ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ

ਅੰਗ - 687


ਕੋਈ ਐਸੋ ਰੇ ਭੇਟੈ ਸੰਤੁ ਮੇਰੀ ਲਾਹੈ ਸਗਲ ਚਿੰਤ ਠਾਕੁਰ ਸਿਉ ਮੇਰਾ ਰੰਗੁ ਲਾਵੈ ॥੨॥

(ਹੁਣ ਮੇਰਾ ਜੀ ਕਰਦਾ ਹੈ ਕਿ) ਮੈਨੂੰ ਕੋਈ ਅਜੇਹਾ ਸੰਤ ਮਿਲ ਪਏ, ਜੇਹੜਾ (ਮੇਰੇ ਅੰਦਰ ਮਾਇਆ ਵਾਲੀ) ਸਾਰੀ ਸੋਚ ਦੂਰ ਕਰ ਦੇਵੇ, ਤੇ, ਪਰਮਾਤਮਾ ਨਾਲ ਮੇਰਾ ਪਿਆਰ ਬਣਾ ਦੇਵੇ ॥੨॥

ਪੜੇ ਰੇ ਸਗਲ ਬੇਦ ਨਹ ਚੂਕੈ ਮਨ ਭੇਦ ਇਕੁ ਖਿਨੁ ਨ ਧੀਰਹਿ ਮੇਰੇ ਘਰ ਕੇ ਪੰਚਾ ॥

ਹੇ ਭਾਈ! ਸਾਰੇ ਵੇਦ ਪੜ੍ਹ ਵੇਖੇ ਹਨ, (ਇਹਨਾਂ ਦੇ ਪੜ੍ਹਨ ਨਾਲ ਪਰਮਾਤਮਾ ਨਾਲੋਂ) ਮਨ ਦੀ ਵਿੱਥ ਨਹੀਂ ਮੁੱਕਦੀ, (ਵੇਦ ਆਦਿਕਾਂ ਦੇ ਪੜ੍ਹਨ ਨਾਲ) ਗਿਆਨ-ਇੰਦ੍ਰੇ ਇਕ ਛਿਨ ਵਾਸਤੇ ਭੀ ਸ਼ਾਂਤ ਨਹੀਂ ਹੁੰਦੇ।

ਕੋਈ ਐਸੋ ਰੇ ਭਗਤੁ ਜੁ ਮਾਇਆ ਤੇ ਰਹਤੁ ਇਕੁ ਅੰਮ੍ਰਿਤ ਨਾਮੁ ਮੇਰੈ ਰਿਦੈ ਸਿੰਚਾ ॥੩॥

ਹੇ ਭਾਈ! ਕੋਈ ਅਜੇਹਾ ਭਗਤ (ਮਿਲ ਪਏ) ਜੇਹੜਾ (ਆਪ) ਮਾਇਆ ਤੋਂ ਨਿਰਲੇਪ ਹੋਵੇ, (ਉਹੀ ਭਗਤ) ਮੇਰੇ ਹਿਰਦੇ ਵਿਚ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਸਿੰਜ ਸਕਦਾ ਹੈ ॥੩॥

ਜੇਤੇ ਰੇ ਤੀਰਥ ਨਾਏ ਅਹੰਬੁਧਿ ਮੈਲੁ ਲਾਏ ਘਰ ਕੋ ਠਾਕੁਰੁ ਇਕੁ ਤਿਲੁ ਨ ਮਾਨੈ ॥

ਹੇ ਭਾਈ! ਜਿਤਨੇ ਭੀ ਤੀਰਥ ਹਨ ਜੇ ਉਹਨਾਂ ਉਤੇ ਇਸ਼ਨਾਨ ਕੀਤਾ ਜਾਏ; ਉਹ ਇਸ਼ਨਾਨ ਸਗੋਂ ਮਨ ਨੂੰ ਹਉਮੈ ਦੀ ਮੈਲ ਲਾ ਦੇਂਦੇ ਹਨ, (ਇਹਨਾਂ ਤੀਰਥ-ਇਸ਼ਨਾਨਾਂ ਨਾਲ) ਪਰਮਾਤਮਾ ਰਤਾ ਭਰ ਭੀ ਪ੍ਰਸੰਨ ਨਹੀਂ ਹੁੰਦਾ।

ਕਦਿ ਪਾਵਉ ਸਾਧਸੰਗੁ ਹਰਿ ਹਰਿ ਸਦਾ ਆਨੰਦੁ ਗਿਆਨ ਅੰਜਨਿ ਮੇਰਾ ਮਨੁ ਇਸਨਾਨੈ ॥੪॥

(ਮੇਰੀ ਤਾਂ ਇਹ ਤਾਂਘ ਹੈ ਕਿ) ਮੈਂ ਕਦੇ ਸਾਧ ਸੰਗਤਿ ਪ੍ਰਾਪਤ ਕਰ ਸਕਾਂ, (ਸਾਧ ਸੰਗਤਿ ਦੀ ਬਰਕਤਿ ਨਾਲ ਮਨ ਵਿਚ) ਸਦਾ ਆਤਮਕ ਆਨੰਦ ਬਣਿਆ ਰਹੇ, ਤੇ, ਮੇਰਾ ਮਨ ਗਿਆਨ ਦੇ ਸੁਰਮੇ ਨਾਲ (ਆਪਣੇ ਆਪ ਨੂੰ) ਪਵਿਤ੍ਰ ਕਰ ਲਏ ॥੪॥

ਸਗਲ ਅਸ੍ਰਮ ਕੀਨੇ ਮਨੂਆ ਨਹ ਪਤੀਨੇ ਬਿਬੇਕਹੀਨ ਦੇਹੀ ਧੋਏ ॥

ਹੇ ਭਾਈ! ਸਾਰੇ ਹੀ ਆਸ੍ਰਮਾਂ ਦੇ ਧਰਮ ਕਮਾਇਆਂ ਭੀ ਮਨ ਨਹੀਂ ਪਤੀਜਦਾ। ਵਿਚਾਰ-ਹੀਨ ਮਨੁੱਖ ਸਿਰਫ਼ ਸਰੀਰ ਨੂੰ ਹੀ ਸਾਫ਼-ਸੁਥਰਾ ਕਰਦੇ ਰਹਿੰਦੇ ਹਨ।

ਕੋਈ ਪਾਈਐ ਰੇ ਪੁਰਖੁ ਬਿਧਾਤਾ ਪਾਰਬ੍ਰਹਮ ਕੈ ਰੰਗਿ ਰਾਤਾ ਮੇਰੇ ਮਨ ਕੀ ਦੁਰਮਤਿ ਮਲੁ ਖੋਏ ॥੫॥

ਹੇ ਭਾਈ! (ਮੇਰੀ ਇਹ ਲਾਲਸਾ ਹੈ ਕਿ) ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗਿਆ ਹੋਇਆ, ਪਰਮਾਤਮਾ ਦਾ ਰੂਪ ਕੋਈ ਮਹਾ ਪੁਰਖ ਲੱਭ ਪਏ, ਤੇ, ਉਹ ਮੇਰੇ ਮਨ ਦੀ ਭੈੜੀ ਮਤਿ ਦੀ ਮੈਲ ਦੂਰ ਕਰ ਦੇਵੇ ॥੫॥

ਕਰਮ ਧਰਮ ਜੁਗਤਾ ਨਿਮਖ ਨ ਹੇਤੁ ਕਰਤਾ ਗਰਬਿ ਗਰਬਿ ਪੜੈ ਕਹੀ ਨ ਲੇਖੈ ॥

ਹੇ ਭਾਈ! ਜੇਹੜਾ ਮਨੁੱਖ (ਤੀਰਥ-ਇਸ਼ਨਾਨ ਆਦਿਕ ਮਿਥੇ ਹੋਏ) ਧਾਰਮਿਕ ਕਰਮਾਂ ਵਿਚ ਹੀ ਰੁੱਝਾ ਰਹਿੰਦਾ ਹੈ, ਰਤਾ-ਭਰ ਸਮੇ ਲਈ ਭੀ ਪਰਮਾਤਮਾ ਨਾਲ ਪਿਆਰ ਨਹੀਂ ਕਰਦਾ, (ਉਹ ਇਹਨਾਂ ਕੀਤੇ ਕਰਮਾਂ ਦੇ ਆਸਰੇ) ਮੁੜ ਮੁੜ ਅਹੰਕਾਰ ਵਿਚ ਟਿਕਿਆ ਰਹਿੰਦਾ ਹੈ, (ਇਹਨਾਂ ਕੀਤੇ ਧਾਰਮਿਕ ਕਰਮਾਂ ਵਿਚੋਂ ਕੋਈ ਭੀ ਕਰਮ) ਕਿਸੇ ਕੰਮ ਨਹੀਂ ਆਉਂਦਾ।

ਜਿਸੁ ਭੇਟੀਐ ਸਫਲ ਮੂਰਤਿ ਕਰੈ ਸਦਾ ਕੀਰਤਿ ਗੁਰਪਰਸਾਦਿ ਕੋਊ ਨੇਤ੍ਰਹੁ ਪੇਖੈ ॥੬॥

ਹੇ ਭਾਈ! ਜਿਸ ਮਨੁੱਖ ਨੂੰ ਉਹ ਗੁਰੂ ਮਿਲ ਪੈਂਦਾ ਹੈ ਜੋ ਸਾਰੀਆਂ ਮੁਰਾਦਾਂ ਪੂਰੀਆਂ ਕਰਨ ਵਾਲਾ ਹੈ ਅਤੇ ਜਿਸ ਦੀ ਕਿਰਪਾ ਨਾਲ ਮਨੁੱਖ ਸਦਾ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਦਾ ਹੈ, ਉਸ ਗੁਰੂ ਦੀ ਕਿਰਪਾ ਨਾਲ ਕੋਈ ਭਾਗਾਂ ਵਾਲਾ ਮਨੁੱਖ ਪਰਮਾਤਮਾ ਨੂੰ ਆਪਣੀਆਂ ਅੱਖਾਂ ਨਾਲ (ਹਰ ਥਾਂ ਵੱਸਦਾ) ਵੇਖ ਲੈਂਦਾ ਹੈ ॥੬॥

ਮਨਹਠਿ ਜੋ ਕਮਾਵੈ ਤਿਲੁ ਨ ਲੇਖੈ ਪਾਵੈ ਬਗੁਲ ਜਿਉ ਧਿਆਨੁ ਲਾਵੈ ਮਾਇਆ ਰੇ ਧਾਰੀ ॥

ਹੇ ਭਾਈ! ਜੇਹੜਾ ਮਨੁੱਖ ਮਨ ਦੇ ਹਠ ਨਾਲ (ਤਪ ਆਦਿਕ ਘਾਲ) ਕਰਦਾ ਹੈ, (ਪਰਮਾਤਮਾ ਉਸਦੀ ਇਸ ਮੇਹਨਤ ਨੂੰ) ਰਤਾ ਭਰ ਭੀ ਪਰਵਾਨ ਨਹੀਂ ਕਰਦਾ (ਕਿਉਂਕਿ) ਹੇ ਭਾਈ! ਉਹ ਮਨੁੱਖ ਤਾਂ ਬਗੁਲੇ ਵਾਂਗ ਹੀ ਸਮਾਧੀ ਲਾ ਰਿਹਾ ਹੁੰਦਾ ਹੈ; ਆਪਣੇ ਮਨ ਵਿਚ ਉਹ ਮਾਇਆ ਦਾ ਮੋਹ ਹੀ ਟਿਕਾਈ ਰੱਖਦਾ ਹੈ।

ਕੋਈ ਐਸੋ ਰੇ ਸੁਖਹ ਦਾਈ ਪ੍ਰਭ ਕੀ ਕਥਾ ਸੁਨਾਈ ਤਿਸੁ ਭੇਟੇ ਗਤਿ ਹੋਇ ਹਮਾਰੀ ॥੭॥

ਹੇ ਭਾਈ! ਜੇ ਕੋਈ ਅਜੇਹਾ ਆਤਮਕ ਆਨੰਦ-ਦਾਤਾ ਮਿਲ ਪਏ, ਜੇਹੜਾ ਸਾਨੂੰ ਪਰਮਾਤਮਾ ਦੀ ਸਿਫ਼ਤ-ਸਾਲਾਹ ਦੀ ਗੱਲ ਸੁਣਾਏ, ਤਾਂ ਉਸ ਨੂੰ ਮਿਲ ਕੇ ਸਾਡੀ ਆਤਮਕ ਅਵਸਥਾ ਉੱਚੀ ਹੋ ਸਕਦੀ ਹੈ ॥੭॥

ਸੁਪ੍ਰਸੰਨ ਗੋਪਾਲ ਰਾਇ ਕਾਟੈ ਰੇ ਬੰਧਨ ਮਾਇ ਗੁਰ ਕੈ ਸਬਦਿ ਮੇਰਾ ਮਨੁ ਰਾਤਾ ॥

ਹੇ ਭਾਈ! ਜਿਸ ਮਨੁੱਖ ਉਤੇ ਪ੍ਰਭੂ-ਪਾਤਿਸ਼ਾਹ ਦਇਆਲ ਹੁੰਦਾ ਹੈ, (ਗੁਰੂ ਉਸ ਦੇ) ਮਾਇਆ ਦੇ ਬੰਧਨ ਕੱਟ ਦੇਂਦਾ ਹੈ। ਹੇ ਭਾਈ! ਮੇਰਾ ਮਨ (ਭੀ) ਗੁਰੂ ਦੇ ਸ਼ਬਦ ਵਿਚ (ਹੀ) ਮਗਨ ਰਹਿੰਦਾ ਹੈ।

ਸਦਾ ਸਦਾ ਆਨੰਦੁ ਭੇਟਿਓ ਨਿਰਭੈ ਗੋਬਿੰਦੁ ਸੁਖ ਨਾਨਕ ਲਾਧੇ ਹਰਿ ਚਰਨ ਪਰਾਤਾ ॥੮॥

ਹੇ ਨਾਨਕ! (ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਨੂੰ) ਸਾਰੇ ਡਰਾਂ ਤੋਂ ਰਹਿਤ ਗੋਬਿੰਦ ਮਿਲ ਪੈਂਦਾ ਹੈ, ਉਸ ਦੇ ਅੰਦਰ ਸਦਾ ਆਨੰਦ ਬਣਿਆ ਰਹਿੰਦਾ ਹੈ, ਪਰਮਾਤਮਾ ਦੇ ਚਰਨਾਂ ਵਿਚ ਲੀਨ ਰਹਿ ਕੇ ਉਹ ਮਨੁੱਖ ਸਾਰੇ ਸੁਖ ਪ੍ਰਾਪਤ ਕਰ ਲੈਂਦਾ ਹੈ ॥੮॥

ਸਫਲ ਸਫਲ ਭਈ ਸਫਲ ਜਾਤ੍ਰਾ ॥

(ਹੇ ਭਾਈ! ਗੁਰੂ ਦੇ ਦਰ ਤੇ ਪਿਆਂ) ਮਨੁੱਖਾ ਜੀਵਨ ਵਾਲਾ ਸਫ਼ਰ ਕਾਮਯਾਬ ਹੋ ਜਾਂਦਾ ਹੈ।

ਆਵਣ ਜਾਣ ਰਹੇ ਮਿਲੇ ਸਾਧਾ ॥੧॥ ਰਹਾਉ ਦੂਜਾ ॥੧॥੩॥

ਗੁਰੂ ਨੂੰ ਮਿਲ ਕੇ ਜਨਮ ਮਰਨ ਦੇ ਗੇੜ ਮੁੱਕ ਜਾਂਦੇ ਹਨ।੧।ਰਹਾਉ ਦੂਜਾ ॥੧॥ਰਹਾਉ ਦੂਜਾ॥੧॥੩॥

ਧਨਾਸਰੀ ਮਹਲਾ ੧ ਛੰਤ ॥

ਰਾਗ ਧਨਾਸਰੀ ਵਿੱਚ ਗੁਰੂ ਨਾਨਕਦੇਵ ਜੀ ਦੀ ਬਾਣੀ 'ਛੰਤ' (ਛੰਦ)।

ੴ ਸਤਿਗੁਰ ਪ੍ਰਸਾਦਿ ॥

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਤੀਰਥਿ ਨਾਵਣ ਜਾਉ ਤੀਰਥੁ ਨਾਮੁ ਹੈ ॥

ਮੈਂ (ਭੀ) ਤੀਰਥ ਉਤੇ ਇਸ਼ਨਾਨ ਕਰਨ ਜਾਂਦਾ ਹਾਂ (ਪਰ ਮੇਰੇ ਵਾਸਤੇ ਪਰਮਾਤਮਾ ਦਾ) ਨਾਮ (ਹੀ) ਤੀਰਥ ਹੈ।

ਤੀਰਥੁ ਸਬਦ ਬੀਚਾਰੁ ਅੰਤਰਿ ਗਿਆਨੁ ਹੈ ॥

ਗੁਰੂ ਦੇ ਸ਼ਬਦ ਨੂੰ ਵਿਚਾਰ-ਮੰਡਲ ਵਿਚ ਟਿਕਾਣਾ (ਮੇਰੇ ਵਾਸਤੇ) ਤੀਰਥ ਹੈ (ਕਿਉਂਕਿ ਇਸ ਦੀ ਬਰਕਤਿ ਨਾਲ) ਮੇਰੇ ਅੰਦਰ ਪਰਮਾਤਮਾ ਨਾਲ ਡੂੰਘੀ ਸਾਂਝ ਬਣਦੀ ਹੈ।

ਗੁਰ ਗਿਆਨੁ ਸਾਚਾ ਥਾਨੁ ਤੀਰਥੁ ਦਸ ਪੁਰਬ ਸਦਾ ਦਸਾਹਰਾ ॥

ਸਤਿਗੁਰੂ ਦਾ ਬਖ਼ਸ਼ਿਆ ਇਹ ਗਿਆਨ ਮੇਰੇ ਵਾਸਤੇ ਸਦਾ ਕਾਇਮ ਰਹਿਣ ਵਾਲਾ ਤੀਰਥ-ਅਸਥਾਨ ਹੈ, ਮੇਰੇ ਵਾਸਤੇ ਦਸ ਪਵਿਤ੍ਰ ਦਿਹਾੜੇ ਹੈ, ਮੇਰੇ ਵਾਸਤੇ ਗੰਗਾ ਦਾ ਜਨਮ-ਦਿਨ ਹੈ।

ਹਉ ਨਾਮੁ ਹਰਿ ਕਾ ਸਦਾ ਜਾਚਉ ਦੇਹੁ ਪ੍ਰਭ ਧਰਣੀਧਰਾ ॥

ਮੈਂ ਤਾਂ ਸਦਾ ਪ੍ਰਭੂ ਦਾ ਨਾਮ ਹੀ ਮੰਗਦਾ ਹਾਂ ਤੇ (ਅਰਦਾਸ ਕਰਦਾ ਹਾਂ-) ਹੇ ਧਰਤੀ ਦੇ ਆਸਰੇ ਪ੍ਰਭੂ! (ਮੈਨੂੰ ਆਪਣਾ ਨਾਮ) ਦੇਹ।

ਸੰਸਾਰੁ ਰੋਗੀ ਨਾਮੁ ਦਾਰੂ ਮੈਲੁ ਲਾਗੈ ਸਚ ਬਿਨਾ ॥

ਜਗਤ (ਵਿਕਾਰਾਂ ਵਿਚ) ਰੋਗੀ ਹੋਇਆ ਪਿਆ ਹੈ, ਪਰਮਾਤਮਾ ਦਾ ਨਾਮ (ਇਹਨਾਂ ਰੋਗਾਂ ਦਾ) ਇਲਾਜ ਹੈ। ਸਦਾ-ਥਿਰ ਪ੍ਰਭੂ ਦੇ ਨਾਮ ਤੋਂ ਬਿਨਾ (ਮਨ ਨੂੰ ਵਿਕਾਰਾਂ ਦੀ) ਮੈਲ ਲੱਗ ਜਾਂਦੀ ਹੈ।

ਗੁਰ ਵਾਕੁ ਨਿਰਮਲੁ ਸਦਾ ਚਾਨਣੁ ਨਿਤ ਸਾਚੁ ਤੀਰਥੁ ਮਜਨਾ ॥੧॥

ਗੁਰੂ ਦਾ ਪਵਿਤ੍ਰ ਸ਼ਬਦ (ਮਨੁੱਖ ਨੂੰ) ਸਦਾ (ਆਤਮਕ) ਚਾਨਣ (ਦੇਂਦਾ ਹੈ, ਇਹੀ) ਨਿੱਤ ਸਦਾ ਕਾਇਮ ਰਹਿਣ ਵਾਲਾ ਤੀਰਥ ਹੈ, ਇਹੀ ਤੀਰਥ-ਇਸ਼ਨਾਨ ਹੈ ॥੧॥

ਸਾਚਿ ਨ ਲਾਗੈ ਮੈਲੁ ਕਿਆ ਮਲੁ ਧੋਈਐ ॥

ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਜੁੜਿਆਂ ਮਨ ਨੂੰ (ਵਿਕਾਰਾਂ ਦੀ) ਮੈਲ ਨਹੀਂ ਲੱਗਦੀ, (ਫਿਰ ਤੀਰਥ ਆਦਿਕਾਂ ਤੇ ਜਾ ਕੇ) ਕੋਈ ਮੈਲ ਧੋਣ ਦੀ ਲੋੜ ਹੀ ਨਹੀਂ ਪੈਂਦੀ।

ਗੁਣਹਿ ਹਾਰੁ ਪਰੋਇ ਕਿਸ ਕਉ ਰੋਈਐ ॥

ਪਰਮਾਤਮਾ ਦੇ ਗੁਣਾਂ ਦਾ ਹਾਰ (ਹਿਰਦੇ ਵਿਚ) ਪ੍ਰੋ ਕੇ ਕਿਸੇ ਅੱਗੇ ਪੁਕਾਰ ਕਰਨ ਦੀ ਭੀ ਲੋੜ ਨਹੀਂ ਪੈਂਦੀ।

ਵੀਚਾਰਿ ਮਾਰੈ ਤਰੈ ਤਾਰੈ ਉਲਟਿ ਜੋਨਿ ਨ ਆਵਏ ॥

ਜੇਹੜਾ ਮਨੁੱਖ ਗੁਰੂ ਦੇ ਸ਼ਬਦ ਦੀ ਵਿਚਾਰ ਰਾਹੀਂ (ਆਪਣੇ ਮਨ ਨੂੰ ਵਿਕਾਰਾਂ ਵਲੋਂ) ਮਾਰ ਲੈਂਦਾ ਹੈ, ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ, (ਹੋਰਨਾਂ ਨੂੰ ਭੀ) ਪਾਰ ਲੰਘਾ ਲੈਂਦਾ ਹੈ, ਉਹ ਮੁੜ ਜੂਨਾਂ (ਦੇ ਚੱਕਰ) ਵਿਚ ਨਹੀਂ ਆਉਂਦਾ।

ਆਪਿ ਪਾਰਸੁ ਪਰਮ ਧਿਆਨੀ ਸਾਚੁ ਸਾਚੇ ਭਾਵਏ ॥

ਉਹ ਮਨੁੱਖ ਆਪ ਪਾਰਸ ਬਣ ਜਾਂਦਾ ਹੈ, ਬੜੀ ਹੀ ਉੱਚੀ ਸੁਰਤਿ ਦਾ ਮਾਲਕ ਹੋ ਜਾਂਦਾ ਹੈ, ਉਹ ਸਦਾ-ਥਿਰ ਪ੍ਰਭੂ ਦਾ ਰੂਪ ਬਣ ਜਾਂਦਾ ਹੈ, ਉਹ ਸਦਾ-ਥਿਰ ਪ੍ਰਭੂ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ।

ਆਨੰਦੁ ਅਨਦਿਨੁ ਹਰਖੁ ਸਾਚਾ ਦੂਖ ਕਿਲਵਿਖ ਪਰਹਰੇ ॥

ਉਸ ਦੇ ਅੰਦਰ ਹਰ ਵੇਲੇ ਆਨੰਦ ਬਣਿਆ ਰਹਿੰਦਾ ਹੈ, ਸਦਾ-ਥਿਰ ਰਹਿਣ ਵਾਲੀ ਖ਼ੁਸ਼ੀ ਪੈਦਾ ਹੋ ਜਾਂਦੀ ਹੈ, ਉਹ ਮਨੁੱਖ ਆਪਣੇ (ਸਾਰੇ) ਦੁੱਖ ਪਾਪ ਦੂਰ ਕਰ ਲੈਂਦਾ ਹੈ।

ਸਚੁ ਨਾਮੁ ਪਾਇਆ ਗੁਰਿ ਦਿਖਾਇਆ ਮੈਲੁ ਨਾਹੀ ਸਚ ਮਨੇ ॥੨॥

ਜਿਸ ਮਨੁੱਖ ਨੇ ਸਦਾ-ਥਿਰ ਪ੍ਰਭੂ-ਨਾਮ ਪ੍ਰਾਪਤ ਕਰ ਲਿਆ, ਜਿਸ ਨੂੰ ਗੁਰੂ ਨੇ (ਪ੍ਰਭੂ) ਵਿਖਾ ਦਿੱਤਾ, ਉਸ ਦੇ ਸਦਾ-ਥਿਰ ਨਾਮ ਜਪਦੇ ਮਨ ਨੂੰ ਕਦੇ ਵਿਕਾਰਾਂ ਦੀ ਮੈਲ ਨਹੀਂ ਲੱਗਦੀ ॥੨॥

ਸੰਗਤਿ ਮੀਤ ਮਿਲਾਪੁ ਪੂਰਾ ਨਾਵਣੋ ॥

ਸਾਧ ਸੰਗਤਿ ਵਿਚ ਮਿੱਤਰ-ਪ੍ਰਭੂ ਦਾ ਮਿਲਾਪ ਹੋ ਜਾਣਾ-ਇਹੀ ਉਹ ਤੀਰਥ-ਇਸ਼ਨਾਨ ਹੈ ਜਿਸ ਵਿਚ ਕੋਈ ਉਕਾਈ ਨਹੀਂ ਰਹਿ ਜਾਂਦੀ।


ਸੂਚੀ (1 - 1430)
ਜਪੁ ਅੰਗ: 1 - 8
ਸੋ ਦਰੁ ਅੰਗ: 8 - 10
ਸੋ ਪੁਰਖੁ ਅੰਗ: 10 - 12
ਸੋਹਿਲਾ ਅੰਗ: 12 - 13
ਸਿਰੀ ਰਾਗੁ ਅੰਗ: 14 - 93
ਰਾਗੁ ਮਾਝ ਅੰਗ: 94 - 150
ਰਾਗੁ ਗਉੜੀ ਅੰਗ: 151 - 346
ਰਾਗੁ ਆਸਾ ਅੰਗ: 347 - 488
ਰਾਗੁ ਗੂਜਰੀ ਅੰਗ: 489 - 526
ਰਾਗੁ ਦੇਵਗੰਧਾਰੀ ਅੰਗ: 527 - 536
ਰਾਗੁ ਬਿਹਾਗੜਾ ਅੰਗ: 537 - 556
ਰਾਗੁ ਵਡਹੰਸੁ ਅੰਗ: 557 - 594
ਰਾਗੁ ਸੋਰਠਿ ਅੰਗ: 595 - 659
ਰਾਗੁ ਧਨਾਸਰੀ ਅੰਗ: 660 - 695
ਰਾਗੁ ਜੈਤਸਰੀ ਅੰਗ: 696 - 710
ਰਾਗੁ ਟੋਡੀ ਅੰਗ: 711 - 718
ਰਾਗੁ ਬੈਰਾੜੀ ਅੰਗ: 719 - 720
ਰਾਗੁ ਤਿਲੰਗ ਅੰਗ: 721 - 727
ਰਾਗੁ ਸੂਹੀ ਅੰਗ: 728 - 794
ਰਾਗੁ ਬਿਲਾਵਲੁ ਅੰਗ: 795 - 858
ਰਾਗੁ ਗੋਂਡ ਅੰਗ: 859 - 875
ਰਾਗੁ ਰਾਮਕਲੀ ਅੰਗ: 876 - 974
ਰਾਗੁ ਨਟ ਨਾਰਾਇਨ ਅੰਗ: 975 - 983
ਰਾਗੁ ਮਾਲੀ ਗਉੜਾ ਅੰਗ: 984 - 988
ਰਾਗੁ ਮਾਰੂ ਅੰਗ: 989 - 1106
ਰਾਗੁ ਤੁਖਾਰੀ ਅੰਗ: 1107 - 1117
ਰਾਗੁ ਕੇਦਾਰਾ ਅੰਗ: 1118 - 1124
ਰਾਗੁ ਭੈਰਉ ਅੰਗ: 1125 - 1167
ਰਾਗੁ ਬਸੰਤੁ ਅੰਗ: 1168 - 1196
ਰਾਗੁ ਸਾਰੰਗ ਅੰਗ: 1197 - 1253
ਰਾਗੁ ਮਲਾਰ ਅੰਗ: 1254 - 1293
ਰਾਗੁ ਕਾਨੜਾ ਅੰਗ: 1294 - 1318
ਰਾਗੁ ਕਲਿਆਨ ਅੰਗ: 1319 - 1326
ਰਾਗੁ ਪ੍ਰਭਾਤੀ ਅੰਗ: 1327 - 1351
ਰਾਗੁ ਜੈਜਾਵੰਤੀ ਅੰਗ: 1352 - 1359
ਸਲੋਕ ਸਹਸਕ੍ਰਿਤੀ ਅੰਗ: 1353 - 1360
ਗਾਥਾ ਮਹਲਾ ੫ ਅੰਗ: 1360 - 1361
ਫੁਨਹੇ ਮਹਲਾ ੫ ਅੰਗ: 1361 - 1663
ਚਉਬੋਲੇ ਮਹਲਾ ੫ ਅੰਗ: 1363 - 1364
ਸਲੋਕੁ ਭਗਤ ਕਬੀਰ ਜੀਉ ਕੇ ਅੰਗ: 1364 - 1377
ਸਲੋਕੁ ਸੇਖ ਫਰੀਦ ਕੇ ਅੰਗ: 1377 - 1385
ਸਵਈਏ ਸ੍ਰੀ ਮੁਖਬਾਕ ਮਹਲਾ ੫ ਅੰਗ: 1385 - 1389
ਸਵਈਏ ਮਹਲੇ ਪਹਿਲੇ ਕੇ ਅੰਗ: 1389 - 1390
ਸਵਈਏ ਮਹਲੇ ਦੂਜੇ ਕੇ ਅੰਗ: 1391 - 1392
ਸਵਈਏ ਮਹਲੇ ਤੀਜੇ ਕੇ ਅੰਗ: 1392 - 1396
ਸਵਈਏ ਮਹਲੇ ਚਉਥੇ ਕੇ ਅੰਗ: 1396 - 1406
ਸਵਈਏ ਮਹਲੇ ਪੰਜਵੇ ਕੇ ਅੰਗ: 1406 - 1409
ਸਲੋਕੁ ਵਾਰਾ ਤੇ ਵਧੀਕ ਅੰਗ: 1410 - 1426
ਸਲੋਕੁ ਮਹਲਾ ੯ ਅੰਗ: 1426 - 1429
ਮੁੰਦਾਵਣੀ ਮਹਲਾ ੫ ਅੰਗ: 1429 - 1429
ਰਾਗਮਾਲਾ ਅੰਗ: 1430 - 1430