ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ

ਅੰਗ - 766


ਸਾਝ ਕਰੀਜੈ ਗੁਣਹ ਕੇਰੀ ਛੋਡਿ ਅਵਗਣ ਚਲੀਐ ॥

(ਗੁਰਮੁਖਾਂ ਨਾਲ) ਗੁਣਾਂ ਦੀ ਸਾਂਝ ਕਰਨੀ ਚਾਹੀਦੀ ਹੈ, ਇਸ ਤਰ੍ਹਾਂ (ਅੰਦਰੋਂ) ਔਗੁਣ ਤਿਆਗ ਕੇ ਜੀਵਨ-ਰਾਹ ਤੇ ਤੁਰ ਸਕੀਦਾ ਹੈ,

ਪਹਿਰੇ ਪਟੰਬਰ ਕਰਿ ਅਡੰਬਰ ਆਪਣਾ ਪਿੜੁ ਮਲੀਐ ॥

ਸਭ ਨਾਲ ਪ੍ਰੇਮ ਵਾਲਾ ਵਰਤਾਵ ਕਰ ਕੇ ਤੇ ਭਲਾਈ ਦੇ ਸੋਹਣੇ ਉੱਦਮ ਕਰ ਕੇ ਵਿਕਾਰਾਂ ਦੇ ਟਾਕਰੇ ਤੇ ਜੀਵਨ-ਘੋਲ ਜਿੱਤਿਆ ਜਾ ਸਕਦਾ ਹੈ।

ਜਿਥੈ ਜਾਇ ਬਹੀਐ ਭਲਾ ਕਹੀਐ ਝੋਲਿ ਅੰਮ੍ਰਿਤੁ ਪੀਜੈ ॥

(ਗੁਰਮੁਖਾਂ ਦੀ ਸੰਗਤਿ ਦੀ ਬਰਕਤਿ ਨਾਲ ਫਿਰ) ਜਿੱਥੇ ਭੀ ਜਾ ਕੇ ਬੈਠੀਏ ਭਲਾਈ ਦੀ ਗੱਲ ਹੀ ਕੀਤੀ ਜਾ ਸਕਦੀ ਹੈ, ਤੇ ਮੰਦੇ ਪਾਸੇ ਵਲੋਂ ਹਟ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਤਾ ਜਾ ਸਕਦਾ ਹੈ।

ਆਪਿ ਕਰੇ ਕਿਸੁ ਆਖੀਐ ਹੋਰੁ ਕਰੇ ਨ ਕੋਈ ॥

(ਜਗਤ ਵਿਚ ਅਨੇਕਾਂ ਜੀਵ ਗੁਣ ਵਿਹਾਝ ਰਹੇ ਹਨ, ਅਨੇਕਾਂ ਹੀ ਔਗੁਣ ਕਮਾ ਰਹੇ ਹਨ। ਇਹ ਪਰਮਾਤਮਾ ਦੀ ਆਪਣੀ ਹੀ ਰਚੀ ਖੇਡ ਹੈ) ਪਰਮਾਤਮਾ ਆਪ ਹੀ (ਇਹ ਸਭ ਕੁਝ) ਕਰ ਰਿਹਾ ਹੈ, ਉਸ ਤੋਂ ਬਿਨਾ ਹੋਰ ਕੋਈ ਨਹੀਂ ਕਰ ਸਕਦਾ, (ਤਾਹੀਏਂ) ਕਿਸੇ ਹੋਰ ਦੇ ਪਾਸ (ਇਸ ਦੇ ਸੰਬੰਧ ਵਿਚ) ਕੋਈ ਗਿਲਾ ਆਦਿਕ ਨਹੀਂ ਕੀਤਾ ਜਾ ਸਕਦਾ।

ਆਖਣ ਤਾ ਕਉ ਜਾਈਐ ਜੇ ਭੂਲੜਾ ਹੋਈ ॥

(ਫਿਰ ਜੋ ਕੁਝ ਉਹ ਪ੍ਰਭੂ ਕਰਦਾ ਹੈ ਠੀਕ ਕਰਦਾ ਹੈ) ਉਹ ਖੁੰਝਿਆ ਹੋਇਆ ਨਹੀਂ ਹੈ, ਇਸ ਵਾਸਤੇ (ਕਿਸੇ ਖੁੰਝਾਈ ਬਾਰੇ) ਉਸ ਨੂੰ ਕੁਝ ਆਖਣ ਜਾਣ ਦੀ ਲੋੜ ਹੀ ਨਹੀਂ ਪੈਂਦੀ।

ਜੇ ਹੋਇ ਭੂਲਾ ਜਾਇ ਕਹੀਐ ਆਪਿ ਕਰਤਾ ਕਿਉ ਭੁਲੈ ॥

ਜੇ ਉਹ ਖੁੰਝਿਆ ਹੋਇਆ ਹੋਵੇ ਤਾਂ ਜਾ ਕੇ ਕੁਝ ਆਖੀਏ ਭੀ, ਪਰ ਆਪ ਕਰਤਾਰ ਕੋਈ ਭੁੱਲ ਨਹੀਂ ਕਰ ਸਕਦਾ।

ਸੁਣੇ ਦੇਖੇ ਬਾਝੁ ਕਹਿਐ ਦਾਨੁ ਅਣਮੰਗਿਆ ਦਿਵੈ ॥

ਉਹ ਸਭ ਜੀਵਾਂ ਦੀਆਂ ਅਰਦਾਸਾਂ ਸੁਣਦਾ ਹੈ ਉਹ ਸਭ ਜੀਵਾਂ ਦੇ ਕੀਤੇ ਕੰਮ ਵੇਖਦਾ ਹੈ, ਮੰਗਣ ਤੋਂ ਬਿਨਾ ਹੀ ਸਭ ਨੂੰ ਦਾਨ ਦੇਂਦਾ ਹੈ।

ਦਾਨੁ ਦੇਇ ਦਾਤਾ ਜਗਿ ਬਿਧਾਤਾ ਨਾਨਕਾ ਸਚੁ ਸੋਈ ॥

ਉਹ ਦਾਤਾਰ ਜਗਤ ਵਿਚ ਹਰੇਕ ਜੀਵ ਨੂੰ ਦਾਨ ਦੇਂਦਾ ਹੈ। ਹੇ ਨਾਨਕ! ਉਹ ਸਿਰਜਣਹਾਰ ਹੀ ਸਦਾ-ਥਿਰ ਰਹਿਣ ਵਾਲਾ ਹੈ।

ਆਪਿ ਕਰੇ ਕਿਸੁ ਆਖੀਐ ਹੋਰੁ ਕਰੇ ਨ ਕੋਈ ॥੪॥੧॥੪॥

ਉਹ ਸਭ ਕੁਝ ਆਪ ਹੀ ਕਰਦਾ ਹੈ, ਕੋਈ ਹੋਰ (ਉਸ ਤੋਂ ਆਕੀ ਹੋ ਕੇ) ਕੁਝ ਨਹੀਂ ਕਰ ਸਕਦਾ। ਕਿਸੇ ਹੋਰ ਦੇ ਪਾਸ ਜਾ ਕੇ ਕੋਈ ਗਿਲਾ ਨਹੀਂ ਕੀਤਾ ਜਾ ਸਕਦਾ ॥੪॥੧॥੪॥

ਸੂਹੀ ਮਹਲਾ ੧ ॥

ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥

(ਪਰਮਾਤਮਾ ਦੇ ਪਿਆਰ ਵਿਚ) ਰੰਗਿਆ ਹੋਇਆ ਮੇਰਾ ਮਨ (ਜਿਉਂ ਜਿਉਂ ਪਰਮਾਤਮਾ ਦੇ) ਗੁਣ ਚੇਤੇ ਕਰਦਾ ਹੈ (ਤਿਉਂ ਤਿਉਂ) ਮੇਰੇ ਮਨ ਵਿਚ ਉਹ ਪਰਮਾਤਮਾ ਹੀ ਪਿਆਰਾ ਲੱਗਦਾ ਜਾ ਰਿਹਾ ਹੈ।

ਗੁਰ ਕੀ ਪਉੜੀ ਸਾਚ ਕੀ ਸਾਚਾ ਸੁਖੁ ਹੋਈ ॥

ਪਰਮਾਤਮਾ ਦੇ ਗੁਣ ਗਾਵਣੇ, ਮਾਨੋ, ਇਕ ਪੌੜੀ ਹੈ ਜੋ ਗੁਰੂ ਨੇ ਦਿੱਤੀ ਹੈ ਤੇ ਇਸ ਪੌੜੀ ਦੀ ਰਾਹੀਂ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਤਕ ਪਹੁੰਚ ਸਕੀਦਾ ਹੈ, (ਇਸ ਪੌੜੀ ਤੇ ਚੜ੍ਹਨ ਦੀ ਬਰਕਤਿ ਨਾਲ ਮੇਰੇ ਅੰਦਰ) ਸਦਾ-ਥਿਰ ਰਹਿਣ ਵਾਲਾ ਆਨੰਦ ਬਣ ਰਿਹਾ ਹੈ।

ਸੁਖਿ ਸਹਜਿ ਆਵੈ ਸਾਚ ਭਾਵੈ ਸਾਚ ਕੀ ਮਤਿ ਕਿਉ ਟਲੈ ॥

ਜੇਹੜਾ ਮਨੁੱਖ (ਇਸ ਪੌੜੀ ਦੀ ਬਰਕਤਿ ਨਾਲ) ਆਤਮਕ ਆਨੰਦ ਵਿਚ ਆਤਮਕ ਅਡੋਲਤਾ ਵਿਚ ਪਹੁੰਚਦਾ ਹੈ ਉਹ ਸਦਾ-ਥਿਰ ਪ੍ਰਭੂ ਨੂੰ ਪਿਆਰਾ ਲੱਗਦਾ ਹੈ। ਸਦਾ-ਥਿਰ ਪ੍ਰਭੂ ਦੇ ਗੁਣ ਗਾਵਣ ਵਾਲੀ ਉਸ ਦੀ ਮਤਿ ਅਟੱਲ ਹੋ ਜਾਂਦੀ ਹੈ। ਪਰਮਾਤਮਾ ਅਟੱਲ ਹੈ।

ਇਸਨਾਨੁ ਦਾਨੁ ਸੁਗਿਆਨੁ ਮਜਨੁ ਆਪਿ ਅਛਲਿਓ ਕਿਉ ਛਲੈ ॥

(ਜੇ ਗੁਣ ਗਾਵਣ ਵਾਲੀ ਮਤਿ ਨਹੀਂ ਬਣੀ, ਤਾਂ) ਕੋਈ ਇਸ਼ਨਾਨ, ਕੋਈ ਦਾਨ, ਕੋਈ ਚੁੰਚ-ਗਿਆਨਤਾ, ਤੇ ਕੋਈ ਤੀਰਥ-ਇਸ਼ਨਾਨ ਪਰਮਾਤਮਾ ਨੂੰ ਖ਼ੁਸ਼ ਨਹੀਂ ਕਰ ਸਕਦਾ।

ਪਰਪੰਚ ਮੋਹ ਬਿਕਾਰ ਥਾਕੇ ਕੂੜੁ ਕਪਟੁ ਨ ਦੋਈ ॥

(ਗੁਣ ਗਾਵਣ ਵਾਲੇ ਮਨੁੱਖ ਦੇ ਮਨ ਵਿਚੋਂ) ਧੋਖੇ-ਫ਼ਰੇਬ, ਮੋਹ ਦੇ ਚਮਤ-ਕਾਰੇ, ਵਿਕਾਰ ਆਦਿਕ ਸਭ ਮੁੱਕ ਜਾਂਦੇ ਹਨ। ਉਸ ਦੇ ਅੰਦਰ ਨਾਹ ਝੂਠ ਰਹਿ ਜਾਂਦਾ ਹੈ, ਨਾਹ ਠੱਗੀ ਰਹਿੰਦੀ ਹੈ, ਨਾਹ ਮੇਰ-ਤੇਰ ਰਹਿੰਦੀ ਹੈ।

ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥੧॥

(ਪ੍ਰਭੂ ਦੇ ਪਿਆਰ ਵਿਚ) ਰੰਗਿਆ ਹੋਇਆ ਮੇਰਾ ਮਨ (ਜਿਉਂ ਜਿਉਂ ਪ੍ਰਭੂ ਦੇ) ਗੁਣ ਗਾਂਵਦਾ ਹੈ (ਤਿਉਂ ਤਿਉਂ) ਮੇਰੇ ਮਨ ਵਿਚ ਉਹ ਪ੍ਰਭੂ ਹੀ ਪਿਆਰਾ ਲੱਗਦਾ ਜਾ ਰਿਹਾ ਹੈ ॥੧॥

ਸਾਹਿਬੁ ਸੋ ਸਾਲਾਹੀਐ ਜਿਨਿ ਕਾਰਣੁ ਕੀਆ ॥

ਉਸ ਮਾਲਕ-ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ ਜਿਸ ਨੇ ਜਗਤ ਪੈਦਾ ਕੀਤਾ ਹੈ।

ਮੈਲੁ ਲਾਗੀ ਮਨਿ ਮੈਲਿਐ ਕਿਨੈ ਅੰਮ੍ਰਿਤੁ ਪੀਆ ॥

(ਸਿਫ਼ਤਿ-ਸਾਲਾਹ ਕਰਨ ਤੋਂ ਬਿਨਾ ਮਨੁੱਖ ਦੇ ਮਨ ਵਿਚ ਵਿਕਾਰਾਂ ਦੀ) ਮੈਲ ਲੱਗੀ ਰਹਿੰਦੀ ਹੈ, ਤੇ, ਜੇ ਮਨ (ਵਿਕਾਰਾਂ ਨਾਲ) ਮੈਲਾ ਟਿਕਿਆ ਰਹੇ ਤਾਂ ਕੋਈ ਭੀ ਨਾਮ-ਅੰਮ੍ਰਿਤ ਪੀ ਨਹੀਂ ਸਕਦਾ।

ਮਥਿ ਅੰਮ੍ਰਿਤੁ ਪੀਆ ਇਹੁ ਮਨੁ ਦੀਆ ਗੁਰ ਪਹਿ ਮੋਲੁ ਕਰਾਇਆ ॥

(ਪਰ ਇਸ ਨਾਮ-ਅੰਮ੍ਰਿਤ ਦੀ ਪ੍ਰਾਪਤੀ ਵਾਸਤੇ ਭੀ ਮੁੱਲ ਦੇਣਾ ਪੈਂਦਾ ਹੈ) ਮੈਂ ਗੁਰੂ ਪਾਸੋਂ ਮੁੱਲ ਪੁਆਇਆ (ਤਾਂ ਉਸਨੇ ਦੱਸਿਆ ਕਿ) ਜਿਸ ਨੇ ਆਪਣਾ ਇਹ ਮਨ (ਗੁਰੂ ਦੇ) ਹਵਾਲੇ ਕੀਤਾ ਉਸ ਨੇ ਮੁੜ ਮੁੜ ਸਿਮਰ ਕੇ ਨਾਮ-ਅੰਮ੍ਰਿਤ ਪੀ ਲਿਆ।

ਆਪਨੜਾ ਪ੍ਰਭੁ ਸਹਜਿ ਪਛਾਤਾ ਜਾ ਮਨੁ ਸਾਚੈ ਲਾਇਆ ॥

(ਗੁਰੂ ਦੇ ਦੱਸੇ ਰਾਹ ਤੇ ਤੁਰ ਕੇ) ਜਦੋਂ ਕਿਸੇ ਮਨੁੱਖ ਨੇ ਆਪਣਾ ਮਨ (ਮੈਲੇ ਪਾਸੇ ਵਲੋਂ ਹਟਾ ਕੇ) ਸਦਾ-ਥਿਰ ਪ੍ਰਭੂ ਵਿਚ ਜੋੜਿਆ ਤਾਂ ਉਸ ਨੇ ਆਤਮਕ ਅਡੋਲਤਾ ਵਿਚ ਟਿਕ ਕੇ ਆਪਣੇ ਪ੍ਰੀਤਮ ਪ੍ਰਭੂ ਨਾਲ ਡੂੰਘੀ ਸਾਂਝ ਪਾ ਲਈ।

ਤਿਸੁ ਨਾਲਿ ਗੁਣ ਗਾਵਾ ਜੇ ਤਿਸੁ ਭਾਵਾ ਕਿਉ ਮਿਲੈ ਹੋਇ ਪਰਾਇਆ ॥

(ਪਰ) ਮੈਂ ਤਦੋਂ ਹੀ ਪ੍ਰਭੂ ਦੇ ਚਰਨਾਂ ਵਿਚ ਜੁੜ ਕੇ ਪ੍ਰਭੂ ਦੇ ਗੁਣ ਗਾ ਸਕਦਾ ਹਾਂ ਜੇ ਪ੍ਰਭੂ ਦੀ ਰਜ਼ਾ ਹੀ ਹੋਵੇ (ਜੇ ਉਸ ਨੂੰ ਮੈਂ ਚੰਗਾ ਲੱਗ ਪਵਾਂ)। ਪ੍ਰਭੂ ਤੋਂ ਓਪਰੇ ਓਪਰੇ ਰਿਹਾਂ ਪ੍ਰਭੂ ਨਾਲ ਮਿਲਾਪ ਨਹੀਂ ਹੋ ਸਕਦਾ।

ਸਾਹਿਬੁ ਸੋ ਸਾਲਾਹੀਐ ਜਿਨਿ ਜਗਤੁ ਉਪਾਇਆ ॥੨॥

(ਸੋ, ਹੇ ਭਾਈ!) ਉਸ ਮਾਲਕ-ਪ੍ਰਭੂ ਦੀ (ਸਦਾ) ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ ਜਿਸ ਨੇ (ਇਹ) ਜਗਤ ਪੈਦਾ ਕੀਤਾ ਹੈ ॥੨॥

ਆਇ ਗਇਆ ਕੀ ਨ ਆਇਓ ਕਿਉ ਆਵੈ ਜਾਤਾ ॥

ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਆ ਵੱਸੇ, ਉਸ ਨੂੰ ਹੋਰ ਕਿਸੇ ਪਦਾਰਥ ਦੀ ਲਾਲਸਾ ਨਹੀਂ ਰਹਿ ਜਾਂਦੀ, ਉਸ ਦਾ ਜਨਮ ਮਰਨ ਮੁੱਕ ਜਾਂਦਾ ਹੈ।

ਪ੍ਰੀਤਮ ਸਿਉ ਮਨੁ ਮਾਨਿਆ ਹਰਿ ਸੇਤੀ ਰਾਤਾ ॥

ਉਸ ਦਾ ਮਨ ਪ੍ਰੀਤਮ ਪ੍ਰਭੂ ਨਾਲ ਗਿੱਝ ਜਾਂਦਾ ਹੈ, ਪ੍ਰਭੂ ਦੇ ਪ੍ਰੇਮ ਨਾਲ ਰੰਗਿਆ ਜਾਂਦਾ ਹੈ।

ਸਾਹਿਬ ਰੰਗਿ ਰਾਤਾ ਸਚ ਕੀ ਬਾਤਾ ਜਿਨਿ ਬਿੰਬ ਕਾ ਕੋਟੁ ਉਸਾਰਿਆ ॥

ਉਸ ਦਾ ਮਨ ਉਸ ਮਾਲਕ ਦੇ ਰੰਗ ਵਿਚ ਰੰਗਿਆ ਜਾਂਦਾ ਹੈ, ਉਹ ਉਸ ਸਦਾ-ਥਿਰ ਮਾਲਕ ਦੀਆਂ ਸਿਫ਼ਤਿ-ਸਾਲਾਹ ਦੀਆਂ ਗੱਲਾਂ ਕਰਦਾ ਰਹਿੰਦਾ ਹੈ ਜਿਸ ਨੇ ਪਾਣੀ ਦੀ ਬੂੰਦ ਤੋਂ ਸਰੀਰ-ਕਿਲ੍ਹਾ ਉਸਾਰ ਦਿੱਤਾ ਹੈ,

ਪੰਚ ਭੂ ਨਾਇਕੋ ਆਪਿ ਸਿਰੰਦਾ ਜਿਨਿ ਸਚ ਕਾ ਪਿੰਡੁ ਸਵਾਰਿਆ ॥

ਜੋ ਪੰਜਾਂ ਤੱਤਾਂ ਦਾ ਮਾਲਕ ਹੈ, ਜੋ ਆਪ ਹੀ (ਸਰੀਰ ਜਗਤ ਦਾ) ਪੈਦਾ ਕਰਨ ਵਾਲਾ ਹੈ, ਜਿਸ ਨੇ ਆਪਣੇ ਰਹਿਣ ਲਈ ਮਨੁੱਖ ਦਾ ਸਰੀਰ ਸਜਾਇਆ ਹੈ।

ਹਮ ਅਵਗਣਿਆਰੇ ਤੂ ਸੁਣਿ ਪਿਆਰੇ ਤੁਧੁ ਭਾਵੈ ਸਚੁ ਸੋਈ ॥

ਹੇ ਪਿਆਰੇ ਪ੍ਰਭੂ! ਤੂੰ (ਮੇਰੀ ਬੇਨਤੀ) ਸੁਣ। ਅਸੀਂ ਜੀਵ ਔਗੁਣਾਂ ਨਾਲ ਭਰੇ ਹੋਏ ਹਾਂ (ਤੂੰ ਆਪ ਹੀ ਆਪਣੀ ਸਿਫ਼ਤਿ-ਸਾਲਾਹ ਦੀ ਦਾਤ ਦੇ ਕੇ ਸਾਨੂੰ ਪਵਿਤ੍ਰ ਕਰਨ ਵਾਲਾ ਹੈਂ) ਜੇਹੜਾ ਜੀਵ (ਤੇਰੀ ਮੇਹਰ ਨਾਲ) ਤੈਨੂੰ ਪਸੰਦ ਆ ਜਾਂਦਾ ਹੈ ਉਹ ਤੇਰਾ ਹੀ ਰੂਪ ਹੋ ਜਾਂਦਾ ਹੈ।

ਆਵਣ ਜਾਣਾ ਨਾ ਥੀਐ ਸਾਚੀ ਮਤਿ ਹੋਈ ॥੩॥

ਉਸ ਦਾ ਜਨਮ ਮਰਨ ਦਾ ਗੇੜ ਮੁੱਕ ਜਾਂਦਾ ਹੈ, ਉਸ ਦੀ ਮਤਿ ਅਭੁੱਲ ਹੋ ਜਾਂਦੀ ਹੈ ॥੩॥

ਅੰਜਨੁ ਤੈਸਾ ਅੰਜੀਐ ਜੈਸਾ ਪਿਰ ਭਾਵੈ ॥

ਇਸਤ੍ਰੀ ਨੂੰ ਉਹੋ ਜਿਹਾ ਸੁਰਮਾ ਪਾਣਾ ਚਾਹੀਦਾ ਹੈ ਜਿਹੋ ਜਿਹਾ ਉਸ ਦੇ ਪਤੀ ਨੂੰ ਚੰਗਾ ਲੱਗੇ (ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਦੇ ਮਿਲਾਪ ਵਾਸਤੇ ਉਹੋ ਜਿਹਾ ਉੱਦਮ ਕਰਨਾ ਚਾਹੀਦਾ ਹੈ ਜੇਹੜਾ ਪ੍ਰਭੂ-ਪਤੀ ਨੂੰ ਪਸੰਦ ਆਵੇ)।

ਸਮਝੈ ਸੂਝੈ ਜਾਣੀਐ ਜੇ ਆਪਿ ਜਾਣਾਵੈ ॥

(ਪਰ ਜੀਵ ਦੇ ਕੀਹ ਵੱਸ ਹੈ?) ਜਦੋਂ ਪਰਮਾਤਮਾ ਆਪ ਸਮਝ ਬਖ਼ਸ਼ੇ, ਤਦੋਂ ਹੀ ਜੀਵ (ਸਹੀ ਰਸਤਾ) ਸਮਝ ਸਕਦਾ ਹੈ, ਤਦੋਂ ਹੀ ਜੀਵ ਨੂੰ ਸੂਝ ਆ ਸਕਦੀ ਹੈ, ਤਦੋਂ ਹੀ ਕੁਝ ਜਾਣਿਆ ਜਾ ਸਕਦਾ ਹੈ।

ਆਪਿ ਜਾਣਾਵੈ ਮਾਰਗਿ ਪਾਵੈ ਆਪੇ ਮਨੂਆ ਲੇਵਏ ॥

ਪਰਮਾਤਮਾ ਆਪ ਹੀ ਸਮਝ ਦੇਂਦਾ ਹੈ, ਆਪ ਹੀ ਸਹੀ ਰਸਤੇ ਉਤੇ ਪਾਂਦਾ ਹੈ ਆਪ ਹੀ ਜੀਵ ਦੇ ਮਨ ਨੂੰ ਆਪਣੇ ਵਲ ਪ੍ਰੇਰਦਾ ਹੈ।

ਕਰਮ ਸੁਕਰਮ ਕਰਾਏ ਆਪੇ ਕੀਮਤਿ ਕਉਣ ਅਭੇਵਏ ॥

ਸਾਧਾਰਨ ਕੰਮ ਤੇ ਚੰਗੇ ਕੰਮ ਪਰਮਾਤਮਾ ਆਪ ਹੀ ਜੀਵ ਪਾਸੋਂ ਕਰਾਂਦਾ ਹੈ; ਪਰ ਉਸ ਪ੍ਰਭੂ ਦਾ ਭੇਤ ਨਹੀਂ ਪਾਇਆ ਜਾ ਸਕਦਾ, ਕੋਈ ਉਸ ਦੀ ਕੀਮਤ ਨਹੀਂ ਜਾਣ ਸਕਦਾ।

ਤੰਤੁ ਮੰਤੁ ਪਾਖੰਡੁ ਨ ਜਾਣਾ ਰਾਮੁ ਰਿਦੈ ਮਨੁ ਮਾਨਿਆ ॥

(ਪਰਮਾਤਮਾ ਦਾ ਪਿਆਰ ਪ੍ਰਾਪਤ ਕਰਨ ਲਈ) ਮੈਂ ਕੋਈ ਜਾਦੂ-ਟੂਣਾ ਕੋਈ ਮੰਤ੍ਰ ਆਦਿਕ ਪਖੰਡ ਕਰਨਾ ਨਹੀਂ ਜਾਣਦੀ। ਮੈਂ ਤਾਂ ਕੇਵਲ ਉਸ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਇਆ ਹੈ, ਮੇਰਾ ਮਨ ਉਸ ਦੀ ਯਾਦ ਵਿਚ ਗਿੱਝ ਗਿਆ ਹੈ।

ਅੰਜਨੁ ਨਾਮੁ ਤਿਸੈ ਤੇ ਸੂਝੈ ਗੁਰਸਬਦੀ ਸਚੁ ਜਾਨਿਆ ॥੪॥

ਪ੍ਰਭੂ-ਪਤੀ ਨੂੰ ਪ੍ਰਸੰਨ ਕਰਨ ਵਾਸਤੇ ਉਸ ਦਾ ਨਾਮ ਹੀ ਸੁਰਮਾ ਹੈ, ਇਸ ਸੁਰਮੇ ਦੀ ਸੂਝ ਭੀ ਉਸੇ ਪਾਸੋਂ ਮਿਲਦੀ ਹੈ। (ਜਿਸ ਜੀਵ ਨੂੰ ਇਹ ਸੂਝ ਪੈ ਜਾਂਦੀ ਹੈ ਉਹ) ਗੁਰੂ ਦੇ ਸ਼ਬਦ ਵਿਚ ਜੁੜ ਕੇ ਉਸ ਸਦਾ-ਥਿਰ ਪ੍ਰਭੂ ਨਾਲ ਡੂੰਘੀ ਸਾਂਝ ਪਾ ਲੈਂਦੀ ਹੈ ॥੪॥

ਸਾਜਨ ਹੋਵਨਿ ਆਪਣੇ ਕਿਉ ਪਰ ਘਰ ਜਾਹੀ ॥

ਸੱਜਣ-ਪ੍ਰਭੂ ਜੀ (ਜਿਨ੍ਹਾਂ ਸੁਭਾਗ ਬੰਦਿਆਂ ਦੇ) ਆਪਣੇ ਬਣ ਜਾਂਦੇ ਹਨ, ਉਹ ਬੰਦੇ ਪਰਾਏ ਘਰਾਂ ਵਿਚ ਨਹੀਂ ਜਾਂਦੇ (ਭਾਵ, ਪ੍ਰਭੂ ਦਾ ਸਿਮਰਨ ਛੱਡ ਕੇ ਹੋਰ ਹੋਰ ਅਖਾਉਤੀ ਧਰਮ-ਕਰਮ ਨਹੀਂ ਕਰਦੇ ਫਿਰਦੇ)।

ਸਾਜਨ ਰਾਤੇ ਸਚ ਕੇ ਸੰਗੇ ਮਨ ਮਾਹੀ ॥

ਉਹ ਆਦਮੀ ਅੰਤਰ ਆਤਮੇ ਸਦਾ-ਥਿਰ ਸੱਜਣ-ਪ੍ਰਭੂ ਦੇ ਨਾਲ ਰੱਤੇ ਰਹਿੰਦੇ ਹਨ।

ਮਨ ਮਾਹਿ ਸਾਜਨ ਕਰਹਿ ਰਲੀਆ ਕਰਮ ਧਰਮ ਸਬਾਇਆ ॥

ਉਹ ਆਪਣੇ ਮਨ ਵਿਚ ਸੱਜਣ-ਪ੍ਰਭੂ ਜੀ ਦੇ ਮਿਲਾਪ ਦਾ ਆਨੰਦ ਹੀ ਮਾਣਦੇ ਹਨ, ਇਹੀ ਉਹਨਾਂ ਵਾਸਤੇ ਸਾਰੇ ਧਾਰਮਿਕ ਕੰਮ ਹਨ।


ਸੂਚੀ (1 - 1430)
ਜਪੁ ਅੰਗ: 1 - 8
ਸੋ ਦਰੁ ਅੰਗ: 8 - 10
ਸੋ ਪੁਰਖੁ ਅੰਗ: 10 - 12
ਸੋਹਿਲਾ ਅੰਗ: 12 - 13
ਸਿਰੀ ਰਾਗੁ ਅੰਗ: 14 - 93
ਰਾਗੁ ਮਾਝ ਅੰਗ: 94 - 150
ਰਾਗੁ ਗਉੜੀ ਅੰਗ: 151 - 346
ਰਾਗੁ ਆਸਾ ਅੰਗ: 347 - 488
ਰਾਗੁ ਗੂਜਰੀ ਅੰਗ: 489 - 526
ਰਾਗੁ ਦੇਵਗੰਧਾਰੀ ਅੰਗ: 527 - 536
ਰਾਗੁ ਬਿਹਾਗੜਾ ਅੰਗ: 537 - 556
ਰਾਗੁ ਵਡਹੰਸੁ ਅੰਗ: 557 - 594
ਰਾਗੁ ਸੋਰਠਿ ਅੰਗ: 595 - 659
ਰਾਗੁ ਧਨਾਸਰੀ ਅੰਗ: 660 - 695
ਰਾਗੁ ਜੈਤਸਰੀ ਅੰਗ: 696 - 710
ਰਾਗੁ ਟੋਡੀ ਅੰਗ: 711 - 718
ਰਾਗੁ ਬੈਰਾੜੀ ਅੰਗ: 719 - 720
ਰਾਗੁ ਤਿਲੰਗ ਅੰਗ: 721 - 727
ਰਾਗੁ ਸੂਹੀ ਅੰਗ: 728 - 794
ਰਾਗੁ ਬਿਲਾਵਲੁ ਅੰਗ: 795 - 858
ਰਾਗੁ ਗੋਂਡ ਅੰਗ: 859 - 875
ਰਾਗੁ ਰਾਮਕਲੀ ਅੰਗ: 876 - 974
ਰਾਗੁ ਨਟ ਨਾਰਾਇਨ ਅੰਗ: 975 - 983
ਰਾਗੁ ਮਾਲੀ ਗਉੜਾ ਅੰਗ: 984 - 988
ਰਾਗੁ ਮਾਰੂ ਅੰਗ: 989 - 1106
ਰਾਗੁ ਤੁਖਾਰੀ ਅੰਗ: 1107 - 1117
ਰਾਗੁ ਕੇਦਾਰਾ ਅੰਗ: 1118 - 1124
ਰਾਗੁ ਭੈਰਉ ਅੰਗ: 1125 - 1167
ਰਾਗੁ ਬਸੰਤੁ ਅੰਗ: 1168 - 1196
ਰਾਗੁ ਸਾਰੰਗ ਅੰਗ: 1197 - 1253
ਰਾਗੁ ਮਲਾਰ ਅੰਗ: 1254 - 1293
ਰਾਗੁ ਕਾਨੜਾ ਅੰਗ: 1294 - 1318
ਰਾਗੁ ਕਲਿਆਨ ਅੰਗ: 1319 - 1326
ਰਾਗੁ ਪ੍ਰਭਾਤੀ ਅੰਗ: 1327 - 1351
ਰਾਗੁ ਜੈਜਾਵੰਤੀ ਅੰਗ: 1352 - 1359
ਸਲੋਕ ਸਹਸਕ੍ਰਿਤੀ ਅੰਗ: 1353 - 1360
ਗਾਥਾ ਮਹਲਾ ੫ ਅੰਗ: 1360 - 1361
ਫੁਨਹੇ ਮਹਲਾ ੫ ਅੰਗ: 1361 - 1363
ਚਉਬੋਲੇ ਮਹਲਾ ੫ ਅੰਗ: 1363 - 1364
ਸਲੋਕੁ ਭਗਤ ਕਬੀਰ ਜੀਉ ਕੇ ਅੰਗ: 1364 - 1377
ਸਲੋਕੁ ਸੇਖ ਫਰੀਦ ਕੇ ਅੰਗ: 1377 - 1385
ਸਵਈਏ ਸ੍ਰੀ ਮੁਖਬਾਕ ਮਹਲਾ ੫ ਅੰਗ: 1385 - 1389
ਸਵਈਏ ਮਹਲੇ ਪਹਿਲੇ ਕੇ ਅੰਗ: 1389 - 1390
ਸਵਈਏ ਮਹਲੇ ਦੂਜੇ ਕੇ ਅੰਗ: 1391 - 1392
ਸਵਈਏ ਮਹਲੇ ਤੀਜੇ ਕੇ ਅੰਗ: 1392 - 1396
ਸਵਈਏ ਮਹਲੇ ਚਉਥੇ ਕੇ ਅੰਗ: 1396 - 1406
ਸਵਈਏ ਮਹਲੇ ਪੰਜਵੇ ਕੇ ਅੰਗ: 1406 - 1409
ਸਲੋਕੁ ਵਾਰਾ ਤੇ ਵਧੀਕ ਅੰਗ: 1410 - 1426
ਸਲੋਕੁ ਮਹਲਾ ੯ ਅੰਗ: 1426 - 1429
ਮੁੰਦਾਵਣੀ ਮਹਲਾ ੫ ਅੰਗ: 1429 - 1429
ਰਾਗਮਾਲਾ ਅੰਗ: 1430 - 1430