਨੇਕਾਂ ਮਣਕੇ ਹੈ, ਪ੍ਰਭੂ ਆਪ ਹੀ ਆਪਣੀ ਤਾਕਤ ਬਣਾ ਕੇ ਜਗਤ ਨੂੰ (ਧਾਗੇ ਵਿਚ) ਪ੍ਰੋਂਦਾ ਹੈ।