ਹੇ ਨਾਨਕ! (ਆਖ-) ਪਰਮਾਤਮਾ ਦੀ ਓਟ ਹੀ ਉਹਨਾਂ ਦਾ ਬਲ ਹੈ, ਸਹਾਰਾ ਹੈ, ਸਦਾ ਕਾਇਮ ਰਹਿਣ ਵਾਲਾ ਆਸਰਾ ਹੈ ॥੪॥੨॥੨੦॥
ਹੇ ਭਾਈ! ਭਾਲ ਕਰਦਿਆਂ ਕਰਦਿਆਂ ਜਦੋਂ ਮੈਂ ਗੁਰੂ ਮਹਾ ਪੁਰਖ ਨੂੰ ਮਿਲਿਆ, ਤਾਂ ਪੂਰੇ ਗੁਰੂ ਨੇ (ਮੈਨੂੰ) ਇਹ ਸਮਝ ਬਖ਼ਸ਼ੀ,
ਕਿ (ਮਾਇਆ ਦੇ ਮੋਹ ਤੋਂ ਬਚਣ ਲਈ) ਹੋਰ ਸਾਰੀਆਂ ਜੁਗਤੀਆਂ ਵਿਚੋਂ ਕੋਈ ਇੱਕ ਜੁਗਤਿ ਭੀ ਕੰਮ ਨਹੀਂ ਆਉਂਦੀ। ਪਰਮਾਤਮਾ ਦਾ ਨਾਮ ਸਿਮਰਿਆ ਹੋਇਆ ਹੀ ਕੰਮ ਆਉਂਦਾ ਹੈ ॥੧॥
ਇਸ ਵਾਸਤੇ, ਹੇ ਭਾਈ! ਮੈਂ ਪਰਮਾਤਮਾ ਦਾ ਆਸਰਾ ਲੈ ਲਿਆ।
(ਜਦੋਂ ਮੈਂ) ਸਰਬ-ਵਿਆਪਕ ਪਰਮਾਤਮਾ ਦੀ ਸਰਨ ਪਿਆ, ਤਾਂ ਮੇਰੇ ਸਾਰੇ (ਮਾਇਆ ਦੇ) ਜੰਜਾਲ ਨਾਸ ਹੋ ਗਏ ਰਹਾਉ॥
ਹੇ ਭਾਈ! ਦੇਵ ਲੋਕ, ਮਾਤ-ਲੋਕ, ਪਾਤਾਲ-ਸਾਰੀ ਹੀ ਸ੍ਰਿਸ਼ਟੀ ਮਾਇਆ (ਦੇ ਮੋਹ) ਵਿਚ ਫਸੀ ਹੋਈ ਹੈ।
ਹੇ ਭਾਈ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਇਹੀ ਹੈ ਜਿੰਦ ਨੂੰ (ਮਾਇਆ ਦੇ ਮੋਹ ਵਿਚੋਂ) ਬਚਾਣ ਵਾਲਾ, ਇਹੀ ਹੈ ਸਾਰੀਆਂ ਕੁਲਾਂ ਨੂੰ ਤਾਰਨ ਵਾਲਾ ॥੨॥
ਹੇ ਨਾਨਕ! ਮਾਇਆ ਤੋਂ ਨਿਰਲੇਪ ਪਰਮਾਤਮਾ ਦਾ ਨਾਮ ਗਾਣਾ ਚਾਹੀਦਾ ਹੈ, (ਨਾਮ ਦੀ ਬਰਕਤਿ ਨਾਲ) ਸਾਰੇ ਖ਼ਜ਼ਾਨਿਆਂ ਦੀ ਪ੍ਰਾਪਤੀ ਹੋ ਜਾਂਦੀ ਹੈ,
ਪਰ (ਇਹ ਭੇਤ) ਕਿਸੇ (ਉਸ) ਵਿਰਲੇ ਮਨੁੱਖ ਨੇ ਸਮਝਿਆ ਹੈ ਜਿਸ ਨੂੰ ਮਾਲਕ-ਪ੍ਰਭੂ ਆਪ ਮੇਹਰ ਕਰ ਕੇ (ਨਾਮ ਦੀ ਦਾਤਿ) ਦੇਂਦਾ ਹੈ ॥੩॥੩॥੨੧॥
ਰਾਗ ਧਨਾਸਰੀ, ਘਰ ੨ ਵਿੱਚ ਗੁਰੂ ਅਰਜਨਦੇਵ ਜੀ ਦੀ ਚਾਰ-ਬੰਦਾਂ ਵਾਲੀ ਬਾਣੀ।
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਹੇ ਭਾਈ! ਮਾਇਆ-ਵੇੜ੍ਹੇ ਜੀਵ ਉਹੀ ਨਿਕੰਮੇ ਕੰਮ ਕਰਦੇ ਰਹਿੰਦੇ ਹਨ, ਜਿਨ੍ਹਾਂ ਨੂੰ ਆਖ਼ਰ ਛੱਡ ਕੇ ਇਥੋਂ ਚਲੇ ਜਾਂਦੇ ਹਨ।
ਉਹੀ ਜੰਜਾਲ ਸਹੇੜੀ ਰੱਖਦੇ ਹਨ, ਜੇਹੜੇ ਇਹਨਾਂ ਦੇ ਕਿਸੇ ਕੰਮ ਨਹੀਂ ਆਉਂਦੇ।
ਉਹਨਾਂ ਨਾਲ ਮੋਹ-ਪਿਆਰ ਬਣਾਈ ਰੱਖਦੇ ਹਨ, ਜੇਹੜੇ (ਅੰਤ ਵੇਲੇ) ਨਾਲ ਨਹੀਂ ਜਾਂਦੇ।
ਉਹਨਾਂ (ਵਿਕਾਰਾਂ) ਨੂੰ ਮਿੱਤਰ ਸਮਝਦੇ ਰਹਿੰਦੇ ਹਨ ਜੋ (ਅਸਲ ਵਿਚ ਆਤਮਕ ਜੀਵਨ ਦੇ) ਵੈਰੀ ਹਨ ॥੧॥
ਹੇ ਭਾਈ! ਮੂਰਖ ਜਗਤ (ਮਾਇਆ ਦੀ) ਭਟਕਣਾ ਵਿਚ ਪੈ ਕੇ ਅਜੇ ਕੁਰਾਹੇ ਪਿਆ ਹੋਇਆ ਹੈ,
(ਕਿ ਆਪਣਾ) ਕੀਮਤੀ ਮਨੁੱਖਾ ਜਨਮ ਗਵਾ ਰਿਹਾ ਹੈ ਰਹਾਉ॥
ਹੇ ਭਾਈ! (ਮਾਇਆ-ਵੇੜ੍ਹੇ ਮੂਰਖ ਮਨੁੱਖ ਨੂੰ) ਸਦਾ-ਥਿਰ ਹਰਿ-ਨਾਮ ਸਿਮਰਨ (ਵਾਲਾ) ਧਰਮ ਅੱਖੀਂ ਵੇਖਿਆ ਨਹੀਂ ਭਾਉਂਦਾ।
ਝੂਠ ਨੂੰ ਠੱਗੀ ਨੂੰ ਮਿੱਠਾ ਜਾਣ ਕੇ ਇਹਨਾਂ ਨਾਲ ਮਸਤ ਰਹਿੰਦਾ ਹੈ।
ਦਾਤਾਰ-ਪ੍ਰਭੂ ਨੂੰ ਭੁਲਾਈ ਰੱਖਦਾ ਹੈ, ਉਸ ਦੀ ਦਿੱਤੀ ਹੋਈ ਦਾਤਿ ਇਸ ਨੂੰ ਪਿਆਰੀ ਲੱਗਦੀ ਹੈ।
(ਮੋਹ ਵਿਚ) ਬੇਬਸ ਹੋਇਆ ਜੀਵ ਆਪਣੀ ਮੌਤ ਨੂੰ ਚੇਤੇ ਨਹੀਂ ਕਰਦਾ ॥੨॥
ਹੇ ਭਾਈ! (ਭਟਕਣਾ ਵਿਚ ਪਿਆ ਹੋਇਆ ਜੀਵ) ਉਸ ਚੀਜ਼ ਲਈ ਦੌੜ ਦੌੜ ਤਰਲੇ ਲੈਂਦਾ ਹੈ ਜੋ ਆਖ਼ਰ ਬਿਗਾਨੀ ਹੋ ਜਾਣੀ ਹੈ।
ਆਪਣਾ ਇਨਸਾਨੀ ਫ਼ਰਜ਼ ਸਾਰਾ ਹੀ ਭੁਲਾ ਦੇਂਦਾ ਹੈ।
ਮਨੁੱਖ ਪਰਮਾਤਮਾ ਦੀ ਰਜ਼ਾ ਨੂੰ ਨਹੀਂ ਸਮਝਦਾ (ਜਿਸ ਕਰਕੇ ਇਸ ਦੇ ਵਾਸਤੇ) ਜਨਮ ਮਰਨ ਦੇ ਗੇੜ (ਬਣੇ ਰਹਿੰਦੇ ਹਨ)।
ਨਿੱਤ ਪਾਪ ਕਰਦਾ ਰਹਿੰਦਾ ਹੈ, ਆਖ਼ਰ ਪਛੁਤਾਂਦਾ ਹੈ ॥੩॥
(ਪਰ, ਹੇ ਪ੍ਰਭੂ! ਜੀਵਾਂ ਦੇ ਕੀਹ ਵੱਸ?) ਜੋ ਤੈਨੂੰ ਚੰਗਾ ਲੱਗਦਾ ਹੈ, ਉਹੀ ਅਸਾਂ ਜੀਵਾਂ ਨੂੰ ਕਬੂਲ ਹੁੰਦਾ ਹੈ।
ਹੇ ਪ੍ਰਭੂ! ਮੈਂ ਤੇਰੀ ਮਰਜ਼ੀ ਤੋਂ ਸਦਕੇ ਹਾਂ।
ਗਰੀਬ ਨਾਨਕ ਤੇਰਾ ਦਾਸ ਹੈ ਤੇਰਾ ਗ਼ੁਲਾਮ ਹੈ।
ਹੇ ਭਾਈ! ਮੇਰਾ ਮਾਲਕ-ਪ੍ਰਭੂ (ਆਪਣੇ ਦਾਸ ਦੀ ਲਾਜ ਆਪ) ਰੱਖ ਲੈਂਦਾ ਹੈ ॥੪॥੧॥੨੨॥
ਹੇ ਭਾਈ! ਮੈਨੂੰ ਆਜਿਜ਼ ਨੂੰ ਪਰਮਾਤਮਾ ਦਾ ਨਾਮ (ਹੀ) ਆਸਰਾ ਹੈ,
ਮੇਰੇ ਵਾਸਤੇ ਖੱਟਣ ਕਮਾਣ ਲਈ ਪਰਮਾਤਮਾ ਦਾ ਨਾਮ ਹੀ ਰੋਜ਼ੀ ਹੈ।
ਮੇਰੇ ਵਾਸਤੇ ਇਕੱਠਾ ਕਰਨ ਲਈ (ਭੀ) ਪਰਮਾਤਮਾ ਦਾ ਨਾਮ ਹੀ ਹੈ।
(ਜੇਹੜਾ ਮਨੁੱਖ ਹਰਿ-ਨਾਮ-ਧਨ ਇਕੱਠਾ ਕਰਦਾ ਹੈ) ਇਸ ਲੋਕ ਤੇ ਪਰਲੋਕ ਵਿਚ ਉਸ ਦੇ ਕੰਮ ਆਉਂਦਾ ਹੈ ॥੧॥
ਹੇ ਭਾਈ! ਪਰਮਾਤਮਾ ਦੇ ਨਾਮ ਵਿਚ ਮਸਤ ਹੋ ਕੇ, ਸੰਤ ਜਨ ਬੇਅੰਤ ਪ੍ਰਭੂ ਦੇ ਪ੍ਰੇਮ ਵਿਚ ਜੁੜ ਕੇ-
ਇੱਕ ਨਿਰੰਕਾਰ ਦੇ ਗੁਣ ਗਾਂਦੇ ਰਹਿੰਦੇ ਹਨ ਰਹਾਉ॥
ਹੇ ਭਾਈ! ਬਹੁਤ ਨਿਮ੍ਰਤਾ-ਸੁਭਾਉ ਸੰਤ ਦੀ ਸੋਭਾ (ਦਾ ਮੂਲ) ਹੈ,
ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨੀ ਹੀ ਸੰਤ ਦੀ ਵਡਿਆਈ (ਦਾ ਕਾਰਨ) ਹੈ।
ਪਰਮਾਤਮਾ ਦੀ ਭਗਤੀ ਸੰਤ ਜਨਾਂ ਦੇ ਹਿਰਦੇ ਵਿਚ ਆਨੰਦ ਪੈਦਾ ਕਰਦੀ ਹੈ।
(ਭਗਤੀ ਦੀ ਬਰਕਤਿ ਨਾਲ) ਸੰਤ ਜਨਾਂ ਦੇ ਹਿਰਦੇ ਵਿਚ ਸੁਖ ਬਣਿਆ ਰਹਿੰਦਾ ਹੈ (ਉਹਨਾਂ ਦੇ ਅੰਦਰੋਂ) ਚਿੰਤਾ ਨਾਸ ਹੋ ਜਾਂਦੀ ਹੈ ॥੨॥
ਹੇ ਭਾਈ! ਸਾਧ ਸੰਤ ਜਿੱਥੇ (ਭੀ) ਇਕੱਠੇ ਹੁੰਦੇ ਹਨ,
ਉਥੇ ਉਹ ਸਾਜ ਵਰਤ ਕੇ ਬਾਣੀ ਪੜ੍ਹ ਕੇ ਪਰਮਾਤਮਾ ਦੀ ਸਿਫ਼ਤ-ਸਾਲਾਹ ਦਾ ਗੀਤ (ਹੀ) ਗਾਂਦੇ ਹਨ।
ਹੇ ਭਾਈ! ਸੰਤਾਂ ਦੀ ਸੰਗਤਿ ਵਿਚ ਬੈਠਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ ਸ਼ਾਂਤੀ ਹਾਸਲ ਹੁੰਦੀ ਹੈ।
ਪਰ, ਉਹਨਾਂ ਦੀ ਸੰਗਤਿ ਉਹੀ ਮਨੁੱਖ ਪ੍ਰਾਪਤ ਕਰਦਾ ਹੈ ਜਿਸ ਦੇ ਮੱਥੇ ਉੱਤੇ ਬਖ਼ਸ਼ਸ਼ (ਦਾ ਲੇਖ ਲਿਖਿਆ ਹੋਵੇ) ॥੩॥
ਹੇ ਭਾਈ! ਮੈਂ ਆਪਣੇ ਦੋਵੇਂ ਹੱਥ ਜੋੜ ਕੇ ਅਰਦਾਸ ਕਰਦਾ ਹਾਂ,
ਕਿ ਮੈਂ ਸੰਤ ਜਨਾਂ ਦੇ ਚਰਨ ਧੋ ਕੇ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਦਾ ਨਾਮ ਉਚਾਰਦਾ ਰਹਾਂ।
ਹੇ ਭਾਈ! ਜੇਹੜੇ ਦਇਆਲ ਕਿਰਪਾਲ ਪ੍ਰਭੂ ਦੀ ਹਜ਼ੂਰੀ ਵਿਚ (ਸਦਾ ਟਿਕੇ ਰਹਿੰਦੇ ਹਨ)
ਨਾਨਕ ਉਹਨਾਂ ਸੰਤ ਜਨਾਂ ਦੇ ਚਰਨਾਂ ਦੀ ਧੂੜ ਤੋਂ ਆਤਮਕ ਜੀਵਨ ਪ੍ਰਾਪਤ ਕਰਦਾ ਹੈ ॥੪॥੨॥੨੩॥