ਜਦੋਂ ਜੀਵ ਗੁਰੂ ਦੀ ਸ਼ਰਨ ਪੈਂਦਾ ਹੈ, ਤਦੋਂ ਇਸ ਦੀ ਸਾਰੀ ਕੋਝੀ ਮਤਿ ਨਾਸ ਹੋ ਜਾਂਦੀ ਹੈ।
ਤਦੋਂ, ਹੇ ਨਾਨਕ! ਇਹ ਸਾਰੀਆਂ ਮਨੋ-ਕਾਮਨਾ ਪੂਰੀਆਂ ਕਰਨ ਵਾਲੇ ਪਰਮਾਤਮਾ ਨੂੰ ਸਿਮਰਦਾ ਹੈ; ਤੇ, ਇਸ ਦੀ ਜਮ ਦੀ ਫਾਹੀ (ਭੀ) ਕੱਟੀ ਜਾਂਦੀ ਹੈ ॥੩॥੭॥
ਹੇ ਮਨੁੱਖ! ਆਪਣੇ ਦਿਲ ਵਿਚ ਇਹ ਪੱਕੀ ਗੱਲ ਟਿਕਾ ਲੈ,
(ਕਿ) ਸਾਰਾ ਸੰਸਾਰ ਸੁਪਨੇ ਵਰਗਾ ਹੈ, (ਇਸ ਦੇ) ਨਾਸ ਹੁੰਦਿਆਂ ਚਿਰ ਨਹੀਂ ਲੱਗਦਾ ॥੧॥ ਰਹਾਉ ॥
ਹੇ ਭਾਈ! (ਜਿਵੇਂ ਕਿਸੇ ਨੇ) ਰੇਤ ਦੀ ਕੰਧ ਉਸਾਰ ਕੇ ਪੋਚ ਕੇ ਤਿਆਰ ਕੀਤੀ ਹੋਵੇ; ਪਰ ਉਹ ਕੰਧ ਚਾਰ ਦਿਨ ਭੀ (ਟਿਕੀ) ਨਹੀਂ ਰਹਿੰਦੀ।
ਇਸ ਮਾਇਆ ਦੇ ਸੁਖ ਭੀ ਉਸ (ਰੇਤ ਦੀ ਕੰਧ) ਵਰਗੇ ਹੀ ਹਨ। ਹੇ ਮੂਰਖ! ਤੂੰ ਇਹਨਾਂ ਸੁਖਾਂ ਵਿਚ ਕਿਉਂ ਮਸਤ ਹੋ ਰਿਹਾ ਹੈਂ? ॥੧॥
ਹੇ ਭਾਈ! ਅਜੇ ਭੀ ਸਮਝ ਜਾ (ਅਜੇ) ਕੁਝ ਵਿਗੜਿਆ ਨਹੀਂ; ਤੇ ਪਰਮਾਤਮਾ ਦਾ ਨਾਮ ਸਿਮਰਿਆ ਕਰ।
ਨਾਨਕ ਆਖਦਾ ਹੈ- (ਹੇ ਭਾਈ!) ਮੈਂ ਤੈਨੂੰ ਗੁਰਮੁਖਾਂ ਦਾ ਇਹ ਨਿਜੀ ਖ਼ਿਆਲ ਪੁਕਾਰ ਕੇ ਸੁਣਾ ਰਿਹਾ ਹਾਂ ॥੨॥੮॥
ਹੇ ਭਾਈ! ਇਸ ਜਗਤ ਵਿਚ ਕੋਈ (ਤੋੜ ਸਾਥ ਨਿਬਾਹੁਣ ਵਾਲਾ) ਮਿੱਤਰ (ਮੈਂ) ਨਹੀਂ ਵੇਖਿਆ।
ਸਾਰਾ ਸੰਸਾਰ ਆਪਣੇ ਸੁਖ ਵਿਚ ਹੀ ਜੁੱਟਾ ਪਿਆ ਹੈ। ਦੁੱਖ ਵਿਚ (ਕੋਈ ਕਿਸੇ ਦੇ) ਨਾਲ (ਸਾਥੀ) ਨਹੀਂ ਬਣਦਾ ॥੧॥ ਰਹਾਉ ॥
ਹੇ ਭਾਈ! ਇਸਤ੍ਰੀ, ਮਿੱਤਰ, ਪੁੱਤਰ, ਰਿਸ਼ਤੇਦਾਰ-ਇਹ ਸਾਰੇ ਧਨ ਨਾਲ (ਹੀ) ਪਿਆਰ ਕਰਦੇ ਹਨ।
ਜਦੋਂ ਹੀ ਇਹਨਾਂ ਨੇ ਮਨੁੱਖ ਨੂੰ ਕੰਗਾਲ ਵੇਖਿਆ, (ਤਦੋਂ) ਸਾਥ ਛੱਡ ਕੇ ਨੱਸ ਜਾਂਦੇ ਹਨ ॥੧॥
ਹੇ ਭਾਈ! ਮੈਂ ਇਸ ਝੱਲੇ ਮਨ ਨੂੰ ਕੀਹ ਸਮਝਾਵਾਂ? (ਇਸ ਨੇ) ਇਹਨਾਂ (ਕੱਚੇ ਸਾਥੀਆਂ) ਨਾਲ ਪਿਆਰ ਪਾਇਆ ਹੋਇਆ ਹੈ।
(ਜੇਹੜਾ ਪਰਮਾਤਮਾ) ਗਰੀਬਾਂ ਦਾ ਰਾਖਾ ਤੇ ਸਾਰੇ ਡਰ ਨਾਸ ਕਰਨ ਵਾਲਾ ਹੈ ਉਸ ਦੀ ਸਿਫ਼ਤ-ਸਾਲਾਹ (ਇਸ ਨੇ) ਭੁਲਾਈ ਹੋਈ ਹੈ ॥੨॥
ਹੇ ਭਾਈ! ਜਿਵੇਂ ਕੁੱਤੇ ਦੀ ਪੂਛਲ ਸਿੱਧੀ ਨਹੀਂ ਹੁੰਦੀ (ਇਸੇ ਤਰ੍ਹਾਂ ਇਸ ਮਨ ਦੀ ਪਰਮਾਤਮਾ ਦੀ ਯਾਦ ਵਲੋਂ ਲਾ-ਪਰਵਾਹੀ ਹਟਦੀ ਨਹੀਂ) ਮੈਂ ਬਹੁਤ ਜਤਨ ਕੀਤਾ ਹੈ।
ਹੇ ਨਾਨਕ! (ਆਖ-ਹੇ ਪ੍ਰਭੂ! ਆਪਣੇ) ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਵ ਦੀ ਲਾਜ ਰੱਖ (ਮੇਰੀ ਮਦਦ ਕਰ, ਤਾਂ ਹੀ) ਮੈਂ ਤੇਰਾ ਨਾਮ ਜਪ ਸਕਦਾ ਹਾਂ ॥੩॥੯॥
ਹੇ ਮਨ! ਤੂੰ ਗੁਰੂ ਦੀ ਸਿੱਖਿਆ ਗ੍ਰਹਿਣ ਨਹੀਂ ਕਰਦਾ।
(ਹੇ ਭਾਈ! ਗੁਰੂ ਦਾ ਉਪਦੇਸ਼ ਭੁਲਾ ਕੇ) ਜੇ ਸਿਰ ਭੀ ਮੁਨਾ ਲਿਆ, ਤੇ, ਭਗਵੇ ਰੰਗ ਦੇ ਕੱਪੜੇ ਪਾ ਲਏ, ਤਾਂ ਭੀ ਕੀਹ ਬਣਿਆ? (ਆਤਮਕ ਜੀਵਨ ਦਾ ਕੁਝ ਭੀ ਨਾਹ ਸੌਰਿਆ) ॥੧॥ ਰਹਾਉ ॥
(ਹੇ ਭਾਈ! ਭਗਵਾ ਭੇਖ ਤਾਂ ਧਾਰ ਲਿਆ, ਪਰ) ਸਦਾ-ਥਿਰ ਪ੍ਰਭੂ ਦਾ ਨਾਮ ਛੱਡ ਕੇ ਨਾਸਵੰਤ ਪਦਾਰਥਾਂ ਵਿਚ ਹੀ ਸੁਰਤਿ ਜੋੜੀ ਰੱਖੀ,
(ਲੋਕਾਂ ਨਾਲ) ਛਲ ਕਰ ਕੇ ਆਪਣਾ ਪੇਟ ਪਾਲਦਾ ਰਿਹਾ, ਤੇ, ਪਸ਼ੂਆਂ ਵਾਂਗ ਸੁੱਤਾ ਰਿਹਾ ॥੧॥
ਹੇ ਭਾਈ! (ਗ਼ਾਫ਼ਿਲ ਮਨੁੱਖ) ਪਰਮਾਤਮਾ ਦੇ ਭਜਨ ਦੀ ਜੁਗਤਿ ਨਹੀਂ ਸਮਝਦਾ, ਮਾਇਆ ਦੇ ਹੱਥ ਵਿਚ ਵਿਕਿਆ ਰਹਿੰਦਾ ਹੈ।
ਕਮਲਾ ਮਨੁੱਖ ਮਾਇਕ ਪਦਾਰਥਾਂ (ਦੇ ਮੋਹ) ਵਿਚ ਮਗਨ ਰਹਿੰਦਾ ਹੈ, ਤੇ, ਪ੍ਰਭੂ ਦੇ (ਸ੍ਰੇਸ਼ਟ) ਰਤਨ-ਨਾਮ ਨੂੰ ਭੁਲਾਈ ਰੱਖਦਾ ਹੈ ॥੨॥
(ਮਨੁੱਖ ਮਾਇਆ ਵਿਚ ਫਸ ਕੇ) ਅਵੇਸਲਾ ਹੋਇਆ ਰਹਿੰਦਾ ਹੈ, ਪਰਮਾਤਮਾ ਨੂੰ ਯਾਦ ਨਹੀਂ ਕਰਦਾ, ਸਾਰੀ ਉਮਰ ਵਿਅਰਥ ਗੁਜ਼ਾਰ ਲੈਂਦਾ ਹੈ।
ਨਾਨਕ ਆਖਦਾ ਹੈ- ਹੇ ਹਰੀ! ਤੂੰ ਆਪਣੇ ਮੁੱਢ-ਕਦੀਮਾਂ ਦੇ (ਪਿਆਰ ਵਾਲੇ) ਸੁਭਾਵ ਨੂੰ ਚੇਤੇ ਰੱਖ। ਇਹ ਜੀਵ ਤਾਂ ਸਦਾ ਭੁੱਲੇ ਹੀ ਰਹਿੰਦੇ ਹਨ ॥੩॥੧੦॥
ਹੇ ਭਾਈ! ਜੇਹੜਾ ਮਨੁੱਖ ਦੁੱਖਾਂ ਵਿਚ ਘਬਰਾਂਦਾ ਨਹੀਂ,
ਜਿਸ ਮਨੁੱਖ ਦੇ ਹਿਰਦੇ ਵਿਚ ਸੁਖਾਂ ਨਾਲ ਮੋਹ ਨਹੀਂ, ਅਤੇ (ਕਿਸੇ ਕਿਸਮ ਦੇ) ਡਰ ਨਹੀਂ, ਜੇਹੜਾ ਮਨੁੱਖ ਸੋਨੇ ਨੂੰ ਮਿੱਟੀ (ਸਮਾਨ) ਸਮਝਦਾ ਹੈ (ਉਸ ਦੇ ਅੰਦਰ ਪਰਮਾਤਮਾ ਦਾ ਨਿਵਾਸ ਹੋ ਜਾਂਦਾ ਹੈ) ॥੧॥ ਰਹਾਉ ॥
ਹੇ ਭਾਈ! ਜਿਸ ਮਨੁੱਖ ਦੇ ਅੰਦਰ ਕਿਸੇ ਦੀ ਚੁਗ਼ਲੀ-ਬੁਰਾਈ ਨਹੀਂ, ਕਿਸੇ ਦੀ ਖ਼ੁਸ਼ਾਮਦ ਨਹੀਂ, ਜਿਸ ਦੇ ਅੰਦਰ ਨਾਹ ਲੋਭ ਹੈ, ਨਾਹ ਮੋਹ ਹੈ, ਨਾਹ ਅਹੰਕਾਰ ਹੈ;
ਜੇਹੜਾ ਮਨੁੱਖ ਖ਼ੁਸ਼ੀ ਤੇ ਗ਼ਮੀ ਤੋਂ ਨਿਰਲੇਪ ਰਹਿੰਦਾ ਹੈ, ਜਿਸ ਨੂੰ ਨਾਹ ਆਦਰ ਪੋਹ ਸਕਦਾ ਹੈ ਨਾਹ ਨਿਰਾਦਰੀ (ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਿਵਾਸ ਹੋ ਜਾਂਦਾ ਹੈ) ॥੧॥
ਹੇ ਭਾਈ! ਜੇਹੜਾ ਮਨੁੱਖਾਂ ਆਸਾਂ ਉਮੈਦਾਂ ਸਭ ਤਿਆਗ ਦੇਂਦਾ ਹੈ, ਜਗਤ ਤੋਂ ਨਿਰਮੋਹ ਰਹਿੰਦਾ ਹੈ,
ਜਿਸ ਮਨੁੱਖ ਨੂੰ ਨਾਹ ਕਾਮ-ਵਾਸਨਾ ਛੋਹ ਸਕਦੀ ਹੈ ਨਾਹ ਕ੍ਰੋਧ ਛੋਹ ਸਕਦਾ ਹੈ, ਉਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਿਵਾਸ ਹੋ ਜਾਂਦਾ ਹੈ ॥੨॥
(ਪਰ) ਜਿਸ ਮਨੁੱਖ ਉੱਤੇ ਗੁਰੂ ਨੇ ਮੇਹਰ ਕੀਤੀ ਉਸ ਨੇ (ਹੀ ਜੀਵਨ ਦੀ) ਇਹ ਜਾਚ ਸਮਝੀ ਹੈ।
ਹੇ ਨਾਨਕ! (ਆਖ-) ਉਹ ਮਨੁੱਖ ਪਰਮਾਤਮਾ ਨਾਲ ਇਉਂ ਇਕ-ਮਿਕ ਹੋ ਜਾਂਦਾ ਹੈ, ਜਿਵੇਂ ਪਾਣੀ ਨਾਲ ਪਾਣੀ ਮਿਲ ਜਾਂਦਾ ਹੈ ॥੩॥੧੧॥