ਹੇ ਮੇਰੇ ਮਨ! ਸਰਬ-ਵਿਆਪਕ ਪਾਰਬ੍ਰਹਮ ਪਰਮੇਸਰ ਦਾ ਨਾਮ ਸਦਾ ਸਿਮਰਨਾ ਚਾਹੀਦਾ ਹੈ ॥੧॥
ਹੇ ਬੰਦੇ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ।
ਹੇ ਗਿਆਨਹੀਨ! ਇਹ ਸਰੀਰ ਸਦਾ ਕਾਇਮ ਰਹਿਣ ਵਾਲਾ ਨਹੀਂ ਹੈ, ਇਹ ਜ਼ਰੂਰ ਨਾਸ ਹੋ ਜਾਂਦਾ ਹੈ ਰਹਾਉ॥
(ਹੇ ਭਾਈ! ਇਹ ਮਾਇਆ) ਠਗ-ਨੀਰਾ ਹੈ (ਜੋ ਤਿਹਾਏ ਹਰਨ ਨੂੰ ਤੜਫਾ ਤੜਫਾ ਕੇ ਮਾਰ ਮੁਕਾਂਦਾ ਹੈ) ਸੁਪਨਿਆਂ ਵਿਚ ਮਿਲੇ ਪਦਾਰਥ ਹੈ, (ਆਤਮਕ ਜੀਵਨ ਵਾਲੇ ਦੇਸ਼ ਵਿਚ) ਇਸ ਮਾਇਆ ਨੂੰ ਕੁਝ ਭੀ ਇੱਜ਼ਤ ਨਹੀਂ ਮਿਲਦੀ।
ਪਰਮਾਤਮਾ ਦੇ ਭਜਨ ਤੋਂ ਬਿਨਾ (ਹੋਰ ਕੋਈ ਚੀਜ਼) ਕੰਮ ਨਹੀਂ ਆਉਂਦੀ, ਇਹ ਮਾਇਆ (ਅੰਤ) ਕਿਸੇ ਦੇ ਭੀ ਨਾਲ ਨਹੀਂ ਜਾਂਦੀ ॥੨॥
(ਹੇ ਭਾਈ! ਮਾਇਆ-ਵੇੜ੍ਹੇ ਮਨੁੱਖ ਦੀ) ਉਮਰ (ਮਾਇਆ ਦਾ) ਮਾਣ ਕਰਦਿਆਂ ਹੀ ਬੀਤ ਜਾਂਦੀ ਹੈ, ਉਹ ਕੋਈ ਐਸਾ ਕੰਮ ਨਹੀਂ ਕਰਦਾ ਜੋ ਜਿੰਦ ਦੇ ਲਾਭ ਵਾਸਤੇ ਹੋਵੇ।
(ਸਾਰੀ ਉਮਰ ਮਾਇਆ ਦੀ ਖ਼ਾਤਰ) ਦੌੜਦਾ ਭਟਕਦਾ ਰਹਿੰਦਾ ਹੈ, ਰੱਜਦਾ ਨਹੀਂ, ਪਰਮਾਤਮਾ ਦੇ ਨਾਮ ਨਾਲ ਸਾਂਝ ਨਹੀਂ ਪਾਂਦਾ ॥੩॥
ਹੇ ਭਾਈ! ਮਾਇਆ-ਵੇੜ੍ਹਿਆ ਮਨੁੱਖ ਚਸਕਿਆਂ ਵਿਚ ਵਿਕਾਰਾਂ ਵਿਚ ਪਦਾਰਥਾਂ ਦੇ ਸੁਆਦਾਂ ਵਿਚ ਮਸਤ ਰਹਿੰਦਾ ਹੈ, ਬੇਅੰਤ ਪਾਪ ਕਰ ਕਰ ਕੇ ਜਨਮ ਮਰਨ ਦੇ ਗੇੜਾਂ ਵਿਚ ਪਿਆ ਰਹਿੰਦਾ ਹੈ।
ਹੇ ਭਾਈ! ਨਾਨਕ ਦੀ ਅਰਜ਼ੋਈ ਤਾਂ ਪ੍ਰਭੂ ਪਾਸ ਹੀ ਹੈ (ਨਾਨਕ ਪ੍ਰਭੂ ਨੂੰ ਹੀ ਆਖਦਾ ਹੈ-ਹੇ ਪ੍ਰਭੂ!) ਮੇਰੇ ਔਗੁਣ ਕੱਟ ਦੇਹ ॥੪॥੧੧॥੨੨॥
(ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ) ਸਰਬ-ਵਿਆਪਕ ਨਾਸ-ਰਹਿਤ ਪ੍ਰਭੂ ਦੇ ਗੁਣ ਗਾਇਆ ਕਰ। (ਜੇਹੜਾ ਮਨੁੱਖ ਇਹ ਉੱਦਮ ਕਰਦਾ ਹੈ ਗੁਰੂ ਉਸ ਦੇ ਅੰਦਰੋਂ ਆਤਮਕ ਮੌਤ ਲਿਆਉਣ ਵਾਲੇ) ਕਾਮ ਕ੍ਰੋਧ (ਆਦਿਕ ਦੀ) ਜ਼ਹਰ ਸਾੜ ਦੇਂਦਾ ਹੈ।
(ਇਹ ਜਗਤ ਵਿਕਾਰਾਂ ਦੀ) ਅੱਗ ਦਾ ਸਮੁੰਦਰ (ਹੈ, ਇਸ ਵਿਚੋਂ ਪਾਰ ਲੰਘਣਾ) ਬਹੁਤ ਕਠਨ ਹੈ (ਸਿਫ਼ਤ-ਸਾਲਾਹ ਦੇ ਗੀਤ ਗਾਣ ਵਾਲੇ ਮਨੁੱਖ ਨੂੰ ਗੁਰੂ) ਸਾਧ ਸੰਗਤਿ ਵਿਚ (ਰੱਖ ਕੇ, ਇਸ ਸਮੁੰਦਰ ਵਿਚੋਂ) ਪਾਰ ਲੰਘਾ ਦੇਂਦਾ ਹੈ ॥੧॥
(ਹੇ ਭਾਈ! ਪੂਰੇ ਗੁਰੂ ਦੀ ਸਰਨ ਪਉ। ਜੇਹੜਾ ਮਨੁੱਖ ਪੂਰੇ ਗੁਰੂ ਦੀ ਸਰਨ ਪਿਆ) ਪੂਰੇ ਗੁਰੂ ਨੇ (ਉਸ ਦਾ) ਭਰਮ ਮਿਟਾ ਦਿੱਤਾ, (ਉਸ ਦਾ ਮਾਇਆ ਦੇ ਮੋਹ ਦਾ) ਹਨੇਰਾ ਦੂਰ ਕਰ ਦਿੱਤਾ।
(ਹੇ ਭਾਈ! ਤੂੰ ਭੀ ਗੁਰੂ ਦੀ ਸਰਨ ਪੈ ਕੇ) ਪ੍ਰੇਮ-ਭਰੀ ਭਗਤੀ ਨਾਲ ਪ੍ਰਭੂ ਦਾ ਭਜਨ ਕਰਿਆ ਕਰ, (ਤੈਨੂੰ) ਪ੍ਰਭੂ ਅੰਗ-ਸੰਗ (ਦਿੱਸ ਪਏਗਾ) ਰਹਾਉ॥
ਹੇ ਭਾਈ! ਪਰਮਾਤਮਾ ਦਾ ਨਾਮ (ਸਾਰੇ ਰਸਾਂ ਦਾ ਖ਼ਜ਼ਾਨਾ ਹੈ, ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਇਸ) ਖ਼ਜ਼ਾਨੇ ਦਾ ਰਸ ਪੀਂਦਾ ਹੈ, ਉਸ ਦਾ ਮਨ ਉਸ ਦਾ ਤਨ (ਮਾਇਆ ਦੇ ਰਸਾਂ ਵਲੋਂ) ਰੱਜ ਜਾਂਦੇ ਹਨ।
ਉਸ ਨੂੰ ਹਰ ਥਾਂ ਪਰਮਾਤਮਾ ਵਿਆਪਕ ਦਿੱਸ ਪੈਂਦਾ ਹੈ। ਉਹ ਮਨੁੱਖ ਫਿਰ ਨਾਹ ਜੰਮਦਾ ਹੈ ਨਾਹ ਮਰਦਾ ਹੈ ॥੨॥
ਹੇ ਭਾਈ! (ਗੁਰੂ ਦੀ ਰਾਹੀਂ) ਜਿਸ ਮਨੁੱਖ ਦੇ ਮਨ ਵਿਚ ਸ੍ਰਿਸ਼ਟੀ ਦਾ ਪਾਲਣ-ਹਾਰ ਆ ਵੱਸਦਾ ਹੈ, ਉਹ ਮਨੁੱਖ ਅਸਲੀ ਜਪ ਤਪ ਸੰਜਮ ਦਾ ਭੇਤ ਸਮਝਣ ਵਾਲਾ ਹੋ ਜਾਂਦਾ ਹੈ ਉਹ ਮਨੁੱਖ ਆਤਮਕ ਜੀਵਨ ਦੀ ਸੂਝ ਦਾ ਗਿਆਤਾ ਹੋ ਜਾਂਦਾ ਹੈ।
ਜਿਸ ਮਨੁੱਖ ਨੇ ਗੁਰੂ ਦੀ ਸਰਨ ਪੈ ਕੇ ਨਾਮ ਰਤਨ ਲੱਭ ਲਿਆ, ਉਸ ਦੀ (ਆਤਮਕ ਜੀਵਨ ਵਾਲੀ) ਮੇਹਨਤ ਕਾਮਯਾਬ ਹੋ ਗਈ ॥੩॥
ਉਸ ਮਨੁੱਖ ਦੀ ਜਮਾਂ ਵਾਲੀ ਫਾਹੀ ਕੱਟੀ ਗਈ (ਉਸ ਦੇ ਗਲੋਂ ਮਾਇਆ ਦੇ ਮੋਹ ਦੀ ਫਾਹੀ ਕੱਟੀ ਗਈ ਜੋ ਆਤਮਕ ਮੌਤ ਲਿਆ ਕੇ ਜਮਾਂ ਦੇ ਵੱਸ ਪਾਂਦੀ ਹੈ), ਉਸ ਦੇ ਸਾਰੇ ਦੁੱਖ ਕਲੇਸ਼ ਕਸ਼ਟ ਦੂਰ ਹੋ ਗਏ,
ਨਾਨਕ ਆਖਦਾ ਹੈ- ਜਿਸ ਮਨੁੱਖ ਉਤੇ ਪ੍ਰਭੂ ਨੇ ਮੇਹਰ ਕੀਤੀ (ਉਸ ਨੂੰ ਪ੍ਰਭੂ ਨੇ ਗੁਰੂ ਮਿਲਾ ਦਿੱਤਾ, ਤੇ) ਉਸ ਦਾ ਮਨ ਉਸ ਦਾ ਤਨ ਆਤਮਕ ਆਨੰਦ ਨਾਲ ਪ੍ਰਫੁਲਤ ਹੋ ਗਿਆ ॥੪॥੧੨॥੨੩॥
(ਹੇ ਭਾਈ! ਜਿਸ ਮਨੁੱਖ ਦਾ ਸਹਾਈ ਗੁਰੂ ਬਣ ਜਾਂਦਾ ਹੈ, ਉਸ ਨੂੰ ਨਿਸ਼ਚਾ ਹੋ ਜਾਂਦਾ ਹੈ ਕਿ) ਪਰਮਾਤਮਾ ਸਭ ਕੁਝ ਕਰ ਸਕਣ ਵਾਲਾ ਹੈ (ਜੀਵਾਂ ਪਾਸੋਂ) ਸਭ ਕੁਝ ਕਰਾ ਸਕਣ ਵਾਲਾ ਹੈ, ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ, ਸਭ ਦਾ ਮਾਲਕ ਹੈ।
ਸਾਰੇ ਜੀਵ ਉਸੇ ਦਇਆ-ਦੇ-ਘਰ ਪ੍ਰਭੂ ਨੇ ਪੈਦਾ ਕੀਤੇ ਹੋਏ ਹਨ, ਉਹ ਪ੍ਰਭੂ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ ॥੧॥
ਹੇ ਭਾਈ! ਮੇਰਾ ਗੁਰੂ (ਜਿਸ ਮਨੁੱਖ ਦਾ) ਮਦਦਗਾਰ ਆਪ ਬਣਦਾ ਹੈ,
ਉਸ ਮਨੁੱਖ ਦੇ ਅੰਦਰ ਆਤਮਕ ਅਡੋਲਤਾ ਦੇ ਸੁਖ ਆਨੰਦ ਖ਼ੁਸ਼ੀਆਂ ਤੇ ਸੁਆਦ ਉੱਘੜ ਪੈਂਦੇ ਹਨ। ਉਸ ਮਨੁੱਖ ਨੂੰ (ਲੋਕ ਪਰਲੋਕ ਵਿਚ) ਐਸੀ ਇੱਜ਼ਤ ਮਿਲਦੀ ਹੈ ਕਿ ਹੈਰਾਨ ਹੋ ਜਾਈਦਾ ਹੈ ਰਹਾਉ॥
ਹੇ ਭਾਈ! ਜੇਹੜੇ ਮਨੁੱਖ ਗੁਰੂ ਦੀ ਸਰਨ ਆ ਪੈਂਦੇ ਹਨ, ਉਹਨਾਂ ਦੇ ਸਾਰੇ ਡਰ ਦੂਰ ਹੋ ਜਾਂਦੇ ਹਨ, ਸਦਾ-ਥਿਰ ਰਹਿਣ ਵਾਲੇ ਪ੍ਰਭੂ ਦੀ ਹਜ਼ੂਰੀ ਵਿਚ ਉਹਨਾਂ ਨੂੰ ਆਦਰ ਮਿਲਦਾ ਹੈ।
ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਗੀਤ ਗਾ ਕੇ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਉਹ ਆਪਣੇ (ਉਸ ਹਿਰਦੇ-) ਥਾਂ ਵਿਚ ਆ ਟਿਕਦੇ ਹਨ (ਜਿਥੋਂ ਕੋਈ ਵਿਕਾਰ ਉਹਨਾਂ ਨੂੰ ਕੱਢ ਕੇ ਭਟਕਣਾ ਵਿਚ ਨਹੀਂ ਪਾ ਸਕਦਾ) ॥੨॥
ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਦੀ ਸੰਗਤਿ ਪਿਆਰੀ ਲੱਗਣ ਲੱਗ ਪੈਂਦੀ ਹੈ, ਸਾਰੀ ਲੁਕਾਈ ਉਸ ਦੀ ਵਡਿਆਈ ਕਰਦੀ ਹੈ, ਸੋਭਾ ਕਰਦੀ ਹੈ।
ਹੇ ਭਾਈ! ਮੈਂ (ਭੀ) ਆਪਣੇ ਪ੍ਰਭੂ ਤੋਂ ਸਦਾ ਸਦਕੇ ਜਾਂਦਾ ਹਾਂ ਜਿਸ ਨੇ (ਮੈਨੂੰ ਗੁਰੂ ਦੀ ਸਰਨ ਪਾ ਕੇ) ਮੇਰੀ ਇੱਜ਼ਤ ਪੂਰੇ ਤੌਰ ਤੇ ਰੱਖ ਲਈ ਹੈ ॥੩॥
ਹੇ ਭਾਈ! ਜਿਸ ਜਿਸ ਮਨੁੱਖ ਨੇ (ਗੁਰੂ ਦਾ) ਦਰਸਨ ਕੀਤਾ ਹੈ, ਉਹਨਾਂ ਨੂੰ ਪ੍ਰਭੂ ਦਾ ਮਿਲਾਪ ਪ੍ਰਾਪਤ ਹੋ ਗਿਆ, ਉਹਨਾਂ ਨੂੰ ਆਤਮਕ ਜੀਵਨ ਦੀ ਸੂਝ ਪ੍ਰਾਪਤ ਹੋ ਗਈ, ਪ੍ਰਭੂ ਦਾ ਨਾਮ ਸੁਣ ਸੁਣ ਕੇ ਉਹ ਮਨੁੱਖ (ਵਿਕਾਰਾਂ ਦੇ ਹੱਲਿਆਂ ਤੋਂ) ਬਚ ਗਏ।
ਹੇ ਨਾਨਕ! ਜਿਸ ਮਨੁੱਖ ਉਤੇ ਪਿਆਰਾ ਪ੍ਰਭੂ ਦਇਆਵਾਨ ਹੋਇਆ ਉਹ ਮਨੁੱਖ ਆਤਮਕ ਅਨੰਦ ਨਾਲ ਪ੍ਰਭੂ-ਚਰਨਾਂ ਵਿਚ ਲੀਨ ਹੋ ਗਿਆ ॥੪॥੧੩॥੨੪॥
ਹੇ ਭਾਈ! ਪਰਮਾਤਮਾ ਦੀ ਸਰਨ ਪਿਆਂ ਮਨੁੱਖ ਦੇ ਸਾਰੇ ਡਰ ਲਹਿ ਜਾਂਦੇ ਹਨ, ਉਸ ਦੇ ਸਾਰੇ ਦੁੱਖ ਦੂਰ ਹੋ ਜਾਂਦੇ ਹਨ, ਉਹ (ਸਦਾ) ਆਤਮਕ ਆਨੰਦ ਮਾਣਦਾ ਹੈ।
(ਉਹ ਮਨੁੱਖ ਪਰਮਾਤਮਾ ਦੀ ਸਰਨ ਪੈਂਦਾ ਹੈ) ਜੇਹੜਾ ਮਨੁੱਖ ਪੂਰੇ ਗੁਰੂ ਦਾ ਧਿਆਨ ਧਰਦਾ ਹੈ, ਉਸ ਉੱਤੇ ਮਾਲਕ ਪਰਮਾਤਮਾ ਦਇਆਵਾਨ ਹੁੰਦਾ ਹੈ ॥੧॥
ਹੇ ਪ੍ਰਭੂ ਜੀ! ਤੂੰ ਮੇਰਾ ਮਾਲਕ ਹੈਂ, ਤੂੰ ਮੈਨੂੰ ਸਾਰੀਆਂ ਦਾਤਾਂ ਦੇਣ ਵਾਲਾ ਹੈਂ।
ਹੇ ਦੀਨਾਂ ਉਤੇ ਦਇਆ ਕਰਨ ਵਾਲੇ ਪ੍ਰਭੂ! (ਮੇਰੇ ਉਤੇ) ਮੇਹਰ ਕਰ, ਮੈਂ ਤੇਰੇ ਪ੍ਰੇਮ-ਰੰਗ ਵਿਚ ਰੰਗੀਜ ਕੇ ਤੇਰੇ ਗੁਣ ਗਾਂਦਾ ਰਹਾਂ ਰਹਾਉ॥
ਹੇ ਭਾਈ! ਜਿਸ ਮਨੁੱਖ ਦੇ ਹਿਰਦੇ ਵਿਚ ਗੁਰੂ ਨੇ ਸਾਰੇ ਸੁਖਾਂ ਦਾ ਖ਼ਜ਼ਾਨਾ ਪ੍ਰਭੂ-ਨਾਮ ਪੱਕਾ ਕਰ ਦਿੱਤਾ, ਉਸ ਦੀ ਸਾਰੀ ਚਿੰਤਾ ਦੂਰ ਹੋ ਗਈ।