ਰਾਗ ਸੋਰਠਿ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਦੋ-ਬੰਦਾਂ ਵਾਲੀ ਬਾਣੀ।
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਹੇ ਭਾਈ! ਜਿਵੇਂ ਸਭ ਬੂਟਿਆਂ ਵਿਚ ਅੱਗ (ਗੁਪਤ ਮੌਜੂਦ) ਹੈ, ਜਿਵੇਂ ਹਰੇਕ ਕਿਸਮ ਦੇ ਦੁੱਧ ਵਿਚ ਘਿਉ (ਮੱਖਣ) ਗੁਪਤ ਮੌਜੂਦ ਹੈ,
ਤਿਵੇਂ ਚੰਗੇ ਮੰਦੇ ਸਭ ਜੀਵਾਂ ਵਿਚ ਪ੍ਰਭੂ ਦੀ ਜੋਤਿ ਸਮਾਈ ਹੋਈ ਹੈ, ਪਰਮਾਤਮਾ ਹਰੇਕ ਸਰੀਰ ਵਿਚ ਹੈ, ਸਭ ਜੀਵਾਂ ਵਿਚ ਹੈ ॥੧॥
ਹੇ ਸੰਤ ਜਨੋ! ਪਰਮਾਤਮਾ ਹਰੇਕ ਸਰੀਰ ਵਿਚ ਮੌਜੂਦ ਹੈ।
ਉਹ ਪੂਰੀ ਤਰ੍ਹਾਂ ਸਾਰੇ ਜੀਵਾਂ ਵਿਚ ਵਿਆਪਕ ਹੈ, ਉਹ ਸੋਹਣਾ ਰਾਮ ਪਾਣੀ ਵਿਚ ਹੈ ਧਰਤੀ ਵਿਚ ਹੈ ॥੧॥ ਰਹਾਉ ॥
ਹੇ ਭਾਈ! ਨਾਨਕ (ਉਸ) ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦੀ ਸਿਫ਼ਤ-ਸਾਲਾਹ ਦਾ ਗੀਤ ਗਾਂਦਾ ਹੈ। ਗੁਰੂ ਨੇ (ਨਾਨਕ ਦਾ) ਭੁਲੇਖਾ ਦੂਰ ਕਰ ਦਿੱਤਾ ਹੈ। (ਤਾਂਹੀਏਂ ਨਾਨਕ ਨੂੰ ਯਕੀਨ ਹੈ ਕਿ)
ਪਰਮਾਤਮਾ ਸਭ ਜੀਵਾਂ ਵਿਚ ਵੱਸਦਾ ਹੈ (ਫਿਰ ਭੀ) ਸਦਾ (ਮਾਇਆ ਦੇ ਮੋਹ ਤੋਂ) ਨਿਰਲੇਪ ਹੈ, ਸਭ ਜੀਵਾਂ ਵਿਚ ਸਮਾ ਰਿਹਾ ਹੈ ॥੨॥੧॥੨੯॥
ਹੇ ਭਾਈ! ਜਿਸ ਪ੍ਰਭੂ ਦੇ ਸਿਮਰਨ ਨਾਲ ਤੂੰ ਖ਼ੁਸ਼ੀ-ਭਰਿਆ ਜੀਵਨ ਜੀਊ ਸਕਦਾ ਹੈਂ ਤੇਰੇ ਜਨਮ ਮਰਨ ਦੇ ਸਾਰੇ ਡਰ ਤੇ ਦੁੱਖ ਦੂਰ ਹੋ ਸਕਦੇ ਹਨ,
ਤੂੰ (ਧਰਮ ਅਰਥ ਕਾਮ ਮੋਖ) ਚਾਰੇ ਪਦਾਰਥ ਤੇ ਦੁਨੀਆ ਦੇ ਨੌ ਹੀ ਖ਼ਜ਼ਾਨੇ ਹਾਸਲ ਕਰ ਸਕਦਾ ਹੈਂ, (ਜਿਸ ਦੇ ਸਿਮਰਨ ਨਾਲ) ਤੈਨੂੰ ਮਾਇਆ ਦੀ ਤ੍ਰੇਹ ਭੁੱਖ ਫਿਰ ਨਹੀਂ ਵਿਆਪੇਗੀ (ਉਸ ਦਾ ਸਿਮਰਨ ਹਰੇਕ ਸਾਹ ਦੇ ਨਾਲ ਕਰਦਾ ਰਹੁ) ॥੧॥
ਜਿਸ ਪਰਮਾਤਮਾ ਦਾ ਨਾਮ ਸਿਮਰਿਆਂ ਤੂੰ ਸੁਖੀ ਹੋ ਸਕਦਾ ਹੈਂ,
ਹੇ ਜੀਵ! ਉਸ ਪਾਲਣਹਾਰ ਪ੍ਰਭੂ ਨੂੰ ਤੂੰ ਆਪਣੇ ਮਨੋ ਤਨੋ ਮੂੰਹ ਨਾਲ ਹਰੇਕ ਸਾਹ ਦੇ ਨਾਲ ਸਿਮਰਿਆ ਕਰ ॥੧॥ ਰਹਾਉ ॥
(ਹੇ ਭਾਈ! ਸਿਮਰਨ ਦੀ ਬਰਕਤਿ ਨਾਲ) ਤੂੰ ਸ਼ਾਂਤੀ ਹਾਸਲ ਕਰ ਲਏਂਗਾ, ਤੂੰ ਅੰਤਰ-ਆਤਮੇ ਠੰਢਾ-ਠਾਰ ਹੋ ਜਾਏਂਗਾ, ਤੇਰੇ ਅੰਦਰ ਤ੍ਰਿਸ਼ਨਾ ਦੀ ਅੱਗ ਨਹੀਂ ਧੁਖੇਗੀ।
ਹੇ ਭਾਈ! ਗੁਰੂ ਨੇ (ਮੈਨੂੰ) ਨਾਨਕ ਨੂੰ ਉਹ ਪਰਮਾਤਮਾ ਪਾਣੀ ਵਿਚ ਧਰਤੀ ਵਿਚ ਰੁੱਖਾਂ ਵਿਚ ਸਾਰੇ ਸੰਸਾਰ ਵਿਚ (ਵੱਸਦਾ) ਵਿਖਾ ਦਿੱਤਾ ਹੈ ॥੨॥੨॥੩੦॥
ਹੇ ਪ੍ਰਭੂ! ਕਾਮ ਕ੍ਰੋਧ ਲੋਭ ਝੂਠ ਨਿੰਦਾ (ਆਦਿਕ) ਇਹਨਾਂ (ਸਾਰੇ ਵਿਕਾਰਾਂ) ਤੋਂ ਤੂੰ ਮੈਨੂੰ ਆਪ ਛੁਡਾ ਲੈ।
ਮੇਰੇ ਇਸ ਮਨ ਵਿਚੋਂ ਇਹਨਾਂ (ਵਿਕਾਰਾਂ) ਨੂੰ ਕੱਢ ਦੇ, ਮੈਨੂੰ ਆਪਣੇ ਚਰਨਾਂ ਵਿਚ ਜੋੜੀ ਰੱਖ ॥੧॥
ਹੇ ਪ੍ਰਭੂ! ਆਪਣੀ ਭਗਤੀ ਦੀ ਜਾਚ ਤੂੰ ਮੈਨੂੰ ਆਪ ਸਿਖਾ।
ਮੈਨੂੰ ਪ੍ਰੇਰਨਾ ਦੇਹ ਕਿ ਮੈਂ ਤੇਰੇ ਸੰਤ ਜਨਾਂ ਨਾਲ ਮਿਲ ਕੇ ਤੇਰੀ ਸਿਫ਼ਤ-ਸਾਲਾਹ ਦੇ ਗੀਤ ਗਾਇਆ ਕਰਾਂ ॥੧॥ ਰਹਾਉ ॥
ਹੇ ਪ੍ਰਭੂ! ਮੇਰੇ ਮਨ ਵਿਚ ਤੂੰ ਇਹੋ ਜਿਹੀ ਸਿੱਖਿਆ ਪਾ ਦੇਹ ਕਿ ਮੇਰੇ ਹਿਰਦੇ ਤੋਂ ਤੂੰ ਕਦੇ ਭੀ ਨਾਹ ਵਿਸਰੇਂ।
ਹੇ ਦਾਸ ਨਾਨਕ! ਤੈਨੂੰ ਵੱਡੇ ਭਾਗਾਂ ਨਾਲ ਪੂਰਾ ਗੁਰੂ ਮਿਲ ਪਿਆ ਹੈ, ਹੁਣ ਤੂੰ ਹੋਰ ਕਿਸੇ ਪਾਸੇ ਨਾਹ ਦੌੜਦਾ ਫਿਰ ॥੨॥੩॥੩੧॥
ਹੇ ਭਾਈ! ਜਿਸ ਪ੍ਰਭੂ ਦੇ ਸਿਮਰਨ ਦੀ ਬਰਕਤਿ ਨਾਲ ਹਰੇਕ ਪਦਾਰਥ ਮਿਲ ਸਕਦਾ ਹੈ, (ਸਿਮਰਨ ਦੀ) ਕੀਤੀ ਹੋਈ ਮਿਹਨਤ ਵਿਅਰਥ ਨਹੀਂ ਜਾਂਦੀ,
ਜੇਹੜਾ ਪ੍ਰਭੂ ਸਾਰੀ ਸ੍ਰਿਸ਼ਟੀ ਵਿਚ ਮੌਜੂਦ ਹੈ ਉਸ ਨੂੰ ਛੱਡ ਕੇ ਹੋਰ ਕੇਹੜੇ ਪਾਸੇ ਮਸਤ ਹੋ ਰਹੇ ਹੋ? ॥੧॥
ਹੇ ਸੰਤ ਜਨੋ! ਸ੍ਰਿਸ਼ਟੀ ਦੇ ਪਾਲਣਹਾਰ ਨੂੰ ਸਦਾ ਸਿਮਰਦੇ ਰਹੋ।
ਸਾਧ ਸੰਗਤ ਵਿਚ ਮਿਲ ਕੇ ਪ੍ਰਭੂ ਦਾ ਨਾਮ ਸਿਮਰਿਆ ਕਰੋ, (ਸਿਮਰਨ ਦੀ) ਮੇਹਨਤ ਜ਼ਰੂਰ ਸਫਲ ਹੋ ਜਾਂਦੀ ਹੈ ॥੧॥ ਰਹਾਉ ॥
ਹੇ ਭਾਈ! ਉਹ ਪਰਮਾਤਮਾ (ਸਭ ਜੀਵਾਂ ਦੀ) ਸਾਰ ਲੈ ਕੇ ਸੰਭਾਲ ਕਰਦਾ ਹੈ, ਸਦਾ ਪਾਲਣਾ ਕਰਦਾ ਹੈ (ਸਿਮਰਨ ਕਰਨ ਵਾਲਿਆਂ ਨੂੰ) ਪ੍ਰੇਮ ਨਾਲ ਆਪਣੇ ਗਲੇ ਲਾਂਦਾ ਹੈ।
ਨਾਨਕ ਆਖਦਾ ਹੈ- ਹੇ ਪ੍ਰਭੂ! ਤੈਨੂੰ ਵਿਸਾਰ ਕੇ ਜੀਵ ਤੈਨੂੰ ਕਿਵੇਂ ਮਿਲ ਸਕਦਾ ਹੈ? ਤੇ, ਤੂੰ ਹੀ ਸਾਰੇ ਜੀਵਾਂ ਦੀ ਜ਼ਿੰਦਗੀ ਦਾ ਸਹਾਰਾ ਹੈਂ ॥੨॥੪॥੩੨॥
ਹੇ ਭਾਈ! ਉਸ ਪਰਮਾਤਮਾ ਦਾ ਸਿਮਰਨ ਕੀਤਿਆਂ (ਮਨ ਤੋਂ ਵਿਕਾਰਾਂ ਦੀ) ਸਾਰੀ ਮੈਲ ਲਹਿ ਜਾਂਦੀ ਹੈ ਜੋ ਨਾਸ-ਰਹਿਤ ਹੈ, ਤੇ, ਜੋ ਸਾਰੇ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ।
ਉਹ ਪ੍ਰਭੂ ਸਾਰੇ ਗੁਣਾਂ ਦਾ ਖ਼ਜ਼ਾਨਾ ਹੈ, ਭਗਤਾਂ ਵਾਸਤੇ ਹਰ ਵੇਲੇ ਦਾ ਸਹਾਰਾ ਹੈ। ਪਰ ਕੋਈ ਵਿਰਲਾ ਮਨੁੱਖ ਉਸ ਦਾ ਮਿਲਾਪ ਹਾਸਲ ਕਰਦਾ ਹੈ ॥੧॥
ਹੇ ਮੇਰੇ ਮਨ! ਉਸ ਪ੍ਰਭੂ ਨੂੰ ਜਪਿਆ ਕਰੋ ਜੋ ਸਭ ਤੋਂ ਵੱਡਾ ਹੈ, ਜੋ ਸ੍ਰਿਸ਼ਟੀ ਦਾ ਪਾਲਣ ਵਾਲਾ ਹੈ,
ਤੇ, ਜਿਸ ਦਾ ਆਸਰਾ ਲਿਆਂ ਸੁਖ ਪ੍ਰਾਪਤ ਕਰ ਲਈਦਾ ਹੈ, ਫਿਰ ਕਦੇ ਦੁੱਖ ਨਹੀਂ ਵਿਆਪਦਾ ॥੧॥ ਰਹਾਉ ॥
ਹੇ ਭਾਈ! ਵੱਡੀ ਕਿਸਮਤਿ ਨਾਲ ਭਲੇ ਮਨੁੱਖਾਂ ਦੀ ਸੰਗਤਿ ਹਾਸਲ ਹੁੰਦੀ ਹੈ, ਉਹਨਾਂ ਨੂੰ ਮਿਲਿਆਂ ਖੋਟੀ ਬੁੱਧ ਨਾਸ ਹੋ ਜਾਂਦੀ ਹੈ।