ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਹੀ ਪਰਮਾਤਮਾ ਨਾਲ ਜਾਣ-ਪਛਾਣ ਬਣਦੀ ਹੈ, ਪੂਰੀ ਕਿਸਮਤਿ ਨਾਲ (ਗੁਰੂ ਜੀਵ ਨੂੰ ਪਰਮਾਤਮਾ ਨਾਲ) ਮਿਲਾ ਦੇਂਦਾ ਹੈ।
ਹੇ ਭਾਈ! ਖਸਮ-ਪ੍ਰਭੂ ਨਾਲ ਪਿਆਰ ਕਰਨ ਵਾਲੀਆਂ ਜੀਵ-ਇਸਤ੍ਰੀਆਂ ਸਦਾ ਆਤਮਕ ਸੁਖ ਮਾਣਦੀਆਂ ਹਨ, ਪ੍ਰਭੂ ਨਾਲ ਪਿਆਰ ਪਾ ਕੇ ਉਹ ਹਰ ਵੇਲੇ ਉਸ ਦੇ ਪ੍ਰੇਮ-ਰੰਗ ਵਿਚ ਰੰਗੀਆਂ ਰਹਿੰਦੀਆਂ ਹਨ ॥੧॥
ਹੇ ਪ੍ਰਭੂ ਜੀ! ਤੂੰ ਆਪ ਹੀ (ਸਰਨ ਆਏ ਜੀਵਾਂ ਦੇ ਹਿਰਦੇ ਉਤੇ ਆਪਣੇ ਪਿਆਰ ਦਾ) ਰੰਗ ਚਾੜ੍ਹਦਾ ਹੈਂ।
ਪ੍ਰਭੂ-ਪਿਆਰ ਦੇ ਰੰਗ ਵਿਚ ਰੰਗੇ ਹੋਏ ਹੇ ਭਰਾਵੋ! ਪਰਮਾਤਮਾ ਨਾਲ ਪਿਆਰ ਪਾ ਕੇ ਉਸ ਦੀ ਸਿਫ਼ਤ-ਸਾਲਾਹ ਦੇ ਗੀਤ ਗਾਂਦੇ ਰਿਹਾ ਕਰੋ ਰਹਾਉ॥
ਹੇ ਭਾਈ! ਜੇਹੜੀ ਜੀਵ-ਇਸਤ੍ਰੀ ਆਪਾ-ਭਾਵ ਛੱਡ ਕੇ, ਤੇ, ਮਨ ਲਾ ਕੇ ਗੁਰੂ ਦੀ ਦੱਸੀ ਕਾਰ ਕਰਦੀ ਹੈ,
(ਉਸ ਦੇ ਅੰਦਰ) ਸਦਾ ਆਤਮਕ ਅਡੋਲਤਾ ਬਣੀ ਰਹਿੰਦੀ ਹੈ, ਉਸ ਨੂੰ ਕਦੇ ਦੁੱਖ ਪੋਹ ਨਹੀਂ ਸਕਦਾ, ਉਸ ਦੇ ਮਨ ਵਿਚ ਪਰਮਾਤਮਾ ਆਪ ਆ ਵੱਸਦਾ ਹੈ ॥੨॥
ਹੇ ਭਾਈ! ਜੇਹੜੀ ਜੀਵ-ਇਸਤ੍ਰੀ ਪ੍ਰਭੂ-ਪਤੀ ਦੀ ਰਜ਼ਾ ਨੂੰ ਨਹੀਂ ਸਮਝਦੀ, ਉਹ ਕੋਝੇ ਲੱਛਣਾਂ ਵਾਲੀ ਹੈ, ਚੰਦਰੀ ਹੈ।
(ਜੇ ਉਹ ਵਿਖਾਵੇ-ਮਾਤਰ) ਮਨ ਦੇ ਹਠ ਨਾਲ (ਗੁਰੂ ਦੀ ਦੱਸੀ) ਕਾਰ ਕਰਦੀ ਹੈ ਤਾਂ ਭੀ, ਹੇ ਭਾਈ! ਉਹ ਨਾਮ ਤੋਂ ਸੱਖਣੀ ਹੀ ਰਹਿੰਦੀ ਹੈ, ਉਹ ਝੂਠ ਦੀ ਹੀ ਵਣਜਾਰਨ ਬਣੀ ਰਹਿੰਦੀ ਹੈ ॥੩॥
ਹੇ ਭਾਈ! ਜਿਨ੍ਹਾਂ ਮਨੁੱਖਾਂ ਦੇ ਮੱਥੇ ਉਤੇ ਭਾਗ ਜਾਗ ਪੈਂਦਾ ਹੈ ਉਹ ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਗੀਤ ਗਾਂਦੇ ਹਨ, ਸਦਾ-ਥਿਰ ਪ੍ਰਭੂ ਦੇ ਪ੍ਰੇਮ ਦੀ ਬਰਕਤਿ ਨਾਲ (ਉਹਨਾਂ ਦੇ ਅੰਦਰ ਦੁਨੀਆ ਦੇ ਮੋਹ ਵਲੋਂ) ਉਪਰਾਮਤਾ ਪੈਦਾ ਹੋ ਜਾਂਦੀ ਹੈ।
ਹੇ ਭਾਈ! ਉਹ (ਪ੍ਰਭੂ-ਪ੍ਰੇਮ ਦੇ ਰੰਗ ਵਿਚ) ਰੰਗੇ ਹੋਏ ਹਰ ਵੇਲੇ ਪਰਮਾਤਮਾ ਦੇ ਗੁਣ ਗਾਂਦੇ ਹਨ, ਉਹ ਨਿਡਰ ਰਹਿੰਦੇ ਹਨ, ਉਹਨਾਂ ਦੇ ਅੰਦਰ ਗੁਰੂ ਦੀ ਬਖ਼ਸ਼ੀ ਹੋਈ ਪ੍ਰਭੂ-ਚਰਨਾਂ ਦੀ ਲਗਨ ਬਣੀ ਰਹਿੰਦੀ ਹੈ ॥੪॥
ਹੇ ਭਾਈ! ਦਿਨ ਰਾਤ ਉਸ ਪਰਮਾਤਮਾ ਦੀ ਸੇਵਾ-ਭਗਤੀ ਕਰਿਆ ਕਰੋ, ਜੋ ਸਭ ਜੀਵਾਂ ਨੂੰ ਮਾਰਦਾ ਹੈ ਤੇ ਜਿਵਾਂਦਾ ਹੈ।
ਹੇ ਭਾਈ! ਜਿਸ ਪਰਮਾਤਮਾ ਦੀ (ਜੀਵਾਂ ਉਤੇ ਕੀਤੀ ਹੋਈ) ਬਖ਼ਸ਼ਸ਼ ਬਹੁਤ ਵੱਡੀ ਹੈ, ਉਸ ਨੂੰ ਮਨ ਤੋਂ ਭੁਲਾਣਾ ਨਹੀਂ ਚਾਹੀਦਾ ॥੫॥
ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਜੀਵ-ਇਸਤ੍ਰੀ ਵਿਕਾਰਾਂ ਦੀ ਮੈਲ ਨਾਲ ਭਰੀ ਰਹਿੰਦੀ ਹੈ, ਉਸ ਦਾ ਮਨ ਸਦਾ ਡੋਲਦਾ ਰਹਿੰਦਾ ਹੈ (ਇਸ ਵਾਸਤੇ) ਉਸ ਨੂੰ ਪਰਮਾਤਮਾ ਦੀ ਹਜ਼ੂਰੀ ਵਿਚ ਥਾਂ ਨਹੀਂ ਮਿਲਦੀ।
ਪਰ ਹੇ ਭਾਈ! ਜਦੋਂ ਉਹ ਗੁਰੂ ਦੀ ਸ਼ਰਨ ਆ ਪੈਂਦੀ ਹੈ, ਤਦੋਂ ਪਰਮਾਤਮਾ ਦੇ ਗੁਣ ਚੇਤੇ ਕਰਨ ਲੱਗ ਪੈਂਦੀ ਹੈ। ਪ੍ਰੀਤਮ-ਪ੍ਰਭੂ ਨੂੰ ਮਿਲ ਕੇ ਉਹ ਉਸ ਸਦਾ-ਥਿਰ ਵਿਚ ਲੀਨ ਹੋ ਜਾਂਦੀ ਹੈ ॥੬॥
ਹੇ ਭਾਈ! ਜਿਸ ਨੇ ਇਸ ਮਨੁੱਖਾ ਜਨਮ ਵਿਚ ਪਰਮਾਤਮਾ ਨੂੰ ਯਾਦ ਨਾਹ ਕੀਤਾ ਉਹ (ਪਰਲੋਕ ਵਿਚ) ਜਾ ਕੇ ਕੀਹ ਮੂੰਹ ਵਿਖਾਏਗਾ? (ਸ਼ਰਮ-ਸਾਰ ਹੋਵੇਗਾ)।
ਹੇ ਭਾਈ! ਮਾਇਆ ਦੀ ਖ਼ਾਤਰ ਲੋਭ ਵਿਚ ਫਸ ਕੇ, (ਸੁਚੇਤ ਰਹਿਣ ਦੀਆਂ) ਵਾਜਾਂ ਪੈਂਦਿਆਂ ਭੀ ਉਸ ਨੇ ਆਪਣਾ ਆਤਮਕ ਜੀਵਨ ਲੁਟਾ ਲਿਆ ॥੭॥
ਹੇ ਭਾਈ! ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਵਸਾਂਦੇ ਹਨ, ਉਹ ਆਨੰਦ ਵਿਚ ਵੱਸਦੇ ਹਨ ਉਹਨਾਂ ਦੇ ਸਰੀਰ ਨੂੰ ਸੁਖ ਸ਼ਾਂਤੀ ਪ੍ਰਾਪਤ ਰਹਿੰਦੀ ਹੈ।
ਹੇ ਨਾਨਕ! (ਆਖ-) ਹੇ ਭਾਈ! ਤੂੰ ਉਸ ਪਰਮਾਤਮਾ ਦਾ ਨਾਮ ਹਿਰਦੇ ਵਿਚ ਵਸਾਈ ਰੱਖ, ਜੇਹੜਾ ਬਹੁਤ ਬੇਅੰਤ ਹੈ ਜੋ ਗੁਣਾਂ ਦਾ ਮਾਲਕ ਹੈ, ਜੋ ਵੱਡੇ ਜਿਗਰੇ ਵਾਲਾ ਹੈ ॥੮॥੩॥
ਰਾਗ ਸੋਰਠਿ, ਘਰ ੧ ਵਿੱਚ ਗੁਰੂ ਅਰਜਨਦੇਵ ਜੀ ਦੀ ਅੱਠ-ਬੰਦਾਂ ਵਾਲੀ ਬਾਣੀ।
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ,
ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ) ਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ।
ਹੇ ਭਾਈ! ਉਹ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ। ਉਸ ਨੂੰ ਕਿਵੇਂ ਵੇਖਿਆ ਜਾਏ?
ਹੇ ਭਾਈ! ਗੋਬਿੰਦ ਦੇ ਰੂਪ ਗੁਰੂ ਦੀ ਸਿਫ਼ਤਿ ਕਰਨੀ ਚਾਹੀਦੀ ਹੈ, ਕਿਉਂਕਿ ਗੁਰੂ ਪਾਸੋਂ ਹੀ ਸਾਰੇ ਜਗਤ ਦੇ ਮੂਲ ਪਰਮਾਤਮਾ ਦੀ ਸੂਝ ਪੈ ਸਕਦੀ ਹੈ ॥੧॥
ਹੇ ਮੇਰੇ ਮਨ! (ਸਦਾ) ਹਰੀ ਭਗਵਾਨ ਦਾ ਨਾਮ ਜਪਣਾ ਚਾਹੀਦਾ ਹੈ।
ਉਹ ਭਗਵਾਨ ਆਪਣੇ ਸੇਵਕ ਨੂੰ ਆਪਣੇ ਨਾਮ ਦੀ ਦਾਤਿ ਦੇਂਦਾ ਹੈ। ਉਹ ਸਾਰੇ ਦੁੱਖਾਂ ਪੀੜਾਂ ਦਾ ਨਾਸ ਕਰਨ ਵਾਲਾ ਹੈ ਰਹਾਉ॥
ਹੇ ਭਾਈ! ਜਿਸ ਪ੍ਰਭੂ ਦੇ ਘਰ ਵਿਚ ਹਰੇਕ ਚੀਜ਼ ਮੌਜੂਦ ਹੈ, ਜਿਸ ਦੇ ਘਰ ਵਿਚ ਜਗਤ ਦੇ ਸਾਰੇ ਨੌ ਹੀ ਖ਼ਜ਼ਾਨੇ ਮੌਜੂਦ ਹਨ, ਜਿਸ ਦੇ ਘਰ ਵਿਚ ਭੰਡਾਰੇ ਭਰੇ ਪਏ ਹਨ,
ਉਸ ਦਾ ਮੁੱਲ ਨਹੀਂ ਪੈ ਸਕਦਾ, ਉਹ ਸਭ ਤੋਂ ਉੱਚਾ ਹੈ, ਉਹ ਅਪਹੁੰਚ ਹੈ, ਉਹ ਬੇਅੰਤ ਹੈ।
ਹੇ ਭਾਈ! ਉਹ ਪ੍ਰਭੂ ਸਾਰੇ ਜੀਵਾਂ ਦੀ ਪਾਲਣਾ ਕਰਦਾ ਹੈ, ਉਹ ਸਦਾ ਹੀ (ਸਭ ਜੀਵਾਂ ਦੀ) ਸੰਭਾਲ ਕਰਦਾ ਹੈ।
(ਉਸ ਦਾ ਦਰਸਨ ਕਰਨ ਲਈ) ਹੇ ਭਾਈ! ਪੂਰੇ ਗੁਰੂ ਨੂੰ ਮਿਲਣਾ ਚਾਹੀਦਾ ਹੈ, (ਗੁਰੂ ਹੀ ਆਪਣੇ) ਸ਼ਬਦ ਵਿਚ ਜੋੜ ਕੇ ਪਰਮਾਤਮਾ ਨਾਲ ਮਿਲਾ ਸਕਣ ਵਾਲਾ ਹੈ ॥੨॥
ਹੇ ਭਾਈ! ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੇ ਚਰਨ ਹਿਰਦੇ ਵਿਚ ਵਸਾਈ ਰੱਖਣੇ ਚਾਹੀਦੇ ਹਨ, (ਇਸ ਤਰ੍ਹਾਂ ਮਨ ਦੀ) ਭਟਕਣਾ ਦਾ, (ਹਰੇਕ ਕਿਸਮ ਦੇ) ਡਰ ਦਾ ਨਾਸ ਹੋ ਜਾਂਦਾ ਹੈ।
ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਮਨ ਨੂੰ ਸਾਫ਼ ਕਰਨਾ ਚਾਹੀਦਾ ਹੈ (ਇਸ ਤਰ੍ਹਾਂ) ਪਰਮਾਤਮਾ ਦੇ ਨਾਮ ਵਿਚ (ਮਨ ਦਾ) ਨਿਵਾਸ ਹੋ ਜਾਂਦਾ ਹੈ।
(ਸਾਧ ਸੰਗਤਿ ਦੀ ਬਰਕਤਿ ਨਾਲ) ਹੇ ਭਾਈ! ਆਤਮਕ ਜੀਵਨ ਵਲੋਂ ਬੇ-ਸਮਝੀ ਦਾ ਹਨੇਰਾ (ਮਨੁੱਖ ਦੇ ਅੰਦਰੋਂ) ਮਿਟ ਜਾਂਦਾ ਹੈ (ਹਿਰਦੇ ਦੇ) ਕੌਲ-ਫੁੱਲ ਦਾ ਖਿੜਾਉ ਹੋ ਜਾਂਦਾ ਹੈ।
ਹੇ ਭਾਈ! ਗੁਰੂ ਦੇ ਬਚਨਾਂ ਉੱਤੇ ਤੁਰਿਆਂ ਆਤਮਕ ਆਨੰਦ ਪੈਦਾ ਹੁੰਦਾ ਹੈ। ਸਾਰੇ ਫਲ ਗੁਰੂ ਦੇ ਕੋਲ ਹਨ ॥੩॥