ਹੇ ਭਾਈ! ਵਿਤਕਰਾ ਛੱਡ ਦੇਣਾ ਚਾਹੀਦਾ ਹੈ, ਸਭਨਾਂ ਦੇ ਚਰਨਾਂ ਦੀ ਧੂੜ ਬਣ ਜਾਣਾ ਚਾਹੀਦਾ ਹੈ।
ਹੇ ਭਾਈ! ਪਰਮਾਤਮਾ ਹਰੇਕ ਸਰੀਰ ਵਿਚ ਵੱਸ ਰਿਹਾ ਹੈ, ਉਹ ਸਭ ਦੇ ਅੰਗ-ਸੰਗ ਹੋ ਕੇ (ਸਭ ਦੇ ਕੰਮਾਂ ਨੂੰ) ਵੇਖਦਾ ਹੈ (ਸਭਨਾਂ ਦੀਆਂ ਗੱਲਾਂ) ਸੁਣਦਾ ਹੈ।
ਹੇ ਭਾਈ! ਜਿਸ ਦਿਨ ਪਰਮਾਤਮਾ ਭੁੱਲ ਜਾਏ, ਉਸ ਦਿਨ ਦੁੱਖੀ ਹੋ ਹੋ ਕੇ ਆਤਮਕ ਮੌਤ ਸਹੇੜ ਲਈਦੀ ਹੈ।
ਹੇ ਭਾਈ! (ਇਹ ਯਾਦ ਰੱਖੋ ਕਿ) ਪਰਮਾਤਮਾ ਸਭ ਕੁਝ ਕਰ ਸਕਣ ਵਾਲਾ ਅਤੇ (ਜੀਵਾਂ ਪਾਸੋਂ) ਕਰਾ ਸਕਣ ਵਾਲਾ ਹੈ। ਪਰਮਾਤਮਾ ਵਿਚ ਸਾਰੀਆਂ ਤਾਕਤਾਂ ਮੌਜੂਦ ਹਨ ॥੪॥
ਹੇ ਭਾਈ! (ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦੇ) ਪਿਆਰ ਦਾ ਕੀਮਤੀ ਧਨ ਮੌਜੂਦ ਹੈ, ਹਰਿ-ਨਾਮ ਮੌਜੂਦ ਹੈ (ਉਸ ਦੇ ਅੰਦਰੋਂ) ਮਾਇਆ ਦੇ ਮੋਹ ਦਾ ਨਾਸ ਹੋ ਜਾਂਦਾ ਹੈ।
ਹੇ ਭਾਈ! ਉਸ ਪਰਮਾਤਮਾ ਨੂੰ (ਜਦੋਂ) ਚੰਗਾ ਲੱਗੇ ਤਦੋਂ ਉਹ (ਜਿਸ ਨੂੰ ਆਪਣੇ ਚਰਨਾਂ ਵਿਚ) ਮਿਲਾ ਲੈਂਦਾ ਹੈ (ਉਸ ਦੇ) ਹਿਰਦੇ ਵਿਚ ਉਸ ਪ੍ਰਭੂ ਦੇ ਨਾਮ ਦਾ ਨਿਵਾਸ ਹੋ ਜਾਂਦਾ ਹੈ।
ਹੇ ਭਾਈ! ਗੁਰੂ ਦੇ ਸਨਮੁਖ ਹੋਇਆਂ (ਹਿਰਦੇ ਦਾ) ਕੌਲ-ਫੁੱਲ ਖਿੜ ਪੈਂਦਾ ਹੈ, ਹਿਰਦੇ ਵਿਚ (ਆਤਮਕ ਜੀਵਨ ਦੀ ਸੋਝੀ ਦਾ) ਚਾਨਣ ਹੋ ਜਾਂਦਾ ਹੈ।
ਹੇ ਭਾਈ! (ਗੁਰੂ ਦੀ ਸਰਨ ਪਿਆਂ ਮਨੁੱਖ ਦੇ ਅੰਦਰ) ਪਰਮਾਤਮਾ ਦੀ ਤਾਕਤ ਪਰਗਟ ਹੋ ਜਾਂਦੀ ਹੈ (ਮਨੁੱਖ ਨੂੰ ਸਮਝ ਆ ਜਾਂਦੀ ਹੈ ਕਿ ਪਰਮਾਤਮਾ ਬੇਅੰਤ ਤਾਕਤ ਦਾ ਮਾਲਕ ਹੈ, ਅਤੇ ਪ੍ਰਭੂ ਦੀ ਤਾਕਤ ਨਾਲ ਹੀ) ਧਰਤੀ ਖਿੜੀ ਹੋਈ ਹੈ, ਆਕਾਸ਼ ਖਿੜਿਆ ਹੋਇਆ ਹੈ ॥੫॥
ਹੇ ਭਾਈ! ਜਿਸ ਮਨੁੱਖ ਨੂੰ ਪੂਰੇ ਗੁਰੂ ਨੇ ਸੰਤੋਖ ਦੀ ਦਾਤਿ ਦੇ ਦਿੱਤੀ, (ਉਸ ਦੇ ਅੰਦਰ) ਦਿਨ ਰਾਤ (ਪ੍ਰਭੂ-ਚਰਨਾਂ ਦਾ) ਪਿਆਰ ਬਣਿਆ ਰਹਿੰਦਾ ਹੈ,
ਉਹ ਮਨੁੱਖ ਸਦਾ (ਆਪਣੀ) ਜੀਭ ਨਾਲ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ। (ਨਾਮ ਜਪਣ ਦਾ ਇਹ) ਸੁਆਦ (ਇਹ) ਨਿਸ਼ਾਨਾ (ਉਸ ਦੇ ਅੰਦਰ) ਸਦਾ ਕਾਇਮ ਰਹਿੰਦਾ ਹੈ।
ਹੇ ਭਾਈ! ਉਹ ਮਨੁੱਖ ਆਪਣੇ ਕੰਨਾਂ ਨਾਲ (ਪਰਮਾਤਮਾ ਦੀ ਸਿਫ਼ਤ-ਸਾਲਾਹ) ਸੁਣ ਸੁਣ ਕੇ ਆਤਮਕ ਜੀਵਨ ਹਾਸਲ ਕਰਦਾ ਰਹਿੰਦਾ ਹੈ, ਉਹ ਪ੍ਰਭੂ-ਚਰਨਾਂ ਵਿਚ) ਅਟੱਲ ਥਾਂ ਪ੍ਰਾਪਤ ਕਰੀ ਰੱਖਦਾ ਹੈ।
ਪਰ, ਹੇ ਭਾਈ! ਜਿਸ ਮਨੁੱਖ ਨੂੰ (ਗੁਰੂ ਉਤੇ) ਇਤਬਾਰ ਨਹੀਂ ਬੱਝਦਾ ਉਸ ਦੀ (ਨਿਭਾਗੀ) ਜਿੰਦ (ਵਿਕਾਰਾਂ ਵਿਚ) ਸੜ ਜਾਂਦੀ ਹੈ (ਆਤਮਕ ਮੌਤ ਸਹੇੜ ਲੈਂਦੀ ਹੈ) ॥੬॥
ਹੇ ਭਾਈ! ਮੇਰੇ ਮਾਲਕ-ਪ੍ਰਭੂ ਵਿਚ ਬੇਅੰਤ ਗੁਣ ਹਨ, ਮੈਂ ਉਸ ਤੋਂ ਸਦਕੇ-ਕੁਰਬਾਨ ਜਾਂਦਾ ਹਾਂ।
ਹੇ ਭਾਈ! ਉਹ ਮਾਲਕ ਗੁਣ-ਹੀਨ ਨੂੰ (ਭੀ) ਪਾਲਦਾ ਹੈ, ਉਹ ਨਿਆਸਰੇ ਮਨੁੱਖ ਨੂੰ ਸਹਾਰਾ ਦੇਂਦਾ ਹੈ।
ਉਹ ਮਾਲਕ ਹਰੇਕ ਸਾਹ ਦੇ ਨਾਲ ਰਿਜ਼ਕ ਅਪੜਾਂਦਾ ਹੈ, ਉਸ ਦਾ ਨਾਮ (ਸਿਮਰਨ ਕਰਨ ਵਾਲੇ ਦੇ ਮਨ ਉੱਤੇ ਪ੍ਰੇਮ ਦਾ) ਗੂੜ੍ਹਾ ਰੰਗ ਚਾੜ੍ਹ ਦੇਂਦਾ ਹੈ।
ਹੇ ਭਾਈ! ਜਿਸ ਮਨੁੱਖ ਨੂੰ ਸੱਚਾ ਗੁਰੂ ਮਿਲ ਪੈਂਦਾ ਹੈ (ਉਸ ਨੂੰ ਪ੍ਰਭੂ ਮਿਲ ਪੈਂਦਾ ਹੈ) ਉਸ ਦੀ ਕਿਸਮਤ ਜਾਗ ਪੈਂਦੀ ਹੈ ॥੭॥
ਹੇ ਭਾਈ! ਉਹ ਪਰਮਾਤਮਾ ਸਾਰੀਆਂ ਤਾਕਤਾਂ ਨਾਲ ਭਰਪੂਰ ਹੈ, ਉਸ (ਦੀ ਯਾਦ) ਤੋਂ ਬਿਨਾ ਇਕ ਘੜੀ ਭਰ ਭੀ (ਮਨੁੱਖ ਦਾ) ਆਤਮਕ ਜੀਵਨ ਕਾਇਮ ਨਹੀਂ ਰਹਿ ਸਕਦਾ।
ਹੇ ਭਾਈ! ਮੈਂ ਤਾਂ ਉਸ ਪਰਮਾਤਮਾ ਨੂੰ ਆਪਣੇ ਅੰਗ ਸੰਗ ਵੱਸਦਾ ਵੇਖਦਾ ਹਾਂ, ਮੈਨੂੰ ਉਹ ਖਾਂਦਿਆਂ ਸਾਹ ਲੈਂਦਿਆਂ ਕਦੇ ਭੀ ਨਹੀਂ ਭੁੱਲਦਾ।
ਹੇ ਭਾਈ! ਜਿਸ ਮਨੁੱਖ ਨੂੰ ਪਰਮਾਤਮਾ ਨੇ ਗੁਰੂ ਦੀ ਸੰਗਤਿ ਵਿਚ ਮਿਲਾ ਦਿੱਤਾ, ਉਸ ਨੂੰ ਉਹ ਪਰਮਾਤਮਾ ਸਭ ਥਾਂ ਮੌਜੂਦ ਦਿੱਸਣ ਲੱਗ ਪੈਂਦਾ ਹੈ।
ਪਰ, ਹੇ ਭਾਈ! ਜਿਨ੍ਹਾਂ ਦੇ ਅੰਦਰ ਪਰਮਾਤਮਾ ਦਾ ਪਿਆਰ ਪੈਦਾ ਨਹੀਂ ਹੁੰਦਾ, ਉਹ ਸਦਾ ਚਿੰਤਾਤੁਰ ਹੋ ਹੋ ਕੇ ਆਤਮਕ ਮੌਤ ਸਹੇੜਦੇ ਰਹਿੰਦੇ ਹਨ ॥੮॥
ਹੇ ਭਾਈ! (ਸਰਨ ਪਏ ਮਨੁੱਖ ਨੂੰ) ਆਪਣੇ ਪੱਲੇ ਲਾ ਕੇ ਪਰਮਾਤਮਾ ਆਪ ਇਸ ਦੁੱਖ-ਰੂਪ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈਂਦਾ ਹੈ।
ਪਭੂ (ਉਸ ਉਤੇ) ਕਿਰਪਾ ਕਰ ਕੇ (ਉਸ ਨੂੰ) ਮੇਹਰ ਦੀ ਨਿਗਾਹ ਨਾਲ ਵੇਖਦਾ ਹੈ, ਉਸ ਦਾ ਬੇਅੰਤ ਪੱਖ ਕਰਦਾ ਹੈ।
ਹੇ ਭਾਈ! ਉਸ ਮਨੁੱਖ ਦਾ ਮਨ ਠੰਢਾ ਹੋ ਜਾਂਦਾ ਹੈ, ਸਰੀਰ ਸ਼ਾਂਤ ਹੋ ਜਾਂਦਾ ਹੈ, ਉਹ (ਆਪਣੇ ਆਤਮਕ ਜੀਵਨ ਵਾਸਤੇ) ਨਾਮ ਦੀ ਖ਼ੁਰਾਕ (ਖਾਂਦਾ ਹੈ), ਨਾਮ ਦਾ ਸਹਾਰਾ ਲੈਂਦਾ ਹੈ।
ਹੇ ਨਾਨਕ! (ਆਖ-) ਹੇ ਭਾਈ! ਉਸ ਪਰਮਾਤਮਾ ਦੀ ਸਰਨ ਪਵੋ, ਜੋ ਸਾਰੇ ਪਾਪ ਕੱਟ ਸਕਦਾ ਹੈ ॥੯॥੧॥
ਹੇ ਪਿਆਰੇ (ਭਾਈ)! ਮਾਂ ਦਾ ਪੇਟ ਦੁੱਖਾਂ ਦਾ ਸਮੁੰਦਰ ਹੈ, ਉਥੇ (ਪ੍ਰਭੂ ਨੇ ਜੀਵ ਪਾਸੋਂ) ਆਪਣੇ ਨਾਮ ਦਾ ਸਿਮਰਨ ਕਰਾਇਆ (ਤੇ, ਇਸ ਨੂੰ ਦੁੱਖਾਂ ਤੋਂ ਬਚਾਈ ਰੱਖਿਆ)।
ਮਾਂ ਦੇ ਪੇਟ ਵਿਚੋਂ ਕੱਢ ਕੇ (ਜਨਮ ਦੇ ਕੇ, ਪ੍ਰਭੂ ਨੇ ਜੀਵ ਵਾਸਤੇ, ਆਤਮਕ ਜੀਵਨ ਨੂੰ ਮਾਰ ਮੁਕਾਣ ਵਾਲੀ ਮਾਇਆ ਦੇ ਮੋਹ ਦੀ) ਜ਼ਹਰ ਖਿਲਾਰ ਰੱਖੀ (ਤੇ, ਇਸ ਤਰ੍ਹਾਂ ਜੀਵ ਦੇ ਹਿਰਦੇ ਵਿਚ) ਮਾਇਆ ਦਾ ਮੋਹ ਵਧਾ ਦਿੱਤਾ।
ਹੇ ਭਾਈ! ਜਿਸ ਮਨੁੱਖ ਉੱਤੇ ਆਪ ਪ੍ਰਭੂ ਮੇਹਰ ਕਰਦਾ ਹੈ, ਉਸ ਨੂੰ ਪੂਰਾ ਗੁਰੂ ਮਿਲਾਂਦਾ ਹੈ।
ਉਹ ਮਨੁੱਖ ਹਰੇਕ ਸਾਹ ਦੇ ਨਾਲ ਪਰਮਾਤਮਾ ਦਾ ਸਿਮਰਨ ਕਰਦਾ ਹੈ, ਤੇ, ਪਰਮਾਤਮਾ ਦੇ ਨਾਮ ਦੀ ਲਗਨ (ਆਪਣੇ ਅੰਦਰ) ਬਣਾਈ ਰੱਖਦਾ ਹੈ ॥੧॥
ਹੇ ਪਿਆਰੇ ਪ੍ਰਭੂ! (ਮੇਰੇ) ਮਨ ਵਿਚ (ਮੇਰੇ) ਹਿਰਦੇ ਵਿਚ ਸਦਾ ਤੇਰਾ ਹੀ ਆਸਰਾ ਹੈ (ਤੂੰ ਹੀ ਮਾਇਆ ਦੇ ਮੋਹ ਤੋਂ ਬਚਾਣ ਵਾਲਾ ਹੈਂ)।
ਹੇ ਪਿਆਰੇ ਪ੍ਰਭੂ! ਤੂੰ ਹੀ ਸਭ ਦੇ ਦਿਲ ਦੀ ਜਾਣਨ ਵਾਲਾ ਹੈਂ। ਤੈਥੋਂ ਬਿਨਾ ਹੋਰ ਕੋਈ ਨਹੀਂ ਜੋ ਸਭ ਕੁਝ ਕਰਨ ਦੀ ਸਮਰਥਾ ਵਾਲਾ ਹੋਵੇ ਰਹਾਉ॥
ਹੇ ਭਾਈ! ਅਨੇਕਾਂ ਜੂਨਾਂ ਦੇ ਦੁੱਖ ਸਹਾਰ ਕੇ, ਕ੍ਰੋੜਾਂ ਜਨਮਾਂ ਵਿਚ ਭਟਕ ਕੇ (ਜੀਵ ਮਨੁੱਖਾ ਜਨਮ ਵਿਚ) ਆਉਂਦਾ ਹੈ,
(ਪਰ ਇੱਥੇ ਇਸ ਨੂੰ) ਸਦਾ ਕਾਇਮ ਰਹਿਣ ਵਾਲਾ ਮਾਲਕ ਭੁੱਲ ਜਾਂਦਾ ਹੈ, ਤੇ, ਇਸ ਨੂੰ ਬੜੀ ਸਜ਼ਾ ਮਿਲਦੀ ਹੈ।
ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਪੂਰਾ ਗੁਰੂ ਮਿਲ ਪੈਂਦਾ ਹੈ, ਉਹ ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਸੁਰਤਿ ਜੋੜਦੇ ਹਨ।