ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ

ਅੰਗ - 765


ਸਗਲੀ ਜੋਤਿ ਜਾਤਾ ਤੂ ਸੋਈ ਮਿਲਿਆ ਭਾਇ ਸੁਭਾਏ ॥

ਉਸ ਨੇ ਸਾਰੇ ਜੀਵਾਂ ਵਿਚ ਤੈਨੂੰ ਹੀ ਵੱਸਦਾ ਪਛਾਣ ਲਿਆ, ਉਸ ਦੇ ਪ੍ਰੇਮ (ਦੀ ਖਿੱਚ) ਦੀ ਰਾਹੀਂ ਤੂੰ ਉਸ ਨੂੰ ਮਿਲ ਪਿਆ।

ਨਾਨਕ ਸਾਜਨ ਕਉ ਬਲਿ ਜਾਈਐ ਸਾਚਿ ਮਿਲੇ ਘਰਿ ਆਏ ॥੧॥

ਹੇ ਨਾਨਕ! ਸੱਜਣ ਪ੍ਰਭੂ ਤੋਂ ਸਦਕੇ ਹੋਣਾ ਚਾਹੀਦਾ ਹੈ। ਜੇਹੜੀ ਜੀਵ-ਇਸਤ੍ਰੀ ਉਸ ਦੇ ਸਦਾ-ਥਿਰ ਨਾਮ ਵਿਚ ਜੁੜਦੀ ਹੈ, ਉਸ ਦੇ ਹਿਰਦੇ ਵਿਚ ਉਹ ਆ ਪ੍ਰਗਟਦਾ ਹੈ ॥੧॥

ਘਰਿ ਆਇਅੜੇ ਸਾਜਨਾ ਤਾ ਧਨ ਖਰੀ ਸਰਸੀ ਰਾਮ ॥

ਜਦੋਂ ਸੱਜਣ-ਪ੍ਰਭੂ ਜੀ ਜੀਵ-ਇਸਤ੍ਰੀ ਦੇ ਹਿਰਦੇ-ਘਰ ਵਿਚ ਪਰਗਟਦੇ ਹਨ, ਤਾਂ ਜੀਵ-ਇਸਤ੍ਰੀ ਬਹੁਤ ਪ੍ਰਸੰਨ-ਚਿੱਤ ਹੋ ਜਾਂਦੀ ਹੈ।

ਹਰਿ ਮੋਹਿਅੜੀ ਸਾਚ ਸਬਦਿ ਠਾਕੁਰ ਦੇਖਿ ਰਹੰਸੀ ਰਾਮ ॥

ਜਦੋਂ ਸਦਾ-ਥਿਰ ਪ੍ਰਭੂ ਦੀ ਸਿਫ਼ਤਿ ਸਾਲਾਹ ਦੇ ਸ਼ਬਦ ਨੇ ਉਸ ਨੂੰ ਖਿੱਚ ਪਾਈ, ਤਾਂ ਠਾਕੁਰ ਜੀ ਦਾ ਦਰਸਨ ਕਰ ਕੇ ਉਹ ਅਡੋਲ-ਚਿੱਤ ਹੋ ਗਈ।

ਗੁਣ ਸੰਗਿ ਰਹੰਸੀ ਖਰੀ ਸਰਸੀ ਜਾ ਰਾਵੀ ਰੰਗਿ ਰਾਤੈ ॥

ਜਦੋਂ ਪ੍ਰੇਮ-ਰੰਗ ਵਿਚ ਰੱਤੇ ਪਰਮਾਤਮਾ ਨੇ ਜੀਵ-ਇਸਤ੍ਰੀ ਨੂੰ ਆਪਣੇ ਚਰਨਾਂ ਵਿਚ ਜੋੜਿਆ ਤਾਂ ਉਹ ਪ੍ਰਭੂ ਦੇ ਗੁਣਾਂ (ਦੀ ਯਾਦ) ਵਿਚ ਅਡੋਲ-ਆਤਮਾ ਹੋ ਗਈ ਤੇ ਬਹੁਤ ਪ੍ਰਸੰਨ-ਚਿੱਤ ਹੋ ਗਈ।

ਅਵਗਣ ਮਾਰਿ ਗੁਣੀ ਘਰੁ ਛਾਇਆ ਪੂਰੈ ਪੁਰਖਿ ਬਿਧਾਤੈ ॥

ਪੂਰਨ ਪੁਰਖ ਨੇ ਸਿਰਜਣਹਾਰ ਨੇ (ਉਸ ਦੇ ਅੰਦਰੋਂ) ਔਗੁਣ ਦੂਰ ਕਰ ਕੇ ਉਸ ਦੇ ਹਿਰਦੇ ਨੂੰ ਗੁਣਾਂ ਨਾਲ ਭਰਪੂਰ ਕਰ ਦਿੱਤਾ।

ਤਸਕਰ ਮਾਰਿ ਵਸੀ ਪੰਚਾਇਣਿ ਅਦਲੁ ਕਰੇ ਵੀਚਾਰੇ ॥

ਕਾਮਾਦਿਕ ਚੋਰਾਂ ਨੂੰ ਮਾਰ ਕੇ ਉਹ ਜੀਵ-ਇਸਤ੍ਰੀ ਉਸ ਪਰਮਾਤਮਾ (ਦੇ ਚਰਨਾਂ) ਵਿਚ ਟਿਕ ਗਈ ਜੋ ਸਦਾ ਪੂਰੀ ਵਿਚਾਰ ਨਾਲ ਨਿਆਂ ਕਰਦਾ ਹੈ।

ਨਾਨਕ ਰਾਮ ਨਾਮਿ ਨਿਸਤਾਰਾ ਗੁਰਮਤਿ ਮਿਲਹਿ ਪਿਆਰੇ ॥੨॥

ਹੇ ਨਾਨਕ! ਪਰਮਾਤਮਾ ਦੇ ਨਾਮ ਵਿਚ ਜੁੜਿਆਂ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ, ਗੁਰੂ ਦੀ ਸਿੱਖਿਆ ਤੇ ਤੁਰਿਆਂ ਪਿਆਰੇ ਪ੍ਰਭੂ ਜੀ ਮਿਲ ਪੈਂਦੇ ਹਨ ॥੨॥

ਵਰੁ ਪਾਇਅੜਾ ਬਾਲੜੀਏ ਆਸਾ ਮਨਸਾ ਪੂਰੀ ਰਾਮ ॥

ਜਿਸ ਜੀਵ-ਇਸਤ੍ਰੀ ਨੇ ਖਸਮ-ਪ੍ਰਭੂ ਲੱਭ ਲਿਆ, ਉਸ ਦੀ ਹਰੇਕ ਆਸ ਉਸ ਦੀ ਹਰੇਕ ਇੱਛਾ ਪੂਰੀ ਹੋ ਜਾਂਦੀ ਹੈ (ਭਾਵ, ਉਸ ਦਾ ਮਨ ਦੁਨੀਆ ਦੀਆਂ ਆਸਾਂ ਆਦਿਕ ਵਲ ਨਹੀਂ ਦੌੜਦਾ ਭੱਜਦਾ)।

ਪਿਰਿ ਰਾਵਿਅੜੀ ਸਬਦਿ ਰਲੀ ਰਵਿ ਰਹਿਆ ਨਹ ਦੂਰੀ ਰਾਮ ॥

ਜਿਸ ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਨੇ ਆਪਣੇ ਚਰਨਾਂ ਵਿਚ ਜੋੜ ਲਿਆ, ਜੋ ਜੀਵ-ਇਸਤ੍ਰੀ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਪ੍ਰਭੂ ਵਿਚ ਲੀਨ ਹੋ ਗਈ, ਉਸ ਨੂੰ ਪ੍ਰਭੂ ਹਰ ਥਾਂ ਵਿਆਪਕ ਦਿੱਸਦਾ ਹੈ, ਉਸ ਨੂੰ ਆਪਣੇ ਤੋਂ ਦੂਰ ਨਹੀਂ ਜਾਪਦਾ।

ਪ੍ਰਭੁ ਦੂਰਿ ਨ ਹੋਈ ਘਟਿ ਘਟਿ ਸੋਈ ਤਿਸ ਕੀ ਨਾਰਿ ਸਬਾਈ ॥

ਉਸ ਨੂੰ ਇਹ ਨਿਸ਼ਚਾ ਹੋ ਜਾਂਦਾ ਹੈ ਕਿ ਪ੍ਰਭੂ ਕਿਤੇ ਦੂਰ ਨਹੀਂ ਹਰੇਕ ਸਰੀਰ ਵਿਚ ਉਹੀ ਮੌਜੂਦ ਹੈ, ਸਾਰੀਆਂ ਜੀਵ-ਇਸਤ੍ਰੀਆਂ ਉਸੇ ਦੀਆਂ ਹੀ ਹਨ।

ਆਪੇ ਰਸੀਆ ਆਪੇ ਰਾਵੇ ਜਿਉ ਤਿਸ ਦੀ ਵਡਿਆਈ ॥

ਉਹ ਆਪ ਹੀ ਆਨੰਦ ਦਾ ਸੋਮਾ ਹੈ, ਜਿਵੇਂ ਉਸ ਦੀ ਰਜ਼ਾ ਹੁੰਦੀ ਹੈ ਉਹ ਆਪ ਹੀ ਆਪਣੇ ਮਿਲਾਪ ਦਾ ਆਨੰਦ ਦੇਂਦਾ ਹੈ।

ਅਮਰ ਅਡੋਲੁ ਅਮੋਲੁ ਅਪਾਰਾ ਗੁਰਿ ਪੂਰੈ ਸਚੁ ਪਾਈਐ ॥

ਉਹ ਪਰਮਾਤਮਾ ਮੌਤ-ਰਹਿਤ ਹੈ, ਮਾਇਆ ਵਿਚ ਡੋਲਦਾ ਨਹੀਂ ਉਸ ਦਾ ਮੁੱਲ ਨਹੀਂ ਪੈ ਸਕਦਾ (ਭਾਵ, ਕੋਈ ਪਦਾਰਥ ਉਸ ਦੇ ਬਰਾਬਰ ਦਾ ਨਹੀਂ) ਉਹ ਸਦਾ-ਥਿਰ ਰਹਿਣ ਵਾਲਾ ਹੈ, ਉਹ ਬੇਅੰਤ ਹੈ, ਪੂਰੇ ਗੁਰੂ ਦੀ ਰਾਹੀਂ ਉਸ ਦੀ ਪ੍ਰਾਪਤੀ ਹੁੰਦੀ ਹੈ।

ਨਾਨਕ ਆਪੇ ਜੋਗ ਸਜੋਗੀ ਨਦਰਿ ਕਰੇ ਲਿਵ ਲਾਈਐ ॥੩॥

ਹੇ ਨਾਨਕ! ਪ੍ਰਭੂ ਆਪ ਹੀ ਜੀਵਾਂ ਦੇ ਆਪਣੇ ਨਾਲ ਮੇਲ ਦੇ ਢੋ ਢੁਕਾਂਦਾ ਹੈ, ਜਦੋਂ ਉਹ ਮੇਹਰ ਦੀ ਨਜ਼ਰ ਕਰਦਾ ਹੈ, ਤਦੋਂ ਜੀਵ ਉਸ ਵਿਚ ਸੁਰਤ ਜੋੜਦਾ ਹੈ ॥੩॥

ਪਿਰੁ ਉਚੜੀਐ ਮਾੜੜੀਐ ਤਿਹੁ ਲੋਆ ਸਿਰਤਾਜਾ ਰਾਮ ॥

ਪ੍ਰਭੂ-ਪਤੀ ਇਕ ਸੋਹਣੇ ਉੱਚੇ ਮਹਲ ਵਿਚ ਵੱਸਦਾ ਹੈ (ਜਿੱਥੇ ਮਾਇਆ ਦਾ ਪ੍ਰਭਾਵ ਨਹੀਂ ਪੈ ਸਕਦਾ) ਉਹ ਤਿੰਨਾਂ ਲੋਕਾਂ ਦਾ ਨਾਥ ਹੈ।

ਹਉ ਬਿਸਮ ਭਈ ਦੇਖਿ ਗੁਣਾ ਅਨਹਦ ਸਬਦ ਅਗਾਜਾ ਰਾਮ ॥

ਉਸ ਦੇ ਗੁਣ ਵੇਖ ਕੇ ਮੈਂ ਹੈਰਾਨ ਹੋ ਰਹੀ ਹਾਂ। ਚੌਹੀਂ ਪਾਸੀਂ (ਸਾਰੇ ਸੰਸਾਰ ਵਿਚ) ਉਸ ਦੀ ਜੀਵਨ-ਰੌ ਇਕ-ਰਸ ਰੁਮਕ ਰਹੀ ਹੈ।

ਸਬਦੁ ਵੀਚਾਰੀ ਕਰਣੀ ਸਾਰੀ ਰਾਮ ਨਾਮੁ ਨੀਸਾਣੋ ॥

ਜੇਹੜਾ ਮਨੁੱਖ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਨੂੰ ਵਿਚਾਰਦਾ ਹੈ (ਭਾਵ, ਆਪਣੇ ਮਨ ਵਿਚ ਵਸਾਂਦਾ ਹੈ) ਜਿਸ ਨੇ ਇਹ ਸ੍ਰੇਸ਼ਟ ਕਰਤੱਬ ਬਣਾ ਲਿਆ ਹੈ, ਜਿਸ ਦੇ ਪਾਸ ਪਰਮਾਤਮਾ ਦਾ ਨਾਮ (ਰੂਪ) ਰਾਹਦਾਰੀ ਹੈ (ਉਸ ਨੂੰ ਪ੍ਰਭੂ ਦੀ ਹਜ਼ੂਰੀ ਵਿਚ ਥਾਂ ਮਿਲ ਜਾਂਦੀ ਹੈ, ਪਰ)

ਨਾਮ ਬਿਨਾ ਖੋਟੇ ਨਹੀ ਠਾਹਰ ਨਾਮੁ ਰਤਨੁ ਪਰਵਾਣੋ ॥

ਨਾਮ-ਹੀਣੇ ਖੋਟੇ ਮਨੁੱਖ ਨੂੰ (ਉਸ ਦੀ ਦਰਗਾਹ ਵਿਚ) ਥਾਂ ਨਹੀਂ ਮਿਲਦੀ। (ਪ੍ਰਭੂ ਦੇ ਦਰ ਤੇ) ਪ੍ਰਭੂ ਦਾ ਨਾਮ-ਰਤਨ ਹੀ ਕਬੂਲ ਹੁੰਦਾ ਹੈ।

ਪਤਿ ਮਤਿ ਪੂਰੀ ਪੂਰਾ ਪਰਵਾਨਾ ਨਾ ਆਵੈ ਨਾ ਜਾਸੀ ॥

ਜਿਸ ਮਨੁੱਖ ਦੇ ਪਾਸ (ਪ੍ਰਭੂ-ਨਾਮ ਦਾ) ਅ-ਰੁਕ ਪਰਵਾਨਾ ਹੈ, ਉਸ ਨੂੰ (ਪ੍ਰਭੂ-ਦਰ ਤੇ) ਪੂਰੀ ਇੱਜ਼ਤ ਮਿਲਦੀ ਹੈ ਉਸ ਦੀ ਅਕਲ ਉਕਾਈ-ਹੀਣ ਹੋ ਜਾਂਦੀ ਹੈ, ਉਹ ਜਨਮ ਮਰਨ ਦੇ ਗੇੜ ਤੋਂ ਬਚ ਜਾਂਦਾ ਹੈ।

ਨਾਨਕ ਗੁਰਮੁਖਿ ਆਪੁ ਪਛਾਣੈ ਪ੍ਰਭ ਜੈਸੇ ਅਵਿਨਾਸੀ ॥੪॥੧॥੩॥

ਹੇ ਨਾਨਕ! ਗੁਰੂ ਦੀ ਸਰਨ ਪੈ ਕੇ ਜੋ ਮਨੁੱਖ ਆਪਣੇ ਜੀਵਨ ਨੂੰ ਪੜਤਾਲਦਾ ਹੈ, ਉਹ ਅਬਿਨਾਸੀ ਪ੍ਰਭੂ ਦਾ ਰੂਪ ਹੋ ਜਾਂਦਾ ਹੈ ॥੪॥੧॥੩॥

ੴ ਸਤਿਗੁਰ ਪ੍ਰਸਾਦਿ ॥

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਰਾਗੁ ਸੂਹੀ ਛੰਤ ਮਹਲਾ ੧ ਘਰੁ ੪ ॥

ਰਾਗ ਸੂਹੀ, ਘਰ ੪ ਵਿੱਚ ਗੁਰੂ ਨਾਨਕਦੇਵ ਜੀ ਦੀ ਬਾਣੀ 'ਛੰਤ' (ਛੰਦ)।

ਜਿਨਿ ਕੀਆ ਤਿਨਿ ਦੇਖਿਆ ਜਗੁ ਧੰਧੜੈ ਲਾਇਆ ॥

ਜਿਸ ਪ੍ਰਭੂ ਨੇ ਇਹ ਜਗਤ ਪੈਦਾ ਕੀਤਾ ਹੈ ਉਸੇ ਨੇ ਇਸ ਦੀ ਸੰਭਾਲ ਕੀਤੀ ਹੋਈ ਹੈ, ਉਸੇ ਨੇ ਇਸ ਨੂੰ ਮਾਇਆ ਦੀ ਦੌੜ-ਭੱਜ ਵਿਚ ਲਾਇਆ ਹੋਇਆ ਹੈ।

ਦਾਨਿ ਤੇਰੈ ਘਟਿ ਚਾਨਣਾ ਤਨਿ ਚੰਦੁ ਦੀਪਾਇਆ ॥

(ਪਰ ਹੇ ਪ੍ਰਭੂ!) ਤੇਰੀ ਬਖ਼ਸ਼ਸ਼ ਨਾਲ (ਕਿਸੇ ਸੁਭਾਗ) ਹਿਰਦੇ ਵਿਚ ਤੇਰੀ ਜੋਤਿ ਦਾ ਚਾਨਣ ਹੁੰਦਾ ਹੈ, (ਕਿਸੇ ਸੁਭਾਗ) ਸਰੀਰ ਵਿਚ ਚੰਦ ਚਮਕਦਾ ਹੈ (ਤੇਰੇ ਨਾਮ ਦੀ ਸੀਤਲਤਾ ਹੁਲਾਰੇ ਦੇਂਦੀ ਹੈ)।

ਚੰਦੋ ਦੀਪਾਇਆ ਦਾਨਿ ਹਰਿ ਕੈ ਦੁਖੁ ਅੰਧੇਰਾ ਉਠਿ ਗਇਆ ॥

ਪ੍ਰਭੂ ਦੀ ਬਖ਼ਸ਼ਸ਼ ਨਾਲ ਜਿਸ ਹਿਰਦੇ ਵਿਚ (ਪ੍ਰਭੂ-ਨਾਮ ਦੀ) ਸੀਤਲਤਾ ਲਿਸ਼ਕ ਮਾਰਦੀ ਹੈ ਉਸ ਹਿਰਦੇ ਵਿਚੋਂ (ਅਗਿਆਨਤਾ ਦਾ) ਹਨੇਰਾ ਤੇ ਦੁੱਖ-ਕਲੇਸ਼ ਦੂਰ ਹੋ ਜਾਂਦਾ ਹੈ।

ਗੁਣ ਜੰਞ ਲਾੜੇ ਨਾਲਿ ਸੋਹੈ ਪਰਖਿ ਮੋਹਣੀਐ ਲਇਆ ॥

ਜਿਵੇਂ ਜੰਞ ਲਾੜੇ ਨਾਲ ਹੀ ਸੋਹਣੀ ਲੱਗਦੀ ਹੈ, ਤਿਵੇਂ ਜੀਵ-ਇਸਤ੍ਰੀ ਦੇ ਗੁਣ ਤਦੋਂ ਹੀ ਸੋਭਦੇ ਹਨ ਜੇ ਪ੍ਰਭੂ-ਪਤੀ ਹਿਰਦੇ ਵਿਚ ਵੱਸਦਾ ਹੋਵੇ। ਜਿਸ ਜੀਵ-ਇਸਤ੍ਰੀ ਨੇ ਆਪਣੇ ਜੀਵਨ ਨੂੰ ਪ੍ਰਭੂ ਦੀ ਸਿਫ਼ਤਿ-ਸਾਲਾਹ ਨਾਲ ਸੁੰਦਰ ਬਣਾ ਲਿਆ ਹੈ, ਉਸ ਨੇ ਇਸ ਦੀ ਕਦਰ ਸਮਝ ਕੇ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾ ਲਿਆ ਹੈ।

ਵੀਵਾਹੁ ਹੋਆ ਸੋਭ ਸੇਤੀ ਪੰਚ ਸਬਦੀ ਆਇਆ ॥

ਉਸ ਦਾ ਪ੍ਰਭੂ-ਪਤੀ ਨਾਲ ਮਿਲਾਪ ਹੋ ਜਾਂਦਾ ਹੈ, (ਲੋਕ ਪਰਲੋਕ ਵਿਚ) ਉਸ ਨੂੰ ਸੋਭਾ ਭੀ ਮਿਲਦੀ ਹੈ, ਇਕ-ਰਸ ਆਤਮਕ ਆਨੰਦ ਦਾ ਦਾਤਾ ਪ੍ਰਭੂ ਉਸ ਦੇ ਹਿਰਦੇ ਵਿਚ ਪਰਗਟ ਹੋ ਜਾਂਦਾ ਹੈ।

ਜਿਨਿ ਕੀਆ ਤਿਨਿ ਦੇਖਿਆ ਜਗੁ ਧੰਧੜੈ ਲਾਇਆ ॥੧॥

ਜਿਸ ਪ੍ਰਭੂ ਨੇ ਇਹ ਜਗਤ ਪੈਦਾ ਕੀਤਾ ਹੈ ਉਹੀ ਇਸ ਦੀ ਸੰਭਾਲ ਕਰਦਾ ਹੈ, ਉਸ ਨੇ ਇਸ ਨੂੰ ਮਾਇਆ ਦੀ ਦੌੜ-ਭੱਜ ਵਿਚ ਲਾਇਆ ਹੋਇਆ ਹੈ ॥੧॥

ਹਉ ਬਲਿਹਾਰੀ ਸਾਜਨਾ ਮੀਤਾ ਅਵਰੀਤਾ ॥

ਮੈਂ ਉਹਨਾਂ ਸੱਜਣਾਂ ਮਿੱਤਰਾਂ ਤੋਂ ਸਦਕੇ ਹਾਂ ਜਿਨ੍ਹਾਂ ਉਤੇ ਮਾਇਆ ਦਾ ਪਰਦਾ ਨਹੀਂ ਪਿਆ,

ਇਹੁ ਤਨੁ ਜਿਨ ਸਿਉ ਗਾਡਿਆ ਮਨੁ ਲੀਅੜਾ ਦੀਤਾ ॥

ਜਿਨ੍ਹਾਂ ਦੀ ਸੰਗਤਿ ਕਰ ਕੇ ਮੈਂ ਉਹਨਾਂ ਨਾਲ ਦਿਲੀ ਸਾਂਝ ਪਾਈ ਹੈ।

ਲੀਆ ਤ ਦੀਆ ਮਾਨੁ ਜਿਨੑ ਸਿਉ ਸੇ ਸਜਨ ਕਿਉ ਵੀਸਰਹਿ ॥

ਜਿਨ੍ਹਾਂ ਗੁਰਮੁਖਾਂ ਨਾਲ ਦਿਲੀ ਸਾਂਝ ਪੈ ਸਕੇ ਉਹ ਸੱਜਣ ਕਦੇ ਭੀ ਭੁੱਲਣੇ ਨਹੀਂ ਚਾਹੀਦੇ।

ਜਿਨੑ ਦਿਸਿ ਆਇਆ ਹੋਹਿ ਰਲੀਆ ਜੀਅ ਸੇਤੀ ਗਹਿ ਰਹਹਿ ॥

ਉਹਨਾਂ ਦਾ ਦਰਸਨ ਕੀਤਿਆਂ ਆਤਮਕ ਖ਼ੁਸ਼ੀਆਂ ਪੈਦਾ ਹੁੰਦੀਆਂ ਹਨ, ਉਹ ਸੱਜਣ (ਆਪਣੇ ਸਤਸੰਗੀਆਂ ਨੂੰ ਆਪਣੀ) ਜਾਨ ਨਾਲ ਲਾ ਰੱਖਦੇ ਹਨ (ਜਿੰਦ ਤੋਂ ਪਿਆਰਾ ਸਮਝਦੇ ਹਨ)।

ਸਗਲ ਗੁਣ ਅਵਗਣੁ ਨ ਕੋਈ ਹੋਹਿ ਨੀਤਾ ਨੀਤਾ ॥

ਉਹਨਾਂ ਵਿਚ ਸਾਰੇ ਗੁਣ ਹੀ ਗੁਣ ਹੁੰਦੇ ਹਨ, ਔਗੁਣ ਉਹਨਾਂ ਦੇ ਨੇੜੇ ਨਹੀਂ ਢੁਕਦੇ।

ਹਉ ਬਲਿਹਾਰੀ ਸਾਜਨਾ ਮੀਤਾ ਅਵਰੀਤਾ ॥੨॥

ਮੈਂ ਸਦਕੇ ਹਾਂ ਉਹਨਾਂ ਸੱਜਣਾਂ ਮਿੱਤਰਾਂ ਤੋਂ ਜਿਨ੍ਹਾਂ ਉਤੇ ਮਾਇਆ ਦਾ ਪ੍ਰਭਾਵ ਨਹੀਂ ਪਿਆ ॥੨॥

ਗੁਣਾ ਕਾ ਹੋਵੈ ਵਾਸੁਲਾ ਕਢਿ ਵਾਸੁ ਲਈਜੈ ॥

(ਜੇ ਕਿਸੇ ਮਨੁੱਖ ਪਾਸ ਸੁਗੰਧੀ ਦੇਣ ਵਾਲੀਆਂ ਚੀਜ਼ਾਂ ਨਾਲ ਭਰਿਆ ਡੱਬਾ ਹੋਵੇ, ਉਸ ਡੱਬੇ ਦਾ ਲਾਭ ਉਸ ਨੂੰ ਤਦੋਂ ਹੀ ਹੈ ਜੇ ਉਹ ਡੱਬਾ ਖੋਹਲ ਕੇ ਉਹ ਸੁਗੰਧੀ ਲਏ। ਗੁਰਮੁਖਾਂ ਦੀ ਸੰਗਤਿ ਗੁਣਾਂ ਦਾ ਡੱਬਾ ਹੈ) ਜੇ ਕਿਸੇ ਨੂੰ ਗੁਣਾਂ ਦਾ ਡੱਬਾ ਲੱਭ ਪਏ, ਤਾਂ ਉਹ ਡੱਬਾ ਖੋਹਲ ਕੇ (ਡੱਬੇ ਵਿਚਲੀ) ਸੁਗੰਧੀ ਲੈਣੀ ਚਾਹੀਦੀ ਹੈ।

ਜੇ ਗੁਣ ਹੋਵਨਿੑ ਸਾਜਨਾ ਮਿਲਿ ਸਾਝ ਕਰੀਜੈ ॥

(ਹੇ ਭਾਈ!) ਜੇ ਤੂੰ ਚਾਹੁੰਦਾ ਹੈਂ ਕਿ ਤੇਰੇ ਅੰਦਰ ਗੁਣ ਪੈਦਾ ਹੋਣ, ਤਾਂ ਗੁਰਮੁਖਾਂ ਨੂੰ ਮਿਲ ਕੇ ਉਹਨਾਂ ਨਾਲ ਗੁਣਾਂ ਦੀ ਸਾਂਝ ਕਰਨੀ ਚਾਹੀਦੀ ਹੈ।

ਗੁਣਾ ਕਾ ਹੋਵੈ ਵਾਸੁਲਾ ਕਢਿ ਵਾਸੁ ਲਈਜੈ ॥੩॥

(ਹੇ ਭਾਈ!) ਜੇ ਕਿਸੇ ਨੂੰ ਗੁਣਾਂ ਦਾ ਡੱਬਾ ਲੱਭ ਪਏ ਤਾਂ ਉਹ ਡੱਬਾ ਖੋਹਲ ਕੇ (ਡੱਬੇ ਵਿਚਲੀ) ਸੁਗੰਧੀ ਲੈਣੀ ਚਾਹੀਦੀ ਹੈ ॥੩॥


ਸੂਚੀ (1 - 1430)
ਜਪੁ ਅੰਗ: 1 - 8
ਸੋ ਦਰੁ ਅੰਗ: 8 - 10
ਸੋ ਪੁਰਖੁ ਅੰਗ: 10 - 12
ਸੋਹਿਲਾ ਅੰਗ: 12 - 13
ਸਿਰੀ ਰਾਗੁ ਅੰਗ: 14 - 93
ਰਾਗੁ ਮਾਝ ਅੰਗ: 94 - 150
ਰਾਗੁ ਗਉੜੀ ਅੰਗ: 151 - 346
ਰਾਗੁ ਆਸਾ ਅੰਗ: 347 - 488
ਰਾਗੁ ਗੂਜਰੀ ਅੰਗ: 489 - 526
ਰਾਗੁ ਦੇਵਗੰਧਾਰੀ ਅੰਗ: 527 - 536
ਰਾਗੁ ਬਿਹਾਗੜਾ ਅੰਗ: 537 - 556
ਰਾਗੁ ਵਡਹੰਸੁ ਅੰਗ: 557 - 594
ਰਾਗੁ ਸੋਰਠਿ ਅੰਗ: 595 - 659
ਰਾਗੁ ਧਨਾਸਰੀ ਅੰਗ: 660 - 695
ਰਾਗੁ ਜੈਤਸਰੀ ਅੰਗ: 696 - 710
ਰਾਗੁ ਟੋਡੀ ਅੰਗ: 711 - 718
ਰਾਗੁ ਬੈਰਾੜੀ ਅੰਗ: 719 - 720
ਰਾਗੁ ਤਿਲੰਗ ਅੰਗ: 721 - 727
ਰਾਗੁ ਸੂਹੀ ਅੰਗ: 728 - 794
ਰਾਗੁ ਬਿਲਾਵਲੁ ਅੰਗ: 795 - 858
ਰਾਗੁ ਗੋਂਡ ਅੰਗ: 859 - 875
ਰਾਗੁ ਰਾਮਕਲੀ ਅੰਗ: 876 - 974
ਰਾਗੁ ਨਟ ਨਾਰਾਇਨ ਅੰਗ: 975 - 983
ਰਾਗੁ ਮਾਲੀ ਗਉੜਾ ਅੰਗ: 984 - 988
ਰਾਗੁ ਮਾਰੂ ਅੰਗ: 989 - 1106
ਰਾਗੁ ਤੁਖਾਰੀ ਅੰਗ: 1107 - 1117
ਰਾਗੁ ਕੇਦਾਰਾ ਅੰਗ: 1118 - 1124
ਰਾਗੁ ਭੈਰਉ ਅੰਗ: 1125 - 1167
ਰਾਗੁ ਬਸੰਤੁ ਅੰਗ: 1168 - 1196
ਰਾਗੁ ਸਾਰੰਗ ਅੰਗ: 1197 - 1253
ਰਾਗੁ ਮਲਾਰ ਅੰਗ: 1254 - 1293
ਰਾਗੁ ਕਾਨੜਾ ਅੰਗ: 1294 - 1318
ਰਾਗੁ ਕਲਿਆਨ ਅੰਗ: 1319 - 1326
ਰਾਗੁ ਪ੍ਰਭਾਤੀ ਅੰਗ: 1327 - 1351
ਰਾਗੁ ਜੈਜਾਵੰਤੀ ਅੰਗ: 1352 - 1359
ਸਲੋਕ ਸਹਸਕ੍ਰਿਤੀ ਅੰਗ: 1353 - 1360
ਗਾਥਾ ਮਹਲਾ ੫ ਅੰਗ: 1360 - 1361
ਫੁਨਹੇ ਮਹਲਾ ੫ ਅੰਗ: 1361 - 1663
ਚਉਬੋਲੇ ਮਹਲਾ ੫ ਅੰਗ: 1363 - 1364
ਸਲੋਕੁ ਭਗਤ ਕਬੀਰ ਜੀਉ ਕੇ ਅੰਗ: 1364 - 1377
ਸਲੋਕੁ ਸੇਖ ਫਰੀਦ ਕੇ ਅੰਗ: 1377 - 1385
ਸਵਈਏ ਸ੍ਰੀ ਮੁਖਬਾਕ ਮਹਲਾ ੫ ਅੰਗ: 1385 - 1389
ਸਵਈਏ ਮਹਲੇ ਪਹਿਲੇ ਕੇ ਅੰਗ: 1389 - 1390
ਸਵਈਏ ਮਹਲੇ ਦੂਜੇ ਕੇ ਅੰਗ: 1391 - 1392
ਸਵਈਏ ਮਹਲੇ ਤੀਜੇ ਕੇ ਅੰਗ: 1392 - 1396
ਸਵਈਏ ਮਹਲੇ ਚਉਥੇ ਕੇ ਅੰਗ: 1396 - 1406
ਸਵਈਏ ਮਹਲੇ ਪੰਜਵੇ ਕੇ ਅੰਗ: 1406 - 1409
ਸਲੋਕੁ ਵਾਰਾ ਤੇ ਵਧੀਕ ਅੰਗ: 1410 - 1426
ਸਲੋਕੁ ਮਹਲਾ ੯ ਅੰਗ: 1426 - 1429
ਮੁੰਦਾਵਣੀ ਮਹਲਾ ੫ ਅੰਗ: 1429 - 1429
ਰਾਗਮਾਲਾ ਅੰਗ: 1430 - 1430
Flag Counter