ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ

ਅੰਗ - 798


ਕਹਤ ਨਾਨਕੁ ਸਚੇ ਸਿਉ ਪ੍ਰੀਤਿ ਲਾਏ ਚੂਕੈ ਮਨਿ ਅਭਿਮਾਨਾ ॥

ਹੇ ਭਾਈ! ਨਾਨਕ ਆਖਦਾ ਹੈ-ਜੇਹੜਾ ਮਨੁੱਖ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨਾਲ ਪਿਆਰ ਜੋੜਦਾ ਹੈ, ਉਸ ਦੇ ਮਨ ਵਿਚੋਂ (ਕਿਸੇ ਭੀ ਤਰ੍ਹਾਂ ਦੇ ਕਰਮ ਕਾਂਡ ਦਾ) ਅਹੰਕਾਰ ਮੁੱਕ ਜਾਂਦਾ ਹੈ।

ਕਹਤ ਸੁਣਤ ਸਭੇ ਸੁਖ ਪਾਵਹਿ ਮਾਨਤ ਪਾਹਿ ਨਿਧਾਨਾ ॥੪॥੪॥

ਪਰਮਾਤਮਾ ਦਾ ਨਾਮ ਸਿਮਰਨ ਵਾਲੇ, ਸੁਣਨ ਵਾਲੇ, ਸਾਰੇ ਹੀ ਆਤਮਕ ਆਨੰਦ ਪ੍ਰਾਪਤ ਕਰਦੇ ਹਨ। ਜੇਹੜੇ ਮਨੁੱਖ (ਗੁਰੂ ਦੀ ਸਿੱਖਿਆ ਉਤੇ) ਸਰਧਾ ਲਿਆਉਂਦੇ ਹਨ, ਉਹ ਪ੍ਰਭੂ ਦਾ ਨਾਮ-ਖ਼ਜ਼ਾਨਾ ਲੱਭ ਲੈਂਦੇ ਹਨ ॥੪॥੪॥

ਬਿਲਾਵਲੁ ਮਹਲਾ ੩ ॥

ਗੁਰਮੁਖਿ ਪ੍ਰੀਤਿ ਜਿਸ ਨੋ ਆਪੇ ਲਾਏ ॥

(ਹੇ ਭਾਈ!) ਗੁਰੂ ਦੀ ਰਾਹੀਂ ਜਿਸ ਮਨੁੱਖ ਦੇ ਹਿਰਦੇ ਵਿਚ ਪ੍ਰਭੂ ਆਪਣਾ ਪਿਆਰ ਪੈਦਾ ਕਰਦਾ ਹੈ,

ਤਿਤੁ ਘਰਿ ਬਿਲਾਵਲੁ ਗੁਰ ਸਬਦਿ ਸੁਹਾਏ ॥

ਉਸ ਹਿਰਦੇ-ਘਰ ਵਿਚ (ਸਦਾ) ਖਿੜਾਉ (ਬਣਿਆ ਰਹਿੰਦਾ) ਹੈ, ਗੁਰੂ ਦੀ ਬਰਕਤਿ ਨਾਲ ਉਸ ਮਨੁੱਖ ਦਾ ਜੀਵਨ ਸੋਹਣਾ ਬਣ ਜਾਂਦਾ ਹੈ।

ਮੰਗਲੁ ਨਾਰੀ ਗਾਵਹਿ ਆਏ ॥

ਉਸ ਦੇ ਸਾਰੇ ਗਿਆਨ-ਇੰਦ੍ਰੇ ਰਲ ਕੇ ਪ੍ਰਭੂ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਂਦੇ ਰਹਿੰਦੇ ਹਨ।

ਮਿਲਿ ਪ੍ਰੀਤਮ ਸਦਾ ਸੁਖੁ ਪਾਏ ॥੧॥

ਪ੍ਰਭੂ-ਪ੍ਰੀਤਮ ਨੂੰ ਮਿਲ ਕੇ ਮਨੁੱਖ ਸਦਾ ਆਤਮਕ ਆਨੰਦ ਮਾਣਦਾ ਹੈ ॥੧॥

ਹਉ ਤਿਨ ਬਲਿਹਾਰੈ ਜਿਨੑ ਹਰਿ ਮੰਨਿ ਵਸਾਏ ॥

(ਹੇ ਭਾਈ!) ਮੈਂ ਉਹਨਾਂ ਮਨੁੱਖਾਂ ਤੋਂ ਕੁਰਬਾਨ ਜਾਂਦਾ ਹਾਂ, ਜਿਨ੍ਹਾਂ ਨੇ ਪਰਮਾਤਮਾ ਨੂੰ ਆਪਣੇ ਮਨ ਵਿਚ ਵਸਾਇਆ ਹੈ।

ਹਰਿ ਜਨ ਕਉ ਮਿਲਿਆ ਸੁਖੁ ਪਾਈਐ ਹਰਿ ਗੁਣ ਗਾਵੈ ਸਹਜਿ ਸੁਭਾਏ ॥੧॥ ਰਹਾਉ ॥

(ਹੇ ਭਾਈ!) ਪਰਮਾਤਮਾ ਦੇ (ਇਹੋ ਜਿਹੇ) ਸੇਵਕਾਂ ਦੀ ਸੰਗਤਿ ਕੀਤਿਆਂ ਆਤਮਕ ਆਨੰਦ ਮਿਲਦਾ ਹੈ। (ਜੇਹੜਾ ਮਨੁੱਖ ਹਰਿ-ਜਨਾਂ ਨੂੰ ਮਿਲਦਾ ਹੈ, ਉਹ ਭੀ) ਆਤਮਕ ਅਡੋਲਤਾ ਵਿਚ ਪ੍ਰੇਮ ਵਿਚ ਟਿਕ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਣ ਲੱਗ ਪੈਂਦਾ ਹੈ ॥੧॥ ਰਹਾਉ ॥

ਸਦਾ ਰੰਗਿ ਰਾਤੇ ਤੇਰੈ ਚਾਏ ॥

(ਹੇ ਪ੍ਰਭੂ! ਜੇਹੜੇ ਮਨੁੱਖ ਤੇਰੀ ਸਿਫ਼ਤਿ-ਸਾਲਾਹ ਕਰਦੇ ਹਨ, ਉਹ) ਸਦਾ ਤੇਰੇ ਪ੍ਰੇਮ ਵਿਚ ਤੇਰੇ ਨਾਮ-ਰੰਗ ਵਿਚ ਰੰਗੇ ਰਹਿੰਦੇ ਹਨ।

ਹਰਿ ਜੀਉ ਆਪਿ ਵਸੈ ਮਨਿ ਆਏ ॥

(ਹੇ ਭਾਈ!) ਪ੍ਰਭੂ ਆਪ ਉਹਨਾਂ ਦੇ ਮਨ ਵਿਚ ਆ ਵੱਸਦਾ ਹੈ।

ਆਪੇ ਸੋਭਾ ਸਦ ਹੀ ਪਾਏ ॥

ਪ੍ਰਭੂ ਆਪ ਹੀ ਉਹਨਾਂ ਨੂੰ ਸਦਾ ਲਈ ਵਡਿਆਈ ਬਖ਼ਸ਼ਦਾ ਹੈ,

ਗੁਰਮੁਖਿ ਮੇਲੈ ਮੇਲਿ ਮਿਲਾਏ ॥੨॥

ਗੁਰੂ ਦੀ ਸਰਨ ਪਾ ਕੇ ਉਹਨਾਂ ਨੂੰ ਆਪਣੇ ਨਾਲ ਮਿਲਾ ਲੈਂਦਾ ਹੈ ਆਪਣੇ ਚਰਨਾਂ ਵਿਚ ਜੋੜ ਲੈਂਦਾ ਹੈ ॥੨॥

ਗੁਰਮੁਖਿ ਰਾਤੇ ਸਬਦਿ ਰੰਗਾਏ ॥

ਹੇ ਭਾਈ! ਗੁਰੂ ਦੀ ਸਰਨ ਪੈ ਕੇ (ਜੇਹੜੇ ਮਨੁੱਖ ਗੁਰੂ ਦੇ) ਸ਼ਬਦ ਵਿਚ ਰੰਗੇ ਜਾਂਦੇ ਹਨ,

ਨਿਜ ਘਰਿ ਵਾਸਾ ਹਰਿ ਗੁਣ ਗਾਏ ॥

(ਪ੍ਰਭੂ ਉਹਨਾਂ ਨੂੰ ਆਪਣੇ ਨਾਮ ਦਾ) ਰੰਗ ਚਾੜ੍ਹਦਾ ਹੈ, ਪ੍ਰਭੂ ਦੇ ਗੁਣ ਗਾ ਗਾ ਕੇ ਉਹਨਾਂ ਦਾ ਆਪਣੇ ਹਿਰਦੇ-ਘਰ ਵਿਚ ਟਿਕਾਣਾ ਬਣਿਆ ਰਹਿੰਦਾ ਹੈ।

ਰੰਗਿ ਚਲੂਲੈ ਹਰਿ ਰਸਿ ਭਾਏ ॥

(ਉਹ ਕਦੇ ਭਟਕਦੇ ਨਹੀਂ) ਪ੍ਰਭੂ ਦੇ ਨਾਮ-ਰਸ ਵਿਚ ਪ੍ਰੇਮ ਵਿਚ (ਟਿਕੇ ਰਹਿਣ ਕਰ ਕੇ) ਉਹ ਗੂੜ੍ਹੇ ਰੰਗ ਵਿਚ ਰੰਗੇ ਰਹਿੰਦੇ ਹਨ।

ਇਹੁ ਰੰਗੁ ਕਦੇ ਨ ਉਤਰੈ ਸਾਚਿ ਸਮਾਏ ॥੩॥

ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਲੀਨ ਰਹਿਣ ਕਰਕੇ ਉਹਨਾਂ ਦਾ ਇਹ ਨਾਮ-ਰੰਗ ਕਦੇ ਨਹੀਂ ਉਤਰਦਾ ॥੩॥

ਅੰਤਰਿ ਸਬਦੁ ਮਿਟਿਆ ਅਗਿਆਨੁ ਅੰਧੇਰਾ ॥

ਹੇ ਭਾਈ! ਜਿਨ੍ਹਾਂ ਦੇ ਹਿਰਦੇ ਵਿਚ ਗੁਰੂ ਦਾ ਸ਼ਬਦ ਵੱਸਦਾ ਹੈ ਉਹਨਾਂ ਦੇ ਅੰਦਰੋਂ ਅਗਿਆਨ-ਹਨੇਰਾ ਦੂਰ ਹੋ ਜਾਂਦਾ ਹੈ।

ਸਤਿਗੁਰ ਗਿਆਨੁ ਮਿਲਿਆ ਪ੍ਰੀਤਮੁ ਮੇਰਾ ॥

ਜਿਨ੍ਹਾਂ ਨੂੰ ਗੁਰੂ ਦਾ ਬਖ਼ਸ਼ਿਆ ਗਿਆਨ ਪ੍ਰਾਪਤ ਹੋ ਜਾਂਦਾ ਹੈ ਉਹਨਾਂ ਨੂੰ ਪਿਆਰਾ ਪ੍ਰਭੂ ਮਿਲ ਪੈਂਦਾ ਹੈ।

ਜੋ ਸਚਿ ਰਾਤੇ ਤਿਨ ਬਹੁੜਿ ਨ ਫੇਰਾ ॥

ਜੇਹੜੇ ਮਨੁੱਖ ਸਦਾ-ਥਿਰ ਪ੍ਰਭੂ (ਦੇ ਪ੍ਰੇਮ) ਵਿਚ ਮਸਤ ਰਹਿੰਦੇ ਹਨ, ਉਹਨਾਂ ਨੂੰ ਜਨਮ-ਮਰਨ ਦਾ ਗੇੜ ਨਹੀਂ ਪੈਂਦਾ।

ਨਾਨਕ ਨਾਮੁ ਦ੍ਰਿੜਾਏ ਪੂਰਾ ਗੁਰੁ ਮੇਰਾ ॥੪॥੫॥

(ਪਰ) ਹੇ ਨਾਨਕ! ਪੂਰਾ ਗੁਰੂ ਹੀ (ਮਨੁੱਖ ਦੇ ਅੰਦਰ) ਨਾਮ ਜਪਣ ਦਾ ਸੁਭਾਉ ਪੱਕਾ ਕਰ ਸਕਦਾ ਹੈ ॥੪॥੫॥

ਬਿਲਾਵਲੁ ਮਹਲਾ ੩ ॥

ਪੂਰੇ ਗੁਰ ਤੇ ਵਡਿਆਈ ਪਾਈ ॥

ਹੇ ਭਾਈ! ਜਿਸ ਮਨੁੱਖ ਨੇ ਪੂਰੇ ਗੁਰੂ ਪਾਸੋਂ ਵਡਿਆਈ-ਇੱਜ਼ਤ ਪ੍ਰਾਪਤ ਕਰ ਲਈ,

ਅਚਿੰਤ ਨਾਮੁ ਵਸਿਆ ਮਨਿ ਆਈ ॥

ਉਸ ਦੇ ਮਨ ਵਿਚ ਉਹ ਹਰਿ-ਨਾਮ ਆ ਵੱਸਦਾ ਹੈ ਜੋ ਹਰੇਕ ਕਿਸਮ ਦਾ ਫ਼ਿਕਰ-ਤੌਖਲਾ ਦੂਰ ਕਰ ਦੇਂਦਾ ਹੈ।

ਹਉਮੈ ਮਾਇਆ ਸਬਦਿ ਜਲਾਈ ॥

ਜਿਸ ਮਨੁੱਖ ਨੇ ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਅੰਦਰੋਂ) ਮਾਇਆ ਦੇ ਕਾਰਨ ਪੈਦਾ ਹੋਈ ਹਉਮੈ ਸਾੜ ਲਈ,

ਦਰਿ ਸਾਚੈ ਗੁਰ ਤੇ ਸੋਭਾ ਪਾਈ ॥੧॥

ਉਸ ਨੇ ਗੁਰੂ ਦੀ ਕਿਰਪਾ ਨਾਲ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੇ ਦਰ ਤੇ ਸੋਭਾ ਖੱਟ ਲਈ ॥੧॥

ਜਗਦੀਸ ਸੇਵਉ ਮੈ ਅਵਰੁ ਨ ਕਾਜਾ ॥

ਹੇ ਜਗਤ ਦੇ ਮਾਲਕ-ਪ੍ਰਭੂ! (ਮੇਹਰ ਕਰ) ਮੈਂ (ਤੇਰਾ ਨਾਮ) ਸਿਮਰਦਾ ਰਹਾਂ, (ਇਸ ਤੋਂ ਚੰਗਾ) ਮੈਨੂੰ ਹੋਰ ਕੋਈ ਕੰਮ ਨਾਹ ਲੱਗੇ।

ਅਨਦਿਨੁ ਅਨਦੁ ਹੋਵੈ ਮਨਿ ਮੇਰੈ ਗੁਰਮੁਖਿ ਮਾਗਉ ਤੇਰਾ ਨਾਮੁ ਨਿਵਾਜਾ ॥੧॥ ਰਹਾਉ ॥

(ਹੇ ਪ੍ਰਭੂ!) ਗੁਰੂ ਦੀ ਸਰਨ ਪੈ ਕੇ (ਆਤਮਕ ਆਨੰਦ ਦੀ) ਬਖ਼ਸ਼ਸ਼ ਕਰਨ ਵਾਲਾ ਤੇਰਾ ਨਾਮ ਮੰਗਦਾ ਹਾਂ (ਤਾ ਕਿ) ਮੇਰੇ ਮਨ ਵਿਚ (ਉਸ ਨਾਮ ਦੀ ਬਰਕਤਿ ਨਾਲ) ਹਰ ਵੇਲੇ ਆਨੰਦ ਬਣਿਆ ਰਹੇ ॥੧॥ ਰਹਾਉ ॥

ਮਨ ਕੀ ਪਰਤੀਤਿ ਮਨ ਤੇ ਪਾਈ ॥

ਹੇ ਭਾਈ! ਉਸ ਮਨੁੱਖ ਨੇ ਆਪਣੇ ਅੰਦਰੋਂ ਹੀ ਆਪਣੇ ਮਨ ਵਾਸਤੇ ਸਰਧਾ-ਵਿਸ਼ਵਾਸ ਦੀ ਦਾਤ ਲੱਭ ਲਈ (ਇਹ ਸਰਧਾ ਕਿ ਪਰਮਾਤਮਾ ਸਾਰੇ ਜਗਤ ਵਿਚ ਇਕ-ਸਮਾਨ ਵਿਆਪਕ ਹੈ),

ਪੂਰੇ ਗੁਰ ਤੇ ਸਬਦਿ ਬੁਝਾਈ ॥

ਜਿਸ ਨੇ ਪੂਰੇ ਗੁਰੂ ਪਾਸੋਂ (ਉਸ ਦੇ) ਸ਼ਬਦ ਦੀ ਰਾਹੀਂ (ਆਤਮਕ ਜੀਵਨ ਦੀ) ਸੂਝ ਪ੍ਰਾਪਤ ਕਰ ਲਈ।

ਜੀਵਣ ਮਰਣੁ ਕੋ ਸਮਸਰਿ ਵੇਖੈ ॥

ਹੇ ਭਾਈ! ਜੇਹੜਾ ਭੀ ਮਨੁੱਖ ਸਾਰੀ ਉਮਰ ਪ੍ਰਭੂ ਨੂੰ (ਸ੍ਰਿਸ਼ਟੀ ਵਿਚ) ਇਕ-ਸਮਾਨ (ਵੱਸਦਾ) ਵੇਖਦਾ ਹੈ,

ਬਹੁੜਿ ਨ ਮਰੈ ਨਾ ਜਮੁ ਪੇਖੈ ॥੨॥

ਉਸ ਨੂੰ ਕਦੇ ਆਤਮਕ ਮੌਤ ਨਹੀਂ ਵਿਆਪਦੀ, ਉਸ ਵਲ ਜਮਰਾਜ ਕਦੇ ਨਹੀਂ ਤੱਕਦਾ ॥੨॥

ਘਰ ਹੀ ਮਹਿ ਸਭਿ ਕੋਟ ਨਿਧਾਨ ॥

ਹੇ ਭਾਈ! (ਹਰੇਕ ਮਨੁੱਖ ਦੇ) ਹਿਰਦੇ-ਘਰ ਵਿਚ ਸਾਰੇ (ਸੁਖਾਂ ਦੇ) ਖ਼ਜ਼ਾਨਿਆਂ ਦੇ (ਕੋਟਾਂ ਦੇ) ਕੋਟ ਮੌਜੂਦ ਹਨ।

ਸਤਿਗੁਰਿ ਦਿਖਾਏ ਗਇਆ ਅਭਿਮਾਨੁ ॥

ਜਿਸ ਮਨੁੱਖ ਨੂੰ ਗੁਰੂ ਨੇ (ਇਹ ਕੋਟ) ਵਿਖਾ ਦਿੱਤੇ, ਉਸ ਦੇ ਅੰਦਰੋਂ ਅਹੰਕਾਰ ਦੂਰ ਹੋ ਗਿਆ।

ਸਦ ਹੀ ਲਾਗਾ ਸਹਜਿ ਧਿਆਨ ॥

ਉਹ ਮਨੁੱਖ ਸਦਾ ਹੀ ਆਤਮਕ ਅਡੋਲਤਾ ਵਿਚ ਸੁਰਤ ਜੋੜੀ ਰੱਖਦਾ ਹੈ।

ਅਨਦਿਨੁ ਗਾਵੈ ਏਕੋ ਨਾਮ ॥੩॥

ਉਹ ਮਨੁੱਖ ਹਰ ਵੇਲੇ ਇਕੋ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ ॥੩॥

ਇਸੁ ਜੁਗ ਮਹਿ ਵਡਿਆਈ ਪਾਈ ॥

ਹੇ ਭਾਈ! ਉਹ ਮਨੁੱਖ ਇਸ ਜਗਤ ਵਿਚ ਇੱਜ਼ਤ ਪ੍ਰਾਪਤ ਕਰਦਾ ਹੈ,

ਪੂਰੇ ਗੁਰ ਤੇ ਨਾਮੁ ਧਿਆਈ ॥

ਜੇਹੜਾ ਮਨੁੱਖ ਪੂਰੇ ਗੁਰੂ ਪਾਸੋਂ (ਸਿੱਖਿਆ ਲੈ ਕੇ) ਪ੍ਰਭੂ ਦਾ ਨਾਮ ਸਿਮਰਦਾ ਹੈ।

ਜਹ ਦੇਖਾ ਤਹ ਰਹਿਆ ਸਮਾਈ ॥

ਹੇ ਭਾਈ! ਮੈਂ ਤਾਂ ਜਿੱਧਰ ਵੇਖਦਾ ਹਾਂ, ਉਧਰ ਹੀ ਉਹ ਪਰਮਾਤਮਾ ਮੌਜੂਦ ਦਿੱਸਦਾ ਹੈ।

ਸਦਾ ਸੁਖਦਾਤਾ ਕੀਮਤਿ ਨਹੀ ਪਾਈ ॥੪॥

ਉਹ ਸਦਾ ਹੀ (ਸਭਨਾਂ ਨੂੰ) ਸੁਖ ਦੇਣ ਵਾਲਾ ਹੈ। ਪਰ ਉਹ ਕਿਸੇ ਮੁੱਲ ਤੋਂ ਨਹੀਂ ਮਿਲ ਸਕਦਾ ॥੪॥

ਪੂਰੈ ਭਾਗਿ ਗੁਰੁ ਪੂਰਾ ਪਾਇਆ ॥

ਹੇ ਭਾਈ! ਜਿਸ ਮਨੁੱਖ ਨੇ ਪੂਰੀ ਕਿਸਮਤ ਨਾਲ ਪੂਰਾ ਗੁਰੂ ਲੱਭ ਲਿਆ,

ਅੰਤਰਿ ਨਾਮੁ ਨਿਧਾਨੁ ਦਿਖਾਇਆ ॥

ਗੁਰੂ ਨੇ ਉਸ ਨੂੰ ਉਸ ਦੇ ਹਿਰਦੇ ਵਿਚ ਹੀ ਪਰਮਾਤਮਾ ਦਾ ਨਾਮ-ਖ਼ਜ਼ਾਨਾ ਵਿਖਾਲ ਦਿੱਤਾ।

ਗੁਰ ਕਾ ਸਬਦੁ ਅਤਿ ਮੀਠਾ ਲਾਇਆ ॥

ਜਿਸ ਮਨੁੱਖ ਨੂੰ ਗੁਰੂ ਦਾ ਸ਼ਬਦ ਬਹੁਤ ਪਿਆਰਾ ਲੱਗਣ ਲੱਗ ਪਿਆ,

ਨਾਨਕ ਤ੍ਰਿਸਨ ਬੁਝੀ ਮਨਿ ਤਨਿ ਸੁਖੁ ਪਾਇਆ ॥੫॥੬॥੪॥੬॥੧੦॥

ਹੇ ਨਾਨਕ! ਉਸ ਦੇ ਅੰਦਰੋਂ ਮਾਇਆ ਦੀ ਤ੍ਰੇਹ ਬੁੱਝ ਗਈ। ਉਸ ਨੂੰ ਆਪਣੇ ਮਨ ਵਿਚ ਆਪਣੇ ਹਿਰਦੇ ਵਿਚ ਆਨੰਦ ਹੀ ਆਨੰਦ ਹਾਸਲ ਹੋ ਗਿਆ ॥੫॥੬॥੪॥੬॥੧੦॥

ਰਾਗੁ ਬਿਲਾਵਲੁ ਮਹਲਾ ੪ ਘਰੁ ੩ ॥

ਰਾਗ ਬਿਲਾਵਲੁ, ਘਰ ੩ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ।

ੴ ਸਤਿਗੁਰ ਪ੍ਰਸਾਦਿ ॥

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਉਦਮ ਮਤਿ ਪ੍ਰਭ ਅੰਤਰਜਾਮੀ ਜਿਉ ਪ੍ਰੇਰੇ ਤਿਉ ਕਰਨਾ ॥

ਸਭ ਦੇ ਦਿਲ ਦੀ ਜਾਣਨ ਵਾਲਾ ਪਰਮਾਤਮਾ ਉੱਦਮ ਕਰਨ ਦੀ ਅਕਲ (ਜੀਵਾਂ ਨੂੰ ਆਪ ਦੇਂਦਾ ਹੈ)। ਜਿਵੇਂ ਉਹ ਸਾਨੂੰ ਪ੍ਰੇਰਨਾ ਕਰਦਾ ਹੈ ਤਿਵੇਂ ਅਸੀਂ ਕਰਦੇ ਹਾਂ।

ਜਿਉ ਨਟੂਆ ਤੰਤੁ ਵਜਾਏ ਤੰਤੀ ਤਿਉ ਵਾਜਹਿ ਜੰਤ ਜਨਾ ॥੧॥

ਜਿਵੇਂ ਕੋਈ ਨਾਟਕ ਕਰਨ ਵਾਲਾ ਮਨੁੱਖ ਵੀਣਾ (ਆਦਿਕ ਸਾਜ) ਦੀ ਤਾਰ ਵਜਾਂਦਾ ਹੈ (ਤਿਵੇਂ ਉਹ ਸਾਜ ਵੱਜਦਾ ਹੈ); ਤਿਵੇਂ ਸਾਰੇ ਜੀਵ (ਜੋ, ਮਾਨੋ) ਵਾਜੇ (ਹਨ, ਪ੍ਰਭੂ ਦੇ ਵਜਾਇਆਂ) ਵੱਜਦੇ ਹਨ ॥੧॥


ਸੂਚੀ (1 - 1430)
ਜਪੁ ਅੰਗ: 1 - 8
ਸੋ ਦਰੁ ਅੰਗ: 8 - 10
ਸੋ ਪੁਰਖੁ ਅੰਗ: 10 - 12
ਸੋਹਿਲਾ ਅੰਗ: 12 - 13
ਸਿਰੀ ਰਾਗੁ ਅੰਗ: 14 - 93
ਰਾਗੁ ਮਾਝ ਅੰਗ: 94 - 150
ਰਾਗੁ ਗਉੜੀ ਅੰਗ: 151 - 346
ਰਾਗੁ ਆਸਾ ਅੰਗ: 347 - 488
ਰਾਗੁ ਗੂਜਰੀ ਅੰਗ: 489 - 526
ਰਾਗੁ ਦੇਵਗੰਧਾਰੀ ਅੰਗ: 527 - 536
ਰਾਗੁ ਬਿਹਾਗੜਾ ਅੰਗ: 537 - 556
ਰਾਗੁ ਵਡਹੰਸੁ ਅੰਗ: 557 - 594
ਰਾਗੁ ਸੋਰਠਿ ਅੰਗ: 595 - 659
ਰਾਗੁ ਧਨਾਸਰੀ ਅੰਗ: 660 - 695
ਰਾਗੁ ਜੈਤਸਰੀ ਅੰਗ: 696 - 710
ਰਾਗੁ ਟੋਡੀ ਅੰਗ: 711 - 718
ਰਾਗੁ ਬੈਰਾੜੀ ਅੰਗ: 719 - 720
ਰਾਗੁ ਤਿਲੰਗ ਅੰਗ: 721 - 727
ਰਾਗੁ ਸੂਹੀ ਅੰਗ: 728 - 794
ਰਾਗੁ ਬਿਲਾਵਲੁ ਅੰਗ: 795 - 858
ਰਾਗੁ ਗੋਂਡ ਅੰਗ: 859 - 875
ਰਾਗੁ ਰਾਮਕਲੀ ਅੰਗ: 876 - 974
ਰਾਗੁ ਨਟ ਨਾਰਾਇਨ ਅੰਗ: 975 - 983
ਰਾਗੁ ਮਾਲੀ ਗਉੜਾ ਅੰਗ: 984 - 988
ਰਾਗੁ ਮਾਰੂ ਅੰਗ: 989 - 1106
ਰਾਗੁ ਤੁਖਾਰੀ ਅੰਗ: 1107 - 1117
ਰਾਗੁ ਕੇਦਾਰਾ ਅੰਗ: 1118 - 1124
ਰਾਗੁ ਭੈਰਉ ਅੰਗ: 1125 - 1167
ਰਾਗੁ ਬਸੰਤੁ ਅੰਗ: 1168 - 1196
ਰਾਗੁ ਸਾਰੰਗ ਅੰਗ: 1197 - 1253
ਰਾਗੁ ਮਲਾਰ ਅੰਗ: 1254 - 1293
ਰਾਗੁ ਕਾਨੜਾ ਅੰਗ: 1294 - 1318
ਰਾਗੁ ਕਲਿਆਨ ਅੰਗ: 1319 - 1326
ਰਾਗੁ ਪ੍ਰਭਾਤੀ ਅੰਗ: 1327 - 1351
ਰਾਗੁ ਜੈਜਾਵੰਤੀ ਅੰਗ: 1352 - 1359
ਸਲੋਕ ਸਹਸਕ੍ਰਿਤੀ ਅੰਗ: 1353 - 1360
ਗਾਥਾ ਮਹਲਾ ੫ ਅੰਗ: 1360 - 1361
ਫੁਨਹੇ ਮਹਲਾ ੫ ਅੰਗ: 1361 - 1663
ਚਉਬੋਲੇ ਮਹਲਾ ੫ ਅੰਗ: 1363 - 1364
ਸਲੋਕੁ ਭਗਤ ਕਬੀਰ ਜੀਉ ਕੇ ਅੰਗ: 1364 - 1377
ਸਲੋਕੁ ਸੇਖ ਫਰੀਦ ਕੇ ਅੰਗ: 1377 - 1385
ਸਵਈਏ ਸ੍ਰੀ ਮੁਖਬਾਕ ਮਹਲਾ ੫ ਅੰਗ: 1385 - 1389
ਸਵਈਏ ਮਹਲੇ ਪਹਿਲੇ ਕੇ ਅੰਗ: 1389 - 1390
ਸਵਈਏ ਮਹਲੇ ਦੂਜੇ ਕੇ ਅੰਗ: 1391 - 1392
ਸਵਈਏ ਮਹਲੇ ਤੀਜੇ ਕੇ ਅੰਗ: 1392 - 1396
ਸਵਈਏ ਮਹਲੇ ਚਉਥੇ ਕੇ ਅੰਗ: 1396 - 1406
ਸਵਈਏ ਮਹਲੇ ਪੰਜਵੇ ਕੇ ਅੰਗ: 1406 - 1409
ਸਲੋਕੁ ਵਾਰਾ ਤੇ ਵਧੀਕ ਅੰਗ: 1410 - 1426
ਸਲੋਕੁ ਮਹਲਾ ੯ ਅੰਗ: 1426 - 1429
ਮੁੰਦਾਵਣੀ ਮਹਲਾ ੫ ਅੰਗ: 1429 - 1429
ਰਾਗਮਾਲਾ ਅੰਗ: 1430 - 1430