ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ

ਅੰਗ - 720


ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥

ਹੇ ਭਾਈ! (ਭਗਤ ਜਾਣਦਾ ਹੈ ਕਿ) ਪਰਮਾਤਮਾ ਨੇ ਆਪ ਹੀ (ਆਪਣੇ ਆਪ ਤੋਂ) ਪੰਜ ਤੱਤਾਂ ਦਾ ਜਗਤ-ਖਿਲਾਰਾ ਖਿਲਾਰਿਆ ਹੋਇਆ ਹੈ, ਆਪ ਹੀ ਇਹਨਾਂ ਤੱਤਾਂ ਵਿਚ ਪੰਜ ਵਿਸ਼ੇ ਭਰੇ ਹੋਏ ਹਨ।

ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥

ਹੇ ਨਾਨਕ! (ਆਖ-ਹੇ ਭਾਈ) ਪਰਮਾਤਮਾ ਆਪ ਹੀ ਆਪਣੇ ਸੇਵਕ ਨੂੰ ਮਿਲਾਂਦਾ ਹੈ, ਤੇ, ਆਪ ਹੀ (ਉਸ ਦੇ ਅੰਦਰੋਂ ਹਰੇਕ ਕਿਸਮ ਦੀ) ਖਿੱਚੋਤਾਣ ਮੁਕਾਂਦਾ ਹੈ ॥੨॥੩॥

ਬੈਰਾੜੀ ਮਹਲਾ ੪ ॥

ਜਪਿ ਮਨ ਰਾਮ ਨਾਮੁ ਨਿਸਤਾਰਾ ॥

ਹੇ (ਮੇਰੇ) ਮਨ! ਪਰਮਾਤਮਾ ਦਾ ਨਾਮ ਜਪਿਆ ਕਰ, (ਇਹ ਨਾਮ ਸੰਸਾਰ-ਸਮੁੰਦਰ ਤੋਂ) ਪਾਰ-ਉਤਾਰਾ ਕਰ ਦੇਂਦਾ ਹੈ।

ਕੋਟ ਕੋਟੰਤਰ ਕੇ ਪਾਪ ਸਭਿ ਖੋਵੈ ਹਰਿ ਭਵਜਲੁ ਪਾਰਿ ਉਤਾਰਾ ॥੧॥ ਰਹਾਉ ॥

(ਪਰਮਾਤਮਾ ਦਾ ਨਾਮ) ਅਨੇਕਾਂ ਜੂਨਾਂ ਦੇ (ਕੀਤੇ ਸਾਰੇ ਪਾਪ ਨਾਸ ਕਰ ਦੇਂਦਾ ਹੈ, ਪਰਮਾਤਮਾ (ਸਿਮਰਨ ਕਰਨ ਵਾਲੇ ਜੀਵ ਨੂੰ) ਸੰਸਾਰ-ਸਮੁੰਦਰ ਤੋਂ ਪਾਰ ਲੰਘਾ ਦੇਂਦਾ ਹੈ ॥੧॥ ਰਹਾਉ ॥

ਕਾਇਆ ਨਗਰਿ ਬਸਤ ਹਰਿ ਸੁਆਮੀ ਹਰਿ ਨਿਰਭਉ ਨਿਰਵੈਰੁ ਨਿਰੰਕਾਰਾ ॥

(ਹੇ ਭਾਈ!) ਮਾਲਕ-ਪ੍ਰਭੂ (ਸਾਡੇ) ਸਰੀਰ-ਸ਼ਹਰ ਵਿਚ ਵੱਸਦਾ ਹੈ, (ਫਿਰ ਭੀ) ਉਸ ਨੂੰ ਕੋਈ ਡਰ ਨਹੀਂ ਪੋਂਹਦਾ, ਉਸ ਨੂੰ ਕਿਸੇ ਨਾਲ ਵੈਰ ਨਹੀਂ, ਉਸ ਦਾ ਕੋਈ ਖ਼ਾਸ ਆਕਾਰ ਨਹੀਂ।

ਹਰਿ ਨਿਕਟਿ ਬਸਤ ਕਛੁ ਨਦਰਿ ਨ ਆਵੈ ਹਰਿ ਲਾਧਾ ਗੁਰ ਵੀਚਾਰਾ ॥੧॥

ਪਰਮਾਤਮਾ (ਸਦਾ ਸਾਡੇ) ਨੇੜੇ ਵੱਸਦਾ ਹੈ, (ਪਰ ਸਾਨੂੰ) ਦਿੱਸਦਾ ਨਹੀਂ (ਹਾਂ,) ਗੁਰੂ ਦੀ ਬਖ਼ਸ਼ੀ ਸੂਝ ਨਾਲ ਉਹ ਹਰੀ ਲੱਭ ਪੈਂਦਾ ਹੈ ॥੧॥

ਹਰਿ ਆਪੇ ਸਾਹੁ ਸਰਾਫੁ ਰਤਨੁ ਹੀਰਾ ਹਰਿ ਆਪਿ ਕੀਆ ਪਾਸਾਰਾ ॥

(ਗੁਰੂ ਦੀ ਬਖ਼ਸ਼ੀ ਮਤਿ ਨਾਲ ਇਹ ਸਮਝ ਆ ਜਾਂਦੀ ਹੈ ਕਿ) ਪਰਮਾਤਮਾ ਆਪ ਹੀ ਹੀਰਾ ਹੈ ਆਪ ਹੀ ਰਤਨ ਹੈ, ਆਪ ਹੀ (ਇਸ ਨੂੰ ਵਿਹਾਝਣ ਵਾਲਾ) ਸ਼ਾਹ ਹੈ ਸਰਾਫ਼ ਹੈ, ਉਸ ਨੇ ਆਪ ਹੀ ਇਹ ਜਗਤ ਦਾ ਖਿਲਾਰਾ ਰਚਿਆ ਹੋਇਆ ਹੈ।

ਨਾਨਕ ਜਿਸੁ ਕ੍ਰਿਪਾ ਕਰੇ ਸੁ ਹਰਿ ਨਾਮੁ ਵਿਹਾਝੇ ਸੋ ਸਾਹੁ ਸਚਾ ਵਣਜਾਰਾ ॥੨॥੪॥

ਹੇ ਨਾਨਕ! ਜਿਸ ਮਨੁੱਖ ਉਤੇ ਪਰਮਾਤਮਾ ਕਿਰਪਾ ਕਰਦਾ ਹੈ, ਉਹ ਮਨੁੱਖ ਉਸ ਦਾ ਨਾਮ ਵਿਹਾਝਦਾ ਹੈ, ਉਹ ਮਨੁੱਖ (ਨਾਮ-ਰਤਨ ਦਾ) ਸਾਹੂਕਾਰ ਬਣ ਜਾਂਦਾ ਹੈ, ਉਹ ਸਦਾ ਲਈ (ਇਸ ਨਾਮ-ਰਤਨ ਦਾ) ਵਣਜ ਕਰਦਾ ਰਹਿੰਦਾ ਹੈ ॥੨॥੪॥

ਬੈਰਾੜੀ ਮਹਲਾ ੪ ॥

ਜਪਿ ਮਨ ਹਰਿ ਨਿਰੰਜਨੁ ਨਿਰੰਕਾਰਾ ॥

ਹੇ (ਮੇਰੇ) ਮਨ! ਉਸ ਪਰਮਾਤਮਾ ਦਾ ਨਾਮ ਜਪਿਆ ਕਰ, ਜੋ ਮਾਇਆ ਦੇ ਪ੍ਰਭਾਵ ਤੋਂ ਪਰੇ ਹੈ, ਜਿਸ ਦਾ ਕੋਈ ਖ਼ਾਸ ਸਰੂਪ ਨਹੀਂ ਦੱਸਿਆ ਜਾ ਸਕਦਾ।

ਸਦਾ ਸਦਾ ਹਰਿ ਧਿਆਈਐ ਸੁਖਦਾਤਾ ਜਾ ਕਾ ਅੰਤੁ ਨ ਪਾਰਾਵਾਰਾ ॥੧॥ ਰਹਾਉ ॥

ਹੇ ਮਨ! ਜਿਸ (ਪ੍ਰਭੂ ਦੇ ਗੁਣਾਂ) ਦਾ ਅੰਤ ਨਹੀਂ ਪੈ ਸਕਦਾ, ਜਿਸ (ਦੇ ਸਰੂਪ ਦਾ) ਹੱਦ-ਬੰਨਾ ਨਹੀਂ ਲੱਭਦਾ, ਉਸ ਸੁਖਾਂ ਦੇ ਦੇਣ ਵਾਲੇ ਨੂੰ ਸਦਾ ਹੀ ਸਿਮਰਨਾ ਚਾਹੀਦਾ ਹੈ ॥੧॥ ਰਹਾਉ ॥

ਅਗਨਿ ਕੁੰਟ ਮਹਿ ਉਰਧ ਲਿਵ ਲਾਗਾ ਹਰਿ ਰਾਖੈ ਉਦਰ ਮੰਝਾਰਾ ॥

ਹੇ ਮਨ! ਜਦੋਂ ਜੀਵ (ਮਾਂ ਦੇ ਪੇਟ ਦੀ) ਅੱਗ ਦੇ ਕੁੰਡ ਵਿਚ ਪੁੱਠਾ ਲਟਕਿਆ ਹੋਇਆ (ਉਸ ਦੇ ਚਰਨਾਂ ਵਿਚ) ਸੁਰਤ ਜੋੜੀ ਰੱਖਦਾ ਹੈ (ਤਦੋਂ) ਪਰਮਾਤਮਾ (ਮਾਂ ਦੇ) ਪੇਟ ਵਿਚ ਉਸ ਦੀ ਰੱਖਿਆ ਕਰਦਾ ਹੈ।

ਸੋ ਐਸਾ ਹਰਿ ਸੇਵਹੁ ਮੇਰੇ ਮਨ ਹਰਿ ਅੰਤਿ ਛਡਾਵਣਹਾਰਾ ॥੧॥

ਹੇ ਮੇਰੇ ਮਨ! ਇਹੋ ਜਿਹੀ ਸਮਰਥਾ ਵਾਲੇ ਪ੍ਰਭੂ ਦੀ ਸਦਾ ਸੇਵਾ-ਭਗਤੀ ਕਰਿਆ ਕਰ, ਅਖ਼ੀਰ ਵੇਲੇ ਭੀ ਉਹੀ ਪ੍ਰਭੂ ਛਡਾ ਸਕਣ ਵਾਲਾ ਹੈ ॥੧॥

ਜਾ ਕੈ ਹਿਰਦੈ ਬਸਿਆ ਮੇਰਾ ਹਰਿ ਹਰਿ ਤਿਸੁ ਜਨ ਕਉ ਕਰਹੁ ਨਮਸਕਾਰਾ ॥

ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਸੱਚਾ ਵੱਸਿਆ ਰਹਿੰਦਾ ਹੈ, ਹੇ ਮੇਰੇ ਮਨ! ਉਸ ਮਨੁੱਖ ਅੱਗੇ ਸਦਾ ਸਿਰ ਨਿਵਾਇਆ ਕਰ।

ਹਰਿ ਕਿਰਪਾ ਤੇ ਪਾਈਐ ਹਰਿ ਜਪੁ ਨਾਨਕ ਨਾਮੁ ਅਧਾਰਾ ॥੨॥੫॥

ਹੇ ਨਾਨਕ! (ਆਖ-ਹੇ ਮਨ!) ਪਰਮਾਤਮਾ ਦੀ ਕਿਰਪਾ ਨਾਲ ਹੀ ਪਰਮਾਤਮਾ ਦੇ ਨਾਮ ਦਾ ਜਾਪ ਪ੍ਰਾਪਤ ਹੁੰਦਾ ਹੈ (ਜਿਸ ਨੂੰ ਪ੍ਰਾਪਤ ਹੋ ਜਾਂਦਾ ਹੈ) ਨਾਮ (ਉਸ ਦੀ ਜ਼ਿੰਦਗੀ ਦਾ) ਆਸਰਾ ਬਣ ਜਾਂਦਾ ਹੈ ॥੨॥੫॥

ਬੈਰਾੜੀ ਮਹਲਾ ੪ ॥

ਜਪਿ ਮਨ ਹਰਿ ਹਰਿ ਨਾਮੁ ਨਿਤ ਧਿਆਇ ॥

ਹੇ (ਮੇਰੇ) ਮਨ! ਸਦਾ ਪ੍ਰਭੂ ਦਾ ਨਾਮ ਜਪਿਆ ਕਰ, ਪ੍ਰਭੂ ਦਾ ਧਿਆਨ ਧਰਿਆ ਕਰ,

ਜੋ ਇਛਹਿ ਸੋਈ ਫਲੁ ਪਾਵਹਿ ਫਿਰਿ ਦੂਖੁ ਨ ਲਾਗੈ ਆਇ ॥੧॥ ਰਹਾਉ ॥

(ਉਸ ਪ੍ਰਭੂ ਦੇ ਦਰ ਤੋਂ) ਜੋ ਕੁਝ ਮੰਗੇਂਗਾ, ਉਹੀ ਪ੍ਰਾਪਤ ਕਰ ਲਏਂਗਾ। ਕੋਈ ਦੁੱਖ ਭੀ ਆ ਕੇ ਤੈਨੂੰ ਪੋਹ ਨਹੀਂ ਸਕੇਗਾ ॥੧॥ ਰਹਾਉ ॥

ਸੋ ਜਪੁ ਸੋ ਤਪੁ ਸਾ ਬ੍ਰਤ ਪੂਜਾ ਜਿਤੁ ਹਰਿ ਸਿਉ ਪ੍ਰੀਤਿ ਲਗਾਇ ॥

ਹੇ ਮਨ! ਜਿਸ ਸਿਮਰਨ ਦੀ ਬਰਕਤਿ ਨਾਲ ਪਰਮਾਤਮਾ ਨਾਲ ਪ੍ਰੀਤ ਬਣੀ ਰਹਿੰਦੀ ਹੈ, ਉਹ ਸਿਮਰਨ ਹੀ ਜਪ ਹੈ, ਉਹ ਸਿਮਰਨ ਹੀ ਤਪ ਹੈ, ਉਹ ਸਿਮਰਨ ਹੀ ਵਰਤ ਹੈ, ਉਹ ਸਿਮਰਨ ਹੀ ਪੂਜਾ ਹੈ।

ਬਿਨੁ ਹਰਿ ਪ੍ਰੀਤਿ ਹੋਰ ਪ੍ਰੀਤਿ ਸਭ ਝੂਠੀ ਇਕ ਖਿਨ ਮਹਿ ਬਿਸਰਿ ਸਭ ਜਾਇ ॥੧॥

ਪ੍ਰਭੂ-ਚਰਨਾਂ ਦੇ ਪਿਆਰ ਤੋਂ ਬਿਨਾ ਹੋਰ (ਜਪ ਤਪ ਆਦਿਕ ਦਾ) ਪਿਆਰ ਝੂਠਾ ਹੈ, ਇਕ ਛਿਨ ਵਿਚ ਹੀ ਉਹ ਪਿਆਰ ਭੁੱਲ ਜਾਂਦਾ ਹੈ ॥੧॥

ਤੂ ਬੇਅੰਤੁ ਸਰਬ ਕਲ ਪੂਰਾ ਕਿਛੁ ਕੀਮਤਿ ਕਹੀ ਨ ਜਾਇ ॥

ਹੇ ਪ੍ਰਭੂ ਜੀ! ਤੂੰ ਬੇਅੰਤ ਹੈਂ, ਤੂੰ ਸਾਰੀਆਂ ਤਾਕਤਾਂ ਨਾਲ ਭਰਪੂਰ ਹੈਂ, ਤੇਰਾ ਮੁੱਲ ਨਹੀਂ ਪਾਇਆ ਜਾ ਸਕਦਾ।

ਨਾਨਕ ਸਰਣਿ ਤੁਮੑਾਰੀ ਹਰਿ ਜੀਉ ਭਾਵੈ ਤਿਵੈ ਛਡਾਇ ॥੨॥੬॥

ਮੈਂ (ਨਾਨਕ) ਤੇਰੀ ਸਰਨ ਆਇਆ ਹਾਂ, ਜਿਵੇਂ ਤੈਨੂੰ ਚੰਗਾ ਲੱਗੇ, ਮੈਨੂੰ ਆਪਣੇ ਚਰਨਾਂ ਤੋਂ ਬਿਨਾ ਹੋਰ ਹੋਰ ਪ੍ਰੀਤ ਤੋਂ ਬਚਾਈ ਰੱਖ ॥੨॥੬॥

ਰਾਗੁ ਬੈਰਾੜੀ ਮਹਲਾ ੫ ਘਰੁ ੧ ॥

ਰਾਗ ਬੈਰਾੜੀ, ਘਰ ੧ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ।

ੴ ਸਤਿਗੁਰ ਪ੍ਰਸਾਦਿ ॥

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਸੰਤ ਜਨਾ ਮਿਲਿ ਹਰਿ ਜਸੁ ਗਾਇਓ ॥

ਹੇ ਭਾਈ! ਜਿਸ ਭੀ ਮਨੁੱਖ ਨੇ ਗੁਰਮੁਖਾਂ ਦੀ ਸੰਗਤਿ ਵਿਚ ਮਿਲ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਇਆ ਹੈ,

ਕੋਟਿ ਜਨਮ ਕੇ ਦੂਖ ਗਵਾਇਓ ॥੧॥ ਰਹਾਉ ॥

ਉਸ ਨੇ ਆਪਣੇ ਕ੍ਰੋੜਾਂ ਜਨਮਾਂ ਦੇ ਦੁੱਖ ਦੂਰ ਕਰ ਲਏ ਹਨ ॥੧॥ ਰਹਾਉ ॥

ਜੋ ਚਾਹਤ ਸੋਈ ਮਨਿ ਪਾਇਓ ॥

ਹੇ ਭਾਈ! ਸਿਫ਼ਤਿ-ਸਾਲਾਹ ਕਰਨ ਵਾਲੇ ਮਨੁੱਖ ਨੇ ਜੋ ਕੁਝ ਭੀ ਆਪਣੇ ਮਨ ਵਿਚ ਚਾਹ ਕੀਤੀ, ਉਸ ਨੂੰ ਉਹੀ ਪ੍ਰਾਪਤ ਹੋ ਗਈ।

ਕਰਿ ਕਿਰਪਾ ਹਰਿ ਨਾਮੁ ਦਿਵਾਇਓ ॥੧॥

(ਗੁਰੂ ਨੇ) ਕਿਰਪਾ ਕਰ ਕੇ ਉਸ ਨੂੰ (ਪ੍ਰਭੂ ਦੇ ਦਰ ਤੋਂ) ਪ੍ਰਭੂ ਦਾ ਨਾਮ ਭੀ ਦਿਵਾ ਦਿੱਤਾ ॥੧॥

ਸਰਬ ਸੂਖ ਹਰਿ ਨਾਮਿ ਵਡਾਈ ॥

ਹੇ ਭਾਈ! ਪਰਮਾਤਮਾ ਦੇ ਨਾਮ ਵਿਚ (ਜੁੜਿਆਂ) ਸਾਰੇ ਸੁਖ ਪ੍ਰਾਪਤ ਹੋ ਜਾਂਦੇ ਹਨ, (ਲੋਕ ਪਰਲੋਕ ਵਿਚ) ਇੱਜ਼ਤ (ਭੀ ਮਿਲ ਜਾਂਦੀ ਹੈ)।

ਗੁਰਪ੍ਰਸਾਦਿ ਨਾਨਕ ਮਤਿ ਪਾਈ ॥੨॥੧॥੭॥

ਹੇ ਨਾਨਕ! (ਪ੍ਰਭੂ ਦੇ ਨਾਮ ਵਿਚ ਜੁੜਨ ਦੀ ਇਹ) ਅਕਲ ਗੁਰੂ ਦੀ ਕਿਰਪਾ ਨਾਲ ਹੀ ਮਿਲਦੀ ਹੈ ॥੨॥੧॥੭॥


ਸੂਚੀ (1 - 1430)
ਜਪੁ ਅੰਗ: 1 - 8
ਸੋ ਦਰੁ ਅੰਗ: 8 - 10
ਸੋ ਪੁਰਖੁ ਅੰਗ: 10 - 12
ਸੋਹਿਲਾ ਅੰਗ: 12 - 13
ਸਿਰੀ ਰਾਗੁ ਅੰਗ: 14 - 93
ਰਾਗੁ ਮਾਝ ਅੰਗ: 94 - 150
ਰਾਗੁ ਗਉੜੀ ਅੰਗ: 151 - 346
ਰਾਗੁ ਆਸਾ ਅੰਗ: 347 - 488
ਰਾਗੁ ਗੂਜਰੀ ਅੰਗ: 489 - 526
ਰਾਗੁ ਦੇਵਗੰਧਾਰੀ ਅੰਗ: 527 - 536
ਰਾਗੁ ਬਿਹਾਗੜਾ ਅੰਗ: 537 - 556
ਰਾਗੁ ਵਡਹੰਸੁ ਅੰਗ: 557 - 594
ਰਾਗੁ ਸੋਰਠਿ ਅੰਗ: 595 - 659
ਰਾਗੁ ਧਨਾਸਰੀ ਅੰਗ: 660 - 695
ਰਾਗੁ ਜੈਤਸਰੀ ਅੰਗ: 696 - 710
ਰਾਗੁ ਟੋਡੀ ਅੰਗ: 711 - 718
ਰਾਗੁ ਬੈਰਾੜੀ ਅੰਗ: 719 - 720
ਰਾਗੁ ਤਿਲੰਗ ਅੰਗ: 721 - 727
ਰਾਗੁ ਸੂਹੀ ਅੰਗ: 728 - 794
ਰਾਗੁ ਬਿਲਾਵਲੁ ਅੰਗ: 795 - 858
ਰਾਗੁ ਗੋਂਡ ਅੰਗ: 859 - 875
ਰਾਗੁ ਰਾਮਕਲੀ ਅੰਗ: 876 - 974
ਰਾਗੁ ਨਟ ਨਾਰਾਇਨ ਅੰਗ: 975 - 983
ਰਾਗੁ ਮਾਲੀ ਗਉੜਾ ਅੰਗ: 984 - 988
ਰਾਗੁ ਮਾਰੂ ਅੰਗ: 989 - 1106
ਰਾਗੁ ਤੁਖਾਰੀ ਅੰਗ: 1107 - 1117
ਰਾਗੁ ਕੇਦਾਰਾ ਅੰਗ: 1118 - 1124
ਰਾਗੁ ਭੈਰਉ ਅੰਗ: 1125 - 1167
ਰਾਗੁ ਬਸੰਤੁ ਅੰਗ: 1168 - 1196
ਰਾਗੁ ਸਾਰੰਗ ਅੰਗ: 1197 - 1253
ਰਾਗੁ ਮਲਾਰ ਅੰਗ: 1254 - 1293
ਰਾਗੁ ਕਾਨੜਾ ਅੰਗ: 1294 - 1318
ਰਾਗੁ ਕਲਿਆਨ ਅੰਗ: 1319 - 1326
ਰਾਗੁ ਪ੍ਰਭਾਤੀ ਅੰਗ: 1327 - 1351
ਰਾਗੁ ਜੈਜਾਵੰਤੀ ਅੰਗ: 1352 - 1359
ਸਲੋਕ ਸਹਸਕ੍ਰਿਤੀ ਅੰਗ: 1353 - 1360
ਗਾਥਾ ਮਹਲਾ ੫ ਅੰਗ: 1360 - 1361
ਫੁਨਹੇ ਮਹਲਾ ੫ ਅੰਗ: 1361 - 1663
ਚਉਬੋਲੇ ਮਹਲਾ ੫ ਅੰਗ: 1363 - 1364
ਸਲੋਕੁ ਭਗਤ ਕਬੀਰ ਜੀਉ ਕੇ ਅੰਗ: 1364 - 1377
ਸਲੋਕੁ ਸੇਖ ਫਰੀਦ ਕੇ ਅੰਗ: 1377 - 1385
ਸਵਈਏ ਸ੍ਰੀ ਮੁਖਬਾਕ ਮਹਲਾ ੫ ਅੰਗ: 1385 - 1389
ਸਵਈਏ ਮਹਲੇ ਪਹਿਲੇ ਕੇ ਅੰਗ: 1389 - 1390
ਸਵਈਏ ਮਹਲੇ ਦੂਜੇ ਕੇ ਅੰਗ: 1391 - 1392
ਸਵਈਏ ਮਹਲੇ ਤੀਜੇ ਕੇ ਅੰਗ: 1392 - 1396
ਸਵਈਏ ਮਹਲੇ ਚਉਥੇ ਕੇ ਅੰਗ: 1396 - 1406
ਸਵਈਏ ਮਹਲੇ ਪੰਜਵੇ ਕੇ ਅੰਗ: 1406 - 1409
ਸਲੋਕੁ ਵਾਰਾ ਤੇ ਵਧੀਕ ਅੰਗ: 1410 - 1426
ਸਲੋਕੁ ਮਹਲਾ ੯ ਅੰਗ: 1426 - 1429
ਮੁੰਦਾਵਣੀ ਮਹਲਾ ੫ ਅੰਗ: 1429 - 1429
ਰਾਗਮਾਲਾ ਅੰਗ: 1430 - 1430