ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ

ਅੰਗ - 665


ਪ੍ਰਭ ਸਾਚੇ ਕੀ ਸਾਚੀ ਕਾਰ ॥

ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦੀ ਇਹ ਅਟੱਲ ਮਰਯਾਦਾ ਹੈ,

ਨਾਨਕ ਨਾਮਿ ਸਵਾਰਣਹਾਰ ॥੪॥੪॥

ਕਿ ਹੇ ਨਾਨਕ! ਉਹ ਆਪਣੇ ਨਾਮ ਵਿਚ ਜੋੜ ਕੇ ਜੀਵਾਂ ਦੇ ਜੀਵਨ ਸੋਹਣੇ ਬਣਾ ਦੇਣ ਵਾਲਾ ਹੈ ॥੪॥੪॥

ਧਨਾਸਰੀ ਮਹਲਾ ੩ ॥

ਜੋ ਹਰਿ ਸੇਵਹਿ ਤਿਨ ਬਲਿ ਜਾਉ ॥

(ਹੇ ਭਾਈ! ਗੁਰਬਾਣੀ ਦਾ ਆਸਰਾ ਲੈ ਕੇ) ਜੇਹੜੇ ਮਨੁੱਖ ਪਰਮਾਤਮਾ ਦਾ ਸਿਮਰਨ ਕਰਦੇ ਹਨ, ਮੈਂ ਉਹਨਾਂ ਤੋਂ ਕੁਰਬਾਨ ਜਾਂਦਾ ਹਾਂ।

ਤਿਨ ਹਿਰਦੈ ਸਾਚੁ ਸਚਾ ਮੁਖਿ ਨਾਉ ॥

ਉਹਨਾਂ ਦੇ ਹਿਰਦੇ ਵਿਚ ਸਦਾ-ਥਿਰ ਪ੍ਰਭੂ ਵੱਸਿਆ ਰਹਿੰਦਾ ਹੈ, ਉਹਨਾਂ ਦੇ ਮੂੰਹ ਵਿਚ ਸਦਾ-ਥਿਰ ਹਰਿ-ਨਾਮ ਟਿਕਿਆ ਰਹਿੰਦਾ ਹੈ।

ਸਾਚੋ ਸਾਚੁ ਸਮਾਲਿਹੁ ਦੁਖੁ ਜਾਇ ॥

ਹੇ ਭਾਈ! ਸਦਾ-ਥਿਰ ਪ੍ਰਭੂ ਨੂੰ ਹੀ (ਹਿਰਦੇ ਵਿਚ) ਸੰਭਾਲ ਕੇ ਰੱਖਿਆ ਕਰੋ (ਇਸ ਦੀ ਬਰਕਤਿ ਨਾਲ ਹਰੇਕ) ਦੁੱਖ ਦੂਰ ਹੋ ਜਾਂਦਾ ਹੈ।

ਸਾਚੈ ਸਬਦਿ ਵਸੈ ਮਨਿ ਆਇ ॥੧॥

ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਵਾਲੇ ਸ਼ਬਦ ਵਿਚ ਜੁੜਿਆਂ (ਹਰਿ-ਨਾਮ) ਮਨ ਵਿਚ ਆ ਵੱਸਦਾ ਹੈ ॥੧॥

ਗੁਰਬਾਣੀ ਸੁਣਿ ਮੈਲੁ ਗਵਾਏ ॥

ਹੇ ਭਾਈ! ਗੁਰੂ ਦੀ ਬਾਣੀ ਸੁਣਿਆ ਕਰ, (ਇਹ ਬਾਣੀ ਮਨ ਵਿਚੋਂ ਵਿਕਾਰਾਂ ਦੀ) ਮੈਲ ਦੂਰ ਕਰ ਦੇਂਦੀ ਹੈ।

ਸਹਜੇ ਹਰਿ ਨਾਮੁ ਮੰਨਿ ਵਸਾਏ ॥੧॥ ਰਹਾਉ ॥

(ਇਹ ਬਾਣੀ) ਆਤਮਕ ਅਡੋਲਤਾ ਵਿਚ (ਟਿਕਾ ਕੇ) ਪਰਮਾਤਮਾ ਦਾ ਨਾਮ ਮਨ ਵਿਚ ਵਸਾ ਦੇਂਦੀ ਹੈ ॥੧॥ ਰਹਾਉ ॥

ਕੂੜੁ ਕੁਸਤੁ ਤ੍ਰਿਸਨਾ ਅਗਨਿ ਬੁਝਾਏ ॥

(ਹੇ ਭਾਈ! ਗੁਰੂ ਦੀ ਬਾਣੀ ਮਨ ਵਿਚੋਂ) ਝੂਠ ਫ਼ਰੇਬ ਮੁਕਾ ਦੇਂਦੀ ਹੈ, ਤ੍ਰਿਸ਼ਨਾ ਦੀ ਅੱਗ ਬੁਝਾ ਦੇਂਦੀ ਹੈ।

ਅੰਤਰਿ ਸਾਂਤਿ ਸਹਜਿ ਸੁਖੁ ਪਾਏ ॥

(ਗੁਰਬਾਣੀ ਦੀ ਬਰਕਤਿ ਨਾਲ) ਮਨ ਵਿਚ ਸ਼ਾਂਤੀ ਪੈਦਾ ਹੋ ਜਾਂਦੀ ਹੈ, ਆਤਮਕ ਅਡੋਲਤਾ ਵਿਚ ਟਿਕ ਜਾਈਦਾ ਹੈ, ਆਤਮਕ ਆਨੰਦ ਪ੍ਰਾਪਤ ਹੁੰਦਾ ਹੈ।

ਗੁਰ ਕੈ ਭਾਣੈ ਚਲੈ ਤਾ ਆਪੁ ਜਾਇ ॥

(ਜਦੋਂ ਮਨੁੱਖ ਗੁਰਬਾਣੀ ਅਨੁਸਾਰ) ਗੁਰੂ ਦੀ ਰਜ਼ਾ ਵਿਚ ਤੁਰਦਾ ਹੈ, ਤਦੋਂ (ਉਸ ਦੇ ਅੰਦਰੋਂ) ਆਪਾ-ਭਾਵ ਦੂਰ ਹੋ ਜਾਂਦਾ ਹੈ,

ਸਾਚੁ ਮਹਲੁ ਪਾਏ ਹਰਿ ਗੁਣ ਗਾਇ ॥੨॥

ਤਦੋਂ ਉਹ ਪ੍ਰਭੂ ਦੀ ਸਿਫ਼ਤ-ਸਾਲਾਹ ਦੇ ਗੀਤ ਗਾ ਗਾ ਕੇ ਸਦਾ-ਥਿਰ ਰਹਿਣ ਵਾਲਾ ਟਿਕਾਣਾ ਪ੍ਰਾਪਤ ਕਰ ਲੈਂਦਾ ਹੈ (ਪ੍ਰਭੂ ਚਰਨਾਂ ਵਿਚ ਲੀਨ ਰਹਿੰਦਾ ਹੈ) ॥੨॥

ਨ ਸਬਦੁ ਬੂਝੈ ਨ ਜਾਣੈ ਬਾਣੀ ॥

ਹੇ ਭਾਈ! ਜੇਹੜਾ ਮਨੁੱਖ ਨਾਹ ਗੁਰੂ ਦੇ ਸ਼ਬਦ ਨੂੰ ਸਮਝਦਾ ਹੈ, ਨਾਹ ਗੁਰੂ ਦੀ ਬਾਣੀ ਨਾਲ ਡੂੰਘੀ ਸਾਂਝ ਪਾਂਦਾ ਹੈ,

ਮਨਮੁਖਿ ਅੰਧੇ ਦੁਖਿ ਵਿਹਾਣੀ ॥

ਮਾਇਆ ਦੇ ਮੋਹ ਵਿਚ ਅੰਨ੍ਹੇ ਹੋ ਚੁਕੇ, ਤੇ, ਆਪਣੇ ਮਨ ਦੇ ਪਿੱਛੇ ਤੁਰਨ ਵਾਲੇ (ਉਸ ਮਨੁੱਖ ਦੀ ਉਮਰ) ਦੁੱਖ ਵਿਚ ਹੀ ਗੁਜ਼ਰਦੀ ਹੈ।

ਸਤਿਗੁਰੁ ਭੇਟੇ ਤਾ ਸੁਖੁ ਪਾਏ ॥

ਜਦੋਂ ਉਸ ਨੂੰ ਗੁਰੂ ਮਿਲ ਪੈਂਦਾ ਹੈ, ਤਦੋਂ ਉਹ ਆਤਮਕ ਆਨੰਦ ਹਾਸਲ ਕਰਦਾ ਹੈ,

ਹਉਮੈ ਵਿਚਹੁ ਠਾਕਿ ਰਹਾਏ ॥੩॥

ਗੁਰੂ ਉਸ ਦੇ ਮਨ ਵਿਚੋਂ ਹਉਮੈ ਮਾਰ ਮੁਕਾਂਦਾ ਹੈ ॥੩॥

ਕਿਸ ਨੋ ਕਹੀਐ ਦਾਤਾ ਇਕੁ ਸੋਇ ॥

ਪਰ, ਹੇ ਭਾਈ! (ਪਰਮਾਤਮਾ ਤੋਂ ਬਿਨਾ) ਹੋਰ ਕਿਸੇ ਅੱਗੇ ਅਰਜ਼ੋਈ ਕੀਤੀ ਨਹੀਂ ਜਾ ਸਕਦੀ। ਸਿਰਫ਼ ਪਰਮਾਤਮਾ ਹੀ (ਗੁਰੂ ਦੇ ਮਿਲਾਪ ਦੀ ਦਾਤਿ) ਦੇਣ ਵਾਲਾ ਹੈ।

ਕਿਰਪਾ ਕਰੇ ਸਬਦਿ ਮਿਲਾਵਾ ਹੋਇ ॥

ਜਦੋਂ ਪਰਮਾਤਮਾ (ਇਹ) ਕਿਰਪਾ ਕਰਦਾ ਹੈ, ਤਦੋਂ ਗੁਰੂ ਦੇ ਸ਼ਬਦ ਵਿਚ ਜੁੜਿਆਂ (ਪ੍ਰਭੂ ਨਾਲ) ਮਿਲਾਪ ਹੋ ਜਾਂਦਾ ਹੈ।

ਮਿਲਿ ਪ੍ਰੀਤਮ ਸਾਚੇ ਗੁਣ ਗਾਵਾ ॥

(ਜੇ ਪ੍ਰਭੂ ਦੀ ਮੇਹਰ ਹੋਵੇ, ਤਾਂ) ਮੈਂ ਪ੍ਰੀਤਮ-ਗੁਰੂ ਨੂੰ ਮਿਲ ਕੇ ਸਦਾ-ਥਿਰ ਪ੍ਰਭੂ ਦੇ ਗੀਤ ਗਾ ਸਕਦਾ ਹਾਂ।

ਨਾਨਕ ਸਾਚੇ ਸਾਚਾ ਭਾਵਾ ॥੪॥੫॥

ਹੇ ਨਾਨਕ! (ਆਖ-) ਸਦਾ-ਥਿਰ ਪ੍ਰਭੂ ਦਾ ਨਾਮ ਜਪ ਜਪ ਕੇ ਸਦਾ-ਥਿਰ ਪ੍ਰਭੂ ਨੂੰ ਪਿਆਰਾ ਲੱਗ ਸਕਦਾ ਹਾਂ ॥੪॥੫॥

ਧਨਾਸਰੀ ਮਹਲਾ ੩ ॥

ਮਨੁ ਮਰੈ ਧਾਤੁ ਮਰਿ ਜਾਇ ॥

(ਹੇ ਭਾਈ! ਉਸ ਹਰਿ-ਨਾਮ ਦੀ ਬਰਕਤਿ ਨਾਲ ਮਨੁੱਖ ਦਾ) ਮਨ ਵਿਕਾਰਾਂ ਦਾ ਅਸਰ ਨਹੀਂ ਕਬੂਲਦਾ, ਮਨ ਦੀ ਤ੍ਰਿਸ਼ਨਾ ਮੁੱਕ ਜਾਂਦੀ ਹੈ।

ਬਿਨੁ ਮਨ ਮੂਏ ਕੈਸੇ ਹਰਿ ਪਾਇ ॥

ਜਦ ਤਕ ਮਨ ਵਿਕਾਰਾਂ ਵਲੋਂ ਅਛੋਹ ਨਹੀਂ ਹੁੰਦਾ, ਮਨੁੱਖ ਪਰਮਾਤਮਾ ਦਾ ਮਿਲਾਪ ਪ੍ਰਾਪਤ ਨਹੀਂ ਕਰ ਸਕਦਾ।

ਇਹੁ ਮਨੁ ਮਰੈ ਦਾਰੂ ਜਾਣੈ ਕੋਇ ॥

ਹੇ ਭਾਈ! ਕੋਈ ਵਿਰਲਾ ਮਨੁੱਖ ਉਹ ਦਵਾਈ ਜਾਣਦਾ ਹੈ, ਜਿਸ ਦੇ ਵਰਤਣ ਨਾਲ ਇਹ ਮਨ ਵਿਕਾਰਾਂ ਦਾ ਅਸਰ ਕਬੂਲਣੋਂ ਹਟ ਜਾਏ।

ਮਨੁ ਸਬਦਿ ਮਰੈ ਬੂਝੈ ਜਨੁ ਸੋਇ ॥੧॥

(ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜਦਾ ਹੈ) ਉਹ ਮਨੁੱਖ ਸਮਝ ਲੈਂਦਾ ਹੈ ਕਿ ਗੁਰੂ ਦੇ ਸ਼ਬਦ ਵਿਚ ਜੁੜਿਆਂ ਮਨ ਵਿਕਾਰਾਂ ਵਲੋਂ ਅਛੋਹ ਹੋ ਜਾਂਦਾ ਹੈ ॥੧॥

ਜਿਸ ਨੋ ਬਖਸੇ ਹਰਿ ਦੇ ਵਡਿਆਈ ॥

ਹੇ ਭਾਈ! ਜਿਸ ਮਨੁੱਖ ਉਤੇ ਪਰਮਾਤਮਾ ਬਖ਼ਸ਼ਸ਼ ਕਰਦਾ ਹੈ, ਜਿਸ ਨੂੰ ਇੱਜ਼ਤ ਦੇਂਦਾ ਹੈ,

ਗੁਰਪਰਸਾਦਿ ਵਸੈ ਮਨਿ ਆਈ ॥ ਰਹਾਉ ॥

ਉਸ ਮਨੁੱਖ ਦੇ ਮਨ ਵਿਚ ਗੁਰੂ ਦੀ ਕਿਰਪਾ ਨਾਲ (ਪਰਮਾਤਮਾ ਦਾ ਨਾਮ) ਆ ਵੱਸਦਾ ਹੈ ਰਹਾਉ॥

ਗੁਰਮੁਖਿ ਕਰਣੀ ਕਾਰ ਕਮਾਵੈ ॥

ਹੇ ਭਾਈ! ਜਦੋਂ ਮਨੁੱਖ ਗੁਰੂ ਦੀ ਸਰਨ ਪੈ ਕੇ (ਗੁਰੂ ਵਲੋਂ ਮਿਲੀ) ਕਰਨ-ਜੋਗ ਕਾਰ ਕਰਨੀ ਸ਼ੁਰੂ ਕਰ ਦੇਂਦਾ ਹੈ,

ਤਾ ਇਸੁ ਮਨ ਕੀ ਸੋਝੀ ਪਾਵੈ ॥

ਤਦੋਂ ਉਸ ਨੂੰ ਇਸ ਮਨ (ਨੂੰ ਵੱਸ ਵਿਚ ਰੱਖਣ) ਦੀ ਸਮਝ ਆ ਜਾਂਦੀ ਹੈ।

ਮਨੁ ਮੈ ਮਤੁ ਮੈਗਲ ਮਿਕਦਾਰਾ ॥

(ਤਦੋਂ ਮਨੁੱਖ ਸਮਝ ਲੈਂਦਾ ਹੈ ਕਿ) ਮਨ (ਹਉਮੈ ਦੇ) ਨਸ਼ੇ ਵਿਚ ਮਸਤ ਹੋ ਕੇ (ਮਸਤ) ਹਾਥੀ ਵਰਗਾ ਹੋਇਆ ਰਹਿੰਦਾ ਹੈ,

ਗੁਰੁ ਅੰਕਸੁ ਮਾਰਿ ਜੀਵਾਲਣਹਾਰਾ ॥੨॥

ਗੁਰੂ ਹੀ (ਆਪਣੇ ਸ਼ਬਦ ਦਾ) ਕੁੰਡਾ ਵਰਤ ਕੇ (ਵਿਕਾਰਾਂ ਵਿਚ ਆਤਮਕ ਮੌਤੇ ਮਰੇ ਹੋਏ ਮਨ ਨੂੰ) ਆਤਮਕ ਜੀਵਨ ਦੇਣ ਦੀ ਸਮਰਥਾ ਰੱਖਦਾ ਹੈ ॥੨॥

ਮਨੁ ਅਸਾਧੁ ਸਾਧੈ ਜਨੁ ਕੋਈ ॥

ਹੇ ਭਾਈ! ਇਹ ਮਨ ਬੜੀ ਮੁਸ਼ਕਿਲ ਨਾਲ ਵੱਸ ਵਿਚ ਆਉਂਦਾ ਹੈ, ਕੋਈ ਵਿਰਲਾ ਮਨੁੱਖ ਇਸ ਨੂੰ ਵੱਸ ਵਿਚ ਲਿਆਉਂਦਾ ਹੈ।

ਅਚਰੁ ਚਰੈ ਤਾ ਨਿਰਮਲੁ ਹੋਈ ॥

ਜਦੋਂ ਮਨੁੱਖ (ਗੁਰੂ ਦੀ ਸਰਨ ਪੈ ਕੇ ਮਨ ਦੇ) ਅਸਾਧ ਰੋਗ (ਕਾਮਾਦਿਕ) ਨੂੰ ਮੁਕਾ ਲੈਂਦਾ ਹੈ, ਤਦੋਂ (ਇਸ ਦਾ ਮਨ) ਪਵਿੱਤਰ ਹੋ ਜਾਂਦਾ ਹੈ।

ਗੁਰਮੁਖਿ ਇਹੁ ਮਨੁ ਲਇਆ ਸਵਾਰਿ ॥

ਗੁਰੂ ਦੀ ਸਰਨ ਪਏ ਰਹਿਣ ਵਾਲਾ ਮਨੁੱਖ ਇਸ ਮਨ ਨੂੰ ਸੋਹਣਾ ਬਣਾ ਲੈਂਦਾ ਹੈ,

ਹਉਮੈ ਵਿਚਹੁ ਤਜੈ ਵਿਕਾਰ ॥੩॥

ਤੇ ਆਪਣੇ ਅੰਦਰੋਂ ਹਉਮੈ ਆਦਿਕ ਵਿਕਾਰਾਂ ਨੂੰ ਕੱਢ ਦੇਂਦਾ ਹੈ ॥੩॥

ਜੋ ਧੁਰਿ ਰਖਿਅਨੁ ਮੇਲਿ ਮਿਲਾਇ ॥

ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਉਸ (ਪਰਮਾਤਮਾ) ਨੇ ਧੁਰ ਤੋਂ ਹੀ ਆਪਣੇ ਚਰਨਾਂ ਵਿਚ ਜੋੜ ਰੱਖਿਆ ਹੈ,

ਕਦੇ ਨ ਵਿਛੁੜਹਿ ਸਬਦਿ ਸਮਾਇ ॥

ਉਹ ਗੁਰੂ ਦੇ ਸ਼ਬਦ ਵਿਚ ਲੀਨ ਰਹਿ ਕੇ ਕਦੇ ਭੀ (ਪ੍ਰਭੂ ਤੋਂ) ਨਹੀਂ ਵਿਛੁੜਦੇ।

ਆਪਣੀ ਕਲਾ ਆਪੇ ਪ੍ਰਭੁ ਜਾਣੈ ॥

ਪਰ, ਹੇ ਭਾਈ! ਪ੍ਰਭੂ ਆਪ ਹੀ ਆਪਣੀ ਗੁੱਝੀ ਤਾਕਤ ਜਾਣਦਾ ਹੈ (ਕਿ ਕਿਸ ਨੂੰ ਉਹ ਆਪਣੇ ਨਾਲ ਜੋੜੀ ਰੱਖਦਾ ਹੈ)।

ਨਾਨਕ ਗੁਰਮੁਖਿ ਨਾਮੁ ਪਛਾਣੈ ॥੪॥੬॥

ਹੇ ਨਾਨਕ! ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਪਰਮਾਤਮਾ ਦੇ ਨਾਮ ਨਾਲ ਸਾਂਝ ਬਣਾਈ ਰੱਖਦਾ ਹੈ ॥੪॥੬॥

ਧਨਾਸਰੀ ਮਹਲਾ ੩ ॥

ਕਾਚਾ ਧਨੁ ਸੰਚਹਿ ਮੂਰਖ ਗਾਵਾਰ ॥

ਹੇ ਭਾਈ! ਮੂਰਖ ਅੰਞਾਣ ਲੋਕ (ਸਿਰਫ਼ ਦੁਨੀਆ ਵਾਲਾ) ਨਾਸਵੰਤ ਧਨ (ਹੀ) ਜੋੜਦੇ ਰਹਿੰਦੇ ਹਨ।

ਮਨਮੁਖ ਭੂਲੇ ਅੰਧ ਗਾਵਾਰ ॥

ਆਪਣੇ ਮਨ ਦੇ ਪਿੱਛੇ ਤੁਰਨ ਵਾਲੇ, ਮਾਇਆ ਦੇ ਮੋਹ ਵਿਚ ਅੰਨ੍ਹੇ ਹੋਏ ਹੋਏ ਮਨੁੱਖ ਕੁਰਾਹੇ ਪਏ ਰਹਿੰਦੇ ਹਨ।

ਬਿਖਿਆ ਕੈ ਧਨਿ ਸਦਾ ਦੁਖੁ ਹੋਇ ॥

ਹੇ ਭਾਈ! ਮਾਇਆ ਦੇ ਧਨ ਨਾਲ ਸਦਾ ਦੁੱਖ (ਹੀ) ਮਿਲਦਾ ਹੈ।

ਨਾ ਸਾਥਿ ਜਾਇ ਨ ਪਰਾਪਤਿ ਹੋਇ ॥੧॥

ਇਹ ਧਨ ਨਾਹ ਹੀ ਮਨੁੱਖ ਦੇ ਨਾਲ ਜਾਂਦਾ ਹੈ, ਅਤੇ, ਨਾਹ ਹੀ (ਇਸ ਨੂੰ ਜੋੜ ਜੋੜ ਕੇ) ਸੰਤੋਖ ਪ੍ਰਾਪਤ ਹੁੰਦਾ ਹੈ ॥੧॥

ਸਾਚਾ ਧਨੁ ਗੁਰਮਤੀ ਪਾਏ ॥

ਜੇਹੜਾ ਮਨੁੱਖ ਗੁਰੂ ਦੀ ਮਤਿ ਉਤੇ ਤੁਰਦਾ ਹੈ, ਉਹ ਸਦਾ ਕਾਇਮ ਰਹਿਣ ਵਾਲਾ ਹਰਿ-ਨਾਮ-ਧਨ ਹਾਸਲ ਕਰ ਲੈਂਦਾ ਹੈ।

ਕਾਚਾ ਧਨੁ ਫੁਨਿ ਆਵੈ ਜਾਏ ॥ ਰਹਾਉ ॥

(ਪਰ ਦੁਨੀਆ ਵਾਲਾ) ਨਾਸਵੰਤ ਧਨ ਕਦੇ ਮਨੁੱਖ ਨੂੰ ਮਿਲ ਜਾਂਦਾ ਹੈ ਕਦੇ ਹੱਥੋਂ ਨਿਕਲ ਜਾਂਦਾ ਹੈ ਰਹਾਉ॥

ਮਨਮੁਖਿ ਭੂਲੇ ਸਭਿ ਮਰਹਿ ਗਵਾਰ ॥

ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ (ਮਾਇਆ ਦੇ ਮੋਹ ਦੇ ਕਾਰਨ) ਕੁਰਾਹੇ ਪੈ ਕੇ ਸਭ ਆਤਮਕ ਮੌਤ ਸਹੇੜ ਲੈਂਦੇ ਹਨ,

ਭਵਜਲਿ ਡੂਬੇ ਨ ਉਰਵਾਰਿ ਨ ਪਾਰਿ ॥

ਸੰਸਾਰ-ਸਮੁੰਦਰ ਵਿਚ ਡੁੱਬ ਜਾਂਦੇ ਹਨ, ਨਾਹ ਉਰਲੇ ਬੰਨੇ ਰਹਿੰਦੇ ਹਨ, ਨਾਹ ਪਾਰਲੇ ਬੰਨੇ (ਨਾਹ ਇਹ ਮਾਇਆ ਸਾਥ ਤੋੜ ਨਿਬਾਹੁੰਦੀ ਹੈ, ਨਾਹ ਨਾਮ-ਧਨ ਜੋੜਿਆ ਹੁੰਦਾ ਹੈ)।

ਸਤਿਗੁਰੁ ਭੇਟੇ ਪੂਰੈ ਭਾਗਿ ॥

ਜਿਨ੍ਹਾਂ ਮਨੁੱਖਾਂ ਨੂੰ ਪੂਰੀ ਕਿਸਮਤ ਨਾਲ ਗੁਰੂ ਮਿਲ ਪੈਂਦਾ ਹੈ,

ਸਾਚਿ ਰਤੇ ਅਹਿਨਿਸਿ ਬੈਰਾਗਿ ॥੨॥

ਉਹ ਦਿਨ ਰਾਤ (ਹਰ ਵੇਲੇ) ਸਦਾ-ਥਿਰ ਹਰਿ-ਨਾਮ ਵਿਚ ਮਗਨ ਰਹਿੰਦੇ ਹਨ (ਨਾਮ ਦੀ ਬਰਕਤਿ ਨਾਲ ਮਾਇਆ ਵਲੋਂ) ਉਪਰਾਮਤਾ ਵਿਚ ਟਿਕੇ ਰਹਿੰਦੇ ਹਨ ॥੨॥

ਚਹੁ ਜੁਗ ਮਹਿ ਅੰਮ੍ਰਿਤੁ ਸਾਚੀ ਬਾਣੀ ॥

ਹੇ ਭਾਈ! ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਵਾਲੀ ਗੁਰਬਾਣੀ ਸਦਾ ਹੀ ਆਤਮਕ ਜੀਵਨ ਦੇਣ ਵਾਲਾ ਨਾਮ-ਜਲ (ਵੰਡਦੀ ਹੈ),

ਪੂਰੈ ਭਾਗਿ ਹਰਿ ਨਾਮਿ ਸਮਾਣੀ ॥

ਪੂਰੀ ਕਿਸਮਤ ਨਾਲ (ਮਨੁੱਖ ਇਸ ਬਾਣੀ ਦੀ ਬਰਕਤਿ ਨਾਲ) ਪਰਮਾਤਮਾ ਦੇ ਨਾਮ ਵਿਚ ਲੀਨ ਹੋ ਜਾਂਦਾ ਹੈ।

ਸਿਧ ਸਾਧਿਕ ਤਰਸਹਿ ਸਭਿ ਲੋਇ ॥

ਹੇ ਭਾਈ! ਕਰਾਮਾਤੀ ਜੋਗੀ ਤੇ ਸਾਧਨਾਂ ਕਰਨ ਵਾਲੇ ਜੋਗੀ ਸਾਰੇ ਹੀ ਜਗਤ ਵਿਚ (ਇਸ ਬਾਣੀ ਦੀ ਖ਼ਾਤਰ) ਤਰਲੇ ਲੈਂਦੇ ਹਨ,

ਪੂਰੈ ਭਾਗਿ ਪਰਾਪਤਿ ਹੋਇ ॥੩॥

ਪਰ (ਪ੍ਰਭੂ ਦੀ ਸਿਫ਼ਤ-ਸਾਲਾਹ ਵਾਲੀ ਗੁਰਬਾਣੀ) ਪੂਰੀ ਕਿਸਮਤ ਨਾਲ ਹੀ ਮਿਲਦੀ ਹੈ ॥੩॥

ਸਭੁ ਕਿਛੁ ਸਾਚਾ ਸਾਚਾ ਹੈ ਸੋਇ ॥

ਹੇ ਭਾਈ! ਜੇਹੜਾ ਕੋਈ ਵਿਰਲਾ ਮਨੁੱਖ ਪਵਿੱਤ੍ਰ-ਸਰੂਪ ਪਰਮਾਤਮਾ ਨਾਲ ਸਾਂਝ ਪਾਂਦਾ ਹੈ ਉਸ ਨੂੰ ਹਰੇਕ ਸ਼ੈ ਉਸ ਸਦਾ-ਥਿਰ ਪ੍ਰਭੂ ਦਾ ਰੂਪ ਦਿੱਸਦੀ ਹੈ,

ਊਤਮ ਬ੍ਰਹਮੁ ਪਛਾਣੈ ਕੋਇ ॥

ਉਸ ਨੂੰ ਹਰ ਥਾਂ ਉਹ ਸਦਾ-ਥਿਰ ਪ੍ਰਭੂ ਹੀ ਵੱਸਦਾ ਦਿੱਸਦਾ ਹੈ।

ਸਚੁ ਸਾਚਾ ਸਚੁ ਆਪਿ ਦ੍ਰਿੜਾਏ ॥

ਸਦਾ-ਥਿਰ ਰਹਿਣ ਵਾਲਾ ਪਰਮਾਤਮਾ ਆਪਣਾ ਸਦਾ-ਥਿਰ ਨਾਮ ਆਪ ਹੀ (ਮਨੁੱਖ ਦੇ ਹਿਰਦੇ ਵਿਚ) ਪੱਕਾ ਕਰਦਾ ਹੈ।


ਸੂਚੀ (1 - 1430)
ਜਪੁ ਅੰਗ: 1 - 8
ਸੋ ਦਰੁ ਅੰਗ: 8 - 10
ਸੋ ਪੁਰਖੁ ਅੰਗ: 10 - 12
ਸੋਹਿਲਾ ਅੰਗ: 12 - 13
ਸਿਰੀ ਰਾਗੁ ਅੰਗ: 14 - 93
ਰਾਗੁ ਮਾਝ ਅੰਗ: 94 - 150
ਰਾਗੁ ਗਉੜੀ ਅੰਗ: 151 - 346
ਰਾਗੁ ਆਸਾ ਅੰਗ: 347 - 488
ਰਾਗੁ ਗੂਜਰੀ ਅੰਗ: 489 - 526
ਰਾਗੁ ਦੇਵਗੰਧਾਰੀ ਅੰਗ: 527 - 536
ਰਾਗੁ ਬਿਹਾਗੜਾ ਅੰਗ: 537 - 556
ਰਾਗੁ ਵਡਹੰਸੁ ਅੰਗ: 557 - 594
ਰਾਗੁ ਸੋਰਠਿ ਅੰਗ: 595 - 659
ਰਾਗੁ ਧਨਾਸਰੀ ਅੰਗ: 660 - 695
ਰਾਗੁ ਜੈਤਸਰੀ ਅੰਗ: 696 - 710
ਰਾਗੁ ਟੋਡੀ ਅੰਗ: 711 - 718
ਰਾਗੁ ਬੈਰਾੜੀ ਅੰਗ: 719 - 720
ਰਾਗੁ ਤਿਲੰਗ ਅੰਗ: 721 - 727
ਰਾਗੁ ਸੂਹੀ ਅੰਗ: 728 - 794
ਰਾਗੁ ਬਿਲਾਵਲੁ ਅੰਗ: 795 - 858
ਰਾਗੁ ਗੋਂਡ ਅੰਗ: 859 - 875
ਰਾਗੁ ਰਾਮਕਲੀ ਅੰਗ: 876 - 974
ਰਾਗੁ ਨਟ ਨਾਰਾਇਨ ਅੰਗ: 975 - 983
ਰਾਗੁ ਮਾਲੀ ਗਉੜਾ ਅੰਗ: 984 - 988
ਰਾਗੁ ਮਾਰੂ ਅੰਗ: 989 - 1106
ਰਾਗੁ ਤੁਖਾਰੀ ਅੰਗ: 1107 - 1117
ਰਾਗੁ ਕੇਦਾਰਾ ਅੰਗ: 1118 - 1124
ਰਾਗੁ ਭੈਰਉ ਅੰਗ: 1125 - 1167
ਰਾਗੁ ਬਸੰਤੁ ਅੰਗ: 1168 - 1196
ਰਾਗੁ ਸਾਰੰਗ ਅੰਗ: 1197 - 1253
ਰਾਗੁ ਮਲਾਰ ਅੰਗ: 1254 - 1293
ਰਾਗੁ ਕਾਨੜਾ ਅੰਗ: 1294 - 1318
ਰਾਗੁ ਕਲਿਆਨ ਅੰਗ: 1319 - 1326
ਰਾਗੁ ਪ੍ਰਭਾਤੀ ਅੰਗ: 1327 - 1351
ਰਾਗੁ ਜੈਜਾਵੰਤੀ ਅੰਗ: 1352 - 1359
ਸਲੋਕ ਸਹਸਕ੍ਰਿਤੀ ਅੰਗ: 1353 - 1360
ਗਾਥਾ ਮਹਲਾ ੫ ਅੰਗ: 1360 - 1361
ਫੁਨਹੇ ਮਹਲਾ ੫ ਅੰਗ: 1361 - 1663
ਚਉਬੋਲੇ ਮਹਲਾ ੫ ਅੰਗ: 1363 - 1364
ਸਲੋਕੁ ਭਗਤ ਕਬੀਰ ਜੀਉ ਕੇ ਅੰਗ: 1364 - 1377
ਸਲੋਕੁ ਸੇਖ ਫਰੀਦ ਕੇ ਅੰਗ: 1377 - 1385
ਸਵਈਏ ਸ੍ਰੀ ਮੁਖਬਾਕ ਮਹਲਾ ੫ ਅੰਗ: 1385 - 1389
ਸਵਈਏ ਮਹਲੇ ਪਹਿਲੇ ਕੇ ਅੰਗ: 1389 - 1390
ਸਵਈਏ ਮਹਲੇ ਦੂਜੇ ਕੇ ਅੰਗ: 1391 - 1392
ਸਵਈਏ ਮਹਲੇ ਤੀਜੇ ਕੇ ਅੰਗ: 1392 - 1396
ਸਵਈਏ ਮਹਲੇ ਚਉਥੇ ਕੇ ਅੰਗ: 1396 - 1406
ਸਵਈਏ ਮਹਲੇ ਪੰਜਵੇ ਕੇ ਅੰਗ: 1406 - 1409
ਸਲੋਕੁ ਵਾਰਾ ਤੇ ਵਧੀਕ ਅੰਗ: 1410 - 1426
ਸਲੋਕੁ ਮਹਲਾ ੯ ਅੰਗ: 1426 - 1429
ਮੁੰਦਾਵਣੀ ਮਹਲਾ ੫ ਅੰਗ: 1429 - 1429
ਰਾਗਮਾਲਾ ਅੰਗ: 1430 - 1430