ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਦੇ ਚਰਨਾਂ ਵਿਚ ਨਹੀਂ ਪਹੁੰਚ ਸਕਦੀ, ਕਿਉਂਕਿ (ਜਿੰਦ ਦਾ) ਇਹ ਚੋਲਾ (ਇਹ ਸਰੀਰ, ਇਹ ਜੀਵਨ) ਖਸਮ-ਪ੍ਰਭੂ ਨੂੰ ਪਸੰਦ ਨਹੀਂ ਆਉਂਦਾ ॥੧॥
ਹੇ ਮਿਹਰਬਾਨ ਪ੍ਰਭੂ! ਮੈਂ ਕੁਰਬਾਨ ਜਾਂਦਾ ਹਾਂ ਮੈਂ ਸਦਕੇ ਜਾਂਦਾ ਹਾਂ,
ਮੈਂ ਵਰਨੇ ਜਾਂਦਾ ਹਾਂ ਉਹਨਾਂ ਤੋਂ ਜੋ ਤੇਰਾ ਨਾਮ ਸਿਮਰਦੇ ਹਨ।
ਜੋ ਬੰਦੇ ਤੇਰਾ ਨਾਮ ਲੈਂਦੇ ਹਨ, ਮੈਂ ਉਹਨਾਂ ਤੋਂ ਸਦਾ ਕੁਰਬਾਨ ਜਾਂਦਾ ਹਾਂ ॥੧॥ ਰਹਾਉ ॥
(ਪਰ, ਹਾਂ!) ਜੇ ਇਹ ਸਰੀਰ (ਨੀਲਾਰੀ ਦੀ) ਮੱਟੀ ਬਣ ਜਾਏ, ਤੇ ਹੇ ਸੱਜਣ! ਜੇ ਇਸ ਵਿਚ ਮਜੀਠ ਵਰਗੇ ਪੱਕੇ ਰੰਗ ਵਾਲਾ ਪ੍ਰਭੂ ਦਾ ਨਾਮ-ਰੰਗ ਪਾਇਆ ਜਾਏ,
ਫਿਰ ਮਾਲਿਕ-ਪ੍ਰਭੂ ਆਪ ਨੀਲਾਰੀ (ਬਣ ਕੇ ਜੀਵ-ਇਸਤ੍ਰੀ ਦੇ ਮਨ ਨੂੰ) ਰੰਗ (ਦਾ ਡੋਬਾ) ਦੇਵੇ, ਤਾਂ ਅਜੇਹਾ ਰੰਗ ਚੜ੍ਹਦਾ ਹੈ ਜੋ ਕਦੇ ਪਹਿਲਾਂ ਵੇਖਿਆ ਨਾਹ ਹੋਵੇ ॥੨॥
ਹੇ ਪਿਆਰੇ (ਸੱਜਣ!) ਜਿਨ੍ਹਾਂ ਜੀਵ-ਇਸਤ੍ਰੀਆਂ ਦੇ (ਸਰੀਰ-) ਚੋਲੇ (ਜੀਵਨ ਨਾਮ-ਰੰਗ ਨਾਲ) ਰੰਗੇ ਗਏ ਹਨ, ਖਸਮ-ਪ੍ਰਭੂ (ਸਦਾ) ਉਹਨਾਂ ਦੇ ਕੋਲ (ਵੱਸਦਾ) ਹੈ।
ਹੇ ਸੱਜਣ! ਨਾਨਕ ਵਲੋਂ ਉਹਨਾਂ ਪਾਸ ਬੇਨਤੀ ਕਰ, ਭਲਾ ਕਿਤੇ ਨਾਨਕ ਨੂੰ ਉਹਨਾਂ ਦੇ ਚਰਨਾਂ ਦੀ ਧੂੜ ਮਿਲ ਜਾਏ ॥੩॥
ਜਿਸ ਜੀਵ-ਇਸਤ੍ਰੀ ਉਤੇ ਪ੍ਰਭੂ ਆਪ ਮਿਹਰ ਦੀ ਨਜ਼ਰ ਕਰਦਾ ਹੈ ਉਸ ਨੂੰ ਉਹ ਆਪ ਹੀ ਸੰਵਾਰਦਾ ਹੈ ਆਪ ਹੀ (ਨਾਮ ਦਾ) ਰੰਗ ਚਾੜ੍ਹਦਾ ਹੈ।
ਹੇ ਨਾਨਕ! ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਨੂੰ ਪਿਆਰੀ ਲੱਗਦੀ ਹੈ, ਉਸ ਨੂੰ ਪ੍ਰਭੂ ਆਪ ਹੀ ਆਪਣੇ ਚਰਨਾਂ ਵਿਚ ਜੋੜਦਾ ਹੈ ॥੪॥੧॥੩॥
ਹੇ ਬਹੁਤ ਅੰਞਾਣ ਜਿੰਦੇ! ਇਤਨਾ ਕੋਝਾ ਮਾਣ ਤੂੰ ਕਿਉਂ ਕਰਦੀ ਹੈਂ?
ਪਰਮਾਤਮਾ ਤੇਰੇ ਆਪਣੇ ਹੀ ਹਿਰਦੇ-ਘਰ ਵਿਚ ਹੈ, ਤੂੰ ਉਸ (ਦੇ ਮਿਲਾਪ) ਦਾ ਆਨੰਦ ਕਿਉਂ ਨਹੀਂ ਮਾਣਦੀ?
ਹੇ ਭੋਲੀ ਜੀਵ-ਇਸਤ੍ਰੀਏ! ਪਤੀ-ਪ੍ਰਭੂ (ਤੇਰੇ ਅੰਦਰ ਹੀ ਤੇਰੇ) ਨੇੜੇ ਵੱਸ ਰਿਹਾ ਹੈ, ਤੂੰ (ਜੰਗਲ ਆਦਿਕ) ਬਾਹਰਲਾ ਸੰਸਾਰ ਕਿਉਂ ਭਾਲਦੀ ਫਿਰਦੀ ਹੈਂ?
(ਜੇ ਤੂੰ ਉਸ ਦਾ ਦੀਦਾਰ ਕਰਨਾ ਹੈ, ਤਾਂ ਆਪਣੀਆਂ ਗਿਆਨ ਦੀਆਂ) ਅੱਖਾਂ ਵਿਚ (ਪ੍ਰਭੂ ਦੇ) ਡਰ-ਅਦਬ (ਦੇ ਸੁਰਮੇ) ਦੀਆਂ ਸਲਾਈਆਂ ਪਾ, ਪ੍ਰਭੂ ਦੇ ਪਿਆਰ ਦਾ ਹਾਰ-ਸਿੰਗਾਰ ਕਰ।
ਜੀਵ-ਇਸਤ੍ਰੀ ਤਦੋਂ ਹੀ ਸੋਹਾਗ ਭਾਗ ਵਾਲੀ ਤੇ ਪ੍ਰਭੂ-ਚਰਨਾਂ ਵਿਚ ਜੁੜੀ ਹੋਈ ਸਮਝੀ ਜਾਂਦੀ ਹੈ, ਜਦੋਂ ਪ੍ਰਭੂ-ਪਤੀ ਉਸ ਨਾਲ ਪਿਆਰ ਕਰੇ ॥੧॥
(ਪਰ) ਅੰਞਾਣ ਜੀਵ-ਇਸਤ੍ਰੀ ਭੀ ਕੀਹ ਕਰ ਸਕਦੀ ਹੈ ਜੇ ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਨੂੰ ਚੰਗੀ ਹੀ ਨਾਹ ਲੱਗੇ?
ਅਜੇਹੀ ਜੀਵ-ਇਸਤ੍ਰੀ ਭਾਵੇਂ ਕਿਤਨੇ ਹੀ ਤਰਲੇ ਪਈ ਕਰੇ, ਉਹ ਪਤੀ-ਪ੍ਰਭੂ ਦਾ ਮਹਲ-ਘਰ ਲੱਭ ਹੀ ਨਹੀਂ ਸਕਦੀ।
(ਅਸਲ ਗੱਲ ਇਹ ਹੈ ਕਿ) ਜੀਵ-ਇਸਤ੍ਰੀ ਭਾਵੇਂ ਕਿਤਨੀ ਹੀ ਦੌੜ-ਭੱਜ ਕਰੇ, ਪ੍ਰਭੂ ਦੀ ਮੇਹਰ ਦੀ ਨਜ਼ਰ ਤੋਂ ਬਿਨਾ ਕੁਝ ਭੀ ਹਾਸਲ ਨਹੀਂ ਹੁੰਦਾ।
ਜੇ ਜੀਵ-ਇਸਤ੍ਰੀ ਜੀਭ ਦੇ ਚਸਕੇ ਲਾਲਚ ਤੇ ਅਹੰਕਾਰ (ਆਦਿਕ) ਵਿਚ ਹੀ ਮਸਤ ਰਹੇ, ਅਤੇ ਸਦਾ ਮਾਇਆ (ਦੇ ਮੋਹ) ਵਿਚ ਡੁੱਬੀ ਰਹੇ,
ਤਾਂ ਇਹਨੀਂ ਗੱਲੀਂ ਖਸਮ ਪ੍ਰਭੂ ਨਹੀਂ ਮਿਲਦਾ। ਉਹ ਜੀਵ-ਇਸਤ੍ਰੀ ਅੰਞਾਣ ਹੀ ਰਹੀ (ਜੋ ਵਿਕਾਰਾਂ ਵਿਚ ਭੀ ਮਸਤ ਰਹੇ ਤੇ ਫਿਰ ਭੀ ਸਮਝੇ ਕਿ ਉਹ ਪਤੀ-ਪ੍ਰਭੂ ਨੂੰ ਪ੍ਰਸੰਨ ਕਰ ਸਕਦੀ ਹੈ) ॥੨॥
(ਜਿਨ੍ਹਾਂ ਨੂੰ ਪਤੀ-ਪ੍ਰਭੂ ਮਿਲ ਪਿਆ ਹੈ, ਬੇਸ਼ਕ) ਉਹਨਾਂ ਸੁਹਾਗ ਭਾਗ ਵਾਲੀਆਂ ਨੂੰ ਜਾ ਕੇ ਪੁੱਛ ਵੇਖੋ ਕਿ ਕਿਹਨੀਂ ਗੱਲੀਂ ਖਸਮ-ਪ੍ਰਭੂ ਮਿਲਦਾ ਹੈ,
(ਉਹ ਇਹੀ ਉੱਤਰ ਦੇਂਦੀਆਂ ਹਨ ਕਿ) ਚਲਾਕੀ ਤੇ ਧੱਕਾ ਛੱਡ ਦਿਉ, ਜੋ ਕੁਝ ਪ੍ਰਭੂ ਕਰਦਾ ਹੈ ਉਸ ਨੂੰ ਚੰਗਾ ਸਮਝ ਕੇ (ਸਿਰ ਮੱਥੇ ਤੇ) ਮੰਨੋ,
ਜਿਸ ਪ੍ਰਭੂ ਦੇ ਪ੍ਰੇਮ ਦਾ ਸਦਕਾ ਨਾਮ-ਵਸਤ ਮਿਲਦੀ ਹੈ ਉਸ ਦੇ ਚਰਨਾਂ ਵਿਚ ਮਨ ਜੋੜੋ,
ਖਸਮ-ਪ੍ਰਭੂ ਜੋ ਹੁਕਮ ਕਰਦਾ ਹੈ ਉਹ ਕਰੋ, ਆਪਣਾ ਸਰੀਰ ਤੇ ਮਨ ਉਸ ਦੇ ਹਵਾਲੇ ਕਰੋ, ਬੱਸ! ਇਹ ਸੁਗੰਧੀ (ਜਿੰਦ ਵਾਸਤੇ) ਵਰਤੋ।
ਸੋਹਾਗ ਭਾਗ ਵਾਲੀਆਂ ਇਹੀ ਆਖਦੀਆਂ ਹਨ ਕਿ ਹੇ ਭੈਣ! ਇਹਨੀਂ ਗੱਲੀਂ ਹੀ ਖਸਮ-ਪ੍ਰਭੂ ਮਿਲਦਾ ਹੈ ॥੩॥
ਖਸਮ-ਪ੍ਰਭੂ ਤਦੋਂ ਹੀ ਮਿਲਦਾ ਹੈ ਜਦੋਂ ਆਪਾ-ਭਾਵ ਦੂਰ ਕਰੀਏ। ਇਸ ਤੋਂ ਬਿਨਾ ਕੋਈ ਹੋਰ ਉੱਦਮ ਵਿਅਰਥ ਚਲਾਕੀ ਹੈ।
(ਜ਼ਿੰਦਗੀ ਦਾ) ਉਹ ਦਿਨ ਸਫਲ ਜਾਣੋ ਜਦੋਂ ਪਤੀ-ਪ੍ਰਭੂ ਮੇਹਰ ਦੀ ਨਿਹਾਗ ਨਾਲ ਤੱਕੇ, (ਜਿਸ) ਜੀਵ-ਇਸਤ੍ਰੀ (ਵਲ ਮੇਹਰ ਦੀ) ਨਿਗਾਹ ਕਰਦਾ ਹੈ ਉਹ ਮਾਨੋ ਨੌ ਖ਼ਜ਼ਾਨੇ ਲੱਭ ਲੈਂਦੀ ਹੈ।
ਹੇ ਨਾਨਕ! ਜੇਹੜੀ ਜੀਵ-ਇਸਤ੍ਰੀ ਆਪਣੇ ਖਸਮ-ਪ੍ਰਭੂ ਨੂੰ ਪਿਆਰੀ ਹੈ ਉਹ ਸੁਹਾਗ ਭਾਗ ਵਾਲੀ ਹੈ ਉਹ (ਜਗਤ-) ਪਰਵਾਰ ਵਿਚ ਆਦਰ-ਮਾਣ ਪ੍ਰਾਪਤ ਕਰਦੀ ਹੈ।
ਜੇਹੜੀ ਪ੍ਰਭੂ ਦੇ ਪਿਆਰ-ਰੰਗ ਵਿਚ ਰੰਗੀ ਰਹਿੰਦੀ ਹੈ, ਜੇਹੜੀ ਅਡੋਲਤਾ ਵਿਚ ਮਸਤ ਰਹਿੰਦੀ ਹੈ, ਜੇਹੜੀ ਦਿਨ ਰਾਤ ਪ੍ਰਭੂ ਦੇ ਪ੍ਰੇਮ ਵਿਚ ਮਗਨ ਰਹਿੰਦੀ ਹੈ,
ਉਹੀ ਸੋਹਣੀ ਹੈ ਸੋਹਣੇ ਰੂਪ ਵਾਲੀ ਹੈ ਅਕਲ ਵਾਲੀ ਹੈ ਤੇ ਸਿਆਣੀ ਕਹੀ ਜਾਂਦੀ ਹੈ ॥੪॥੨॥੪॥
ਹੇ (ਭਾਈ) ਲਾਲੋ! ਮੈਨੂੰ ਜਿਹੋ ਜਿਹੀ ਖਸਮ-ਪ੍ਰਭੂ ਵਲੋਂ ਪ੍ਰੇਰਨਾ ਆਈ ਹੈ ਉਸੇ ਅਨੁਸਾਰ ਮੈਂ ਤੈਨੂੰ (ਉਸ ਦੂਰ-ਘਟਨਾ ਦੀ) ਵਾਕਫ਼ੀਅਤ ਦੇਂਦਾ ਹਾਂ (ਜੋ ਇਸ ਸ਼ਹਿਰ ਸ਼ੈਦਪੁਰ ਵਿਚ ਵਾਪਰੀ ਹੈ)।
(ਬਾਬਰ) ਕਾਬਲ ਤੋਂ (ਫ਼ੌਜ ਜੋ, ਮਾਨੋ) ਪਾਪ-ਜ਼ੁਲਮ ਦੀ ਜੰਞ (ਹੈ) ਇਕੱਠੀ ਕਰ ਕੇ ਆ ਚੜ੍ਹਿਆ ਹੈ, ਅਤੇ ਜ਼ੋਰ-ਧੱਕੇ ਨਾਲ ਹਿੰਦ-ਦੀ-ਹਕੂਮਤ ਰੂਪ ਕੰਨਿਆ-ਦਾਨ ਮੰਗ ਰਿਹਾ ਹੈ।
(ਸੈਦਪੁਰ ਵਿਚੋਂ) ਹਯਾ ਤੇ ਧਰਮ ਦੋਵੇਂ ਲੋਪ ਹੋ ਚੁਕੇ ਹਨ, ਝੂਠ ਹੀ ਝੂਠ ਚੌਧਰੀ ਬਣਿਆ ਫਿਰਦਾ ਹੈ।
(ਬਾਬਰ ਦੇ ਸਿਪਾਹੀਆਂ ਵਲੋਂ ਸੈਦਪੁਰ ਦੀਆਂ ਇਸਤ੍ਰੀਆਂ ਉਤੇ ਇਤਨੇ ਅੱਤਿਆਚਾਰ ਹੋ ਰਹੇ ਹਨ ਕਿ, ਮਾਨੋ) ਸ਼ੈਤਾਨ (ਇਸ ਸ਼ਹਿਰ ਵਿਚ) ਵਿਆਹ ਪੜ੍ਹਾ ਰਿਹਾ ਹੈ ਤੇ ਕਾਜ਼ੀਆਂ ਅਤੇ ਬ੍ਰਾਹਮਣਾਂ ਦੀ (ਸਾਊਆਂ ਵਾਲੀ) ਮਰਯਾਦਾ ਮੁੱਕ ਚੁਕੀ ਹੈ।
ਮੁਸਲਮਾਨ ਔਰਤਾਂ (ਭੀ ਇਸ ਜ਼ੁਲਮ ਦਾ ਸ਼ਿਕਾਰ ਹੋ ਰਹੀਆਂ ਹਨ ਜੋ) ਇਸ ਬਿਪਤਾ ਵਿਚ (ਆਪਣੀ ਧਰਮ-ਪੁਸਤਕ) ਕੁਰਾਨ (ਦੀਆਂ ਆਇਤਾਂ) ਪੜ੍ਹ ਰਹੀਆਂ ਹਨ ਤੇ ਖ਼ੁਦਾ ਅੱਗੇ ਪੁਕਾਰ ਕਰ ਰਹੀਆਂ ਹਨ।
ਉੱਚੀਆਂ ਜਾਤਾਂ ਦੀਆਂ, ਨੀਵੀਆਂ ਜਾਤਾਂ ਦੀਆਂ ਅਤੇ ਹੋਰ ਭੀ ਸਭ ਹਿੰਦੂ ਇਸਤ੍ਰੀਆਂ-ਇਹਨਾਂ ਸਾਰੀਆਂ ਉਤੇ ਇਹੀ ਅੱਤਿਆਚਾਰ ਹੋ ਰਹੇ ਹਨ।