ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ

ਅੰਗ - 763


ਜੋ ਦੀਸੈ ਗੁਰਸਿਖੜਾ ਤਿਸੁ ਨਿਵਿ ਨਿਵਿ ਲਾਗਉ ਪਾਇ ਜੀਉ ॥

ਮੈਨੂੰ ਜੇਹੜਾ ਭੀ ਕੋਈ ਗੁਰੂ ਦਾ ਪਿਆਰਾ ਸਿੱਖ ਮਿਲ ਪੈਂਦਾ ਹੈ, ਮੈਂ ਨੀਊਂ ਨੀਊਂ ਕੇ (ਭਾਵ, ਨਿਮ੍ਰਤਾ-ਅਧੀਨਗੀ ਨਾਲ) ਉਸ ਦੀ ਪੈਰੀਂ ਲੱਗਦਾ ਹਾਂ,

ਆਖਾ ਬਿਰਥਾ ਜੀਅ ਕੀ ਗੁਰੁ ਸਜਣੁ ਦੇਹਿ ਮਿਲਾਇ ਜੀਉ ॥

ਤੇ ਉਸ ਨੂੰ ਆਪਣੇ ਦਿਲ ਦੀ ਪੀੜਾ (ਤਾਂਘ) ਦੱਸਦਾ ਹਾਂ (ਤੇ ਬੇਨਤੀ ਕਰਦਾ ਹਾਂ-ਹੇ ਗੁਰਸਿੱਖ!) ਮੈਨੂੰ ਸੱਜਣ-ਗੁਰੂ ਮਿਲਾ ਦੇ।

ਸੋਈ ਦਸਿ ਉਪਦੇਸੜਾ ਮੇਰਾ ਮਨੁ ਅਨਤ ਨ ਕਾਹੂ ਜਾਇ ਜੀਉ ॥

ਮੈਨੂੰ ਕੋਈ ਅਜੇਹਾ ਸੋਹਣਾ ਉਪਦੇਸ਼ ਦੱਸ (ਜਿਸ ਦੀ ਬਰਕਤਿ ਨਾਲ) ਮੇਰਾ ਮਨ ਕਿਸੇ ਹੋਰ ਪਾਸੇ ਵਲ ਨਾਹ ਜਾਏ।

ਇਹੁ ਮਨੁ ਤੈ ਕੂੰ ਡੇਵਸਾ ਮੈ ਮਾਰਗੁ ਦੇਹੁ ਬਤਾਇ ਜੀਉ ॥

ਮੈਂ ਆਪਣਾ ਇਹ ਮਨ ਤੇਰੇ ਹਵਾਲੇ ਕਰ ਦਿਆਂਗਾ, ਮੈਨੂੰ ਰਸਤਾ ਦੱਸ (ਜਿਸ ਰਾਹੇ ਪੈ ਕੇ ਪ੍ਰਭੂ ਦਾ ਦਰਸਨ ਕਰ ਸਕਾਂ)।

ਹਉ ਆਇਆ ਦੂਰਹੁ ਚਲਿ ਕੈ ਮੈ ਤਕੀ ਤਉ ਸਰਣਾਇ ਜੀਉ ॥

ਮੈਂ (ਚੌਰਾਸੀ ਲੱਖ ਦੇ) ਦੂਰ ਦੇ ਪੈਂਡੇ ਤੋਂ ਤੁਰ ਕੇ ਆਇਆ ਹਾਂ, ਹੁਣ ਮੈਂ ਤੇਰਾ ਆਸਰਾ ਤੱਕਿਆ ਹੈ।

ਮੈ ਆਸਾ ਰਖੀ ਚਿਤਿ ਮਹਿ ਮੇਰਾ ਸਭੋ ਦੁਖੁ ਗਵਾਇ ਜੀਉ ॥

ਮੈਂ ਆਪਣੇ ਚਿੱਤ ਵਿਚ ਇਹ ਆਸ ਰੱਖੀ ਹੋਈ ਹੈ ਕਿ ਤੂੰ ਮੇਰਾ ਸਾਰਾ ਦੁੱਖ ਦੂਰ ਕਰ ਦੇਵੇਂਗਾ।

ਇਤੁ ਮਾਰਗਿ ਚਲੇ ਭਾਈਅੜੇ ਗੁਰੁ ਕਹੈ ਸੁ ਕਾਰ ਕਮਾਇ ਜੀਉ ॥

(ਅੱਗੋਂ ਉੱਤਰ ਮਿਲਦਾ ਹੈ-) ਇਸ ਰਸਤੇ ਉਤੇ ਜੇਹੜੇ ਗੁਰ-ਭਾਈ ਤੁਰਦੇ ਹਨ (ਉਹ ਗੁਰੂ ਦੀ ਦੱਸੀ ਕਾਰ ਕਰਦੇ ਹਨ) ਤੂੰ ਭੀ ਉਹੀ ਕਾਰ ਕਰ ਜੋ ਗੁਰੂ ਦੱਸਦਾ ਹੈ।

ਤਿਆਗੇਂ ਮਨ ਕੀ ਮਤੜੀ ਵਿਸਾਰੇਂ ਦੂਜਾ ਭਾਉ ਜੀਉ ॥

ਜੇ ਤੂੰ ਆਪਣੇ ਮਨ ਦੀ ਕੋਝੀ ਮਤਿ ਛੱਡ ਦੇਵੇਂ, ਜੇ ਤੂੰ ਪ੍ਰਭੂ ਤੋਂ ਬਿਨਾ ਹੋਰ (ਮਾਇਆ ਆਦਿਕ) ਦਾ ਪਿਆਰ ਭੁਲਾ ਦੇਵੇਂ,

ਇਉ ਪਾਵਹਿ ਹਰਿ ਦਰਸਾਵੜਾ ਨਹ ਲਗੈ ਤਤੀ ਵਾਉ ਜੀਉ ॥

ਤਾਂ ਇਸ ਤਰ੍ਹਾਂ ਤੂੰ ਪ੍ਰਭੂ ਦਾ ਸੋਹਣਾ ਦਰਸਨ ਕਰ ਲਵੇਂਗਾ, ਤੈਨੂੰ ਕੋਈ ਦੁੱਖ-ਕਲੇਸ਼ ਨਹੀਂ ਵਿਆਪੇਗਾ।

ਹਉ ਆਪਹੁ ਬੋਲਿ ਨ ਜਾਣਦਾ ਮੈ ਕਹਿਆ ਸਭੁ ਹੁਕਮਾਉ ਜੀਉ ॥

ਮੈਂ ਜੋ ਕੁਝ ਤੈਨੂੰ ਦੱਸਿਆ ਹੈ ਗੁਰੂ ਦਾ ਹੁਕਮ ਹੀ ਦੱਸਿਆ ਹੈ, ਮੈਂ ਆਪਣੀ ਅਕਲ ਦਾ ਆਸਰਾ ਲੈ ਕੇ ਇਹ ਰਸਤਾ ਨਹੀਂ ਦੱਸ ਰਿਹਾ।

ਹਰਿ ਭਗਤਿ ਖਜਾਨਾ ਬਖਸਿਆ ਗੁਰਿ ਨਾਨਕਿ ਕੀਆ ਪਸਾਉ ਜੀਉ ॥

ਜਿਸ (ਸੁਭਾਗ ਬੰਦੇ) ਉਤੇ ਨਾਨਕ ਨੇ ਕਿਰਪਾ ਕੀਤੀ ਹੈ, ਪਰਮਾਤਮਾ ਨੇ ਉਸ ਨੂੰ ਆਪਣੀ ਭਗਤੀ ਦਾ ਖ਼ਜ਼ਾਨਾ ਬਖ਼ਸ਼ ਦਿੱਤਾ ਹੈ।

ਮੈ ਬਹੁੜਿ ਨ ਤ੍ਰਿਸਨਾ ਭੁਖੜੀ ਹਉ ਰਜਾ ਤ੍ਰਿਪਤਿ ਅਘਾਇ ਜੀਉ ॥

(ਗੁਰੂ ਨਾਨਕ ਦੀ ਮੇਹਰ ਦਾ ਸਦਕਾ ਮੈਂ ਪੂਰਨ ਤੌਰ ਤੇ ਰੱਜ ਗਿਆ ਹਾਂ, ਮੈਨੂੰ ਹੁਣ ਮਾਇਆ ਦੀ ਕੋਈ ਭੁੱਖ ਨਹੀਂ ਸਤਾਂਦੀ।

ਜੋ ਗੁਰ ਦੀਸੈ ਸਿਖੜਾ ਤਿਸੁ ਨਿਵਿ ਨਿਵਿ ਲਾਗਉ ਪਾਇ ਜੀਉ ॥੩॥

ਮੈਨੂੰ ਜੇਹੜਾ ਭੀ ਕੋਈ ਗੁਰੂ ਦਾ ਪਿਆਰਾ ਸਿੱਖ ਮਿਲ ਪੈਂਦਾ ਹੈ, ਮੈਂ ਨਿਮ੍ਰਤਾ-ਅਧੀਨਗੀ ਨਾਲ ਉਸ ਦੀ ਪੈਰੀਂ ਲੱਗਦਾ ਹਾਂ ॥੩॥

ਰਾਗੁ ਸੂਹੀ ਛੰਤ ਮਹਲਾ ੧ ਘਰੁ ੧ ॥

ਰਾਗ ਸੂਹੀ, ਘਰ ੧ ਵਿੱਚ ਗੁਰੂ ਨਾਨਕਦੇਵ ਜੀ ਦੀ ਬਾਣੀ 'ਛੰਤ' (ਛੰਦ)।

ੴ ਸਤਿਗੁਰ ਪ੍ਰਸਾਦਿ ॥

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਭਰਿ ਜੋਬਨਿ ਮੈ ਮਤ ਪੇਈਅੜੈ ਘਰਿ ਪਾਹੁਣੀ ਬਲਿ ਰਾਮ ਜੀਉ ॥

ਹੇ ਪ੍ਰਭੂ ਜੀ! ਮੈਂ ਤੈਥੋਂ ਸਦਕੇ ਹਾਂ (ਤੂੰ ਕੈਸੀ ਅਚਰਜ ਲੀਲਾ ਰਚਾਈ ਹੈ!) ਜੀਵ-ਇਸਤ੍ਰੀ (ਤੇਰੀ ਰਚੀ ਮਾਇਆ ਦੇ ਪ੍ਰਭਾਵ ਹੇਠ) ਜਵਾਨੀ ਦੇ ਸਮੇ ਇਉਂ ਮਸਤ ਹੈ ਜਿਵੇਂ ਸ਼ਰਾਬ ਪੀ ਕੇ ਮਦ ਹੋਸ਼ ਹੈ, (ਇਹ ਭੀ ਨਹੀਂ ਸਮਝਦੀ ਕਿ) ਇਸ ਪੇਕੇ-ਘਰ ਵਿਚ (ਇਸ ਜਗਤ ਵਿਚ) ਉਹ ਇਕ ਪ੍ਰਾਹੁਣੀ ਹੀ ਹੈ।

ਮੈਲੀ ਅਵਗਣਿ ਚਿਤਿ ਬਿਨੁ ਗੁਰ ਗੁਣ ਨ ਸਮਾਵਨੀ ਬਲਿ ਰਾਮ ਜੀਉ ॥

ਵਿਕਾਰਾਂ ਦੀ ਕਮਾਈ ਨਾਲ ਚਿੱਤ ਵਿਚ ਉਹ ਮੈਲੀ ਰਹਿੰਦੀ ਹੈ (ਗੁਰੂ ਦੀ ਸਰਨ ਨਹੀਂ ਆਉਂਦੀ, ਤੇ) ਗੁਰੂ (ਦੀ ਸਰਨ ਪੈਣ) ਤੋਂ ਬਿਨਾ (ਹਿਰਦੇ ਵਿਚ) ਗੁਣ ਟਿਕ ਨਹੀਂ ਸਕਦੇ।

ਗੁਣ ਸਾਰ ਨ ਜਾਣੀ ਭਰਮਿ ਭੁਲਾਣੀ ਜੋਬਨੁ ਬਾਦਿ ਗਵਾਇਆ ॥

(ਮਾਇਆ ਦੀ) ਭਟਕਣਾ ਵਿਚ ਪੈ ਕੇ ਜੀਵ-ਇਸਤ੍ਰੀ ਨੇ (ਪ੍ਰਭੂ ਦੇ) ਗੁਣਾਂ ਦੀ ਕੀਮਤ ਨਾਹ ਸਮਝੀ, ਕੁਰਾਹੇ ਪਈ ਰਹੀ, ਤੇ ਜਵਾਨੀ ਦਾ ਸਮਾ ਵਿਅਰਥ ਗਵਾ ਲਿਆ।

ਵਰੁ ਘਰੁ ਦਰੁ ਦਰਸਨੁ ਨਹੀ ਜਾਤਾ ਪਿਰ ਕਾ ਸਹਜੁ ਨ ਭਾਇਆ ॥

ਨਾਹ ਉਸ ਨੇ ਖਸਮ-ਪ੍ਰਭੂ ਨਾਲ ਸਾਂਝ ਪਾਈ, ਨਾਹ ਉਸ ਦੇ ਦਰ ਨਾਹ ਉਸ ਦੇ ਘਰ ਤੇ ਨਾਹ ਹੀ ਉਸ ਦੇ ਦਰਸਨ ਦੀ ਕਦਰ ਪਛਾਣੀ। (ਭਟਕਣਾ ਵਿਚ ਹੀ ਰਹਿ ਕੇ) ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਦਾ ਸੁਭਾਉ ਭੀ ਪਸੰਦ ਨਾਹ ਆਇਆ।

ਸਤਿਗੁਰ ਪੂਛਿ ਨ ਮਾਰਗਿ ਚਾਲੀ ਸੂਤੀ ਰੈਣਿ ਵਿਹਾਣੀ ॥

ਮਾਇਆ ਦੇ ਮੋਹ ਵਿਚ ਸੁੱਤੀ ਹੋਈ ਜੀਵ-ਇਸਤ੍ਰੀ ਦੀ ਜ਼ਿੰਦਗੀ ਦੀ ਸਾਰੀ ਰਾਤ ਬੀਤ ਗਈ, ਸਤਿਗੁਰੂ ਦੀ ਸਿੱਖਿਆ ਲੈ ਕੇ ਜੀਵਨ ਦੇ ਠੀਕ ਰਸਤੇ ਉਤੇ ਕਦੇ ਭੀ ਨਾਹ ਤੁਰੀ।

ਨਾਨਕ ਬਾਲਤਣਿ ਰਾਡੇਪਾ ਬਿਨੁ ਪਿਰ ਧਨ ਕੁਮਲਾਣੀ ॥੧॥

ਹੇ ਨਾਨਕ! ਅਜੇਹੀ ਜੀਵ-ਇਸਤ੍ਰੀ ਨੇ ਤਾਂ ਬਾਲ-ਉਮਰੇ ਹੀ ਰੰਡੇਪਾ ਸਹੇੜ ਲਿਆ, ਤੇ ਪ੍ਰਭੂ-ਪਤੀ ਦੇ ਮਿਲਾਪ ਤੋਂ ਬਿਨਾ ਉਸ ਦਾ ਹਿਰਦਾ-ਕਮਲ ਕੁਮਲਾਇਆ ਹੀ ਰਿਹਾ ॥੧॥

ਬਾਬਾ ਮੈ ਵਰੁ ਦੇਹਿ ਮੈ ਹਰਿ ਵਰੁ ਭਾਵੈ ਤਿਸ ਕੀ ਬਲਿ ਰਾਮ ਜੀਉ ॥

ਹੇ ਪਿਆਰੇ ਸਤਿਗੁਰੂ! ਮੈਨੂੰ ਖਸਮ-ਪ੍ਰਭੂ ਮਿਲਾ। (ਮੇਹਰ ਕਰ) ਮੈਨੂੰ ਉਹ ਪ੍ਰਭੂ-ਪਤੀ ਪਿਆਰਾ ਲੱਗੇ, ਮੈਂ ਉਸ ਤੋਂ ਸਦਕੇ ਜਾਵਾਂ,

ਰਵਿ ਰਹਿਆ ਜੁਗ ਚਾਰਿ ਤ੍ਰਿਭਵਣ ਬਾਣੀ ਜਿਸ ਕੀ ਬਲਿ ਰਾਮ ਜੀਉ ॥

ਜੋ ਸਦਾ ਹੀ ਹਰ ਥਾਂ ਵਿਆਪਕ ਹੈ, ਤਿੰਨਾਂ ਹੀ ਭਵਨਾਂ ਵਿਚ ਜਿਸ ਦਾ ਹੁਕਮ ਚੱਲ ਰਿਹਾ ਹੈ।

ਤ੍ਰਿਭਵਣ ਕੰਤੁ ਰਵੈ ਸੋਹਾਗਣਿ ਅਵਗਣਵੰਤੀ ਦੂਰੇ ॥

ਤਿੰਨਾਂ ਭਵਨਾਂ ਦਾ ਮਾਲਕ ਪ੍ਰਭੂ ਭਾਗਾਂ ਵਾਲੀ ਜੀਵ-ਇਸਤ੍ਰੀ ਨਾਲ ਪਿਆਰ ਕਰਦਾ ਹੈ, ਪਰ ਜਿਸ ਨੇ ਔਗੁਣ ਹੀ ਔਗੁਣ ਸਹੇੜੇ ਉਹ ਉਸ ਦੇ ਚਰਨਾਂ ਤੋਂ ਵਿਛੁੜੀ ਰਹਿੰਦੀ ਹੈ।

ਜੈਸੀ ਆਸਾ ਤੈਸੀ ਮਨਸਾ ਪੂਰਿ ਰਹਿਆ ਭਰਪੂਰੇ ॥

ਉਹ ਮਾਲਕ ਹਰੇਕ ਦੇ ਹਿਰਦੇ ਵਿਚ ਵਿਆਪਕ ਹੈ (ਉਹ ਹਰੇਕ ਦੇ ਦਿਲ ਦੀ ਜਾਣਦਾ ਹੈ) ਜਿਹੋ ਜਿਹੀ ਆਸ ਧਾਰ ਕੇ ਕੋਈ ਉਸ ਦੇ ਦਰ ਤੇ ਆਉਂਦੀ ਹੈ ਉਹੋ ਜਿਹੀ ਇੱਛਾ ਉਹ ਪੂਰੀ ਕਰ ਦੇਂਦਾ ਹੈ।

ਹਰਿ ਕੀ ਨਾਰਿ ਸੁ ਸਰਬ ਸੁਹਾਗਣਿ ਰਾਂਡ ਨ ਮੈਲੈ ਵੇਸੇ ॥

ਜੇਹੜੀ ਜੀਵ-ਇਸਤ੍ਰੀ ਪ੍ਰਭੂ-ਪਤੀ ਦੀ ਬਣੀ ਰਹਿੰਦੀ ਹੈ ਉਹ ਸਦਾ ਸੁਹਾਗ-ਭਾਗ ਵਾਲੀ ਹੈ, ਉਹ ਕਦੇ ਰੰਡੀ ਨਹੀਂ ਹੁੰਦੀ, ਉਸ ਦਾ ਵੇਸ ਕਦੇ ਮੈਲਾ ਨਹੀਂ ਹੁੰਦਾ (ਉਸ ਦਾ ਹਿਰਦਾ ਕਦੇ ਵਿਕਾਰਾਂ ਨਾਲ ਮੈਲਾ ਨਹੀਂ ਹੁੰਦਾ)।

ਨਾਨਕ ਮੈ ਵਰੁ ਸਾਚਾ ਭਾਵੈ ਜੁਗਿ ਜੁਗਿ ਪ੍ਰੀਤਮ ਤੈਸੇ ॥੨॥

ਹੇ ਨਾਨਕ! (ਅਰਦਾਸ ਕਰ ਤੇ ਆਖ-ਹੇ ਸਤਿਗੁਰੂ! ਤੇਰੀ ਮੇਹਰ ਹੋਵੇ ਤਾਂ) ਉਹ ਸਦਾ-ਥਿਰ ਰਹਿਣ ਵਾਲਾ ਪ੍ਰਭੂ-ਪਤੀ ਮੈਨੂੰ (ਸਦਾ) ਪਿਆਰਾ ਲੱਗਦਾ ਰਹੇ ਜੇਹੜਾ ਪ੍ਰੀਤਮ ਹਰੇਕ ਜੁਗ ਵਿਚ ਇਕ-ਸਮਾਨ ਰਹਿਣ ਵਾਲਾ ਹੈ ॥੨॥

ਬਾਬਾ ਲਗਨੁ ਗਣਾਇ ਹੰ ਭੀ ਵੰਞਾ ਸਾਹੁਰੈ ਬਲਿ ਰਾਮ ਜੀਉ ॥

ਹੇ ਸਤਿਗੁਰੂ! (ਉਹ) ਮੁਹੂਰਤ ਕਢਾ (ਉਹ ਅਵਸਰ ਪੈਦਾ ਕਰ, ਜਿਸ ਦੀ ਬਰਕਤਿ ਨਾਲ) ਮੈਂ ਭੀ ਪ੍ਰਭੂ-ਪਤੀ ਦੇ ਚਰਨਾਂ ਵਿਚ ਜੁੜ ਸਕਾਂ।

ਸਾਹਾ ਹੁਕਮੁ ਰਜਾਇ ਸੋ ਨ ਟਲੈ ਜੋ ਪ੍ਰਭੁ ਕਰੈ ਬਲਿ ਰਾਮ ਜੀਉ ॥

(ਹੇ ਗੁਰੂ! ਤੇਰੀ ਕਿਰਪਾ ਨਾਲ) ਰਜ਼ਾ ਦੇ ਮਾਲਕ ਪ੍ਰਭੂ ਜੋ ਹੁਕਮ ਕਰਦਾ ਹੈ ਉਹ ਮੇਲ ਦਾ ਅਵਸਰ ਬਣ ਜਾਂਦਾ ਹੈ, ਉਸ ਨੂੰ ਕੋਈ ਅਗਾਂਹ ਪਿਛਾਂਹ ਨਹੀਂ ਕਰ ਸਕਦਾ (ਉਸ ਵਿਚ ਕੋਈ ਵਿਘਨ ਨਹੀਂ ਪਾ ਸਕਦਾ)।

ਕਿਰਤੁ ਪਇਆ ਕਰਤੈ ਕਰਿ ਪਾਇਆ ਮੇਟਿ ਨ ਸਕੈ ਕੋਈ ॥

ਜੀਵਾਂ ਦੇ ਕੀਤੇ ਕਰਮਾਂ ਅਨੁਸਾਰ ਕਰਤਾਰ ਨੇ (ਉਹਨਾਂ ਦੇ ਮਿਲਾਪ ਜਾਂ ਵਿਛੋੜੇ ਦਾ) ਜੋ ਭੀ ਹੁਕਮ ਦਿੱਤਾ ਹੈ ਉਸ ਨੂੰ ਕੋਈ ਉਲੰਘ ਨਹੀਂ ਸਕਦਾ।

ਜਾਞੀ ਨਾਉ ਨਰਹ ਨਿਹਕੇਵਲੁ ਰਵਿ ਰਹਿਆ ਤਿਹੁ ਲੋਈ ॥

(ਗੁਰੂ ਵਿਚੋਲੇ ਦੀ ਕਿਰਪਾ ਨਾਲ) ਉਹ ਪਰਮਾਤਮਾ ਜੋ ਤਿੰਨਾਂ ਲੋਕਾਂ ਵਿਚ ਵਿਆਪਕ ਹੈ ਤੇ (ਫਿਰ ਭੀ ਆਪਣੇ ਪੈਦਾ ਕੀਤੇ) ਬੰਦਿਆਂ ਤੋਂ ਸੁਤੰਤਰ ਹੈ (ਜੀਵ-ਇਸਤ੍ਰੀ ਨੂੰ ਆਪਣੇ ਚਰਨਾਂ ਵਿਚ ਜੋੜਨ ਲਈ) ਲਾੜਾ ਬਣ ਕੇ ਆਉਂਦਾ ਹੈ।

ਮਾਇ ਨਿਰਾਸੀ ਰੋਇ ਵਿਛੁੰਨੀ ਬਾਲੀ ਬਾਲੈ ਹੇਤੇ ॥

(ਜਿਵੇਂ ਧੀ ਨੂੰ ਤੋਰਨ ਲੱਗੀ ਮਾਂ ਮੁੜ ਮਿਲਣ ਦੀਆਂ ਆਸਾਂ ਲਾਹ ਕੇ ਰੋ ਕੇ ਵਿਛੁੜਦੀ ਹੈ, ਤਿਵੇਂ) ਮਾਇਆ ਜੀਵ-ਇਸਤ੍ਰੀ ਦੇ ਪ੍ਰਭੂ-ਪਤੀ ਨਾਲ ਪ੍ਰੇਮ ਦੇ ਕਾਰਨ ਜੀਵ-ਇਸਤ੍ਰੀ ਨੂੰ ਆਪਣੇ ਕਾਬੂ ਵਿਚ ਰੱਖ ਸਕਣ ਦੀਆਂ ਆਸਾਂ ਲਾਹ ਕੇ (ਮਾਨੋ) ਰੋ ਕੇ ਵਿਛੁੜਦੀ ਹੈ।

ਨਾਨਕ ਸਾਚ ਸਬਦਿ ਸੁਖ ਮਹਲੀ ਗੁਰ ਚਰਣੀ ਪ੍ਰਭੁ ਚੇਤੇ ॥੩॥

ਹੇ ਨਾਨਕ! ਜੀਵ-ਇਸਤ੍ਰੀ ਗੁਰੂ ਦੇ ਚਰਨਾਂ ਦੀ ਬਰਕਤਿ ਨਾਲ ਪ੍ਰਭੂ-ਪਤੀ ਨੂੰ ਹਿਰਦੇ ਵਿਚ ਵਸਾਂਦੀ ਹੈ, ਤੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੇ ਸ਼ਬਦ ਦੀ ਰਾਹੀਂ ਪ੍ਰਭੂ ਦੀ ਹਜ਼ੂਰੀ ਵਿਚ ਆਨੰਦ ਮਾਣਦੀ ਹੈ ॥੩॥


ਸੂਚੀ (1 - 1430)
ਜਪੁ ਅੰਗ: 1 - 8
ਸੋ ਦਰੁ ਅੰਗ: 8 - 10
ਸੋ ਪੁਰਖੁ ਅੰਗ: 10 - 12
ਸੋਹਿਲਾ ਅੰਗ: 12 - 13
ਸਿਰੀ ਰਾਗੁ ਅੰਗ: 14 - 93
ਰਾਗੁ ਮਾਝ ਅੰਗ: 94 - 150
ਰਾਗੁ ਗਉੜੀ ਅੰਗ: 151 - 346
ਰਾਗੁ ਆਸਾ ਅੰਗ: 347 - 488
ਰਾਗੁ ਗੂਜਰੀ ਅੰਗ: 489 - 526
ਰਾਗੁ ਦੇਵਗੰਧਾਰੀ ਅੰਗ: 527 - 536
ਰਾਗੁ ਬਿਹਾਗੜਾ ਅੰਗ: 537 - 556
ਰਾਗੁ ਵਡਹੰਸੁ ਅੰਗ: 557 - 594
ਰਾਗੁ ਸੋਰਠਿ ਅੰਗ: 595 - 659
ਰਾਗੁ ਧਨਾਸਰੀ ਅੰਗ: 660 - 695
ਰਾਗੁ ਜੈਤਸਰੀ ਅੰਗ: 696 - 710
ਰਾਗੁ ਟੋਡੀ ਅੰਗ: 711 - 718
ਰਾਗੁ ਬੈਰਾੜੀ ਅੰਗ: 719 - 720
ਰਾਗੁ ਤਿਲੰਗ ਅੰਗ: 721 - 727
ਰਾਗੁ ਸੂਹੀ ਅੰਗ: 728 - 794
ਰਾਗੁ ਬਿਲਾਵਲੁ ਅੰਗ: 795 - 858
ਰਾਗੁ ਗੋਂਡ ਅੰਗ: 859 - 875
ਰਾਗੁ ਰਾਮਕਲੀ ਅੰਗ: 876 - 974
ਰਾਗੁ ਨਟ ਨਾਰਾਇਨ ਅੰਗ: 975 - 983
ਰਾਗੁ ਮਾਲੀ ਗਉੜਾ ਅੰਗ: 984 - 988
ਰਾਗੁ ਮਾਰੂ ਅੰਗ: 989 - 1106
ਰਾਗੁ ਤੁਖਾਰੀ ਅੰਗ: 1107 - 1117
ਰਾਗੁ ਕੇਦਾਰਾ ਅੰਗ: 1118 - 1124
ਰਾਗੁ ਭੈਰਉ ਅੰਗ: 1125 - 1167
ਰਾਗੁ ਬਸੰਤੁ ਅੰਗ: 1168 - 1196
ਰਾਗੁ ਸਾਰੰਗ ਅੰਗ: 1197 - 1253
ਰਾਗੁ ਮਲਾਰ ਅੰਗ: 1254 - 1293
ਰਾਗੁ ਕਾਨੜਾ ਅੰਗ: 1294 - 1318
ਰਾਗੁ ਕਲਿਆਨ ਅੰਗ: 1319 - 1326
ਰਾਗੁ ਪ੍ਰਭਾਤੀ ਅੰਗ: 1327 - 1351
ਰਾਗੁ ਜੈਜਾਵੰਤੀ ਅੰਗ: 1352 - 1359
ਸਲੋਕ ਸਹਸਕ੍ਰਿਤੀ ਅੰਗ: 1353 - 1360
ਗਾਥਾ ਮਹਲਾ ੫ ਅੰਗ: 1360 - 1361
ਫੁਨਹੇ ਮਹਲਾ ੫ ਅੰਗ: 1361 - 1663
ਚਉਬੋਲੇ ਮਹਲਾ ੫ ਅੰਗ: 1363 - 1364
ਸਲੋਕੁ ਭਗਤ ਕਬੀਰ ਜੀਉ ਕੇ ਅੰਗ: 1364 - 1377
ਸਲੋਕੁ ਸੇਖ ਫਰੀਦ ਕੇ ਅੰਗ: 1377 - 1385
ਸਵਈਏ ਸ੍ਰੀ ਮੁਖਬਾਕ ਮਹਲਾ ੫ ਅੰਗ: 1385 - 1389
ਸਵਈਏ ਮਹਲੇ ਪਹਿਲੇ ਕੇ ਅੰਗ: 1389 - 1390
ਸਵਈਏ ਮਹਲੇ ਦੂਜੇ ਕੇ ਅੰਗ: 1391 - 1392
ਸਵਈਏ ਮਹਲੇ ਤੀਜੇ ਕੇ ਅੰਗ: 1392 - 1396
ਸਵਈਏ ਮਹਲੇ ਚਉਥੇ ਕੇ ਅੰਗ: 1396 - 1406
ਸਵਈਏ ਮਹਲੇ ਪੰਜਵੇ ਕੇ ਅੰਗ: 1406 - 1409
ਸਲੋਕੁ ਵਾਰਾ ਤੇ ਵਧੀਕ ਅੰਗ: 1410 - 1426
ਸਲੋਕੁ ਮਹਲਾ ੯ ਅੰਗ: 1426 - 1429
ਮੁੰਦਾਵਣੀ ਮਹਲਾ ੫ ਅੰਗ: 1429 - 1429
ਰਾਗਮਾਲਾ ਅੰਗ: 1430 - 1430