ਤੂੰ ਆਪ ਹੀ ਸ੍ਰਿਸ਼ਟੀ ਨੂੰ ਪੈਦਾ ਕਰਦਾ ਹੈਂ ਤੇ ਆਪ ਹੀ ਫਿਰ ਨਾਸ ਕਰਦਾ ਹੈਂ।
ਸਭ ਥਾਈਂ (ਹਰੀ ਦਾ) ਹੀ ਹੁਕਮ ਵਰਤ ਰਿਹਾ ਹੈ; ਜੋ ਉਹ ਕਰਦਾ ਹੈ ਸੋਈ ਹੁੰਦਾ ਹੈ।
ਜੋ ਮਨੁੱਖ ਗੁਰੂ ਦੇ ਸਨਮੁਖ ਹੁੰਦਾ ਹੈ, ਉਸ ਨੂੰ ਪ੍ਰਭੂ ਵਡਿਆਈ ਬਖ਼ਸ਼ਦਾ ਹੈ, ਉਹ ਉਸ ਹਰੀ ਨੂੰ ਮਿਲ ਪੈਂਦਾ ਹੈ।
ਹੇ ਨਾਨਕ! ਗੁਰੂ ਦੇ ਸਨਮੁਖ ਮਨੁੱਖ ਹਰੀ ਨੂੰ ਸਿਮਰਦੇ ਹਨ, (ਹੇ ਭਾਈ!) ਸਾਰੇ ਆਖੋ, ਕਿ ਉਹ ਸਤਿਗੁਰੂ, ਧੰਨ ਹੈ, ਧੰਨ ਹੈ, ਧੰਨ ਹੈ ॥੨੯॥੧॥ਸੁਧੁ{
ਰਾਗ ਸੋਰਠਿ, ਘਰ ੧ ਵਿੱਚ ਭਗਤ ਕਬੀਰ ਜੀ ਦੀ ਬਾਣੀ।
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਹਿੰਦੂ ਲੋਕ ਬੁਤਾਂ ਦੀ ਪੂਜਾ ਕਰ ਕਰ ਕੇ ਖ਼ੁਆਰ ਹੋ ਰਹੇ ਹਨ, ਮੁਸਲਮਾਨ (ਰੱਬ ਨੂੰ ਮੱਕੇ ਵਿਚ ਹੀ ਸਮਝ ਕੇ ਉਧਰ) ਸਿਜਦੇ ਕਰ ਰਹੇ ਹਨ,
ਹਿੰਦੂਆਂ ਨੇ ਆਪਣੇ ਮੁਰਦੇ ਸਾੜ ਦਿੱਤੇ ਤੇ ਮੁਸਲਮਾਨਾਂ ਦੇ ਦੱਬ ਦਿੱਤੇ (ਇਸੇ ਵਿਚ ਹੀ ਝਗੜਦੇ ਰਹੇ ਕਿ ਸੱਚਾ ਕੌਣ ਹੈ)। (ਹੇ ਪ੍ਰਭੂ) ਤੂੰ ਕਿਹੋ ਜਿਹਾ ਹੈਂ? ਇਹ ਸਮਝ ਦੋਹਾਂ ਧਿਰਾਂ ਨੂੰ ਨਾਹ ਪਈ ॥੧॥
ਹੇ ਮੇਰੇ ਮਨ! (ਅਗਿਆਨਤਾ ਦੇ ਕਾਰਨ) ਸਿਮਰਨ ਤੋਂ ਖੁੰਝ ਕੇ ਜਗਤ ਇਕ ਹਨੇਰਾ ਖਾਤਾ ਬਣਿਆ ਪਿਆ ਹੈ,
ਅਤੇ ਚੌਹੀਂ ਪਾਸੀਂ ਜਮਾਂ ਦੀ ਫਾਹੀ ਖਿਲਰੀ ਪਈ ਹੈ (ਭਾਵ, ਲੋਕ ਉਹ ਉਹ ਕੰਮ ਹੀ ਕਰ ਰਹੇ ਹਨ ਜਿਨ੍ਹਾਂ ਨਾਲ ਹੋਰ ਵਧੀਕ ਅਗਿਆਨਤਾ ਵਿਚ ਫਸਦੇ ਜਾਣ) ॥੧॥ ਰਹਾਉ ॥
(ਵਿਦਵਾਨ) ਕਵੀ ਲੋਕ ਆਪੋ ਆਪਣੀ ਕਾਵਿ-ਰਚਨਾ ਪੜ੍ਹਨ (ਭਾਵ, ਵਿੱਦਿਆ ਦੇ ਮਾਣ) ਵਿਚ ਹੀ ਮਸਤ ਹਨ, ਕਾਪੜੀ (ਆਦਿਕ) ਸਾਧੂ ਕੇਦਾਰਾ (ਆਦਿਕ) ਤੀਰਥਾਂ ਤੇ ਜਾ ਜਾ ਕੇ ਜੀਵਨ ਵਿਅਰਥ ਗਵਾਉਂਦੇ ਹਨ;
ਜੋਗੀ ਲੋਕ ਜਟਾ ਰੱਖ ਰੱਖ ਕੇ ਹੀ ਇਹ ਸਮਝਦੇ ਰਹੇ ਕਿ ਇਹੀ ਰਾਹ ਠੀਕ ਹੈ। (ਹੇ ਪ੍ਰਭੂ!) ਤੇਰੀ ਬਾਬਤ ਸੂਝ ਇਹਨਾਂ ਲੋਕਾਂ ਨੂੰ ਭੀ ਨਾਹ ਪਈ ॥੨॥
ਰਾਜੇ ਧਨ ਜੋੜ ਜੋੜ ਕੇ ਉਮਰ ਗੰਵਾ ਗਏ, ਉਹਨਾਂ ਸੋਨੇ (ਆਦਿਕ) ਦੇ ਢੇਰ (ਭਾਵ, ਖ਼ਜ਼ਾਨੇ) ਧਰਤੀ ਵਿਚ ਦੱਬ ਰੱਖੇ,
ਪੰਡਿਤ ਲੋਕ ਵੇਦ-ਪਾਠੀ ਹੋਣ ਦੇ ਹੰਕਾਰ ਵਿਚ ਖਪਦੇ ਹਨ, ਤੇ, ਇਸਤ੍ਰੀਆਂ (ਸ਼ੀਸ਼ੇ ਵਿਚ) ਆਪਣੇ ਰੂਪ ਤੱਕਣ ਵਿਚ ਹੀ ਜ਼ਿੰਦਗੀ ਅਜਾਈਂ ਬਿਤਾ ਰਹੀਆਂ ਹਨ ॥੩॥
ਆਪੋ-ਆਪਣੇ ਅੰਦਰ ਝਾਤ ਮਾਰ ਕੇ ਵੇਖ ਲਵੋ, ਪਰਮਾਤਮਾ ਦੇ ਨਾਮ ਦਾ ਸਿਮਰਨ ਕਰਨ ਤੋਂ ਬਿਨਾ ਸਭ ਜੀਵ ਖ਼ੁਆਰ ਹੋ ਰਹੇ ਹਨ।
ਕਬੀਰ ਸਿੱਖਿਆ ਦੀ ਗੱਲ ਆਖਦਾ ਹੈ ਕਿ ਪਰਮਾਤਮਾ ਦੇ ਨਾਮ ਤੋਂ ਬਿਨਾ ਕਿਸੇ ਨੂੰ (ਜੀਵਨ ਦੀ) ਸਹੀ ਸੂਝ ਨਹੀਂ ਪੈਂਦੀ ॥੪॥੧॥
(ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ।
(ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ,) ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇ ਦਾ) ॥੧॥
ਹੇ ਭਾਈ! ਤੂੰ ਕਿਸ ਗੱਲੇ ਹੰਕਾਰ ਵਿਚ ਆਫਰਿਆ ਫਿਰਦਾ ਹੈਂ?
ਤੈਨੂੰ ਉਹ ਸਮਾ ਕਿਉਂ ਭੁਲ ਗਿਆ ਹੈ ਜਦੋਂ ਤੂੰ (ਮਾਂ ਦੇ ਪੇਟ ਵਿਚ) ਦਸ ਮਹੀਨੇ ਉਲਟਾ ਟਿਕਿਆ ਰਿਹਾ ਸੈਂ? ॥੧॥ ਰਹਾਉ ॥
ਜਿਵੇਂ ਮੱਖੀ (ਫੁੱਲਾਂ ਦਾ) ਰਸ ਜੋੜ ਜੋੜ ਕੇ ਸ਼ਹਿਦ ਇਕੱਠਾ ਕਰਦੀ ਹੈ, ਤਿਵੇਂ ਮੂਰਖ ਬੰਦੇ ਨੇ ਸਰਫ਼ੇ ਕਰ ਕਰ ਕੇ ਧਨ ਜੋੜਿਆ (ਪਰ ਆਖ਼ਰ ਉਹ ਬਿਗਾਨਾ ਹੀ ਹੋ ਗਿਆ)।
ਮੌਤ ਆਈ, ਤਾਂ ਸਭ ਇਹੀ ਆਖਦੇ ਹਨ-ਲੈ ਚੱਲੋ, ਲੈ ਚੱਲੋ, ਹੁਣ ਇਹ ਬੀਤ ਚੁਕਿਆ ਹੈ, ਬਹੁਤਾ ਚਿਰ ਘਰ ਰੱਖਣ ਦਾ ਕੋਈ ਲਾਭ ਨਹੀਂ ॥੨॥
ਘਰ ਦੀ (ਬਾਹਰਲੀ) ਦਲੀਜ਼ ਤਕ ਵਹੁਟੀ (ਉਸ ਮੁਰਦੇ ਦੇ) ਨਾਲ ਜਾਂਦੀ ਹੈ, ਅਗਾਂਹ ਸੱਜਣ ਮਿੱਤਰ ਚੁੱਕ ਲੈਂਦੇ ਹਨ,
ਮਸਾਣਾਂ ਤਕ ਪਰਵਾਰ ਦੇ ਬੰਦੇ ਤੇ ਹੋਰ ਲੋਕ ਜਾਂਦੇ ਹਨ, ਪਰ ਪਰਲੋਕ ਵਿਚ ਤਾਂ ਜੀਵ-ਆਤਮਾ ਇਕੱਲਾ ਹੀ ਜਾਂਦਾ ਹੈ ॥੩॥
ਕਬੀਰ ਆਖਦਾ ਹੈ-ਹੇ ਬੰਦੇ! ਸੁਣ, ਤੂੰ ਉਸ ਖੂਹ ਵਿਚ ਡਿੱਗਾ ਪਿਆ ਹੈਂ ਜਿਸ ਨੂੰ ਮੌਤ ਨੇ ਘੇਰਿਆ ਹੋਇਆ ਹੈ (ਭਾਵ, ਮੌਤ ਅਵੱਸ਼ ਆਉਂਦੀ ਹੈ)।
ਪਰ, ਤੂੰ ਆਪਣੇ ਆਪ ਨੂੰ ਇਸ ਮਾਇਆ ਨਾਲ ਬੰਨ੍ਹ ਰੱਖਿਆ ਹੈ ਜਿਸ ਨਾਲ ਸਾਥ ਨਹੀਂ ਨਿਭਣਾ, ਜਿਵੇਂ ਤੋਤਾ ਮੌਤ ਦੇ ਡਰ ਤੋਂ ਆਪਣੇ ਆਪ ਨੂੰ ਨਲਨੀ ਨਾਲ ਚੰਬੋੜ ਰੱਖਦਾ ਹੈ (ਨੋਟ: ਨਲਨੀ ਨਾਲ ਚੰਬੜਨਾ ਤੋਤੇ ਦੀ ਫਾਹੀ ਦਾ ਕਾਰਨ ਬਣਦਾ ਹੈ, ਮਾਇਆ ਨਾਲ ਚੰਬੜੇ ਰਹਿਣਾ ਮਨੁੱਖ ਦੀ ਆਤਮਕ ਮੌਤ ਦਾ ਕਾਰਨ ਬਣਦਾ ਹੈ) ॥੪॥੨॥
ਜਿਨ੍ਹਾਂ ਸਿਆਣੇ ਬੰਦਿਆਂ ਨੇ ਵੇਦ ਪੁਰਾਨ ਆਦਿਕਾਂ ਦੇ ਸਾਰੇ ਮਤ ਸੁਣ ਕੇ ਕਰਮ-ਕਾਂਡ ਦੀ ਆਸ ਰੱਖੀ, (ਇਹ ਆਸ ਰੱਖੀ ਕਿ ਕਰਮ-ਕਾਂਡ ਨਾਲ ਜੀਵਨ ਸੌਰੇਗਾ)
ਉਹ ਸਾਰੇ (ਆਤਮਕ) ਮੌਤ ਵਿਚ ਹੀ ਗ੍ਰਸੇ ਰਹੇ। ਪੰਡਿਤ ਲੋਕ ਭੀ ਆਸ ਪੂਰੀ ਹੋਣ ਤੋਂ ਬਿਨਾ ਹੀ ਉੱਠ ਕੇ ਚਲੇ ਗਏ (ਜਗਤ ਤਿਆਗ ਗਏ) ॥੧॥
ਹੇ ਮਨ! ਤੈਥੋਂ ਇਹ ਇੱਕ ਕੰਮ ਭੀ (ਜੋ ਕਰਨ-ਜੋਗ ਸੀ) ਨਹੀਂ ਹੋ ਸਕਿਆ,
ਤੂੰ ਪ੍ਰਕਾਸ਼-ਰੂਪ ਪਰਮਾਤਮਾ ਦਾ ਭਜਨ ਨਹੀਂ ਕੀਤਾ ॥੧॥ ਰਹਾਉ ॥
ਕਈ ਲੋਕਾਂ ਨੇ ਜੰਗਲਾਂ ਵਿਚ ਜਾ ਕੇ ਜੋਗ ਸਾਧੇ, ਤਪ ਕੀਤੇ, ਗਾਜਰ-ਮੂਲੀ ਆਦਿਕ ਚੁਣ ਖਾ ਕੇ ਗੁਜ਼ਾਰਾ ਕੀਤਾ;
ਜੋਗੀ, ਕਰਮ-ਕਾਂਡੀ, 'ਅਲੱਖ' ਆਖਣ ਵਾਲੇ ਜੋਗੀ, ਮੋਨਧਾਰੀ-ਇਹ ਸਾਰੇ ਜਮ ਦੇ ਲੇਖੇ ਵਿਚ ਹੀ ਲਿਖੇ ਗਏ (ਭਾਵ, ਇਹਨਾਂ ਦੇ ਸਾਧਨ ਮੌਤ ਦੇ ਡਰ ਤੋਂ ਬਚਾ ਨਹੀਂ ਸਕਦੇ) ॥੨॥
ਜਿਸ ਮਨੁੱਖ ਨੇ ਸਰੀਰ ਉੱਤੇ ਤਾਂ (ਧਾਰਮਿਕ ਚਿੰਨ੍ਹ) ਚੱਕਰ ਆਦਿਕ ਲਾ ਲਏ ਹਨ, ਪਰ ਪ੍ਰੇਮਾ-ਭਗਤੀ ਉਸ ਦੇ ਹਿਰਦੇ ਵਿਚ ਪੈਦਾ ਨਹੀਂ ਹੋਈ,
ਜੋ ਰਾਗ ਰਾਗਨੀਆਂ ਤਾਂ ਗਾਉਂਦਾ ਹੈ ਪਰ ਨਿਰਾ ਪਖੰਡ-ਮੂਰਤੀ ਹੀ ਬਣ ਬੈਠਾ ਹੈ, ਅਜਿਹੇ ਮਨੁੱਖ ਨੂੰ ਪਰਮਾਤਮਾ ਪਾਸੋਂ ਕੁਝ ਨਹੀਂ ਮਿਲਦਾ ॥੩॥
ਸਾਰੇ ਜਗਤ ਉੱਤੇ ਕਾਲ ਦਾ ਸਹਿਮ ਪਿਆ ਹੋਇਆ ਹੈ, ਭਰਮੀ ਗਿਆਨੀ ਭੀ ਉਸੇ ਹੀ ਲੇਖੇ ਵਿਚ ਲਿਖੇ ਗਏ ਹਨ (ਉਹ ਭੀ ਮੌਤ ਦੇ ਸਹਿਮ ਵਿਚ ਹੀ ਹਨ)।