ਰਾਗ ਧਨਾਸਰੀ, ਘਰ ੧ ਵਿੱਚ ਗੁਰੂ ਨਾਨਕਦੇਵ ਜੀ ਦੀ ਚਾਰ-ਬੰਦਾਂ ਵਾਲੀ ਬਾਣੀ।
ਅਕਾਲ ਪੁਰਖ ਇੱਕ ਹੈ, ਜਿਸ ਦਾ ਨਾਮ 'ਹੋਂਦ ਵਾਲਾ' ਹੈ ਜੋ ਸ੍ਰਿਸ਼ਟੀ ਦਾ ਰਚਨਹਾਰ ਹੈ, ਜੋ ਸਭ ਵਿਚ ਵਿਆਪਕ ਹੈ, ਭੈ ਤੋਂ ਰਹਿਤ ਹੈ, ਵੈਰ-ਰਹਿਤ ਹੈ, ਜਿਸ ਦਾ ਸਰੂਪ ਕਾਲ ਤੋਂ ਪਰੇ ਹੈ, (ਭਾਵ, ਜਿਸ ਦਾ ਸਰੀਰ ਨਾਸ-ਰਹਿਤ ਹੈ), ਜੋ ਜੂਨਾਂ ਵਿਚ ਨਹੀਂ ਆਉਂਦਾ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੋਇਆ ਹੈ ਅਤੇ ਜੋ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
(ਜਗਤ ਦੁੱਖਾਂ ਦਾ ਸਮੁੰਦਰ ਹੈ, ਇਹਨਾਂ ਦੁੱਖਾਂ ਨੂੰ ਵੇਖ ਕੇ) ਮੇਰੀ ਜਿੰਦ ਕੰਬਦੀ ਹੈ (ਪਰਮਾਤਮਾ ਤੋਂ ਬਿਨਾ ਹੋਰ ਕੋਈ ਬਚਾਣ ਵਾਲਾ ਦਿੱਸਦਾ ਨਹੀਂ) ਜਿਸ ਦੇ ਪਾਸ ਮੈਂ ਮਿੰਨਤਾਂ ਕਰਾਂ।
(ਸੋ, ਹੋਰ ਆਸਰੇ ਛੱਡ ਕੇ) ਮੈਂ ਦੁੱਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਨੂੰ ਹੀ ਸਿਮਰਦਾ ਹਾਂ, ਉਹ ਸਦਾ ਹੀ ਬਖ਼ਸ਼ਸ਼ਾਂ ਕਰਨ ਵਾਲਾ ਹੈ ॥੧॥
(ਫਿਰ ਉਹ) ਮੇਰਾ ਮਾਲਿਕ ਸਦਾ ਹੀ ਬਖ਼ਸ਼ਸ਼ਾਂ ਤਾਂ ਕਰਦਾ ਰਹਿੰਦਾ ਹੈ (ਪਰ ਉਹ ਮੇਰੇ ਨਿੱਤ ਦੇ ਤਰਲੇ ਸੁਣ ਕੇ ਕਦੇ ਅੱਕਦਾ ਨਹੀਂ, ਬਖ਼ਸ਼ਸ਼ਾਂ ਵਿਚ) ਨਿੱਤ ਇਉਂ ਹੈ ਜਿਵੇਂ ਪਹਿਲੀ ਵਾਰੀ ਹੀ ਬਖ਼ਸ਼ਸ਼ ਕਰਨ ਲੱਗਾ ਹੈ ॥੧॥ ਰਹਾਉ ॥
ਹੇ ਮੇਰੀ ਜਿੰਦੇ! ਹਰ ਰੋਜ਼ ਉਸ ਮਾਲਿਕ ਨੂੰ ਯਾਦ ਕਰਨਾ ਚਾਹੀਦਾ ਹੈ (ਦੁੱਖਾਂ ਵਿਚੋਂ) ਆਖ਼ਰ ਉਹੀ ਬਚਾਂਦਾ ਹੈ।
ਹੇ ਜਿੰਦੇ! ਧਿਆਨ ਨਾਲ ਸੁਣ (ਉਸ ਮਾਲਿਕ ਦਾ ਆਸਰਾ ਲਿਆਂ ਹੀ ਦੁੱਖਾਂ ਦੇ ਸਮੁੰਦਰ ਵਿਚੋਂ) ਪਾਰ ਲੰਘ ਸਕੀਦਾ ਹੈ ॥੨॥
ਹੇ ਦਿਆਲ ਪ੍ਰਭੂ! (ਮੇਹਰ ਕਰ, ਆਪਣਾ ਨਾਮ ਦੇਹ, ਤਾ ਕਿ) ਤੇਰੇ ਨਾਮ ਦੀ ਰਾਹੀਂ ਮੈਂ (ਦੁੱਖਾਂ ਦੇ ਇਸ ਸਮੁੰਦਰ ਵਿਚੋਂ) ਪਾਰ ਲੰਘ ਸਕਾਂ।
ਮੈਂ ਤੈਥੋਂ ਸਦਾ ਸਦਕੇ ਜਾਂਦਾ ਹਾਂ ॥੧॥ ਰਹਾਉ ॥
ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ।
ਜਿਸ ਜੀਵ ਉਤੇ ਉਹ ਮੇਹਰ ਦੀ ਨਿਗਾਹ ਕਰਦਾ ਹੈ, ਉਹ ਉਸ ਦਾ ਸਿਮਰਨ ਕਰਦਾ ਹੈ ॥੩॥
ਹੇ ਪਿਆਰੇ (ਪ੍ਰਭੂ!) ਤੇਰੀ ਯਾਦ ਤੋਂ ਬਿਨਾ ਮੈਂ ਵਿਆਕੁਲ ਹੋ ਜਾਂਦਾ ਹਾਂ।
ਮੈਨੂੰ ਕੋਈ ਉਹ ਵੱਡੀ ਦਾਤਿ ਦੇਹ, ਜਿਸ ਦਾ ਸਦਕਾ ਮੈਂ ਤੇਰੇ ਨਾਮ ਵਿਚ ਜੁੜਿਆ ਰਹਾਂ।
ਹੇ ਪਿਆਰੇ! ਤੈਥੋਂ ਬਿਨਾ ਹੋਰ ਐਸਾ ਕੋਈ ਨਹੀਂ ਹੈ, ਜਿਸ ਪਾਸ ਜਾ ਕੇ ਮੈਂ ਇਹ ਅਰਜ਼ੋਈ ਕਰ ਸਕਾਂ ॥੧॥ ਰਹਾਉ ॥
(ਦੁੱਖਾਂ ਦੇ ਇਸ ਸਾਗਰ ਵਿਚੋਂ ਤਰਨ ਲਈ) ਮੈਂ ਆਪਣੇ ਮਾਲਿਕ ਪ੍ਰਭੂ ਨੂੰ ਹੀ ਯਾਦ ਕਰਦਾ ਹਾਂ, ਕਿਸੇ ਹੋਰ ਪਾਸੋਂ ਮੈਂ ਇਹ ਮੰਗ ਨਹੀਂ ਮੰਗਦਾ।
ਨਾਨਕ (ਆਪਣੇ) ਉਸ (ਮਾਲਿਕ) ਦਾ ਹੀ ਸੇਵਕ ਹੈ, ਉਸ ਮਾਲਿਕ ਤੋਂ ਹੀ ਖਿਨ ਖਿਨ ਸਦਕੇ ਹੁੰਦਾ ਹੈ ॥੪॥
ਹੇ ਮੇਰੇ ਮਾਲਿਕ! ਮੈਂ ਤੇਰੇ ਨਾਮ ਤੋਂ ਖਿਨ ਖਿਨ ਕੁਰਬਾਨ ਜਾਂਦਾ ਹਾਂ ॥੧॥ ਰਹਾਉ ॥੪॥੧॥
(ਹੇ ਭਾਈ!) ਅਸੀਂ ਆਦਮੀ ਇਕ ਦਮ ਦੇ ਹੀ ਮਾਲਕ ਹਾਂ (ਕੀਹ ਪਤਾ ਹੈ ਕਿ ਦਮ ਕਦੋਂ ਮੁੱਕ ਜਾਏ? ਸਾਨੂੰ ਆਪਣੀ ਜ਼ਿੰਦਗੀ ਦੀ) ਮਿਆਦ ਦਾ ਪਤਾ ਨਹੀਂ ਹੈ, ਸਾਨੂੰ ਇਹ ਪਤਾ ਨਹੀਂ ਕਿ ਮੌਤ ਦਾ ਵਕਤ ਕਦੋਂ ਆ ਜਾਣਾ ਹੈ।
(ਇਸ ਵਾਸਤੇ) ਨਾਨਕ ਬੇਨਤੀ ਕਰਦਾ ਹੈ- ਉਸ ਪਰਮਾਤਮਾ ਦਾ ਸਿਮਰਨ ਕਰੋ ਜਿਸ ਨੇ ਇਹ ਜਿੰਦ ਤੇ ਸੁਆਸ ਦਿੱਤੇ ਹੋਏ ਹਨ ॥੧॥
ਹੇ (ਮਾਇਆ ਦੇ ਮੋਹ ਵਿਚ) ਅੰਨ੍ਹੇ ਹੋਏ ਜੀਵ! (ਅੱਖਾਂ ਖੋਲ੍ਹ ਕੇ) ਵੇਖ, ਸੋਚ ਸਮਝ, ਇਥੇ ਜਗਤ ਵਿਚ ਥੋੜੇ ਹੀ ਦਿਨਾਂ ਦੀ ਜ਼ਿੰਦਗੀ ਹੈ ॥੧॥ ਰਹਾਉ ॥
ਹੇ ਪ੍ਰਭੂ! (ਜਿਵੇਂ) ਇਹ ਸੁਆਸ ਇਹ ਸਰੀਰ ਇਹ ਜਿੰਦ ਸਭ ਕੁਝ ਤੇਰਾ ਹੀ ਦਿੱਤਾ ਹੋਇਆ ਹੈ (ਤਿਵੇਂ) ਆਪਣਾ ਪਿਆਰ ਭੀ ਤੂੰ ਆਪ ਹੀ ਦੇਹ।
ਹੇ ਸਦਾ ਅਟੱਲ ਰਹਿਣ ਵਾਲੇ ਤੇ ਜੀਵਾਂ ਦੇ ਪਾਲਣ ਵਾਲੇ ਪ੍ਰਭੂ! ਤੇਰਾ ਢਾਢੀ ਨਾਨਕ (ਤੇਰੇ ਦਰ ਤੇ) ਇਹ ਹੀ ਬੇਨਤੀ ਕਰਦਾ ਹੈ ॥੨॥
ਹੇ ਮੇਰੇ ਮਾਲਿਕ! ਜੇ ਤੂੰ ਆਪਣੇ ਪਿਆਰ ਦੀ ਦਾਤਿ ਆਪ ਹੀ ਕਿਸੇ ਜੀਵ ਨੂੰ ਨਾਹ ਦੇਵੇਂ, ਤਾਂ ਜੀਵ ਪਾਸ ਕੋਈ ਐਸ਼ੀ ਸ਼ੈ ਨਹੀਂ ਜੋ ਵੱਟੇ ਵਿਚ ਦੇ ਕੇ ਤੇਰਾ ਪਿਆਰ ਵਿਹਾਝ ਲਏ।
ਨਾਨਕ ਬੇਨਤੀ ਕਰਦਾ ਹੈ ਕਿ ਜੀਵ ਨੂੰ ਤਾਂ ਉਹੀ ਕੁਝ ਮਿਲ ਸਕਦਾ ਹੈ ਜੋ ਉਸ ਦੇ ਪੂਰਬਲੇ ਕੀਤੇ ਕਰਮਾਂ ਅਨੁਸਾਰ ਸੰਸਕਾਰ-ਰੂਪ ਲੇਖ (ਉਸ ਦੇ ਮੱਥੇ ਤੇ ਲਿਖਿਆ ਹੋਇਆ) ਹੈ (ਆਪਣੇ ਨਾਮ ਤੇ ਪਿਆਰ ਦੀ ਦਾਤਿ ਤਾਂ ਤੂੰ ਆਪ ਹੀ ਦੇਣੀ ਹੈ) ॥੩॥
(ਪਿਛਲੇ ਕਰਮਾਂ ਦੇ ਸੰਸਕਾਰਾਂ ਦੇ ਅਸਰ ਹੇਠ) ਛਲੀ ਮਨੁੱਖ ਤਾਂ ਛਲ ਹੀ ਕਮਾਂਦਾ ਰਹਿੰਦਾ ਹੈ, ਤੇ ਖਸਮ-ਪ੍ਰਭੂ ਦਾ ਨਾਮ ਆਪਣੇ ਮਨ ਵਿਚ ਨਹੀਂ ਵਸਾਂਦਾ।
(ਸਾਰੀ ਉਮਰ ਇਉਂ ਹੀ ਲੰਘਾ ਕੇ ਅਖ਼ੀਰ ਵੇਲੇ) ਜਦੋਂ ਫੜ ਕੇ ਜਮਰਾਜ ਦੇ ਬੂਹੇ ਵਲ ਧੱਕਿਆ ਜਾਂਦਾ ਹੈ, ਤਾਂ (ਇਥੋਂ) ਤੁਰਨ ਵੇਲੇ ਹੱਥ ਮਲਦਾ ਹੈ ॥੪॥