ਅਕਾਲ ਪੁਰਖ ਇੱਕ ਹੈ, ਜਿਸ ਦਾ ਨਾਮ 'ਹੋਂਦ ਵਾਲਾ' ਹੈ ਜੋ ਸ੍ਰਿਸ਼ਟੀ ਦਾ ਰਚਨਹਾਰ ਹੈ, ਜੋ ਸਭ ਵਿਚ ਵਿਆਪਕ ਹੈ, ਭੈ ਤੋਂ ਰਹਿਤ ਹੈ, ਵੈਰ-ਰਹਿਤ ਹੈ, ਜਿਸ ਦਾ ਸਰੂਪ ਕਾਲ ਤੋਂ ਪਰੇ ਹੈ, (ਭਾਵ, ਜਿਸ ਦਾ ਸਰੀਰ ਨਾਸ-ਰਹਿਤ ਹੈ), ਜੋ ਜੂਨਾਂ ਵਿਚ ਨਹੀਂ ਆਉਂਦਾ, ਜਿਸ ਦਾ ਪ੍ਰਕਾਸ਼ ਆਪਣੇ ਆਪ ਤੋਂ ਹੋਇਆ ਹੈ ਅਤੇ ਜੋ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਰਾਗ ਸੂਹੀ, ਘਰ ੧ ਵਿੱਚ ਗੁਰੂ ਨਾਨਕਦੇਵ ਜੀ ਦੀ ਚਾਰ-ਬੰਦਾਂ ਵਾਲੀ ਬਾਣੀ।
(ਮੱਖਣ ਹਾਸਲ ਕਰਨ ਲਈ, ਹੇ ਭਾਈ!) ਤੁਸੀ (ਪਹਿਲਾਂ) ਭਾਂਡਾ ਧੋ ਕੇ ਬੈਠ ਕੇ (ਉਸ ਭਾਂਡੇ ਨੂੰ) ਧੂਪ ਦੇ ਕੇ ਤਦੋਂ ਦੁੱਧ ਲੈਣ ਜਾਂਦੇ ਹੋ (ਫਿਰ ਜਾਗ ਲਾ ਕੇ ਉਸ ਨੂੰ ਜਮਾਂਦੇ ਹੋ। ਇਸੇ ਤਰ੍ਹਾਂ ਜੇ ਨਾਮ-ਅੰਮ੍ਰਿਤ ਪ੍ਰਾਪਤ ਕਰਨਾ ਹੈ, ਤਾਂ) ਹਿਰਦੇ ਨੂੰ ਪਵਿਤ੍ਰ ਕਰ ਕੇ ਮਨ ਨੂੰ ਰੋਕੋ-ਇਹ ਇਸ ਹਿਰਦਾ-ਭਾਂਡੇ ਨੂੰ ਧੂਪ ਦਿਉ। ਤਦੋਂ ਦੁੱਧ ਲੈਣ ਜਾਵੋ।
ਰੋਜ਼ਾਨਾ ਕਿਰਤ-ਕਾਰ ਦੁੱਧ ਹੈ, ਪ੍ਰਭੂ-ਚਰਨਾਂ ਵਿਚ (ਹਰ ਵੇਲੇ) ਸੁਰਤ ਜੋੜੀ ਰੱਖਣੀ (ਰੋਜ਼ਾਨਾ ਕਿਰਤ-ਕਾਰ ਵਿੱਚ) ਜਾਗ ਲਾਣੀ ਹੈ, (ਜੁੜੀ ਸੁਰਤ ਦੀ ਬਰਕਤਿ ਨਾਲ) ਦੁਨੀਆਂ ਦੀਆਂ ਆਸਾਂ ਤੋਂ ਉਤਾਂਹ ਉੱਠੋ, ਇਸ ਤਰ੍ਹਾਂ ਇਹ ਦੁੱਧ ਜਮਾਵੋ (ਭਾਵ, ਜੁੜੀ ਸੁਰਤ ਦੀ ਸਹਾਇਤਾ ਨਾਲ ਰੋਜ਼ਾਨਾ ਕਿਰਤ-ਕਾਰ ਕਰਦਿਆਂ ਭੀ ਮਾਇਆ ਵਲੋਂ ਉਪਰਾਮਤਾ ਜੇਹੀ ਹੀ ਰਹੇਗੀ) ॥੧॥
(ਹੇ ਭਾਈ! ਜੇ ਪ੍ਰਭੂ ਨੂੰ ਪ੍ਰਸੰਨ ਕਰਨਾ ਹੈ) ਤਾਂ ਸਿਰਫ਼ ਪ੍ਰਭੂ-ਨਾਮ ਹੀ ਜਪੋ।
(ਸਿਮਰਨ ਛੱਡ ਕੇ ਪ੍ਰਭੂ ਨੂੰ ਪ੍ਰਸੰਨ ਕਰਨ ਦੇ) ਹੋਰ ਸਾਰੇ ਉੱਦਮ ਵਿਅਰਥ ਹਨ ॥੧॥ ਰਹਾਉ ॥
(ਦੁੱਧ ਰਿੜਕਣ ਵੇਲੇ ਤੁਸੀ ਨੇਤ੍ਰੇ ਦੀਆਂ ਈਟੀਆਂ ਹੱਥ ਵਿਚ ਫੜਦੇ ਹੋ) ਆਪਣੇ ਇਸ ਮਨ ਨੂੰ ਵੱਸ ਵਿਚ ਕਰੋ (ਆਤਮਕ ਜੀਵਨ ਦੇ ਵਾਸਤੇ ਇਸ ਤਰ੍ਹਾਂ ਇਹ ਮਨ-ਰੂਪ) ਈਟੀਆਂ ਹੱਥ ਵਿਚ ਫੜੋ। ਮਾਇਆ ਦੇ ਮੋਹ ਦੀ ਨੀਂਦ (ਮਨ ਉੱਤੇ) ਪ੍ਰਭਾਵ ਨ ਪਾਏ-ਇਹ ਹੈ ਨੇਤ੍ਰਾ।
ਜੀਭ ਨਾਲ ਪਰਮਾਤਮਾ ਦਾ ਨਾਮ ਜਪੋ (ਜਿਉਂ ਜਿਉਂ ਨਾਮ ਜਪੋਗੇ,) ਤਿਉਂ ਤਿਉਂ (ਇਹ ਰੋਜ਼ਾਨਾ ਕਿਰਤ-ਕਾਰ-ਰੂਪ ਦੁੱਧ) ਰਿੜਕੀਂਦਾ ਰਹੇਗਾ, ਇਹਨਾਂ ਤਰੀਕਿਆਂ ਨਾਲ (ਰੋਜ਼ਾਨਾ ਕਿਰਤ-ਕਾਰ ਕਰਦੇ ਹੋਏ ਹੀ) ਨਾਮ-ਅੰਮ੍ਰਿਤ ਪ੍ਰਾਪਤ ਕਰ ਲਵੋਗੇ ॥੨॥
(ਪੁਜਾਰੀ ਮੂਰਤੀ ਨੂੰ ਡੱਬੇ ਵਿਚ ਪਾਂਦਾ ਹੈ, ਜੇ ਜੀਵ) ਆਪਣੇ ਮਨ ਨੂੰ ਡੱਬਾ ਬਣਾਏ (ਉਸ ਵਿਚ ਪਰਮਾਤਮਾ ਦਾ ਨਾਮ ਟਿਕਾ ਕੇ ਰੱਖੇ) ਉਸ ਨਾਮ ਦੀ ਰਾਹੀਂ ਸਾਧ ਸੰਗਤਿ ਸਰੋਵਰ ਵਿਚ ਇਸ਼ਨਾਨ ਕਰੇ, (ਮਨ ਵਿਚ ਟਿਕੇ ਹੋਏ ਪ੍ਰਭੂ-ਠਾਕੁਰ ਨੂੰ) ਸਰਧਾ ਦੇ ਪੱਤਰਾਂ ਨਾਲ ਪ੍ਰਸੰਨ ਕਰੇ।
ਜੇ ਜੀਵ ਸੇਵਕ ਬਣ ਕੇ ਆਪਾ-ਭਾਵ ਛੱਡ ਕੇ (ਅੰਦਰ-ਵੱਸਦੇ ਠਾਕੁਰ-ਪ੍ਰਭੂ ਦੀ) ਸੇਵਾ (ਸਿਮਰਨ) ਕਰੇ, ਤਾਂ ਇਹਨਾਂ ਤਰੀਕਿਆਂ ਨਾਲ ਉਹ ਜੀਵ ਮਾਲਕ-ਪ੍ਰਭੂ ਨੂੰ ਸਦਾ ਮਿਲਿਆ ਰਹਿੰਦਾ ਹੈ ॥੩॥
(ਸਿਮਰਨ ਤੋਂ ਬਿਨਾ ਪ੍ਰਭੂ ਨੂੰ ਪ੍ਰਸੰਨ ਕਰਨ ਦੇ ਹੋਰ ਹੋਰ ਉੱਦਮ) ਦੱਸਣ ਵਾਲੇ ਬੰਦੇ ਜੋ ਜੋ ਭੀ ਹੋਰ ਹੋਰ ਉੱਦਮ ਦੱਸਦੇ ਹਨ, ਉਹ ਦੱਸ ਦੱਸ ਕੇ ਆਪਣਾ ਜੀਵਨ-ਸਮਾ ਵਿਅਰਥ ਗਵਾ ਜਾਂਦੇ ਹਨ (ਕਿਉਂਕਿ) ਹੇ ਪ੍ਰਭੂ! ਤੇਰੇ ਸਿਮਰਨ ਵਰਗਾ ਹੋਰ ਕੋਈ ਉੱਦਮ ਨਹੀਂ ਹੈ।
(ਭਾਵੇਂ) ਨਾਨਕ (ਤੇਰਾ) ਦਾਸ ਭਗਤੀ ਤੋਂ ਸੱਖਣਾ (ਹੀ ਹੈ ਫਿਰ ਭੀ ਇਹ ਇਹੀ) ਬੇਨਤੀ ਕਰਦਾ ਹੈ ਕਿ ਮੈਂ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦੀ ਸਦਾ ਸਿਫ਼ਤਿ-ਸਾਲਾਹ ਕਰਦਾ ਰਹਾਂ ॥੪॥੧॥
ਰਾਗ ਸੂਹੀ, ਘਰ ੨ ਵਿੱਚ ਗੁਰੂ ਨਾਨਕਦੇਵ ਜੀ ਦੀ ਬਾਣੀ।
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
(ਸੇਵਕ ਉਹ ਹੈ ਜਿਸ ਦਾ ਮਨ) ਦੁਨੀਆ ਦੇ ਰਸਾਂ ਪਦਾਰਥਾਂ ਵਲ ਨਹੀਂ ਦੌੜਦਾ, ਤੇ ਆਪਣੇ ਅੰਤਰ ਆਤਮੇ ਹੀ (ਪ੍ਰਭੂ-ਚਰਨਾਂ ਵਿਚ) ਟਿਕਿਆ ਰਹਿੰਦਾ ਹੈ;
ਪਰਮਾਤਮਾ ਦਾ ਨਾਮ-ਅੰਮ੍ਰਿਤ ਛੱਡ ਕੇ ਉਹ ਵਿਸ਼ਿਆਂ ਦਾ ਜ਼ਹਿਰ ਨਹੀਂ ਖਾਂਦਾ ॥੧॥
ਹੇ ਮਨ! ਪਰਮਾਤਮਾ ਨਾਲ ਅਜੇਹੀ ਡੂੰਘੀ ਸਾਂਝ ਪੱਕੀ ਕਰ,
(ਜਿਸ ਦੀ ਬਰਕਤਿ ਨਾਲ) ਤੂੰ ਉਸ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦਾ (ਸੱਚਾ) ਸੇਵਕ ਬਣ ਸਕੇਂ ॥੧॥ ਰਹਾਉ ॥
ਜ਼ਬਾਨੀ ਜ਼ਬਾਨੀ ਤਾਂ ਹਰ ਕੋਈ ਆਖਦਾ ਹੈ ਕਿ ਮੈਨੂੰ ਗਿਆਨ ਪ੍ਰਾਪਤ ਹੋ ਗਿਆ ਹੈ, ਮੇਰੀ ਸੁਰਤ ਜੁੜੀ ਹੋਈ ਹੈ,
ਪਰ (ਵੇਖਣ ਵਿਚ ਇਹ ਆਉਂਦਾ ਹੈ ਕਿ) ਸਾਰਾ ਜਗਤ ਮਾਇਆ ਦੇ ਮੋਹ ਦੀ ਫਾਹੀ ਵਿਚ ਬੱਝਾ ਹੋਇਆ ਭਟਕ ਰਿਹਾ ਹੈ (ਜ਼ਬਾਨੀ ਆਖਿਆਂ ਪ੍ਰਭੂ ਦਾ ਸੇਵਕ ਬਣ ਨਹੀਂ ਸਕੀਦਾ) ॥੨॥
ਜੋ ਮਨੁੱਖ (ਮਨ ਨੂੰ ਬਾਹਰ ਭਟਕਣੋਂ ਹਟਾ ਕੇ ਪ੍ਰਭੂ ਦਾ) ਸਿਮਰਨ ਕਰਦਾ ਹੈ ਉਹੀ (ਪ੍ਰਭੂ ਦਾ) ਸੇਵਕ ਬਣਦਾ ਹੈ,
ਉਸ ਸੇਵਕ ਨੂੰ ਪ੍ਰਭੂ ਜਲ ਵਿਚ ਧਰਤੀ ਦੇ ਅੰਦਰ ਆਕਾਸ਼ ਵਿਚ ਹਰ ਥਾਂ ਵਿਆਪਕ ਦਿੱਸਦਾ ਹੈ ॥੩॥
ਜੋ ਮਨੁੱਖ (ਹਉਮੈ ਦਾ ਤਿਆਗ ਕਰਦਾ ਹੈ ਤੇ) ਸਮਝਦਾ ਹੈ ਕਿ ਮੈਂ ਹੋਰਨਾਂ ਨਾਲੋਂ ਚੰਗਾ ਨਹੀਂ ਤੇ ਕੋਈ ਮੈਥੋਂ ਮਾੜਾ ਨਹੀਂ,
ਨਾਨਕ ਬੇਨਤੀ ਕਰਦਾ ਹੈ- ਅਜੇਹੇ ਸੇਵਕ ਨੂੰ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਪਾਰ ਲੰਘਾ ਲੈਂਦਾ ਹੈ ॥੪॥੧॥੨॥