ਹੇ ਭਾਈ! ਗੁਰੂ ਦੇ ਜੇਹੜੇ ਸਿੱਖ ਗੁਰੂ ਦੀ (ਦੱਸੀ) ਸੇਵਾ ਕਰਦੇ ਹਨ, ਉਹ ਭਾਗਾਂ ਵਾਲੇ ਹੋ ਗਏ ਹਨ।
ਦਾਸ ਨਾਨਕ ਉਹਨਾਂ ਤੋਂ ਸਦਕੇ ਜਾਂਦਾ ਹੈ, ਸਦਾ ਹੀ ਕੁਰਬਾਨ ਜਾਂਦਾ ਹੈ ॥੧੦॥
ਹੇ ਭਾਈ! ਗੁਰੂ ਦੀ ਸਰਨ ਪੈ ਕੇ (ਪਰਸਪਰ ਪ੍ਰੇਮ ਨਾਲ ਰਹਿਣ ਵਾਲੀਆਂ ਸਤ-ਸੰਗੀ) ਸਹੇਲੀਆਂ (ਐਸੀਆਂ ਹੋ ਜਾਂਦੀਆਂ ਹਨ ਕਿ) ਉਹ ਆਪ ਪ੍ਰਭੂ ਨੂੰ ਪਿਆਰੀਆਂ ਲੱਗਦੀਆਂ ਹਨ।
ਪਰਮਾਤਮਾ ਦੀ ਹਜ਼ੂਰੀ ਵਿਚ ਉਹਨਾਂ ਨੂੰ ਆਦਰ ਮਿਲਦਾ ਹੈ, ਪਰਮਾਤਮਾ ਨੇ ਉਹਨਾਂ ਨੂੰ ਆਪ ਆਪਣੇ ਗਲ ਨਾਲ (ਸਦਾ) ਲਾ ਲਿਆ ਹੈ ॥੧੧॥
ਹੇ ਪ੍ਰਭੂ! ਜੇਹੜੇ ਮਨੁੱਖ ਗੁਰੂ ਦੀ ਸਰਨ ਪੈ ਕੇ (ਤੇਰਾ) ਨਾਮ ਸਿਮਰਦੇ ਹਨ, ਉਹਨਾਂ ਦਾ ਮੈਨੂੰ ਦਰਸਨ ਬਖ਼ਸ਼।
ਮੈਂ ਉਹਨਾਂ ਦੇ ਚਰਨ ਧੋਂਦਾ ਰਹਾਂ, ਤੇ, ਉਹਨਾਂ ਦੀ ਚਰਨ-ਧੂੜ ਘੋਲ ਘੋਲ ਕੇ ਪੀਂਦਾ ਰਹਾਂ ॥੧੨॥
ਹੇ ਭਾਈ! ਜੇਹੜੀਆਂ ਜੀਵ-ਇਸਤ੍ਰੀਆਂ ਪਾਨ ਸੁਪਾਰੀ ਆਦਿਕ ਖਾਂਦੀਆਂ ਰਹਿੰਦੀਆਂ ਹਨ, ਮੂੰਹ ਵਿਚ ਪਾਨ ਚਬਾਂਦੀਆਂ ਰਹਿੰਦੀਆਂ ਹਨ (ਭਾਵ, ਸਦਾ ਪਦਾਰਥਾਂ ਦੇ ਭੋਗਾਂ ਵਿਚ ਮਸਤ ਹਨ),
ਤੇ, ਜਿਨ੍ਹਾਂ ਨੇ ਪਰਮਾਤਮਾ ਦਾ ਨਾਮ ਕਦੇ ਭੀ ਨਾਹ ਸਿਮਰਿਆ, ਉਹਨਾਂ ਨੂੰ ਮੌਤ (ਦੇ ਗੇੜ) ਨੇ ਫੜ ਕੇ (ਸਦਾ ਲਈ) ਅੱਗੇ ਲਾ ਲਿਆ (ਉਹ ਚੌਰਾਸੀ ਦੇ ਗੇੜ ਵਿਚ ਪੈ ਗਈਆਂ) ॥੧੩॥
ਹੇ ਭਾਈ! ਜਿਨ੍ਹਾਂ ਆਪਣੇ ਮਨ ਵਿਚ ਹਿਰਦੇ ਵਿਚ ਟਿਕਾ ਕੇ ਪਰਮਾਤਮਾ ਦਾ ਨਾਮ ਸਿਮਰਿਆ,
ਉਹਨਾਂ ਗੁਰੂ ਦੇ ਪਿਆਰੇ ਗੁਰਸਿੱਖਾਂ ਦੇ ਨੇੜੇ ਮੌਤ (ਦਾ ਡਰ) ਨਹੀਂ ਆਉਂਦਾ ॥੧੪॥
ਹੇ ਭਾਈ! ਪਰਮਾਤਮਾ ਦਾ ਨਾਮ ਖ਼ਜ਼ਾਨਾ ਹੈ, ਕੋਈ ਵਿਰਲਾ ਮਨੁੱਖ ਗੁਰੂ ਦੀ ਸਰਨ ਪੈ ਕੇ (ਨਾਮ ਨਾਲ) ਸਾਂਝ ਪਾਂਦਾ ਹੈ।
ਹੇ ਨਾਨਕ! (ਆਖ-) ਜਿਨ੍ਹਾਂ ਮਨੁੱਖਾਂ ਨੂੰ ਗੁਰੂ ਮਿਲ ਪੈਂਦਾ ਹੈ, ਉਹ (ਹਰੇਕ ਮਨੁੱਖ) ਹਰਿ-ਨਾਮ ਦੇ ਪ੍ਰੇਮ ਵਿਚ ਜੁੜ ਕੇ ਆਤਮਕ ਆਨੰਦ ਮਾਣਦਾ ਹੈ ॥੧੫॥
ਹੇ ਭਾਈ! ਗੁਰੂ ਨੂੰ (ਹੀ ਨਾਮ ਦੀ ਦਾਤਿ) ਦੇਣ ਵਾਲਾ ਆਖਣਾ ਚਾਹੀਦਾ ਹੈ। ਗੁਰੂ ਤ੍ਰੁੱਠ ਕੇ (ਨਾਮ ਦੇਣ ਦੀ) ਕਿਰਪਾ ਕਰਦਾ ਹੈ।
ਮੈਂ (ਤਾਂ) ਸਦਾ ਗੁਰੂ ਤੋਂ (ਹੀ) ਕੁਰਬਾਨ ਜਾਂਦਾ ਹਾਂ, ਜਿਸ ਨੇ (ਮੈਨੂੰ) ਪਰਮਾਤਮਾ ਦਾ ਨਾਮ ਦਿੱਤਾ ਹੈ ॥੧੬॥
ਹੇ ਭਾਈ! ਉਹ ਗੁਰੂ ਸਲਾਹੁਣ-ਜੋਗ ਹੈ, ਉਸ ਗੁਰੂ ਦੀ ਵਡਿਆਈ ਕਰਨੀ ਚਾਹੀਦੀ ਹੈ, ਜੇਹੜਾ ਪਰਮਾਤਮਾ ਦਾ ਨਾਮ ਜਪਣ ਦਾ ਉਪਦੇਸ਼ ਦੇਂਦਾ ਹੈ।
ਮੈਂ (ਤਾਂ) ਗੁਰੂ ਨੂੰ ਵੇਖ ਵੇਖ ਕੇ ਗੁਰੂ ਦਾ (ਸੋਹਣਾ) ਸਰੀਰ ਵੇਖ ਕੇ ਖਿੜ ਰਿਹਾ ਹਾਂ ॥੧੭॥
ਹੇ ਭਾਈ! ਗੁਰੂ ਦੀ ਜੀਭ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਉਚਾਰਦੀ ਹੈ, ਹਰਿ-ਨਾਮ (ਉਚਾਰਨ ਦੇ ਕਾਰਨ ਸੋਹਣੀ ਲੱਗਦੀ ਹੈ।
ਜਿਨ੍ਹਾਂ ਭੀ ਸਿੱਖਾਂ ਨੇ (ਗੁਰੂ ਦਾ ਉਪਦੇਸ਼) ਸੁਣ ਕੇ ਗੁਰੂ ਉੱਤੇ ਯਕੀਨ ਲਿਆਂਦਾ ਹੈ, ਉਹਨਾਂ ਦੀ (ਮਾਇਆ ਦੀ) ਸਾਰੀ ਭੁੱਖ ਦੂਰ ਹੋ ਗਈ ਹੈ ॥੧੮॥
ਹੇ ਭਾਈ! (ਹਰਿ-ਨਾਮ ਸਿਮਰਨ ਹੀ) ਪਰਮਾਤਮਾ (ਦੇ ਮਿਲਾਪ) ਦਾ ਰਸਤਾ ਕਿਹਾ ਜਾਂਦਾ ਹੈ। ਹੇ ਭਾਈ! ਦੱਸ, ਕਿਸ ਤਰੀਕੇ ਨਾਲ (ਇਸ ਰਸਤੇ ਉੱਤੇ) ਤੁਰ ਸਕੀਦਾ ਹੈ?
ਹੇ ਪ੍ਰਭੂ! ਤੇਰਾ ਨਾਮ ਹੀ (ਰਸਤੇ ਦਾ) ਖ਼ਰਚ ਹੈ, ਇਹ ਖ਼ਰਚ ਪੱਲੇ ਬੰਨ੍ਹ ਕੇ (ਇਸ ਰਸਤੇ ਉੱਤੇ) ਤੁਰਨਾ ਚਾਹੀਦਾ ਹੈ ॥੧੯॥
ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਿਆ ਹੈ ਉਹ ਵੱਡੇ ਸਿਆਣੇ ਸ਼ਾਹ ਬਣ ਗਏ ਹਨ।
ਮੈਂ ਸਦਾ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਗੁਰੂ ਦੇ ਬਚਨ ਦੀ ਰਾਹੀਂ (ਪਰਮਾਤਮਾ ਦੇ ਨਾਮ ਵਿਚ) ਲੀਨ ਹੋ ਸਕੀਦਾ ਹੈ ॥੨੦॥
ਹੇ ਪ੍ਰਭੂ! ਤੂੰ ਮੇਰਾ ਮਾਲਕ ਹੈਂ ਤੂੰ ਮੇਰਾ ਸਾਹਿਬ ਹੈਂ, ਤੂੰ ਹੀ ਮੇਰਾ ਪਾਤਿਸ਼ਾਹ ਹੈਂ।
ਜੇ ਤੈਨੂੰ ਪਸੰਦ ਆਵੇ, ਤਾਂ ਹੀ ਤੇਰੀ ਭਗਤੀ ਕੀਤੀ ਜਾ ਸਕਦੀ ਹੈ। ਤੂੰ ਗੁਣਾਂ ਦਾ ਖ਼ਜ਼ਾਨਾ ਹੈਂ, ਤੂੰ ਡੂੰਘੇ ਜਿਗਰੇ ਵਾਲਾ ਹੈਂ ॥੨੧॥
(ਹੇ ਭਾਈ!) ਪਰਮਾਤਮਾ ਆਪ ਹੀ (ਨਿਰਗੁਣ ਸਰੂਪ ਵਿਚ) ਇਕੋ ਇਕ ਹਸਤੀ ਹੈ, ਤੇ, ਆਪ ਹੀ (ਸਰਗੁਣ ਸਰੂਪ ਵਿਚ) ਅਨੇਕਾਂ ਰੂਪਾਂ ਵਾਲਾ ਹੈ।
ਹੇ ਨਾਨਕ! (ਆਖ-) ਜੇਹੜੀ ਗੱਲ ਉਸ ਨੂੰ ਚੰਗੀ ਲੱਗਦੀ ਹੈ, ਉਹੀ ਗੱਲ ਜੀਵਾਂ ਦੇ ਭਲੇ ਵਾਸਤੇ ਹੁੰਦੀ ਹੈ ॥੨੨॥੨॥
ਰਾਗ ਤਿਲੰਗ ਵਿੱਚ ਗੁਰੂ ਤੇਗਬਹਾਦਰ ਜੀ ਦੀ ਬਾਣੀ।
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਹੇ ਮਨੁੱਖ! ਜੇ ਤੂੰ ਪਰਮਾਤਮਾ ਦਾ ਨਾਮ ਸਿਮਰਨਾ ਹੈ, ਤਾਂ ਦਿਨ ਰਾਤ ਇੱਕ ਕਰ ਕੇ ਸਿਮਰਨਾ ਸ਼ੁਰੂ ਕਰ ਦੇ,
(ਕਿਉਂਕਿ) ਜਿਵੇਂ ਤ੍ਰੇੜੇ ਹੋਏ ਘੜੇ ਵਿਚੋਂ ਪਾਣੀ (ਸਹਜੇ ਸਹਜੇ ਨਿਕਲਦਾ ਰਹਿੰਦਾ ਹੈ, ਤਿਵੇਂ ਹੀ) ਇਕ ਇਕ ਛਿਨ ਕਰ ਕੇ ਉਮਰ ਬੀਤਦੀ ਜਾ ਰਹੀ ਹੈ ॥੧॥ ਰਹਾਉ ॥
ਹੇ ਮੂਰਖ! ਹੇ ਬੇ-ਸਮਝ! ਤੂੰ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਕਿਉਂ ਨਹੀਂ ਗਾਂਦਾ?
ਮਾਇਆ ਦੇ ਝੂਠੇ ਲਾਲਚ ਵਿਚ ਫਸ ਕੇ ਤੂੰ ਮੌਤ ਨੂੰ (ਭੀ) ਚੇਤੇ ਨਹੀਂ ਕਰਦਾ ॥੧॥
ਪਰ, ਜੇ ਮਨੁੱਖ ਪਰਮਾਤਮਾ ਦੇ ਗੁਣ ਗਾਣੇ ਸ਼ੁਰੂ ਕਰ ਦੇਵੇ (ਭਾਵੇਂ ਸਿਮਰਨ-ਹੀਨਤਾ ਵਿਚ ਕਿਤਨੀ ਭੀ ਉਮਰ ਗੁਜ਼ਰ ਚੁਕੀ ਹੋਵੇ) ਫਿਰ ਭੀ ਕੋਈ ਨੁਕਸਾਨ ਨਹੀਂ ਹੁੰਦਾ, (ਕਿਉਂਕਿ)
ਨਾਨਕ ਆਖਦਾ ਹੈ- ਉਸ ਪਰਮਾਤਮਾ ਦੇ ਭਜਨ ਦੀ ਬਰਕਤਿ ਨਾਲ ਮਨੁੱਖ ਉਹ ਆਤਮਕ ਦਰਜਾ ਪ੍ਰਾਪਤ ਕਰ ਲੈਂਦਾ ਹੈ, ਜਿੱਥੇ ਕੋਈ ਡਰ ਪੋਹ ਨਹੀਂ ਸਕਦਾ ॥੨॥੧॥
ਹੇ ਮਨ! ਹੋਸ਼ ਕਰ, ਹੋਸ਼ ਕਰ! ਤੂੰ ਕਿਉਂ (ਮਾਇਆ ਦੇ ਮੋਹ ਵਿਚ) ਬੇ-ਪਰਵਾਹ ਹੋ ਕੇ ਸੌਂ ਰਿਹਾ ਹੈਂ?
(ਵੇਖ,) ਜੇਹੜਾ (ਇਹ) ਸਰੀਰ (ਮਨੁੱਖ ਦੇ) ਨਾਲ ਹੀ ਪੈਦਾ ਹੁੰਦਾ ਹੈ; ਇਹ ਭੀ (ਆਖ਼ਰ) ਨਾਲ ਨਹੀਂ ਜਾਂਦਾ ॥੧॥ ਰਹਾਉ ॥
ਹੇ ਮਨ! (ਵੇਖ,) ਮਾਂ, ਪਿਉ, ਪੁੱਤਰ, ਰਿਸ਼ਤੇਦਾਰ-ਜਿਨ੍ਹਾਂ ਨਾਲ ਮਨੁੱਖ (ਸਾਰੀ ਉਮਰ) ਪਿਆਰ ਕਰਦਾ ਰਹਿੰਦਾ ਹੈ,
ਜਦੋਂ ਜਿੰਦ ਸਰੀਰ ਵਿਚੋਂ ਵੱਖ ਹੁੰਦੀ ਹੈ, ਤਦੋਂ (ਉਹ ਸਾਰੇ ਰਿਸ਼ਤੇਦਾਰ, ਉਸ ਦੇ ਸਰੀਰ ਨੂੰ) ਅੱਗ ਵਿਚ ਪਾ ਦੇਂਦੇ ਹਨ ॥੧॥