ਹੇ ਭਾਈ! ਜਿਸ ਵਡਭਾਗੀ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ, ਉਹ ਸਦਾ ਪਰਮਾਤਮਾ ਦਾ ਨਾਮ ਸਿਮਰਦਾ ਹੈ ॥੩॥
ਹੇ ਭਾਈ! ਸਦਾ-ਥਿਰ ਰਹਿਣ ਵਾਲਾ ਪਰਮਾਤਮਾ (ਹੀ) ਸਦਾ ਪਵਿਤ੍ਰ ਹੈ, ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਪਵਿਤ੍ਰ ਹੈ।
ਹੇ ਭਾਈ! ਇਹ ਸਿਫ਼ਤ-ਸਾਲਾਹ ਉਸ ਮਨੁੱਖ ਨੂੰ ਮਿਲਦੀ ਹੈ ਜਿਸ ਉੱਤੇ ਪ੍ਰਭੂ ਮੇਹਰ ਦੀ ਨਜ਼ਰ ਕਰਦਾ ਹੈ,
ਤੇ, ਇਹੋ ਜਿਹਾ ਕੋਈ ਮਨੁੱਖ ਕ੍ਰੋੜਾਂ ਵਿਚੋਂ ਹੀ ਇਕ ਲੱਭਦਾ ਹੈ।
ਹੇ ਨਾਨਕ! ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਰੰਗਿਆ ਰਹਿੰਦਾ ਹੈ, (ਪ੍ਰਭੂ ਦੀ ਸਿਫ਼ਤ-ਸਾਲਾਹ) ਸੁਣ ਸੁਣ ਕੇ ਉਸ ਦਾ ਮਨ ਪਵਿਤ੍ਰ ਹੋ ਜਾਂਦਾ ਹੈ, ਉਸ ਦਾ ਸਰੀਰ ਪਵਿਤ੍ਰ ਹੋ ਜਾਂਦਾ ਹੈ ॥੪॥੨॥
ਹੇ ਭਾਈ! ਜਦੋਂ ਤਕ (ਮਨੁੱਖ ਦਾ) ਇਹ ਮਨ (ਕਿਸੇ ਨਾਲ) ਮੋਹ (ਤੇ ਕਿਸੇ ਨਾਲ) ਵੈਰ ਮੰਨਦਾ ਹੈ, ਤਦੋਂ ਤਕ (ਇਸ ਦਾ ਪਰਮਾਤਮਾ ਨਾਲ) ਮਿਲਾਪ ਦੂਰ ਦੀ ਗੱਲ ਹੁੰਦੀ ਹੈ,
(ਕਿਉਂਕਿ ਜਦੋਂ ਤਕ ਇਹ ਕਿਸੇ ਨੂੰ) ਆਪਣਾ (ਤੇ ਕਿਸੇ ਨੂੰ) ਬਿਗਾਨਾ (ਮੰਨਣ ਦੀਆਂ) ਵਿਚਾਰਾਂ ਕਰਦਾ ਹੈ, ਤਦੋਂ ਤਕ (ਇਸ ਦੇ ਅੰਦਰ) ਮਾਇਆ (ਦੇ ਮੋਹ ਦਾ) ਪਰਦਾ ਬਣਿਆ ਰਹਿੰਦਾ ਹੈ (ਜੋ ਇਸ ਨੂੰ ਪਰਮਾਤਮਾ ਨਾਲੋਂ ਵਿਛੋੜੀ ਰੱਖਦਾ ਹੈ) ॥੧॥
ਹੇ ਪ੍ਰਭੂ! ਮੈਨੂੰ ਇਹੋ ਜਿਹੀ ਅਕਲ ਬਖ਼ਸ਼,
(ਕਿ) ਮੈਂ ਗੁਰੂ ਦੀ (ਦੱਸੀ) ਸੇਵਾ ਕਰਦਾ ਰਹਾਂ, ਗੁਰੂ ਦੇ ਚਰਨਾਂ ਦਾ ਆਸਰਾ ਫੜੀ ਰੱਖਾਂ। (ਇਹ ਆਸਰਾ) ਮੈਨੂੰ ਰਤਾ-ਭਰ ਸਮੇ ਲਈ ਭੀ ਨਾਹ ਭੁੱਲੇ ਰਹਾਉ॥
ਹੇ ਮੂਰਖ ਗ਼ਾਫ਼ਿਲ ਮਨ! ਹੇ ਚੰਚਲ ਮਨ! ਤੈਨੂੰ ਕਦੇ ਇਹ ਨਹੀਂ ਸੁੱਝੀ,
ਕਿ ਤੂੰ ਜਿੰਦ ਦੇ ਮਾਲਕ ਪ੍ਰਭੂ ਨੂੰ ਭੁਲਾ ਕੇ ਹੋਰਨਾਂ (ਦੇ ਮੋਹ) ਵਿਚ ਮਸਤ ਰਹਿੰਦਾ ਹੈਂ, (ਤੇ ਕਾਮਾਦਿਕ) ਵੈਰੀਆਂ ਨਾਲ ਜੋੜ ਜੋੜੀ ਰੱਖਦਾ ਹੈਂ ॥੨॥
ਹੇ ਭਾਈ! ਸਾਧ ਸੰਗਤਿ ਵਿਚੋਂ ਮੈਂ ਤਾਂ ਇਹ ਅਕਲ ਸਿੱਖੀ ਹੈ ਕਿ ਜੇਹੜਾ ਮਨੁੱਖ ਅਪਣੱਤ ਨਾਲ ਨਹੀਂ ਚੰਬੜਿਆ ਰਹਿੰਦਾ, ਉਸ ਉਤੇ ਚਿੰਤਾ-ਫ਼ਿਕਰ ਜ਼ੋਰ ਨਹੀਂ ਪਾ ਸਕਦਾ।
(ਤਾਂਹੀਏਂ) ਮੈਂ ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖ ਦੀ ਗੱਲ ਨੂੰ ਇਉਂ ਸਮਝ ਛਡਦਾ ਹਾਂ ਜਿਵੇਂ ਇਹ ਹਵਾ ਦਾ ਝੋਕਾ ਹੈ (ਇਕ ਪਾਸਿਓਂ ਆਇਆ, ਦੂਜੇ ਪਾਸੇ ਲੰਘ ਗਿਆ) ॥੩॥
ਹੇ ਭਾਈ! (ਮਨੁੱਖ ਦਾ) ਇਹ ਮਨ ਕ੍ਰੋੜਾਂ ਪਾਪਾਂ ਹੇਠ ਦਬਿਆ ਰਹਿੰਦਾ ਹੈ (ਇਸ ਮਨ ਦੀ ਮੰਦ-ਭਾਗਤਾ ਬਾਬਤ) ਕੁਝ ਕਿਹਾ ਨਹੀਂ ਜਾ ਸਕਦਾ।
ਹੇ ਦਾਸ ਨਾਨਕ! (ਪ੍ਰਭੂ-ਦਰ ਤੇ ਹੀ ਅਰਦਾਸਿ ਕਰ ਤੇ ਆਖ-) ਹੇ ਪ੍ਰਭੂ! ਮੈਂ ਨਿਮਾਣਾ ਤੇਰੀ ਸਰਨ ਆਇਆ ਹਾਂ (ਮੇਰੇ ਵਿਕਾਰਾਂ ਦਾ) ਸਾਰਾ ਲੇਖਾ ਮੁਕਾ ਦੇਹ ॥੪॥੩॥
ਹੇ ਭਾਈ! ਪ੍ਰਤ੍ਰ, ਇਸਤ੍ਰੀ, ਘਰ ਦੇ ਹੋਰ ਬੰਦੇ ਤੇ ਜ਼ਨਾਨੀਆਂ (ਸਾਰੇ) ਮਾਇਆ ਦੇ ਹੀ ਸਾਕ ਹਨ।
ਅਖ਼ੀਰ ਵੇਲੇ (ਇਹਨਾਂ ਵਿਚੋਂ) ਕੋਈ ਭੀ ਤੇਰਾ ਮਦਦਗਾਰ ਨਹੀਂ ਬਣੇਗਾ, ਸਾਰੇ ਝੂਠਾ ਹੀ ਪਿਆਰ ਕਰਨ ਵਾਲੇ ਹਨ ॥੧॥
ਹੇ ਮਨੁੱਖ! (ਨਿਰਾ ਇਸ) ਸਰੀਰ ਨੂੰ ਹੀ ਕਿਉਂ ਲਾਡਾਂ ਨਾਲ ਪਾਲਦਾ ਰਹਿੰਦਾ ਹੈਂ?
(ਜਿਵੇਂ) ਧੂਆਂ, (ਜਿਵੇਂ) ਬੱਦਲ (ਉੱਡ ਜਾਂਦਾ ਹੈ, ਤਿਵੇਂ ਇਹ ਸਰੀਰ) ਨਾਸ ਹੋ ਜਾਇਗਾ। ਸਿਰਫ਼ ਪਰਮਾਤਮਾ ਦਾ ਭਜਨ ਕਰਿਆ ਕਰ, ਉਹੀ ਅਸਲ ਪਿਆਰ ਕਰਨ ਵਾਲਾ ਹੈ ਰਹਾਉ॥
ਹੇ ਭਾਈ! (ਪਰਮਾਤਮਾ ਨੇ) ਮਾਇਆ ਦੇ ਤਿੰਨ ਗੁਣਾਂ ਦੇ ਅਸਰ ਹੇਠ ਰਹਿਣ ਵਾਲਾ ਤੇਰਾ ਸਰੀਰ ਬਣਾ ਦਿੱਤਾ, (ਇਹ ਅੰਤ ਨੂੰ) ਪਾਣੀ ਦੇ, ਕੁੱਤਿਆਂ ਦੇ, ਜਾਂ, ਮਿੱਟੀ ਦੇ ਹਵਾਲੇ ਹੋ ਜਾਂਦਾ ਹੈ।
ਤੂੰ ਇਸ ਸਰੀਰ-ਘਰ ਵਿਚ (ਆਪਣੇ ਆਪ ਨੂੰ) ਅਮਰ ਸਮਝ ਕੇ ਬੈਠਾ ਰਹਿੰਦਾ ਹੈਂ, ਤੇ ਜਗਤ ਦੇ ਮੂਲ ਪਰਮਾਤਮਾ ਨੂੰ ਭੁਲਾ ਰਿਹਾ ਹੈਂ ॥੨॥
ਹੇ ਭਾਈ! ਅਨੇਕਾਂ ਤਰੀਕਿਆਂ ਨਾਲ (ਪਰਮਾਤਮਾ ਨੇ ਤੇਰੇ ਸਾਰੇ ਅੰਗ) ਮਣਕੇ ਬਣਾਏ ਹਨ; (ਪਰ ਸੁਆਸਾਂ ਦੇ) ਕੱਚੇ ਧਾਗੇ ਵਿਚ ਪਰੋਏ ਹੋਏ ਹਨ।
ਹੇ ਨਿਮਾਣੇ ਜੀਵ! ਇਹ ਧਾਗਾ (ਆਖ਼ਰ) ਟੁੱਟ ਜਾਇਗਾ, (ਹੁਣ ਇਸ ਸਰੀਰ ਦੇ ਮੋਹ ਵਿਚ ਪ੍ਰਭੂ ਨੂੰ ਵਿਸਾਰੀ ਬੈਠਾ ਹੈਂ) ਫਿਰ ਸਮਾ ਵਿਹਾ ਜਾਣ ਤੇ ਹੱਥ ਮਲੇਂਗਾ ॥੩॥
ਹੇ ਭਾਈ! ਜਿਸ ਪਰਮਾਤਮਾ ਨੇ ਤੈਨੂੰ ਪੈਦਾ ਕੀਤਾ ਹੈ, ਪੈਦਾ ਕਰ ਕੇ ਤੈਨੂੰ ਸੋਹਣਾ ਬਣਾਇਆ ਹੈ ਉਸ ਨੂੰ ਦਿਨ ਰਾਤ (ਹਰ ਵੇਲੇ) ਸਿਮਰਦਾ ਰਿਹਾ ਕਰ।
ਹੇ ਦਾਸ ਨਾਨਕ! (ਅਰਦਾਸ ਕਰ ਤੇ ਆਖ-) ਹੇ ਪ੍ਰਭੂ! (ਮੇਰੇ ਉਤੇ) ਮੇਹਰ ਕਰ, ਮੈਂ ਗੁਰੂ ਦਾ ਆਸਰਾ ਫੜੀ ਰੱਖਾਂ ॥੪॥੪॥
ਹੇ ਭਾਈ! ਵੱਡੀ ਕਿਸਮਤਿ ਨਾਲ ਮੈਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਮਨ ਵਿਚ ਆਤਮਕ ਜੀਵਨ ਦੀ ਸੂਝ ਪੈਦਾ ਹੋ ਗਈ ਹੈ।
ਹੁਣ ਮੈਨੂੰ ਆਪਣੇ ਮਾਲਕ ਦਾ ਸਹਾਰਾ ਹੋ ਗਿਆ ਹੈ, ਕੋਈ ਉਸ ਮਾਲਕ ਦੀ ਬਰਾਬਰੀ ਨਹੀਂ ਕਰ ਸਕਦਾ ॥੧॥
ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ,
(ਗੁਰੂ ਦੀ ਕਿਰਪਾ ਨਾਲ) ਮੇਰੇ ਹਿਰਦੇ-ਘਰ ਵਿਚ ਆਨੰਦ ਬਣਿਆ ਰਹਿੰਦਾ ਹੈ, ਇਸ ਲੋਕ ਵਿਚ ਭੀ ਆਤਮਕ ਅਡੋਲਤਾ ਦਾ ਸੁਖ ਮੈਨੂੰ ਪ੍ਰਾਪਤ ਹੋ ਗਿਆ ਹੈ, ਤੇ, ਪਰਲੋਕ ਵਿਚ ਭੀ ਇਹ ਸੁਖ ਟਿਕਿਆ ਰਹਿਣ ਵਾਲਾ ਹੈ ਰਹਾਉ॥
ਹੇ ਭਾਈ! (ਮੈਨੂੰ ਨਿਸ਼ਚਾ ਹੋ ਗਿਆ ਹੈ ਕਿ ਜੇਹੜਾ) ਸਿਰਜਣਹਾਰ ਸਭ ਦੇ ਦਿਲ ਦੀ ਜਾਣਨ ਵਾਲਾ ਹੈ ਉਹੀ ਮੇਰੇ ਸਿਰ ਉਤੇ ਰਾਖਾ ਹੈ।
ਜਦੋਂ ਦਾ ਮੈਂ ਗੁਰੂ ਦੀ ਚਰਨੀਂ ਲੱਗਾ ਹਾਂ, ਮੈਨੂੰ ਪਰਮਾਤਮਾ ਦੇ ਨਾਮ ਦਾ ਆਸਰਾ ਹੋ ਗਿਆ ਹੈ। ਕੋਈ ਡਰ ਮੈਨੂੰ ਹੁਣ ਪੋਹ ਨਹੀਂ ਸਕਦਾ ॥੨॥
(ਹੇ ਭਾਈ! ਗੁਰੂ ਦੀ ਕਿਰਪਾ ਨਾਲ ਮੈਨੂੰ ਯਕੀਨ ਬਣ ਗਿਆ ਹੈ ਕਿ) ਜਿਸ ਪਰਮਾਤਮਾ ਦਾ ਦਰਸ਼ਨ ਮਨੁੱਖਾ ਜਨਮ ਦਾ ਫਲ ਦੇਣ ਵਾਲਾ ਹੈ, ਜਿਸ ਪਰਮਾਤਮਾ ਦੀ ਹਸਤੀ ਮੌਤ ਤੋਂ ਰਹਿਤ ਹੈ, ਉਹ ਇਸ ਵੇਲੇ ਭੀ (ਮੇਰੇ ਸਿਰ ਉਤੇ) ਮੌਜੂਦ ਹੈ, ਤੇ, ਸਦਾ ਕਾਇਮ ਰਹਿਣ ਵਾਲਾ ਹੈ।
ਉਹ ਪ੍ਰਭੂ ਆਪਣੀ ਪ੍ਰੀਤਿ ਦੀ ਆਪਣੇ ਪਿਆਰ ਦੀ ਦਾਤਿ ਦੇ ਕੇ ਆਪਣੇ ਸੇਵਕਾਂ ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ ॥੩॥
ਉਹ ਗੁਰੂ ਬੜੀ ਵਡਿਆਈ ਵਾਲਾ ਹੈ, ਅਚਰਜ ਸੋਭਾ ਵਾਲਾ ਹੈ, ਉਸ ਦੀ ਸਰਨ ਪਿਆਂ ਜ਼ਿੰਦਗੀ ਦਾ ਮਨੋਰਥ ਪ੍ਰਾਪਤ ਹੋ ਜਾਂਦਾ ਹੈ।