ਹੇ ਨਾਨਕ! ਉਹ ਆਪ ਹੀ (ਸਭ ਦੀ) ਸੰਭਾਲ ਕਰਦਾ ਹੈ, ਤੇ, ਆਪ ਹੀ (ਜੀਵਾਂ ਨੂੰ) ਆਪਣੇ ਸਦਾ-ਥਿਰ ਨਾਮ ਵਿਚ ਜੋੜਦਾ ਹੈ ॥੪॥੭॥
ਹੇ ਭਾਈ! ਇਹ ਨਹੀਂ ਦੱਸਿਆ ਜਾ ਸਕਦਾ ਕਿ ਪਰਮਾਤਮਾ ਦਾ ਨਾਮ ਕਿਸ ਮੁੱਲ ਤੋਂ ਮਿਲ ਸਕਦਾ ਹੈ ਅਤੇ ਇਹ ਨਾਮ ਕਿਤਨੀ ਤਾਕਤ ਵਾਲਾ ਹੈ।
ਜਿਨ੍ਹਾਂ ਮਨੁੱਖਾਂ ਨੇ ਪਰਮਾਤਮਾ ਦੇ ਨਾਮ ਵਿਚ ਸੁਰਤਿ ਜੋੜੀ ਹੋਈ ਹੈ ਉਹ ਭਾਗਾਂ ਵਾਲੇ ਹਨ।
ਜੇਹੜਾ ਮਨੁੱਖ ਕਦੇ ਉਕਾਈ ਨਾਹ ਖਾਣ ਵਾਲੀ ਗੁਰੂ ਦੀ ਮਤਿ ਗ੍ਰਹਣ ਕਰਦਾ ਹੈ, ਉਹ ਮਨੁੱਖ ਸਦਾ-ਥਿਰ ਪ੍ਰਭੂ ਦੇ ਗੁਣਾਂ ਦੀ ਵਿਚਾਰ (ਆਪਣੇ ਅੰਦਰ) ਵਸਾਂਦਾ ਹੈ।
ਪਰ ਇਹ ਵਿਚਾਰ ਪ੍ਰਭੂ ਉਸ ਨੂੰ ਹੀ ਦੇਂਦਾ ਹੈ ਜਿਸ ਉਤੇ ਆਪ ਹੀ ਬਖ਼ਸ਼ਸ਼ ਕਰਦਾ ਹੈ ॥੧॥
ਹੇ ਭਾਈ! ਪਰਮਾਤਮਾ ਦਾ ਨਾਮ ਹੈਰਾਨ ਕਰਨ ਵਾਲੀ ਤਾਕਤ ਵਾਲਾ ਹੈ। (ਪਰ ਇਹ ਨਾਮ) ਪ੍ਰਭੂ ਆਪ ਹੀ (ਕਿਸੇ ਵਡ-ਭਾਗੀ ਨੂੰ) ਸੁਣਾਂਦਾ ਹੈ।
ਇਸ ਝਗੜਿਆਂ-ਭਰੇ ਜੀਵਨ-ਸਮੇ ਵਿਚ ਉਹੀ ਮਨੁੱਖ ਹਰਿ-ਨਾਮ ਪ੍ਰਾਪਤ ਕਰਦਾ ਹੈ ਜੋ ਗੁਰੂ ਦੇ ਸਨਮੁਖ ਰਹਿੰਦਾ ਹੈ ॥੧॥ ਰਹਾਉ ॥
ਹੇ ਭਾਈ! (ਜੇ ਅਸੀਂ ਆਪਣੇ) ਮਨ ਵਿਚ (ਗਹੁ ਨਾਲ ਵਿਚਾਰੀਏ ਤਾਂ ਇਸ ਹਉਮੈ ਦੇ ਕਾਰਨ) ਅਸੀਂ ਨਿਰੋਲ ਮੂਰਖ ਹਾਂ।
ਕਿਉਂਕਿ ਅਸੀਂ ਜੀਵ (ਆਪਣਾ) ਹਰੇਕ ਕੰਮ ਹਉਮੈ ਦੇ ਆਸਰੇ ਹੀ ਕਰਦੇ ਹਾਂ,
ਇਹ ਹਉਮੈ (ਸਾਡੇ ਅੰਦਰੋਂ) ਗੁਰੂ ਦੀ ਕਿਰਪਾ ਨਾਲ ਹੀ ਦੂਰ ਹੋ ਸਕਦੀ ਹੈ।
(ਗੁਰੂ ਭੀ ਉਸੇ ਨੂੰ) ਮਿਲਾਂਦਾ ਹੈ ਜਿਸ ਉਤੇ ਪ੍ਰਭੂ ਆਪ ਹੀ ਮੇਹਰ ਕਰਦਾ ਹੈ ॥੨॥
(ਹੇ ਭਾਈ! ਇਹ ਦੁਨੀਆ ਵਾਲਾ) ਮਾਇਆ ਦਾ ਧਨ (ਮਨੁੱਖ ਦੇ ਮਨ ਵਿਚ) ਬੜਾ ਅਹੰਕਾਰ (ਪੈਦਾ ਕਰਦਾ ਹੈ)।
ਤੇ, ਜੇਹੜਾ ਮਨੁੱਖ ਅਹੰਕਾਰ ਵਿਚ ਡੁੱਬਾ ਰਹਿੰਦਾ ਹੈ ਉਹ (ਪ੍ਰਭੂ ਦੀ ਹਜ਼ੂਰੀ ਵਿਚ) ਆਦਰ ਨਹੀਂ ਪਾਂਦਾ।
ਹੇ ਭਾਈ! ਆਪਾ-ਭਾਵ ਛੱਡ ਕੇ ਸਦਾ ਆਤਮਕ ਆਨੰਦ ਬਣਿਆ ਰਹਿੰਦਾ ਹੈ।
ਹੇ ਭਾਈ! ਮੈਂ ਤਾਂ ਗੁਰੂ ਦੀ ਮਤਿ ਲੈ ਕੇ ਉਸ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਕਰਦਾ ਰਹਿੰਦਾ ਹਾਂ ॥੩॥
ਹੇ ਭਾਈ! ਉਹ ਕਰਤਾਰ ਆਪ ਹੀ (ਸਾਰੀ ਸ੍ਰਿਸ਼ਟੀ ਨੂੰ) ਪੈਦਾ ਕਰਦਾ ਹੈ,
ਉਸ ਤੋਂ ਬਿਨਾ ਕੋਈ ਹੋਰ (ਇਹੋ ਜਿਹੀ ਅਵਸਥਾ ਵਾਲਾ) ਨਹੀਂ ਹੈ।
ਉਹ ਕਰਤਾਰ ਜਿਸ ਮਨੁੱਖ ਨੂੰ (ਆਪਣੇ) ਸਦਾ-ਥਿਰ ਨਾਮ ਵਿਚ ਜੋੜਦਾ ਹੈ, ਉਹੀ ਮਨੁੱਖ (ਨਾਮ-ਸਿਮਰਨ ਵਿਚ) ਲੱਗਦਾ ਹੈ।
ਹੇ ਨਾਨਕ! ਜੇਹੜਾ ਮਨੁੱਖ ਨਾਮ ਵਿਚ ਲੱਗਦਾ ਹੈ ਉਸ ਨੂੰ ਸਦਾ ਹੀ ਆਤਮਕ ਆਨੰਦ ਬਣਿਆ ਰਹਿੰਦਾ ਹੈ (ਇਸ ਲੋਕ ਵਿਚ ਭੀ, ਤੇ) ਪਰਲੋਕ ਵਿਚ ਭੀ ॥੪॥੮॥
ਰਾਗ ਧਨਾਸਰੀ, ਘਰ ੪ ਵਿੱਚ ਗੁਰੂ ਅਮਰਦਾਸ ਜੀ ਦੀ ਬਾਣੀ।
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਹੇ ਪ੍ਰਭੂ! ਅਸੀਂ ਜੀਵ ਤੇਰੇ (ਦਰ ਦੇ) ਮੰਗਤੇ ਹਾਂ, ਤੂੰ ਸੁਤੰਤਰ ਰਹਿ ਕੇ ਸਭ ਨੂੰ ਦਾਤਾਂ ਦੇਣ ਵਾਲਾ ਹੈਂ।
ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੈਨੂੰ ਮੰਗਤੇ ਨੂੰ ਆਪਣਾ ਨਾਮ ਦੇਹ (ਤਾ ਕਿ) ਮੈਂ ਸਦਾ ਤੇਰੇ ਪ੍ਰੇਮ-ਰੰਗ ਵਿਚ ਰੰਗਿਆ ਰਹਾਂ ॥੧॥
ਹੇ ਪ੍ਰਭੂ! ਮੈਂ ਤੇਰੇ ਸਦਾ ਕਾਇਮ ਰਹਿਣ ਵਾਲੇ ਨਾਮ ਤੋਂ ਸਦਕੇ ਜਾਂਦਾ ਹਾਂ।
ਤੂੰ ਸਾਰੇ ਜਗਤ ਦਾ ਮੂਲ ਹੈਂ; ਤੂੰ ਹੀ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ ਕੋਈ ਹੋਰ (ਤੇਰੇ ਵਰਗਾ) ਨਹੀਂ ਹੈ ॥੧॥ ਰਹਾਉ ॥
ਹੇ ਪ੍ਰਭੂ! ਮੈਨੂੰ ਮਾਇਆ-ਵੇੜ੍ਹੇ ਨੂੰ (ਹੁਣ ਤਕ ਮਰਨ ਦੇ) ਅਨੇਕਾਂ ਗੇੜ ਪੈ ਚੁਕੇ ਹਨ, ਹੁਣ ਤਾਂ ਮੇਰੇ ਉਤੇ ਕੁਝ ਮੇਹਰ ਕਰ।
ਹੇ ਪ੍ਰਭੂ! ਮੇਰੇ ਉਤੇ ਦਇਆਵਾਨ ਹੋ। ਮੇਰੇ ਉਤੇ ਇਹੋ ਜਿਹੀ ਬਖ਼ਸ਼ਸ਼ ਕਰ ਕਿ ਮੈਨੂੰ ਆਪਣਾ ਦੀਦਾਰ ਬਖ਼ਸ਼ ॥੨॥
ਹੇ ਭਾਈ! ਨਾਨਕ ਆਖਦਾ ਹੈ-ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਦੇ ਭਰਮ ਦੇ ਪਰਦੇ ਖੁਲ੍ਹ ਜਾਂਦੇ ਹਨ, ਉਸ ਦੀ (ਪਰਮਾਤਮਾ ਨਾਲ) ਡੂੰਘੀ ਸਾਂਝ ਬਣ ਜਾਂਦੀ ਹੈ।
ਉਸ ਦੇ ਹਿਰਦੇ ਵਿਚ (ਪਰਮਾਤਮਾ ਨਾਲ) ਸਦਾ ਕਾਇਮ ਰਹਿਣ ਵਾਲੀ ਲਗਨ ਲੱਗ ਜਾਂਦੀ ਹੈ, ਗੁਰੂ ਨਾਲ ਉਸ ਦਾ ਮਨ ਪਤੀਜ ਜਾਂਦਾ ਹੈ ॥੩॥੧॥੯॥
ਰਾਗ ਧਨਾਸਰੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਚਾਰ-ਬੰਦਾਂ ਵਾਲੀ ਬਾਣੀ।
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਹੇ ਪ੍ਰਭੂ! ਤੇਰੇ ਜੇਹੜੇ ਸੰਤ ਜੇਹੜੇ ਭਗਤ ਤੇਰਾ ਸਿਮਰਨ ਕਰਦੇ ਹਨ, ਤੂੰ ਉਹਨਾਂ ਦੇ (ਪਿਛਲੇ ਕੀਤੇ) ਸਾਰੇ ਪਾਪ ਦੂਰ ਕਰਨ ਵਾਲਾ ਹੈਂ।
ਹੇ ਮਾਲਕ-ਪ੍ਰਭੂ! ਸਾਡੇ ਉੱਤੇ ਭੀ ਮੇਹਰ ਕਰ, (ਸਾਨੂੰ ਉਸ) ਸਾਧ ਸੰਗਤਿ ਵਿਚ ਰੱਖ ਜੇਹੜੀ ਤੈਨੂੰ ਪਿਆਰੀ ਲੱਗਦੀ ਹੈ ॥੧॥
ਹੇ ਹਰੀ! ਹੇ ਪ੍ਰਭੂ! ਮੈਂ ਤੇਰੇ ਗੁਣ ਬਿਆਨ ਨਹੀਂ ਕਰ ਸਕਦਾ।
ਅਸੀਂ ਜੀਵ ਪਾਪੀ ਹਾਂ, ਪਾਪਾਂ ਵਿਚ ਡੁੱਬੇ ਰਹਿੰਦੇ ਹਾਂ, ਜਿਵੇਂ ਪੱਥਰ ਪਾਣੀ ਵਿਚ ਡੁੱਬੇ ਰਹਿੰਦੇ ਹਨ। ਮੇਹਰ ਕਰ, ਸਾਨੂੰ ਪੱਥਰਾਂ (ਪੱਥਰ-ਦਿਲਾਂ) ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਲੈ ਰਹਾਉ॥
ਹੇ ਭਾਈ! ਜੀਵਾਂ ਦੇ ਅਨੇਕਾਂ ਜਨਮਾਂ ਦੇ ਚੰਬੜੇ ਹੋਏ ਪਾਪਾਂ ਦਾ ਜ਼ਹਰ ਪਾਪਾਂ ਦਾ ਜੰਗਾਲ ਸਾਧ ਸੰਗਤਿ ਦੀ ਸਰਨ ਪੈ ਕੇ ਇਵੇਂ ਸੋਧਿਆ ਜਾਂਦਾ ਹੈ,
ਜਿਵੇਂ ਸੋਨਾ ਅੱਗ ਵਿਚ ਤਪਾਇਆਂ ਉਸ ਦੀ ਸਾਰੀ ਮੈਲ ਕੱਟੀ ਜਾਂਦੀ ਹੈ, ਲਾਹ ਦਿੱਤੀ ਜਾਂਦੀ ਹੈ ॥੨॥
(ਹੇ ਭਾਈ! ਤਾਂਹੀਏਂ) ਮੈਂ (ਭੀ) ਦਿਨ ਰਾਤ ਪਰਮਾਤਮਾ ਦੇ ਨਾਮ ਦਾ ਜਾਪ ਜਪਦਾ ਹਾਂ, ਨਾਮ ਜਪ ਕੇ ਉਸ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹਾਂ।
ਹੇ ਭਾਈ! ਪਰਮਾਤਮਾ ਦਾ ਨਾਮ ਜਗਤ ਵਿਚ ਐਸੀ ਦਵਾਈ ਹੈ ਜੋ ਆਪਣਾ ਅਸਰ ਕਰਨੋਂ ਕਦੇ ਨਹੀਂ ਖੁੰਝਦੀ। ਇਹ ਨਾਮ ਜਪ ਕੇ (ਅੰਦਰੋਂ) ਹਉਮੈ ਮੁਕਾ ਸਕੀਦੀ ਹੈ ॥੩॥