ਅਕਾਲ ਪੁਰਖ ਇੱਕ ਹੈ, ਜਿਸ ਦਾ ਨਾਮ 'ਹੋਂਦ ਵਾਲਾ' ਹੈ ਜੋ ਸ੍ਰਿਸ਼ਟੀ ਦਾ ਰਚਨਹਾਰ ਹੈ, ਜੋ ਸਭ ਵਿਚ ਵਿਆਪਕ ਹੈ, ਭੈ ਤੋਂ ਰਹਿਤ ਹੈ, ਵੈਰ-ਰਹਿਤ ਹੈ, ਜਿਸ ਦਾ ਸਰੂਪ ਕਾਲ ਤੋਂ ਪਰੇ ਹੈ, (ਭਾਵ, ਜਿਸ ਦਾ ਸਰੀਰ ਨਾਸ-ਰਹਿਤ ਹੈ), ਜੋ ਜੂਨਾਂ ਵਿਚ ਨਹੀਂ ਆਉਂਦਾ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੋਇਆ ਹੈ ਅਤੇ ਜੋ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਰਾਗ ਟੋਡੀ, ਘਰ ੧ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ।
ਹੇ ਭਾਈ! ਮੇਰਾ ਮਨ ਪਰਮਾਤਮਾ ਦੀ ਯਾਦ ਤੋਂ ਬਿਨਾ ਰਹਿ ਨਹੀਂ ਸਕਦਾ।
ਗੁਰੂ (ਜਿਸ ਮਨੁੱਖ ਨੂੰ) ਜਿੰਦ ਦਾ ਪਿਆਰਾ ਪ੍ਰਭੂ ਮਿਲਾ ਦੇਂਦਾ ਹੈ, ਉਸ ਨੂੰ ਸੰਸਾਰ-ਸਮੁੰਦਰ ਵਿਚ ਮੁੜ ਨਹੀਂ ਆਉਣਾ ਪੈਂਦਾ ॥੧॥ ਰਹਾਉ ॥
ਹੇ ਭਾਈ! ਮੇਰੇ ਹਿਰਦੇ ਵਿਚ ਪ੍ਰਭੂ (ਦੇ ਮਿਲਾਪ) ਦੀ ਤਾਂਘ ਲੱਗੀ ਹੋਈ ਸੀ (ਮੇਰਾ ਜੀ ਕਰਦਾ ਸੀ ਕਿ) ਮੈਂ (ਆਪਣੀਆਂ) ਅੱਖਾਂ ਨਾਲ ਹਰੀ-ਪ੍ਰਭੂ ਨੂੰ ਵੇਖ ਲਵਾਂ।
ਦਇਆਲ ਗੁਰੂ ਨੇ ਪਰਮਾਤਮਾ ਦਾ ਨਾਮ ਮੇਰੇ ਹਿਰਦੇ ਵਿਚ ਪੱਕਾ ਕਰ ਦਿੱਤਾ-ਇਹੀ ਹੈ ਹਰੀ-ਪ੍ਰਭੂ (ਨੂੰ ਮਿਲਣ) ਦਾ ਪੱਧਰਾ ਰਸਤਾ ॥੧॥
ਹੇ ਭਾਈ! ਅਨੇਕਾਂ ਕੌਤਕਾਂ ਦੇ ਮਾਲਕ ਹਰੀ ਪ੍ਰਭੂ ਗੋਬਿੰਦ ਦਾ ਨਾਮ ਜਿਸ ਮਨੁੱਖ ਨੇ ਪ੍ਰਾਪਤ ਕਰ ਲਿਆ,
ਉਸ ਦੇ ਹਿਰਦੇ ਵਿਚ, ਉਸ ਦੇ ਮਨ ਵਿਚ ਸਰੀਰ ਵਿਚ, ਪਰਮਾਤਮਾ ਪਿਆਰਾ ਲੱਗਣ ਲੱਗ ਪੈਂਦਾ ਹੈ, ਉਸ ਦੇ ਮੱਥੇ ਉੱਤੇ ਮੂੰਹ ਉੱਤੇ ਚੰਗਾ ਭਾਗ ਜਾਗ ਪੈਂਦਾ ਹੈ ॥੨॥
ਪਰ, ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਮਨ ਲੋਭ ਆਦਿਕ ਵਿਕਾਰਾਂ ਵਿਚ ਮਸਤ ਰਹਿੰਦਾ ਹੈ, ਉਹਨਾਂ ਨੂੰ ਚੰਗਾ ਅਕਾਲ ਪੁਰਖ ਭੁੱਲਿਆ ਰਹਿੰਦਾ ਹੈ।
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਉਹ ਮਨੁੱਖ ਮੂਰਖ ਕਹੇ ਜਾਂਦੇ ਹਨ, ਆਤਮਕ ਜੀਵਨ ਵਲੋਂ ਬੇ-ਸਮਝ ਆਖੇ ਜਾਂਦੇ ਹਨ। ਉਹਨਾਂ ਦੇ ਮੱਥੇ ਉਤੇ ਮੰਦੀ ਕਿਸਮਤ (ਉੱਘੜੀ ਹੋਈ ਸਮਝ ਲਵੋ) ॥੩॥
ਉਹਨਾਂ ਮਨੁੱਖਾਂ ਨੇ ਗੁਰੂ ਪਾਸੋਂ ਚੰਗੇ ਮੰਦੇ ਕੰਮ ਦੀ ਪਰਖ ਕਰਨ ਵਾਲੀ ਅਕਲ ਹਾਸਲ ਕਰ ਲਈ, ਉਹਨਾਂ ਨੇ ਪਰਮਾਤਮਾ ਦੇ ਮਿਲਾਪ ਵਾਸਤੇ ਗੁਰੂ ਪਾਸੋਂ ਆਤਮਕ ਜੀਵਨ ਦੀ ਸੂਝ ਪ੍ਰਾਪਤ ਕਰ ਲਈ,
ਹੇ ਦਾਸ ਨਾਨਕ! ਜਿਨ੍ਹਾਂ ਦੇ ਮੱਥੇ ਉਤੇ ਧੁਰੋਂ ਲਿਖਿਆ ਚੰਗਾ ਭਾਗ ਉੱਘੜ ਪਿਆ, ਉਹਨਾਂ ਨੇ ਗੁਰੂ ਪਾਸੋਂ ਪਰਮਾਤਮਾ ਦਾ ਨਾਮ ਪ੍ਰਾਪਤ ਕਰ ਲਿਆ ॥੪॥੧॥
ਰਾਗ ਟੋਡੀ, ਘਰ ੧ ਵਿੱਚ ਗੁਰੂ ਅਰਜਨਦੇਵ ਜੀ ਦੀ ਦੋ-ਬੰਦਾਂ ਵਾਲੀ ਬਾਣੀ।
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਹੇ ਭਾਈ! ਸੰਤ ਜਨ ਕਿਸੇ ਹੋਰ ਦੀ (ਮੁਥਾਜੀ ਕਰਨੀ) ਨਹੀਂ ਜਾਣਦੇ।
ਜਿਨ੍ਹਾਂ ਦੀ ਮਦਦ ਪਰਮਾਤਮਾ ਕਰਦਾ ਹੈ ਉਹ ਪਰਮਾਤਮਾ ਦੇ ਪਿਆਰ ਵਿਚ (ਟਿਕ ਕੇ) ਸਦਾ ਬੇ-ਪਰਵਾਹ ਰਹਿੰਦੇ ਹਨ ਰਹਾਉ॥
(ਹੇ ਭਾਈ! ਉਹ ਸੰਤ ਜਨ ਇਉਂ ਆਖਦੇ ਰਹਿੰਦੇ ਹਨ-) ਹੇ ਮਾਲਕ-ਪ੍ਰਭੂ! ਤੇਰਾ ਸ਼ਾਮਿਆਨਾ (ਸਭ ਸ਼ਾਹਾਂ ਪਾਤਿਸ਼ਾਹਾਂ ਦੇ ਸ਼ਾਮਿਆਨਿਆਂ ਨਾਲੋਂ) ਉੱਚਾ ਹੈ, ਕਿਸੇ ਹੋਰ ਨੇ (ਇਤਨਾ ਉੱਚਾ ਸ਼ਾਮਿਆਨਾ ਕਦੇ) ਨਹੀਂ ਤਾਣਿਆ।
ਹੇ ਭਾਈ! ਸੰਤ ਜਨਾਂ ਨੂੰ ਇਹੋ ਜਿਹਾ ਸਦਾ ਕਾਇਮ ਰਹਿਣ ਵਾਲਾ ਹਰੀ ਮਿਲਿਆ ਰਹਿੰਦਾ ਹੈ, ਆਤਮਕ ਜੀਵਨ ਦੀ ਸੂਝ ਵਾਲੇ ਉਹ ਸੰਤ ਜਨ (ਸਦਾ) ਪਰਮਾਤਮਾ ਦੇ ਪ੍ਰੇਮ ਵਿਚ ਹੀ ਮਸਤ ਰਹਿੰਦੇ ਹਨ ॥੧॥
ਰੋਗ, ਚਿੰਤਾ-ਫ਼ਿਕਰ, ਬੁਢੇਪਾ, ਮੌਤ (-ਇਹਨਾਂ ਦੇ ਸਹਿਮ) ਪਰਮਾਤਮਾ ਦੇ ਸੇਵਕਾਂ ਦੇ ਨੇੜੇ ਭੀ ਨਹੀਂ ਢੁਕਦੇ।
ਹੇ ਨਾਨਕ! ਉਹ ਇਕ ਪਰਮਾਤਮਾ ਵਿਚ ਹੀ ਸੁਰਤ ਜੋੜ ਕੇ (ਦੁਨੀਆ ਦੇ ਡਰਾਂ ਵਲੋਂ) ਨਿਡਰ ਰਹਿੰਦੇ ਹਨ ਉਹਨਾਂ ਦਾ ਮਨ ਪ੍ਰਭੂ ਦੀ ਯਾਦ ਵਿਚ ਹੀ ਪਤੀਜਿਆ ਰਹਿੰਦਾ ਹੈ ॥੨॥੧॥
ਹੇ ਭਾਈ! ਪਰਮਾਤਮਾ (ਦੇ ਨਾਮ) ਨੂੰ ਭੁਲਾਇਆਂ ਸਦਾ (ਮਾਇਆ ਦੇ ਹੱਥੋਂ ਮਨੁੱਖ ਦੀ) ਬੇ-ਪਤੀ ਹੀ ਹੁੰਦੀ ਹੈ।
ਹੇ ਪ੍ਰਭੂ! ਜਿਸ ਮਨੁੱਖ ਨੂੰ ਤੇਰਾ ਆਸਰਾ ਹੋਵੇ, ਉਸ ਨੂੰ (ਮਾਇਆ ਦੇ ਕਿਸੇ ਭੀ ਵਿਕਾਰ ਵੱਲੋਂ) ਧੋਖਾ ਨਹੀਂ ਲੱਗ ਸਕਦਾ ਰਹਾਉ॥