ਤੂੰ ਹੀ (ਸਾਰਾ ਜਗਤ) ਪੈਦਾ ਕੀਤਾ ਹੈ, ਤੂੰ ਆਪ ਹੀ ਪੈਦਾ ਕਰਦਾ ਹੈਂ ਆਪ ਹੀ ਨਾਸ ਕਰਦਾ ਹੈਂ ॥੫॥
ਜੀਵਾਤਮਾ (ਆਪਣੇ ਸਰੀਰ ਨੂੰ ਛੱਡ ਕੇ) ਸਰੀਰ ਨੂੰ ਮਿੱਟੀ ਵਿਚ ਰੁਲਾ ਕੇ, ਪਤਾ ਨਹੀਂ ਲੱਗਦਾ, ਕਿੱਥੇ ਚਲਾ ਜਾਂਦਾ ਹੈ।
ਅਚਰਜ ਕੌਤਕ ਵਰਤਦਾ ਹੈ। (ਪਰ ਹੇ ਪ੍ਰਭੂ!) ਤੂੰ ਆਪ ਹੀ ਹਰ ਥਾਂ ਮੌਜੂਦ ਹੈਂ ॥੬॥
ਹੇ ਪ੍ਰਭੂ! ਤੂੰ (ਕਿਸੇ ਭੀ ਥਾਂ ਤੋਂ) ਦੂਰ ਨਹੀਂ ਹੈਂ, ਹਰ ਥਾਂ ਤੂੰ ਹੀ ਤੂੰ ਹੈਂ।
ਜੇਹੜੇ ਮਨੁੱਖ ਗੁਰੂ ਦੀ ਸਰਨ ਪੈਂਦੇ ਹਨ ਉਹ ਜਾਣਦੇ ਹਨ ਕਿ ਅੰਦਰ ਭੀ ਤੂੰ ਹੈਂ (ਬਾਹਰ ਭੀ ਤੂੰ ਹੈਂ) ਤੈਨੂੰ ਉਹ ਹਰ ਥਾਂ ਹਾਜ਼ਰ-ਨਾਜ਼ਰ ਵੇਖਦੇ ਹਨ ॥੭॥
ਹੇ ਨਾਨਕ! (ਅਰਦਾਸ ਕਰ-ਹੇ ਪ੍ਰਭੂ!) ਮੇਰੇ ਅੰਦਰ ਆਪਣੇ ਨਾਮ ਦਾ ਨਿਵਾਸ ਬਖ਼ਸ਼, ਤਾ ਕਿ ਮੇਰੇ ਅੰਦਰ ਸ਼ਾਂਤੀ ਪੈਦਾ ਹੋਵੇ।
(ਤੇਰੀ ਮੇਹਰ ਨਾਲ) ਜਿਸ ਨੂੰ ਸਤਿਗੁਰੂ ਸਿੱਖਿਆ ਦੇਂਦਾ ਹੈ, ਉਹ ਦਾਸ (ਤੇਰੇ) ਗੁਣ ਗਾਂਦਾ ਹੈ ॥੮॥੩॥੫॥
ਰਾਗ ਸੂਹੀ, ਘਰ ੧ ਵਿੱਚ ਗੁਰੂ ਅਮਰਦਾਸ ਜੀ ਦੀ ਅੱਠ-ਬੰਦਾਂ ਵਾਲੀ ਬਾਣੀ।
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਸਭ ਕੁਝ (ਸਾਰਾ ਰੌਸ਼ਨ ਆਤਮਕ ਜੀਵਨ) ਹੁੰਦਾ ਹੈ, ਪਰ ਗੁਰੂ ਦੀ ਸਰਨ ਪੈਣ ਤੋਂ ਬਿਨਾ ਨਾਮ ਦੀ ਕਦਰ ਨਹੀਂ ਪੈਂਦੀ।
ਗੁਰੂ ਦਾ ਸ਼ਬਦ ਵੱਡੇ ਰਸ ਵਾਲਾ ਹੈ ਮਿੱਠਾ ਹੈ, ਜਿਤਨਾ ਚਿਰ ਇਸ ਨੂੰ ਚੱਖਿਆ ਨਾਹ ਜਾਏ, ਸੁਆਦ ਦਾ ਪਤਾ ਨਹੀਂ ਲੱਗ ਸਕਦਾ।
ਜੇਹੜਾ ਮਨੁੱਖ (ਗੁਰੂ ਦੇ ਸ਼ਬਦ ਦੀ ਰਾਹੀਂ) ਆਪਣੇ ਆਤਮਕ ਜੀਵਨ ਨੂੰ ਪਛਾਣਦਾ ਨਹੀਂ, ਉਹ ਆਪਣੇ ਮਨੁੱਖਾ ਜਨਮ ਨੂੰ ਕੌਡੀ ਦੇ ਵੱਟੇ (ਵਿਅਰਥ ਹੀ) ਗਵਾ ਲੈਂਦਾ ਹੈ।
ਜਦੋਂ ਮਨੁੱਖ ਗੁਰੂ ਦੇ ਦੱਸੇ ਰਾਹ ਉਤੇ ਤੁਰਦਾ ਹੈ, ਤਦੋਂ ਇਕ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦਾ ਹੈ, ਤੇ, ਉਸ ਨੂੰ ਹਉਮੈ ਦਾ ਦੁੱਖ ਨਹੀਂ ਸਤਾ ਸਕਦਾ ॥੧॥
ਹੇ ਭਾਈ! ਮੈਂ ਆਪਣੇ ਗੁਰੂ ਤੋਂ ਸਦਕੇ ਜਾਂਦਾ ਹਾਂ, ਜਿਸ ਨੇ (ਸਰਨ ਆਏ ਮਨੁੱਖ ਦੀ) ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਨਾਲ ਪ੍ਰੀਤ ਜੋੜ ਦਿੱਤੀ (ਭਾਵ, ਜੋੜ ਦੇਂਦਾ ਹੈ)।
ਗੁਰੂ ਦੇ ਸ਼ਬਦ ਨਾਲ ਸਾਂਝ ਪਾ ਕੇ ਮਨੁੱਖ ਦਾ ਆਤਮਕ ਜੀਵਨ ਚਮਕ ਪੈਂਦਾ ਹੈ, ਮਨੁੱਖ ਆਤਮਕ ਅਡੋਲਤਾ ਵਿਚ ਲੀਨ ਰਹਿੰਦਾ ਹੈ ॥੧॥ ਰਹਾਉ ॥
ਹੇ ਭਾਈ! ਗੁਰੂ ਦੀ ਸਰਨ ਪੈਣ ਵਾਲਾ ਮਨੁੱਖ ਗੁਰੂ ਦੇ ਸ਼ਬਦ ਨੂੰ ਗਾਂਦਾ ਰਹਿੰਦਾ ਹੈ, ਗੁਰੂ ਦੇ ਸ਼ਬਦ ਨੂੰ ਸਮਝਦਾ ਹੈ, ਗੁਰੂ ਦੇ ਸ਼ਬਦ ਨੂੰ ਵਿਚਾਰਦਾ ਹੈ।
ਉਸ ਮਨੁੱਖ ਦੀ ਜਿੰਦ ਉਸ ਦਾ ਸਰੀਰ ਗੁਰੂ ਦੀ ਬਰਕਤਿ ਨਾਲ ਨਵਾਂ ਆਤਮਕ ਜਨਮ ਲੈਂਦਾ ਹੈ, ਗੁਰੂ ਦੀ ਸਰਨ ਪੈ ਕੇ ਉਹ ਆਪਣੇ ਸਾਰੇ ਕੰਮ ਸਵਾਰ ਲੈਂਦਾ ਹੈ।
ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਰਹਿੰਦਾ ਹੈ, ਉਹ ਸਦਾ ਅੰਨ੍ਹਿਆਂ ਵਾਲਾ ਕੰਮ ਹੀ ਕਰਦਾ ਰਹਿੰਦਾ ਹੈ, ਜਗਤ ਵਿਚ ਉਹ ਉਹੀ ਖੱਟੀ ਖੱਟਦਾ ਹੈ ਜੇਹੜੀ ਉਸ ਦੇ ਆਤਮਕ ਜੀਵਨ ਵਾਸਤੇ ਜ਼ਹਿਰ ਬਣ ਜਾਂਦੀ ਹੈ।
ਪਿਆਰੇ ਗੁਰੂ ਦੀ ਸਰਨ ਤੋਂ ਬਿਨਾ ਉਹ ਮਨੁੱਖ ਮਾਇਆ ਦੇ ਮੋਹ ਵਿਚ ਫਸ ਕੇ ਸਦਾ ਦੁੱਖ ਸਹਾਰਦਾ ਰਹਿੰਦਾ ਹੈ ॥੨॥
ਜੇਹੜਾ ਮਨੁੱਖ ਗੁਰੂ ਦੀ ਸਰਨ ਆ ਪੈਂਦਾ ਹੈ, ਗੁਰੂ ਦੀ ਰਜ਼ਾ ਵਿਚ ਤੁਰਨ ਲੱਗ ਪੈਂਦਾ ਹੈ ਉਹ ਮਨੁੱਖ ਪਰਮਾਤਮਾ ਦਾ ਭਗਤ ਬਣ ਜਾਂਦਾ ਹੈ।
ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ, ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ (ਉਸ ਦੇ ਮਨ ਵਿਚ ਟਿਕੀ ਰਹਿੰਦੀ ਹੈ), ਉਹ ਮਨੁੱਖ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਨੂੰ ਆਪਣੇ ਮਨ ਵਿਚ ਵਸਾਈ ਰੱਖਦਾ ਹੈ।
ਗੁਰੂ ਦੇ ਦੱਸੇ ਰਾਹ ਉਤੇ ਤੁਰਨ ਵਾਲਾ ਮਨੁੱਖ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਉਚਾਰਦਾ ਰਹਿੰਦਾ ਹੈ (ਜਿਸ ਦੀ ਬਰਕਤਿ ਨਾਲ ਉਸ ਦੇ) ਅੰਦਰੋਂ ਹਉਮੈ ਦੂਰ ਹੋ ਜਾਂਦੀ ਹੈ।
(ਉਸ ਨੂੰ ਯਕੀਨ ਬਣ ਜਾਂਦਾ ਹੈ ਕਿ) ਪਰਮਾਤਮਾ ਆਪ ਹੀ ਸਭ ਦਾਤਾਂ ਦੇਣ ਵਾਲਾ ਹੈ, ਪਰਮਾਤਮਾ ਦੀ ਬਖ਼ਸ਼ਸ਼ ਅਟੱਲ ਹੈ। ਉਹ ਮਨੁੱਖ (ਹੋਰਨਾਂ ਨੂੰ ਭੀ) ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਸੁਣਾਂਦਾ ਰਹਿੰਦਾ ਹੈ ॥੩॥
ਹੇ ਭਾਈ! ਜੇਹੜਾ ਮਨੁੱਖ ਗੁਰੂ ਦੇ ਦੱਸੇ ਰਾਹ ਉਤੇ ਤੁਰਦਾ ਹੈ ਉਹ (ਨਾਮ ਸਿਮਰਨ ਦੀ) ਮੇਹਨਤ ਕਰਦਾ ਹੈ, (ਨਾਮ-ਧਨ) ਖੱਟਦਾ ਹੈ, ਤੇ, (ਹੋਰਨਾਂ ਨੂੰ ਭੀ) ਨਾਮ ਜਪਾਂਦਾ ਹੈ।
ਸਦਾ-ਥਿਰ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀਜ ਕੇ ਉਹ ਮਨੁੱਖ ਸਦਾ (ਮਾਇਆ ਦੇ ਮੋਹ ਤੋਂ) ਨਿਰਲੇਪ ਰਹਿੰਦਾ ਹੈ। ਗੁਰੂ ਦੇ ਦਰ ਤੇ ਰਹਿ ਕੇ ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ, ਪ੍ਰਭੂ ਦੇ ਪ੍ਰੇਮ ਵਿਚ ਲੀਨ ਰਹਿੰਦਾ ਹੈ।
ਪਰ, ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਸਦਾ ਹੀ ਝੂਠ ਬੋਲਦਾ ਹੈ, (ਆਤਮਕ ਜੀਵਨ ਨੂੰ ਮਾਰ ਮੁਕਾਣ ਵਾਲਾ ਮਾਇਆ ਦੇ ਮੋਹ ਦਾ) ਜ਼ਹਿਰ ਬੀਜਦਾ ਹੈ, ਤੇ ਉਹੀ ਜ਼ਹਿਰ ਖਾਂਦਾ ਹੈ (ਉਸੇ ਜ਼ਹਿਰ ਨੂੰ ਆਪਣੇ ਜੀਵਨ ਦਾ ਸਹਾਰਾ ਬਣਾਈ ਰੱਖਦਾ ਹੈ)।
ਉਹ ਮਨੁੱਖ ਆਤਮਕ ਮੌਤ ਦੀਆਂ ਫਾਹੀਆਂ ਵਿਚ ਬੱਝਾ ਰਹਿੰਦਾ ਹੈ, ਤ੍ਰਿਸ਼ਨਾ ਦੀ ਅੱਗ ਨਾਲ ਸੜਿਆ ਰਹਿੰਦਾ ਹੈ। (ਇਸ ਬਿਪਤਾ ਵਿਚੋਂ ਉਸ ਨੂੰ) ਗੁਰੂ ਤੋਂ ਬਿਨਾ ਹੋਰ ਕੋਈ ਛਡਾ ਨਹੀਂ ਸਕਦਾ ॥੪॥
ਜੇਹੜਾ ਮਨੁੱਖ ਗੁਰੂ ਦੀ ਸਰਨ ਆ ਪੈਂਦਾ ਹੈ ਉਸ ਨੂੰ ਪ੍ਰਭੂ ਆਪ ਇਹ ਸੂਝ ਬਖ਼ਸ਼ਦਾ ਹੈ ਕਿ ਜਿਸ ਸੱਚੇ ਸਰੋਵਰ ਵਿਚ ਇਸ਼ਨਾਨ ਕਰਨਾ ਚਾਹੀਦਾ ਹੈ ਉਹ ਸਦਾ ਕਾਇਮ ਰਹਿਣ ਵਾਲਾ ਤੀਰਥ (ਗੁਰੂ ਦਾ ਸ਼ਬਦ ਹੀ ਹੈ)।
ਗੁਰੂ ਦੇ ਸ਼ਬਦ ਵਿਚ (ਹੀ ਪ੍ਰਭੂ ਉਸ ਨੂੰ) ਅਠਾਹਠ ਤੀਰਥ ਵਿਖਾ ਦੇਂਦਾ ਹੈ (ਅਤੇ ਵਿਖਾ ਦੇਂਦਾ ਹੈ ਕਿ) ਉਸ (ਗੁਰੂ-ਸ਼ਬਦ-ਤੀਰਥ) ਵਿਚ ਨ੍ਹਾਤਿਆਂ (ਵਿਕਾਰਾਂ ਦੀ) ਮੈਲ ਲਹਿ ਜਾਂਦੀ ਹੈ।
(ਉਸ ਮਨੁੱਖ ਨੂੰ ਯਕੀਨ ਬਣ ਜਾਂਦਾ ਹੈ ਕਿ) ਗੁਰੂ ਦਾ ਸ਼ਬਦ ਹੀ ਸਦਾ ਕਾਇਮ ਰਹਿਣ ਵਾਲਾ ਅਤੇ ਪਵਿਤ੍ਰ ਤੀਰਥ ਹੈ (ਉਸ ਵਿਚ ਇਸ਼ਨਾਨ ਕੀਤਿਆਂ ਵਿਕਾਰਾਂ ਦੀ) ਮੈਲ ਨਹੀਂ ਲੱਗਦੀ, (ਉਹ ਤੀਰਥ) ਮੈਲ ਨਹੀਂ ਚੰਬੋੜਦਾ।
ਉਹ ਮਨੁੱਖ ਪੂਰੇ ਗੁਰੂ ਪਾਸੋਂ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਪ੍ਰਾਪਤ ਕਰ ਲੈਂਦਾ ਹੈ ॥੫॥
ਪਰ, ਜੇਹੜਾ ਮਨੁੱਖ ਗੁਰੂ ਦੀ ਸਰਨ ਨਹੀਂ ਪੈਂਦਾ, ਉਹ (ਮਨੁੱਖ) ਖੋਟੀ ਮਤਿ ਦੇ ਕਾਰਨ ਇਹ ਨਹੀਂ ਆਖ ਸਕਦਾ ਕਿ ਸਾਡਾ ਇਹ ਸਰੀਰ ਸਾਡਾ ਇਹ ਮਨ ਸਭ ਕੁਝ ਉਸ ਪ੍ਰਭੂ ਦਾ ਹੀ ਦਿੱਤਾ ਹੋਇਆ ਹੈ।
ਜਦੋਂ ਪਰਮਾਤਮਾ ਦੀ ਰਜ਼ਾ ਹੁੰਦੀ ਹੈ (ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਸ ਦਾ ਮਨ) ਪਵਿਤ੍ਰ ਹੋ ਜਾਂਦਾ ਹੈ (ਉਸ ਦੇ) ਅੰਦਰੋਂ ਹਉਮੈ ਦੂਰ ਹੋ ਜਾਂਦੀ ਹੈ।
ਉਹ ਮਨੁੱਖ ਆਤਮਕ ਅਡੋਲਤਾ ਵਿਚ ਟਿਕ ਕੇ ਗੁਰੂ ਦੇ ਉਪਦੇਸ਼ ਦਾ ਆਨੰਦ ਮਾਣਦਾ ਹੈ, (ਗੁਰੂ ਦਾ ਉਪਦੇਸ਼ ਉਸ ਦੇ ਅੰਦਰੋਂ) ਤ੍ਰਿਸ਼ਨਾ ਦੀ ਅੱਗ ਬੁਝਾ ਦੇਂਦਾ ਹੈ।
ਉਹ ਮਨੁੱਖ ਗੁਰੂ ਦੇ ਸ਼ਬਦ ਵਿਚ ਰੰਗਿਆ ਜਾਂਦਾ ਹੈ, ਆਤਮਕ ਅਡੋਲਤਾ ਵਿਚ ਮਸਤ ਹੋ ਜਾਂਦਾ ਹੈ, ਆਤਮਕ ਅਡੋਲਤਾ ਵਿਚ ਹੀ ਲੀਨ ਰਹਿੰਦਾ ਹੈ ॥੬॥