ਜੇਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜ ਕੇ ਗਾਵਣ-ਜੋਗ ਪ੍ਰਭੂ (ਦੇ ਗੁਣ) ਗਾਂਦਾ ਹੈ ਉਸ ਦਾ ਜੀਵਨ ਸੋਹਣਾ ਬਣ ਜਾਂਦਾ ਹੈ।
ਸਤਿਗੁਰੂ ਨੂੰ (ਜੀਵਨ-ਦਾਤਾ) ਮੰਨ ਕੇ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਕਰ ਕੇ ਮਨੁੱਖ ਦੀ ਮਤਿ ਦੂਜਿਆਂ ਦੀ ਸੇਵਾ ਕਰਨ ਵਾਲੀ ਸਭ ਤੇ ਦਇਆ ਕਰਨ ਵਾਲੀ ਬਣ ਜਾਂਦੀ ਹੈ।
(ਸਿਫ਼ਤ-ਸਾਲਾਹ ਦੀ ਬਰਕਤਿ ਨਾਲ ਮਨੁੱਖ) ਪਤੀ-ਪ੍ਰਭੂ ਦੀ ਸੰਗਤਿ ਵਿਚ ਰਹਿ ਕੇ ਉਸ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ ਆਤਮਕ ਅਡੋਲਤਾ ਵਿਚ (ਮਾਨੋ, ਆਤਮਕ) ਇਸ਼ਨਾਨ ਕਰਦਾ ਹੈ; ਇਹੀ ਉਸ ਦੇ ਵਾਸਤੇ ਸੁੱਚੇ ਤੋਂ ਸੁੱਚਾ ਤ੍ਰਿਬੇਣੀ ਸੰਗਮ (ਦਾ ਇਸ਼ਨਾਨ) ਹੈ।
(ਹੇ ਭਾਈ!) ਉਸ ਸਦਾ-ਥਿਰ ਰਹਿਣ ਵਾਲੇ ਇੱਕ ਅਕਾਲ ਪੁਰਖ ਨੂੰ ਸਿਮਰ, ਜੋ ਸਦਾ (ਸਭ ਜੀਵਾਂ ਨੂੰ ਦਾਤਾਂ) ਦੇਂਦਾ ਹੈ ਤੇ (ਜਿਸ ਦੀਆਂ ਦਿੱਤੀਆਂ ਦਾਤਾਂ ਦਿਨੋ ਦਿਨ) ਵਧਦੀਆਂ ਹਨ।
ਮਿੱਤਰ-ਪ੍ਰਭੂ ਦੀ ਸੰਗਤਿ ਵਿਚ, ਗੁਰੂ ਸੰਤ ਦੀ ਸੰਗਤਿ ਵਿਚ ਆਤਮਕ ਅਵਸਥਾ ਉੱਚੀ ਹੋ ਜਾਂਦੀ ਹੈ, ਪ੍ਰਭੂ ਮੇਹਰ ਦੀ ਨਜ਼ਰ ਕਰ ਕੇ ਆਪਣੀ ਸੰਗਤਿ ਵਿਚ ਮਿਲਾ ਲੈਂਦਾ ਹੈ ॥੩॥
ਹਰੇਕ ਜੀਵ (ਪਰਮਾਤਮਾ ਬਾਰੇ) ਕਥਨ ਕਰਦਾ ਹੈ (ਤੇ ਆਖਦਾ ਹੈ ਕਿ ਪਰਮਾਤਮਾ ਬਹੁਤ ਵੱਡਾ ਹੈ, ਪਰ) ਕੋਈ ਨਹੀਂ ਦੱਸ ਸਕਦਾ ਕਿ ਉਹ ਕੇਡਾ ਵੱਡਾ ਹੈ।
(ਮੈਂ ਇਤਨੇ ਜੋਗਾ ਨਹੀਂ ਕਿ ਪਰਮਾਤਮਾ ਦਾ ਸਰੂਪ ਬਿਆਨ ਕਰ ਸਕਾਂ) ਮੈਂ (ਤਾਂ) ਮੂਰਖ ਹਾਂ, ਨੀਵੇਂ ਸੁਭਾਵ ਦਾ ਹਾਂ, ਅੰਞਾਣ ਹਾਂ, ਮੈਂ ਤਾਂ ਗੁਰੂ ਦੇ ਉਪਦੇਸ਼ ਨਾਲ ਹੀ (ਕੁਝ) ਸਮਝ ਸਕਦਾ ਹਾਂ (ਭਾਵ, ਮੈਂ ਤਾਂ ਉਤਨਾ ਕੁਝ ਹੀ ਮਸਾਂ ਸਮਝ ਸਕਦਾ ਹਾਂ ਜਿਤਨਾ ਗੁਰੂ ਆਪਣੇ ਸ਼ਬਦ ਦੀ ਰਾਹੀਂ ਸਮਝਾਏ)।
ਮੇਰਾ ਮਨ ਤਾਂ ਉਸ ਗੁਰ-ਸ਼ਬਦ ਵਿਚ ਹੀ ਪਤੀਜ ਗਿਆ ਹੈ ਜੋ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਕਰਦਾ ਹੈ ਤੇ ਜੋ ਆਤਮਕ ਜੀਵਨ ਦੇਣ ਵਾਲਾ ਹੈ।
ਜੇਹੜੇ ਜੀਵ (ਮਾਇਆ-ਮੋਹ ਦੇ) ਜ਼ਹਰ ਨਾਲ ਲੱਦੇ ਹੋਏ ਜਗਤ ਵਿਚ ਆਉਂਦੇ ਹਨ (ਗੁਰੂ ਦੇ ਸ਼ਬਦ ਨੂੰ ਵਿਸਾਰ ਕੇ ਤੇ ਤੀਰਥ-ਇਸ਼ਨਾਨ ਆਦਿਕ ਦੀ ਟੇਕ ਰੱਖ ਕੇ, ਉਸੇ ਜ਼ਹਰ ਨਾਲ ਲੱਦੇ ਹੋਏ ਹੀ ਜਗਤ ਤੋਂ) ਕੂਚ ਕਰ ਜਾਂਦੇ ਹਨ, ਪਰ ਜੇਹੜੇ ਮਨੁੱਖ ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ ਦੇ ਸ਼ਬਦ ਵਿਚ ਜੁੜਦੇ ਹਨ, ਉਹਨਾਂ ਨੂੰ ਮੇਰਾ ਗੁਰੂ ਉਸ ਜ਼ਹਰ ਦੇ ਭਾਰ ਤੋਂ ਬਚਾ ਲੈਂਦਾ ਹੈ।
(ਪਰਮਾਤਮਾ ਦੇ ਗੁਣ ਬੇਅੰਤ ਹਨ, ਗੁਣ) ਬਿਆਨ ਕਰਨ ਨਾਲ ਮੁੱਕਦੇ ਨਹੀਂ, (ਪਰਮਾਤਮਾ ਦੀ ਭਗਤੀ ਦੇ ਖ਼ਜ਼ਾਨੇ ਭਰੇ ਪਏ ਹਨ, ਜੀਵਾਂ ਨੂੰ ਭਗਤੀ ਦੀ ਦਾਤਿ ਵੰਡਿਆਂ) ਭਗਤੀ ਦੇ ਖ਼ਜ਼ਾਨਿਆਂ ਵਿਚ ਕੋਈ ਕਮੀ ਨਹੀਂ ਹੁੰਦੀ, (ਪਰ ਭਗਤੀ ਕਰਨ ਨਾਲ ਤੇ ਪ੍ਰਭੂ ਦੀ ਸਿਫ਼ਤ-ਸਾਲਾਹ ਕਰਨ ਨਾਲ ਮਨੁੱਖ ਨੂੰ ਇਹ ਨਿਸ਼ਚਾ ਬਣ ਜਾਂਦਾ ਹੈ ਕਿ) ਪਰਮਾਤਮਾ ਹੀ ਹਰ ਥਾਂ ਵਿਆਪਕ ਹੈ।
ਹੇ ਨਾਨਕ! ਜੇਹੜਾ ਮਨੁੱਖ ਸਦਾ-ਥਿਰ ਪ੍ਰਭੂ ਦਾ ਸਿਮਰਨ ਕਰਦਾ ਹੈ, ਜੋ ਪ੍ਰਭੂ-ਦਰ ਤੇ ਅਰਦਾਸਾਂ ਕਰਦਾ ਹੈ (ਤੇ ਇਸ ਤਰ੍ਹਾਂ) ਆਪਣੇ ਮਨ ਨੂੰ ਵਿਕਾਰਾਂ ਦੀ ਮੈਲ ਤੋਂ ਸਾਫ਼ ਕਰ ਲੈਂਦਾ ਹੈ ਉਸ ਨੂੰ ਹਰ ਥਾਂ ਉਹ ਸਦਾ-ਥਿਰ ਪ੍ਰਭੂ ਹੀ ਦਿੱਸਦਾ ਹੈ (ਤੀਰਥ-ਇਸ਼ਨਾਨਾਂ ਨਾਲ ਇਹ ਆਤਮਕ ਅਵਸਥਾ ਪ੍ਰਾਪਤ ਨਹੀਂ ਹੁੰਦੀ) ॥੪॥੧॥
ਹੇ ਪ੍ਰਭੂ ਜੀ! ਤੇਰੇ ਨਾਮ ਵਿਚ (ਜੁੜ ਕੇ) ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ, ਮੇਰੇ ਮਨ ਵਿਚ ਖ਼ੁਸ਼ੀ ਪੈਦਾ ਹੁੰਦੀ ਹੈ।
ਹੇ ਭਾਈ! ਪਰਮਾਤਮਾ ਦਾ ਨਾਮ ਸਦਾ-ਥਿਰ ਰਹਿਣ ਵਾਲਾ ਹੈ, ਪ੍ਰਭੂ ਗੁਣਾਂ (ਦਾ ਖ਼ਜ਼ਾਨਾ) ਹੈ ਤੇ ਧਰਤੀ ਦੇ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ।
ਗੁਰੂ ਦਾ ਬਖ਼ਸ਼ਿਆ ਗਿਆਨ ਦੱਸਦਾ ਹੈ ਕਿ ਸਿਰਜਣਹਾਰ ਪ੍ਰਭੂ ਬੇਅੰਤ ਹੈ, ਜਿਸ ਨੇ ਇਹ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹੀ ਇਸ ਨੂੰ ਨਾਸ ਕਰਦਾ ਹੈ।
ਜਦੋਂ ਉਸ ਦੇ ਹੁਕਮ ਵਿਚ ਭੇਜਿਆ ਹੋਇਆ (ਮੌਤ ਦਾ) ਸੱਦਾ ਆਉਂਦਾ ਹੈ ਤਾਂ ਕੋਈ ਜੀਵ (ਉਸ ਸੱਦੇ ਨੂੰ) ਮੋੜ ਨਹੀਂ ਸਕਦਾ।
ਪਰਮਾਤਮਾ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਆਪ ਹੀ ਸੰਭਾਲ ਕਰਦਾ ਹੈ, ਆਪ ਹੀ ਹਰੇਕ ਜੀਵ ਦੇ ਸਿਰ ਉਤੇ (ਉਸ ਦੇ ਕੀਤੇ ਕਰਮਾਂ ਅਨੁਸਾਰ) ਲੇਖ ਲਿਖਦਾ ਹੈ, ਆਪ ਹੀ (ਜੀਵ ਨੂੰ ਸਹੀ ਜੀਵਨ-ਰਾਹ ਦੀ) ਸੂਝ ਬਖ਼ਸ਼ਦਾ ਹੈ।
ਮਾਲਕ-ਪ੍ਰਭੂ ਅਪਹੁੰਚ ਹੈ, ਜੀਵਾਂ ਦੇ ਗਿਆਨ-ਇੰਦ੍ਰਿਆਂ ਦੀ ਉਸ ਤਕ ਪਹੁੰਚ ਨਹੀਂ ਹੋ ਸਕਦੀ। ਹੇ ਨਾਨਕ! (ਉਸ ਦੇ ਦਰ ਤੇ ਅਰਦਾਸ ਕਰ, ਤੇ ਆਖ-ਹੇ ਪ੍ਰਭੂ!) ਤੇਰੀ ਸਦਾ ਕਾਇਮ ਰਹਿਣ ਵਾਲੀ ਸਿਫ਼ਤ-ਸਾਲਾਹ ਕਰ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ (ਮੈਨੂੰ ਆਪਣੀ ਸਿਫ਼ਤ-ਸਾਲਾਹ ਬਖ਼ਸ਼) ॥੧॥
ਹੇ ਪ੍ਰਭੂ ਜੀ! ਤੇਰੇ ਬਰਾਬਰ ਦਾ ਹੋਰ ਕੋਈ ਨਹੀਂ ਹੈ, (ਹੋਰ ਜੇਹੜਾ ਭੀ ਜਗਤ ਵਿਚ) ਆਇਆ ਹੈ, (ਉਹ ਇਥੋਂ ਆਖ਼ਰ) ਚਲਾ ਜਾਇਗਾ (ਤੂੰ ਹੀ ਸਦਾ ਕਾਇਮ ਰਹਿਣ ਵਾਲਾ ਹੈਂ)।
ਜਿਸ ਮਨੁੱਖ ਦੀ ਭਟਕਣਾ (ਗੁਰੂ) ਦੂਰ ਕਰਦਾ ਹੈ, ਪ੍ਰਭੂ ਦੇ ਹੁਕਮ ਅਨੁਸਾਰ ਉਸ ਦੇ ਜਨਮ ਮਰਨ ਦੇ ਗੇੜ ਦਾ ਖ਼ਾਤਮਾ ਹੋ ਜਾਂਦਾ ਹੈ।
ਗੁਰੂ ਜਿਸ ਦੀ ਭਟਕਣਾ ਦੂਰ ਕਰਦਾ ਹੈ, ਉਸ ਪਾਸੋਂ ਉਸ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਾਂਦਾ ਹੈ ਜਿਸ ਦੇ ਗੁਣ ਬਿਆਨ ਤੋਂ ਪਰੇ ਹਨ। ਉਹ ਮਨੁੱਖ ਸਦਾ-ਥਿਰ ਪ੍ਰਭੂ (ਦੀ ਯਾਦ) ਵਿਚ ਰਹਿੰਦਾ ਹੈ, ਸਦਾ-ਥਿਰ ਪ੍ਰਭੂ (ਉਸ ਦੇ ਹਿਰਦੇ ਵਿਚ) ਪਰਗਟ ਹੋ ਜਾਂਦਾ ਹੈ।
ਉਹ ਮਨੁੱਖ ਰਜ਼ਾ ਦੇ ਮਾਲਕ-ਪ੍ਰਭੂ ਦਾ ਹੁਕਮ ਪਛਾਣ ਲੈਂਦਾ ਹੈ (ਤੇ ਸਮਝ ਲੈਂਦਾ ਹੈ ਕਿ) ਪ੍ਰਭੂ ਆਪ ਹੀ ਪੈਦਾ ਕਰਦਾ ਹੈ ਤੇ ਆਪ ਹੀ (ਆਪਣੇ ਵਿਚ) ਲੀਨ ਕਰ ਲੈਂਦਾ ਹੈ।
ਹੇ ਪ੍ਰਭੂ! ਜਿਸ ਮਨੁੱਖ ਨੇ ਤੇਰੀ ਸਿਫ਼ਤ-ਸਾਲਾਹ (ਦੀ ਦਾਤਿ) ਗੁਰੂ ਤੋਂ ਪ੍ਰਾਪਤ ਕਰ ਲਈ ਹੈ, ਤੂੰ ਉਸ ਦੇ ਮਨ ਵਿਚ ਆ ਵੱਸਦਾ ਹੈਂ ਤੇ ਅੰਤ ਸਮੇ ਭੀ ਉਸ ਦਾ ਸਾਥੀ ਬਣਦਾ ਹੈਂ।
ਹੇ ਨਾਨਕ! ਮਾਲਕ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਵਰਗਾ ਹੋਰ ਕੋਈ ਨਹੀਂ। (ਉਸ ਦੇ ਦਰ ਤੇ ਅਰਦਾਸ ਕਰ ਤੇ ਆਖ-) ਹੇ ਪ੍ਰਭੂ! ਤੇਰੇ ਨਾਮ ਵਿਚ ਜੁੜਿਆਂ (ਲੋਕ ਪਰਲੋਕ ਵਿਚ) ਆਦਰ ਮਿਲਦਾ ਹੈ ॥੨॥
ਹੇ ਅਦ੍ਰਿਸ਼ਟ ਰਚਨਹਾਰ! ਤੂੰ ਸਦਾ-ਥਿਰ ਰਹਿਣ ਵਾਲਾ ਹੈਂ ਤੇ ਸਭ ਜੀਵਾਂ ਦਾ ਪੈਦਾ ਕਰਨ ਵਾਲਾ ਹੈਂ।
ਇਕੋ ਸਿਰਜਣਹਾਰ ਹੀ (ਸਾਰੇ ਜਗਤ ਦਾ) ਮਾਲਕ ਹੈ, ਉਸ ਨੇ (ਜੰਮਣਾ ਤੇ ਮਰਨਾ) ਦੋ ਰਸਤੇ ਚਲਾਏ ਹਨ। (ਉਸੇ ਦੀ ਰਜ਼ਾ ਅਨੁਸਾਰ ਜਗਤ ਵਿਚ) ਝਗੜੇ ਵਧਦੇ ਹਨ।
ਦੋਵੇਂ ਰਸਤੇ ਪ੍ਰਭੂ ਨੇ ਹੀ ਤੋਰੇ ਹਨ, ਸਾਰੇ ਜੀਵ ਉਸੇ ਦੇ ਹੁਕਮ ਵਿਚ ਹਨ, (ਉਸੇ ਦੇ ਹੁਕਮ ਅਨੁਸਾਰ) ਜਗਤ ਜੰਮਦਾ ਤੇ ਮਰਦਾ ਰਹਿੰਦਾ ਹੈ।
(ਜੀਵ ਨਾਮ ਨੂੰ ਭੁਲਾ ਕੇ ਮਾਇਆ ਦੇ ਮੋਹ ਦਾ) ਜ਼ਹਰ-ਰੂਪ ਭਾਰ ਆਪਣੇ ਸਿਰ ਉਤੇ ਇਕੱਠਾ ਕਰੀ ਜਾਂਦਾ ਹੈ, (ਤੇ ਇਹ ਨਹੀਂ ਸਮਝਦਾ ਕਿ) ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੋਈ ਭੀ ਸਾਥੀ-ਮਿੱਤਰ ਨਹੀਂ ਬਣ ਸਕਦਾ।
ਜੀਵ (ਪਰਮਾਤਮਾ ਦੇ) ਹੁਕਮ ਅਨੁਸਾਰ (ਜਗਤ ਵਿਚ) ਆਉਂਦਾ ਹੈ, (ਪਰ ਮਾਇਆ ਦੇ ਮੋਹ ਵਿਚ ਫਸ ਕੇ ਉਸ) ਹੁਕਮ ਨੂੰ ਸਮਝਦਾ ਨਹੀਂ।
ਪ੍ਰਭੂ ਆਪ ਹੀ ਜੀਵ ਨੂੰ ਆਪਣੇ ਹੁਕਮ ਅਨੁਸਾਰ (ਸਿੱਧੇ ਰਾਹ ਪਾ ਕੇ) ਸਵਾਰਨ ਦੇ ਸਮਰਥ ਹੈ।
ਹੇ ਨਾਨਕ! ਗੁਰੂ ਦੇ ਸ਼ਬਦ ਵਿਚ ਜੁੜਿਆਂ ਇਹ ਪਛਾਣ ਆਉਂਦੀ ਹੈ ਕਿ ਜਗਤ ਦਾ ਮਾਲਕ ਸਦਾ-ਥਿਰ ਰਹਿਣ ਵਾਲਾ ਹੈ ਤੇ ਸਭ ਦਾ ਪੈਦਾ ਕਰਨ ਵਾਲਾ ਹੈ ॥੩॥
ਹੇ ਭਾਈ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦੇ ਪਰਮਾਤਮਾ ਦੀ ਹਜ਼ੂਰੀ ਵਿਚ ਸੋਭਦੇ ਹਨ, ਕਿਉਂਕਿ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹ ਆਪਣੇ ਜੀਵਨ ਨੂੰ ਸੋਹਣਾ ਬਣਾ ਲੈਂਦੇ ਹਨ।
ਉਹ ਬੰਦੇ ਆਤਮਕ ਜੀਵਨ ਦੇਣ ਵਾਲੀ ਬਾਣੀ ਆਪਣੀ ਜੀਭ ਨਾਲ ਉਚਾਰਦੇ ਰਹਿੰਦੇ ਹਨ, ਜੀਵ ਨੂੰ ਉਸ ਬਾਣੀ ਨਾਲ ਇਕ-ਰਸ ਕਰ ਲੈਂਦੇ ਹਨ।
ਭਗਤ-ਜਨ ਪ੍ਰਭੂ ਦੇ ਨਾਮ ਨਾਲ ਜੀਭ ਨੂੰ ਰਸਾ ਲੈਂਦੇ ਹਨ, ਨਾਮ ਵਿਚ ਜੁੜ ਕੇ (ਨਾਮ ਵਾਸਤੇ ਉਹਨਾਂ ਦੀ) ਪਿਆਸ ਵਧਦੀ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਹ ਪ੍ਰਭੂ-ਨਾਮ ਤੋਂ ਸਦਕੇ ਹੁੰਦੇ ਹਨ (ਨਾਮ ਦੀ ਖ਼ਾਤਰ ਹੋਰ ਸਭ ਸਰੀਰਕ ਸੁਖ ਕੁਰਬਾਨ ਕਰਦੇ ਹਨ)।
ਹੇ ਪ੍ਰਭੂ! ਜਦੋਂ (ਭਗਤ ਜਨ) ਤੇਰੇ ਮਨ ਵਿਚ ਪਿਆਰੇ ਲੱਗਦੇ ਹਨ, ਤਾਂ ਉਹ ਗੁਰੂ-ਪਾਰਸ ਨਾਲ ਛੁਹ ਕੇ ਆਪ ਭੀ ਪਾਰਸ ਹੋ ਜਾਂਦੇ ਹਨ (ਹੋਰਨਾਂ ਨੂੰ ਪਵਿਤ੍ਰ ਜੀਵਨ ਦੇਣ ਜੋਗੇ ਹੋ ਜਾਂਦੇ ਹਨ)।
ਜੇਹੜੇ ਬੰਦੇ ਆਪਾ-ਭਾਵ ਦੂਰ ਕਰਦੇ ਹਨ ਉਹਨਾਂ ਨੂੰ ਉਹ ਆਤਮਕ ਦਰਜਾ ਮਿਲ ਜਾਂਦਾ ਹੈ ਜਿਥੇ ਆਤਮਕ ਮੌਤ ਅਸਰ ਨਹੀਂ ਕਰ ਸਕਦੀ। ਪਰ ਅਜੇਹਾ ਕੋਈ ਵਿਰਲਾ ਹੀ ਗੁਰੂ ਦੇ ਦਿੱਤੇ ਗਿਆਨ ਦੀ ਵਿਚਾਰ ਕਰਨ ਵਾਲਾ ਬੰਦਾ ਹੁੰਦਾ ਹੈ।
ਹੇ ਨਾਨਕ! ਪਰਮਾਤਮਾ ਦੀ ਭਗਤੀ ਕਰਨ ਵਾਲੇ ਬੰਦੇ ਸਦਾ-ਥਿਰ ਪ੍ਰਭੂ ਦੇ ਦਰ ਤੇ ਸੋਭਾ ਪਾਂਦੇ ਹਨ, ਉਹ (ਆਪਣੇ ਸਾਰੇ ਜੀਵਨ ਵਿਚ) ਸਦਾ-ਥਿਰ ਪ੍ਰਭੂ ਦੇ ਨਾਮ ਦਾ ਹੀ ਵਣਜ ਕਰਦੇ ਹਨ ॥੪॥