ਹੇ ਅਪਹੁੰਚ ਪ੍ਰਭੂ! ਹੇ ਬੇਅੰਤ ਪ੍ਰਭੂ! ਜਦੋਂ (ਕਿਸੇ ਵਡ-ਭਾਗੀ ਨੂੰ) ਤੂੰ ਮਿਲ ਪੈਂਦਾ ਹੈਂ, ਉਸ ਦੀਆਂ ਸਾਰੀਆਂ ਮਨੋ-ਕਾਮਨਾ ਪੂਰੀਆਂ ਹੋ ਜਾਂਦੀਆਂ ਹਨ (ਉਸ ਨੂੰ ਕੋਈ ਥੁੜ ਨਹੀਂ ਰਹਿ ਜਾਂਦੀ, ਉਸ ਦੀ ਤ੍ਰਿਸਨਾ ਮੁੱਕ ਜਾਂਦੀ ਹੈ)।
ਹੇ ਪ੍ਰਭੂ! ਮੈਂ ਤੇਰੇ ਚਰਨਾਂ ਤੋਂ ਸਦਕੇ ਜਾਂਦਾ ਹਾਂ। ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਨਾਨਕ ਮਿਲ ਪਿਆ, ਉਸ ਨੂੰ ਪਰਮਾਤਮਾ ਮਿਲ ਪਿਆ ॥੪॥੧॥੪੭॥
ਰਾਗ ਸੂਹੀ, ਘਰ ੭ ਵਿੱਚ ਗੁਰੂ ਅਰਜਨਦੇਵ ਜੀ ਦੀ ਬਾਣੀ।
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਹੇ ਪ੍ਰਭੂ! ਜਿਸ ਮਨੁੱਖ ਉੱਤੇ ਤੂੰ ਦਇਆਵਾਨ ਹੁੰਦਾ ਹੈਂ ਤੂੰ ਆਪ ਹੀ ਉਸ ਨੂੰ ਆਪਣੀ ਰਜ਼ਾ ਵਿਚ ਤੋਰਦਾ ਹੈਂ।
ਅਸਲ ਭਗਤੀ ਉਹੀ ਹੈ ਜੋ ਤੈਨੂੰ ਪਸੰਦ ਆ ਜਾਂਦੀ ਹੈ। ਹੇ ਪ੍ਰਭੂ! ਤੂੰ ਸਾਰੇ ਜੀਵਾਂ ਦੀ ਪਾਲਣਾ ਕਰਨ ਵਾਲਾ ਹੈਂ ॥੧॥
ਹੇ ਮੇਰੇ ਪ੍ਰਭੂ ਪਾਤਿਸ਼ਾਹ! ਤੇਰੇ ਸੰਤਾਂ ਨੂੰ (ਸਦਾ) ਤੇਰਾ ਹੀ ਆਸਰਾ ਰਹਿੰਦਾ ਹੈ।
ਜੋ ਕੁਝ ਤੈਨੂੰ ਚੰਗਾ ਲੱਗਦਾ ਹੈ ਉਹੀ (ਤੇਰੇ ਸੰਤਾਂ ਨੂੰ) ਪਰਵਾਨ ਹੁੰਦਾ ਹੈ। ਉਹਨਾਂ ਦੇ ਮਨ ਵਿਚ, ਉਹਨਾਂ ਦੇ ਤਨ ਵਿਚ, ਤੂੰ ਹੀ ਆਸਰਾ ਹੈਂ ॥੧॥ ਰਹਾਉ ॥
(ਹੇ ਪ੍ਰਭੂ)! ਤੂੰ ਦਇਆ ਦਾ ਘਰ ਹੈਂ, ਤੂੰ ਕਿਰਪਾ ਦਾ ਖ਼ਜ਼ਾਨਾ ਹੈਂ, ਤੂੰ (ਆਪਣੇ ਭਗਤਾਂ ਦੀ) ਮਨੋ-ਕਾਮਨਾ ਪੂਰੀ ਕਰਨ ਵਾਲਾ ਹੈਂ।
ਹੇ ਜਿੰਦ ਦੇ ਮਾਲਕ! ਹੇ ਪ੍ਰੀਤਮ ਪ੍ਰਭੂ! ਤੇਰੇ ਸਾਰੇ ਭਗਤ (ਤੈਨੂੰ ਪਿਆਰੇ ਲੱਗਦੇ ਹਨ), ਤੂੰ ਭਗਤਾਂ ਨੂੰ ਪਿਆਰਾ ਲੱਗਦਾ ਹੈਂ ॥੨॥
ਹੇ ਪ੍ਰਭੂ! (ਤੇਰੇ ਦਿਲ ਦੀ) ਡੂੰਘਾਈ ਨਹੀਂ ਲੱਭ ਸਕਦੀ, ਤੇਰੀ ਹਸਤੀ ਦਾ ਪਾਰਲਾ ਬੰਨਾ ਨਹੀਂ ਲੱਭ ਸਕਦਾ, ਤੂੰ ਬਹੁਤ ਹੀ ਉੱਚਾ ਹੈਂ, ਕੋਈ ਹੋਰ ਤੇਰੇ ਵਰਗਾ ਨਹੀਂ ਹੈ।
ਹੇ ਮਾਲਕ! ਹੇ ਸੁਖਾਂ ਦੇ ਦੇਣ ਵਾਲੇ! ਅਸਾਂ ਜੀਵਾਂ ਦੀ (ਤੇਰੇ ਅੱਗੇ) ਇਹੀ ਅਰਜ਼ੋਈ ਹੈ, ਕਿ ਸਾਨੂੰ ਤੂੰ ਕਦੇ ਭੀ ਨਾਹ ਭੁੱਲ ॥੩॥
ਹੇ ਸੁਆਮੀ! ਜੇ ਮੈਂ ਤੈਨੂੰ ਚੰਗਾ ਲੱਗਾਂ (ਜੇ ਤੇਰੀ ਮੇਰੇ ਉਤੇ ਮੇਹਰ ਹੋਵੇ) ਮੈਂ ਦਿਨ ਰਾਤ ਹਰੇਕ ਸਾਹ ਦੇ ਨਾਲ ਤੇਰੇ ਗੁਣ ਗਾਂਦਾ ਰਹਾਂ।
(ਤੇਰਾ ਦਾਸ) ਨਾਨਕ (ਤੈਥੋਂ) ਤੇਰਾ ਨਾਮ ਮੰਗਦਾ ਹੈ (ਇਹੀ ਨਾਨਕ ਵਾਸਤੇ) ਸੁਖ (ਹੈ)। ਹੇ ਮੇਰੇ ਸਾਹਿਬ! ਜੇ ਤੂੰ ਦਇਆਵਾਨ ਹੋਵੇਂ, ਤਾਂ ਮੈਨੂੰ ਇਹ ਦਾਤ ਮਿਲ ਜਾਏ ॥੪॥੧॥੪੮॥
ਹੇ ਮੇਰੇ ਰਾਮ! ਤੇਰਾ ਉਹ (ਸਾਧ ਸੰਗਤਿ) ਥਾਂ ਬੜਾ ਹੀ ਅਸਚਰਜ ਹੈ, ਜਿਸ ਵਿਚ ਬੈਠਿਆਂ ਤੂੰ ਕਦੇ ਭੀ ਨਾਹ ਭੁੱਲੇਂ,
ਜਿਸ ਵਿਚ ਬੈਠ ਕੇ ਮੈਂ ਤੈਨੂੰ ਅੱਠੇ ਪਹਰ ਯਾਦ ਕਰ ਸਕਾਂ, ਤੇ, ਮੇਰਾ ਸਰੀਰ ਪਵਿਤ੍ਰ ਹੋ ਜਾਏ ॥੧॥
ਹੇ ਮੇਰੇ ਰਾਮ! ਮੈਂ ਉਹ ਥਾਂ ਲੱਭਣ ਤੁਰ ਪਿਆ (ਜਿੱਥੇ ਮੈਂ ਤੇਰਾ ਦਰਸਨ ਕਰ ਸਕਾਂ)।
ਲੱਭਦਿਆਂ ਲੱਭਦਿਆਂ ਮੈਨੂੰ ਗੁਰਮੁਖਾਂ ਦਾ ਸਾਥ ਮਿਲ ਗਿਆ, ਉਹਨਾਂ (ਗੁਰਮੁਖਾਂ) ਦੀ ਸਰਨ ਪੈ ਕੇ ਮੈਂ (ਤੈਨੂੰ ਭੀ) ਲੱਭ ਲਿਆ ॥੧॥ ਰਹਾਉ ॥
ਹੇ ਮੇਰੇ ਰਾਮ! ਬ੍ਰਹਮਾ ਵਰਗੇ ਅਨੇਕਾਂ ਵੇਦ (ਆਦਿਕ ਧਰਮ-ਪੁਸਤਕਾਂ) ਪੜ੍ਹ ਪੜ੍ਹ ਕੇ ਥੱਕ ਗਏ, ਪਰ ਉਹ ਤੇਰੀ ਰਤਾ ਭੀ ਕਦਰ ਨਾਹ ਸਮਝ ਸਕੇ।
ਸਾਧਨਾਂ ਕਰਨ ਵਾਲੇ ਜੋਗੀ, ਕਰਾਮਾਤੀ ਜੋਗੀ (ਤੇਰੇ ਦਰਸਨ ਨੂੰ) ਵਿਲਕਦੇ ਫਿਰਦੇ ਹਨ, ਪਰ ਉਹ ਭੀ ਮਾਇਆ ਦੇ ਮੋਹ ਵਿਚ ਹੀ ਫਸੇ ਰਹੇ ॥੨॥
ਹੇ ਮੇਰੇ ਰਾਮ! (ਵਿਸ਼ਨੂ ਦੇ) ਦਸ ਅਵਤਾਰ (ਆਪੋ ਆਪਣੇ ਜੁਗ ਵਿਚ) ਸਤਕਾਰ ਪ੍ਰਾਪਤ ਕਰਦੇ ਰਹੇ। ਸ਼ਿਵ ਜੀ ਬੜਾ ਤਿਆਗੀ ਪ੍ਰਸਿੱਧ ਹੋਇਆ।
ਪਰ ਉਹ ਭੀ ਤੇਰੇ ਗੁਣਾਂ ਦਾ ਅੰਤ ਨਾਹ ਪਾ ਸਕੇ। (ਸ਼ਿਵ ਆਦਿਕ ਅਨੇਕਾਂ ਆਪਣੇ ਸਰੀਰ ਉਤੇ) ਸੁਆਹ ਮਲ ਮਲ ਕੇ ਥੱਕ ਗਏ ॥੩॥
ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਸਦਾ ਗਾਂਵਿਆ, ਉਹਨਾਂ ਨੇ ਆਤਮਕ ਅਡੋਲਤਾ ਦੇ ਸੁਖ ਆਨੰਦ ਮਾਣੇ, ਉਹਨਾਂ ਨਾਮ ਦਾ ਰਸ ਚੱਖਿਆ।
ਹੇ ਨਾਨਕ! (ਆਖ-) ਜਦੋਂ ਉਹਨਾਂ ਨੂੰ ਉਹ ਗੁਰੂ ਮਿਲ ਪਿਆ, ਜਿਸ ਦਾ ਦਰਸਨ ਹੀ ਜੀਵਨ-ਮਨੋਰਥ ਪੂਰਾ ਕਰ ਦੇਂਦਾ ਹੈ, ਤਦੋਂ ਉਹਨਾਂ ਆਪਣੇ ਮਨ ਵਿਚ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਧਿਆਨ ਸ਼ੁਰੂ ਕਰ ਦਿੱਤਾ ॥੪॥੨॥੪੯॥
ਹੇ ਭਾਈ! (ਤੀਰਥ-ਇਸ਼ਨਾਨ ਆਦਿਕ ਮਿਥੇ ਹੋਏ) ਧਾਰਮਿਕ ਕੰਮ ਵਿਖਾਵੇ ਦੇ ਕੰਮ ਹਨ, ਇਹ ਕੰਮ ਜਿਤਨੇ ਭੀ ਲੋਕ ਕਰਦੇ ਦਿੱਸਦੇ ਹਨ, ਉਹਨਾਂ ਨੂੰ ਮਸੂਲੀਆ ਜਮ ਲੁੱਟ ਲੈਂਦਾ ਹੈ।
(ਇਸ ਵਾਸਤੇ) ਵਾਸਨਾ-ਰਹਿਤ ਹੋ ਕੇ ਕਰਤਾਰ ਦੀ ਸਿਫ਼ਤਿ-ਸਾਲਾਹ ਕਰਿਆ ਕਰੋ, ਕਿਉਂਕਿ ਇਸ ਦੀ ਬਰਕਤਿ ਨਾਲ ਛਿਨ-ਭਰ ਨਾਮ ਸਿਮਰਿਆਂ ਹੀ ਮਨੁੱਖ ਵਿਕਾਰਾਂ ਤੋਂ ਖ਼ਲਾਸੀ ਪਾ ਲੈਂਦਾ ਹੈ ॥੧॥
ਹੇ ਸੰਤ ਜਨੋ! (ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਸਕੀਦਾ ਹੈ।
ਜੇ ਕੋਈ ਮਨੁੱਖ ਸੰਤ ਜਨਾਂ ਦੇ ਉਪਦੇਸ਼ ਨੂੰ (ਜੀਵਨ ਵਿਚ) ਕਮਾ ਲਏ, ਉਹ ਮਨੁੱਖ ਗੁਰੂ ਦੀ ਕਿਰਪਾ ਨਾਲ ਪਾਰ ਲੰਘ ਜਾਂਦਾ ਹੈ ॥੧॥ ਰਹਾਉ ॥
ਹੇ ਭਾਈ! ਕ੍ਰੋੜਾਂ ਤੀਰਥਾਂ ਦੇ ਇਸ਼ਨਾਨ (ਕਰਦਿਆਂ ਤਾਂ) ਜਗਤ ਵਿਚ (ਵਿਕਾਰਾਂ ਦੀ) ਮੈਲ ਨਾਲ ਲਿਬੜ ਜਾਈਦਾ ਹੈ।
ਪਰ ਜੇਹੜਾ ਮਨੁੱਖ ਗੁਰੂ ਦੀ ਸੰਗਤਿ ਵਿਚ (ਟਿਕ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ, ਉਹ ਪਵਿਤ੍ਰ ਜੀਵਨ ਵਾਲਾ ਬਣ ਜਾਂਦਾ ਹੈ ॥੨॥
ਹੇ ਭਾਈ! ਵੇਦ ਪੁਰਾਣ ਸਿੰਮ੍ਰਤੀਆਂ ਇਹ ਸਾਰੇ (ਹਿੰਦੂ ਧਰਮ ਦੇ ਪੁਸਤਕ) (ਕੁਰਾਨ ਅੰਜੀਲ ਆਦਿਕ) ਇਹ ਸਾਰੇ (ਸ਼ਾਮੀ ਮਤਾਂ ਦੇ ਪੁਸਤਕ) ਨਿਰੇ ਪੜ੍ਹਨ ਨਾਲ ਵਿਕਾਰਾਂ ਤੋਂ ਖ਼ਲਾਸੀ ਨਹੀਂ ਮਿਲਦੀ।
ਪਰ ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਇਕ ਅਬਿਨਾਸੀ ਪ੍ਰਭੂ ਦਾ ਨਾਮ ਜਪਦਾ ਹੈ, ਉਸ ਦੀ (ਲੋਕ ਪਰਲੋਕ ਵਿਚ) ਪਵਿਤ੍ਰ ਸੋਭਾ ਬਣ ਜਾਂਦੀ ਹੈ ॥੩॥
ਹੇ ਭਾਈ! (ਪਰਮਾਤਮਾ ਦਾ ਨਾਮ ਸਿਮਰਨ ਦਾ) ਉਪਦੇਸ਼ ਖੱਤ੍ਰੀ ਬ੍ਰਾਹਮਣ ਵੈਸ਼ ਸ਼ੂਦਰ ਚੌਹਾਂ ਵਰਨਾਂ ਦੇ ਲੋਕਾਂ ਵਾਸਤੇ ਇਕੋ ਜਿਹਾ ਹੈ।