ਆਪਣੇ ਮਨ ਦੇ ਪਿੱਛੇ ਤੁਰਨ ਵਾਲੇ (ਅਜਿਹੇ ਮਨੁੱਖ) ਆਪਣਾ ਮਨੁੱਖ ਜਨਮ ਅਜਾਈਂ ਗਵਾ ਕੇ ਆਤਮਕ ਮੌਤੇ ਮਰੇ ਰਹਿੰਦੇ ਹਨ।
ਜਿਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਹ (ਆਪਣੇ ਅੰਦਰੋਂ) ਭਟਕਣਾ ਮੁਕਾ ਲੈਂਦਾ ਹੈ,
ਉਹ ਆਪਣੇ ਹਿਰਦੇ-ਘਰ ਵਿਚ ਹੀ ਸਦਾ-ਥਿਰ ਪ੍ਰਭੂ ਦਾ ਟਿਕਾਣਾ ਲੱਭ ਲੈਂਦਾ ਹੈ (ਉਸ ਨੂੰ ਥਿੱਤਾਂ ਆਦਿਕ ਦਾ ਆਸਰਾ ਲੈ ਕੇ ਤੀਰਥ ਆਦਿਕਾਂ ਤੇ ਭਟਕਣ ਦੀ ਲੋੜ ਨਹੀਂ ਪੈਂਦੀ) ॥੯॥
ਹੇ ਭਾਈ! ਪੂਰਨ ਪ੍ਰਭੂ ਆਪ ਹੀ (ਜੋ ਕੁਝ) ਕਰਦਾ ਹੈ ਉਹ ਹੁੰਦਾ ਹੈ।
(ਖ਼ਾਸ ਖ਼ਾਸ ਥਿੱਤਾਂ ਨੂੰ ਚੰਗੀਆਂ ਜਾਣ ਕੇ ਭਟਕਦੇ ਨਾਹ ਫਿਰੋ, ਸਗੋਂ) ਇਹ ਥਿੱਤਾਂ ਇਹ ਵਾਰ ਮਨਾਣੇ ਤਾਂ ਮਾਇਆ ਦਾ ਮੋਹ ਪੈਦਾ ਕਰਨ ਦਾ ਕਾਰਣ ਬਣਦੇ ਹਨ, ਮੇਰ-ਤੇਰ ਪੈਦਾ ਕਰਦੇ ਹਨ।
ਗੁਰੂ ਦੀ ਸਰਨ ਆਉਣ ਤੋਂ ਬਿਨਾ ਮਨੁੱਖ (ਆਤਮਕ ਜੀਵਨ ਵਲੋਂ) ਪੂਰੇ ਤੌਰ ਤੇ ਅੰਨ੍ਹਾ ਹੋਇਆ ਰਹਿੰਦਾ ਹੈ।
(ਗੁਰੂ ਦਾ ਆਸਰਾ-ਪਰਨਾ ਛੱਡ ਕੇ) ਮੂਰਖ ਮਨੁੱਖ ਹੀ ਥਿੱਤਾਂ ਤੇ ਵਾਰ ਮਨਾਂਦੇ ਫਿਰਦੇ ਹਨ।
ਹੇ ਨਾਨਕ! ਗੁਰੂ ਦੀ ਸਰਨ ਪੈ ਕੇ (ਜਿਹੜਾ ਮਨੁੱਖ) ਸਮਝਦਾ ਹੈ, ਉਸ ਨੂੰ (ਆਤਮਕ ਜੀਵਨ ਦੀ) ਸੂਝ ਆ ਜਾਂਦੀ ਹੈ,
ਉਹ ਮਨੁੱਖ ਸਦਾ ਸਿਰਫ਼ ਪਰਮਾਤਮਾ ਦੇ ਨਾਮ ਵਿਚ ਹੀ ਲੀਨ ਰਹਿੰਦਾ ਹੈ ॥੧੦॥੨॥
ਰਾਗ ਬਿਲਾਵਲੁ ਵਿੱਚ ਗੁਰੂ ਨਾਨਕਦੇਵ ਜੀ ਦੀ ਬਾਣੀ 'ਛੰਤ-ਦਖਣੀ'।
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਥੋੜ੍ਹੇ ਦਿਨਾਂ ਦੇ ਵਸੇਬੇ ਵਾਲੇ ਇਸ ਜਗਤ ਵਿਚ ਆ ਕੇ ਜਿਹੜੀ ਜੀਵ-ਇਸਤ੍ਰੀ ਵਿਕਾਰਾਂ ਤੋਂ ਬਚੀ ਰਹਿੰਦੀ ਹੈ,
ਜਿਸ ਨੇ ਪਰਮਾਤਮਾ (ਦੇ ਚਰਨਾਂ) ਵਿਚ ਸੁਰਤ ਜੋੜੀ ਹੋਈ ਹੈ ਤੇ ਸਰੀਰ ਦਾ ਮੋਹ ਤਿਆਗ ਦਿੱਤਾ ਹੈ,
ਜਿਹੜੀ ਪ੍ਰਭੂ-ਚਰਨਾਂ ਵਿਚ ਪ੍ਰੀਤ ਜੋੜ ਕੇ ਇਸ ਜਗਤ ਵਿਚ ਜੀਵਨ ਬਿਤਾਂਦੀ ਹੈ, ਉਹ ਆਤਮਕ ਅਡੋਲਤਾ ਵਿਚ ਟਿਕ ਕੇ ਸਤਿਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਆਪਣਾ ਜੀਵਨ ਸੋਹਣਾ ਬਣਾ ਲੈਂਦੀ ਹੈ।
ਉਹ (ਸਦਾ ਦੋਵੇਂ) ਹੱਥ ਜੋੜ ਕੇ ਗੁਰੂ ਦੇ ਪਾਸ ਬੇਨਤੀ ਕਰਦੀ ਰਹਿੰਦੀ ਹੈ (ਕਿ, ਹੇ ਗੁਰੂ! ਮੈਨੂੰ) ਮਿਲ (ਤਾ ਕਿ ਮੈਂ ਤੇਰੀ ਕਿਰਪਾ ਨਾਲ) ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਜੁੜ ਕੇ ਉਸ ਨੂੰ ਪਿਆਰ ਕਰ ਸਕਾਂ।
ਅਜਿਹੀ ਜੀਵ-ਇਸਤ੍ਰੀ ਪ੍ਰੀਤਮ-ਪ੍ਰਭੂ ਦੀ ਭਗਤੀ ਦੀ ਰਾਹੀਂ ਪ੍ਰੀਤਮ-ਪ੍ਰਭੂ ਦੇ ਪ੍ਰੇਮ ਵਿਚ ਟਿਕ ਕੇ ਉਸ ਦਾ ਦਰਸਨ ਕਰ ਕੇ ਕਾਮ ਕ੍ਰੋਧ (ਆਦਿਕ ਵਿਕਾਰਾਂ ਨੂੰ ਆਪਣੇ ਅੰਦਰੋਂ) ਦੂਰ ਕਰ ਲੈਂਦੀ ਹੈ।
ਹੇ ਨਾਨਕ! ਪਵਿਤ੍ਰ ਤੇ ਸੋਹਣੇ ਜੀਵਨ ਵਾਲੀ ਉਹ ਜੀਵ-ਇਸਤ੍ਰੀ ਪ੍ਰਭੂ-ਪਤੀ ਦਾ ਦੀਦਾਰ ਕਰ ਕੇ (ਉਸ ਦੀ ਯਾਦ ਨੂੰ) ਆਪਣੇ ਹਿਰਦੇ ਦਾ ਆਸਰਾ ਬਣਾ ਲੈਂਦੀ ਹੈ ॥੧॥
ਹੇ ਸਦਾ-ਥਿਰ ਪ੍ਰਭੂ ਵਿਚ ਜੁੜ ਕੇ ਵਿਕਾਰਾਂ ਤੋਂ ਬਚੀ ਜੀਵ-ਇਸਤ੍ਰੀਏ! ਜਵਾਨੀ ਵਿਚ ਭੀ ਭੋਲੇ ਸੁਭਾਉ ਵਾਲੀ (ਬਣੀ ਰਹੁ)
(ਅਹੰਕਾਰ ਛੱਡ ਕੇ) ਆਪਣੇ ਖਸਮ-ਪ੍ਰਭੂ (ਦੇ ਚਰਨਾਂ) ਵਿਚ ਟਿਕੀ ਰਹੁ (ਵੇਖੀਂ, ਉਸ ਦਾ ਪੱਲਾ ਛੱਡ ਕੇ) ਕਿਸੇ ਹੋਰ ਥਾਂ ਨਾਹ ਭਟਕਦੀ ਫਿਰੀਂ।
ਉਹੀ ਦਾਸੀ (ਸੁਭਾਗ ਹੈ ਜੋ) ਆਪਣੇ ਖਸਮ ਦੀ ਸੰਗਤਿ ਵਿਚ ਰਹਿੰਦੀ ਹੈ। (ਹੇ ਸਹੇਲੀਏ!) ਮੈਨੂੰ ਭੀ ਪ੍ਰਭੂ-ਪਤੀ ਦੀ ਭਗਤੀ ਹੀ ਪਿਆਰੀ ਲਗਦੀ ਹੈ।
(ਜੇਹੜੀ ਜੀਵ-ਇਸਤ੍ਰੀ) ਆਤਮਕ ਅਡੋਲਤਾ ਵਿਚ ਟਿਕ ਕੇ ਪ੍ਰਭੂ ਦੇ ਗੁਣ ਗਾਂਦੀ ਹੈ (ਉਹ ਦਾਸੀ ਆਪਣੇ ਖਸਮ-ਪ੍ਰਭੂ ਦੀ ਸੰਗਤਿ ਵਿਚ ਸੋਭਦੀ ਹੈ)। (ਸੋ, ਸਹੇਲੀਏ! ਗੁਰੂ ਦੇ ਬਖ਼ਸ਼ੇ) ਗਿਆਨ ਦੀ ਰਾਹੀਂ (ਗੁਣਾਂ ਦੇ) ਅਥਾਹ (ਸਮੁੰਦਰ-) ਪ੍ਰਭੂ ਵਿਚ (ਚੁੱਭੀ ਲਾ ਕੇ) ਉਸ ਪ੍ਰਭੂ ਦਾ ਗੁਣਾਨੁਵਾਦ ਕਰਨਾ ਚਾਹੀਦਾ ਹੈ। ਉਹ ਪ੍ਰਭੂ ਐਸੇ ਸਰੂਪ ਵਾਲਾ ਹੈ ਜਿਸ ਦਾ ਬਿਆਨ ਨਹੀਂ ਹੋ ਸਕਦਾ।
ਰਸਾਂ ਦਾ ਸੋਮਾ ਰਸਾਂ ਦਾ ਮਾਲਕ ਪ੍ਰਭੂ ਉਸ ਜੀਵ-ਇਸਤ੍ਰੀ ਨੂੰ ਆਪਣੇ ਚਰਨਾਂ ਵਿਚ ਜੋੜਦਾ ਹੈ ਜੋ ਉਸ ਦੇ ਸਦਾ-ਥਿਰ ਨਾਮ ਵਿਚ ਪਿਆਰ ਪਾਂਦੀ ਹੈ।
ਹੇ ਨਾਨਕ! ਜਿਸ ਸੁਭਾਗ ਜੀਵ-ਇਸਤ੍ਰੀ ਨੂੰ ਗੁਰੂ ਨੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਸ਼ਬਦ ਦਿੱਤਾ, ਜਿਸ ਨੂੰ ਇਹ ਉੱਚੀ ਦਾਤ ਬਖ਼ਸ਼ੀ, ਉਹ ਉੱਚੀ ਵਿਚਾਰ ਦੀ ਮਾਲਕ ਬਣ ਜਾਂਦੀ ਹੈ ॥੨॥
(ਹੇ ਭਾਈ!) (ਉਹ ਜੀਵ-ਇਸਤ੍ਰੀ) ਮਾਇਆ ਦੇ ਪਤੀ-ਪ੍ਰਭੂ ਦੇ ਪਿਆਰ-ਵੱਸ ਹੋ ਜਾਂਦੀ ਹੈ ਉਹ ਜੀਵ-ਇਸਤ੍ਰੀ ਪਤੀ-ਪ੍ਰਭੂ ਦੇ ਚਰਨਾਂ ਵਿੱਚ ਜੁੜੀ ਰਹਿੰਦੀ ਹੈ,
(ਜਿਹੜੀ ਜੀਵ-ਇਸਤ੍ਰੀ ਦੀ) ਜੀਵਨ-ਚਾਲ ਗੁਰੂ ਦੇ ਅਨੁਸਾਰ ਰਹਿੰਦੀ ਹੈ ਜਿਹੜੀ ਜੀਵ-ਇਸਤ੍ਰੀ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ (ਦੀ ਯਾਦ) ਵਿਚ ਲੀਨ ਰਹਿੰਦੀ ਹੈ।
ਹੇ ਭਾਈ! ਸਤ-ਸੰਗਣ ਸਹੇਲੀਆਂ ਨਾਲ ਮਿਲ ਕੇ ਜਿਹੜੀ ਜੀਵ-ਇਸਤ੍ਰੀ ਸਦਾ-ਥਿਰ ਪ੍ਰਭੂ (ਦੀ ਯਾਦ) ਵਿਚ ਲੀਨ ਹੁੰਦੀ ਹੈ, ਪ੍ਰਭੂ-ਪਤੀ ਦੇ ਚਰਨਾਂ ਵਿਚ ਜੁੜਦੀ ਹੈ,
ਪਰਮਾਤਮਾ ਦੇ ਪਿਆਰ ਵਿਚ ਇਕਾਗਰ-ਮਨ ਟਿਕਣ ਦੇ ਕਾਰਨ (ਉਸ ਦੇ ਅੰਦਰ ਪਰਮਾਤਮਾ ਦਾ) ਨਾਮ ਆ ਵੱਸਦਾ ਹੈ (ਉਸ ਦੇ ਅੰਦਰ ਇਹ ਸਰਧਾ ਬਣ ਜਾਂਦੀ ਹੈ ਕਿ) ਗੁਰੂ ਨੇ (ਮੈਨੂੰ) ਪ੍ਰਭੂ ਦੇ ਚਰਨਾਂ ਵਿਚ ਮਿਲਾਇਆ ਹੈ।
(ਉਸ ਜੀਵ-ਇਸਤ੍ਰੀ ਨੂੰ) ਦਿਨ ਰਾਤ ਘੜੀ ਪਲ (ਕਿਸੇ ਵੇਲੇ ਭੀ ਪਰਮਾਤਮਾ ਦੀ ਯਾਦ) ਨਹੀਂ ਭੁੱਲਦੀ, (ਉਹ ਜੀਵ-ਇਸਤ੍ਰੀ) ਹਰੇਕ ਸਾਹ ਦੇ ਨਾਲ ਨਿਰੰਜਨ-ਪ੍ਰਭੂ (ਨੂੰ ਚੇਤੇ ਰੱਖਦੀ ਹੈ)।
ਹੇ ਨਾਨਕ! (ਆਖ-ਹੇ ਭਾਈ!) ਗੁਰੂ ਦੇ ਸ਼ਬਦ ਦੀ ਰਾਹੀਂ (ਆਪਣੇ ਅੰਦਰ ਰੱਬੀ) ਜੋਤਿ ਜਗਾ ਕੇ ਦੀਵਾ ਜਗਾ ਕੇ (ਉਹ ਜੀਵ-ਇਸਤ੍ਰੀ ਆਪਣੇ ਅੰਦਰੋਂ ਹਰੇਕ) ਡਰ-ਸਹਿਮ ਨਾਸ ਕਰ ਲੈਂਦੀ ਹੈ ॥੩॥
ਹੇ ਸਹੇਲੀਏ! (ਪਰਮਾਤਮਾ ਦੀ) ਜੋਤਿ ਹਰ ਥਾਂ (ਪਸਰੀ ਹੋਈ) ਹੈ, ਉਹ ਪ੍ਰਭੂ ਸਾਰੇ ਜਗਤ ਦੀ ਸੰਭਾਲ ਕਰਦਾ ਹੈ।
ਉਹ ਅਦ੍ਰਿਸ਼ਟ ਤੇ ਬੇਅੰਤ ਪ੍ਰਭੂ ਹਰੇਕ ਸਰੀਰ ਵਿਚ ਮੌਜੂਦ ਹੈ।
ਹੇ ਸਹੇਲੀਏ! ਉਹ ਪਰਮਾਤਮਾ ਅਦ੍ਰਿਸ਼ਟ ਹੈ, ਬੇਅੰਤ ਹੈ, ਬੇਅੰਤ ਹੈ, ਉਹ ਸਦਾ ਕਾਇਮ ਰਹਿਣ ਵਾਲਾ ਹੈ। ਆਪਾ-ਭਾਵ ਮਾਰ ਕੇ (ਹੀ ਉਸ ਨੂੰ) ਮਿਲ ਸਕੀਦਾ ਹੈ।
ਹੇ ਸਹੇਲੀਏ! (ਅਪਣੇ ਅੰਦਰੋਂ) ਹਉਮੈ, ਮਾਇਆ ਜੋੜਨ ਦੀ ਖਿੱਚ ਤੇ ਲਾਲਚ ਸਾੜ ਦੇਹ (ਸਹੇਲੀਏ! ਹਉਮੈ ਮਮਤਾ ਲੋਭ ਆਦਿਕ ਦੀ) ਮੈਲ ਗੁਰੂ ਦੇ ਸ਼ਬਦ ਦੀ ਰਾਹੀਂ ਹੀ ਮੁਕਾਈ ਜਾ ਸਕਦੀ ਹੈ।
(ਸੋ, ਹੇ ਸਹੇਲੀਏ! ਗੁਰੂ ਦੇ ਸ਼ਬਦ ਵਿਚ ਜੁੜ ਕੇ ਪਰਮਾਤਮਾ ਦੀ) ਰਜ਼ਾ ਵਿਚ (ਤੁਰ ਕੇ ਜੀਵਨ ਬਿਤੀਤ ਕਰ, ਤੇ ਅਰਦਾਸ ਕਰਿਆ ਕਰ-) ਹੇ ਤਾਰਨਹਾਰ ਪ੍ਰਭੂ! (ਮੈਨੂੰ ਵਿਕਾਰਾਂ ਦੇ ਸਮੁੰਦਰ ਤੋਂ) ਪਾਰ ਲੰਘਾ ਲੈ (ਇਸ ਤਰ੍ਹਾਂ, ਹੇ ਸਹੇਲੀਏ! ਗੁਰੂ ਦੇ) ਦਰ ਤੇ ਜਾ ਕੇ (ਪਰਮਾਤਮਾ ਦਾ) ਦਰਸਨ ਕਰ ਲਏਂਗੀ।
ਹੇ ਨਾਨਕ! (ਆਖ-ਹੇ ਸਹੇਲੀਏ! ਜਿਹੜੀ ਜੀਵ-ਇਸਤ੍ਰੀ ਪ੍ਰਭੂ ਦਾ ਨਾਮ ਆਪਣੇ) ਹਿਰਦੇ ਵਿਚ ਵਸਾਂਦੀ ਹੈ ਉਹ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ-ਜਲ ਚੱਖ ਕੇ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਜਾਂਦੀ ਹੈ ॥੪॥੧॥
ਹੇ ਸਹੇਲੀਏ! ਸਦਾ-ਥਿਰ ਰਹਿਣ ਵਾਲੇ ਪਰਮਾਤਮਾ (ਦੇ ਨਾਮ) ਵਿਚ (ਟਿਕ ਕੇ) ਮੇਰਾ ਮਨ ਖਿੜਿਆ ਰਹਿੰਦਾ ਹੈ, ਮੇਰੇ ਮਨ ਵਿਚ ਬਹੁਤ ਚਾਉ ਬਣਿਆ ਰਹਿੰਦਾ ਹੈ।
ਅਬਿਨਾਸ਼ੀ ਪਿਆਰੇ ਪ੍ਰਭੂ ਨੇ (ਮੇਰੇ ਮਨ ਨੂੰ ਆਪਣੇ) ਪ੍ਰੇਮ (ਦੀ ਖਿੱਚ ਨਾਲ) ਮਸਤ ਕਰ ਰੱਖਿਆ ਹੈ।
ਹੇ ਸਹੇਲੀਏ! ਉਹ ਪਰਮਾਤਮਾ ਇਹਨਾਂ ਅੱਖਾਂ ਨਾਲ ਨਹੀਂ ਦਿੱਸਦਾ, ਪਰ ਉਹ ਪਰਮਾਤਮਾ (ਵੱਡੇ ਵੱਡੇ) ਨਾਥਾਂ ਦਾ (ਭੀ) ਨਾਥ ਹੈ, (ਜਗਤ ਵਿਚ) ਉਹ ਹੀ ਹੁੰਦਾ ਹੈ, ਜੋ ਉਸ ਪਰਮਾਤਮਾ ਨੂੰ ਹੀ ਚੰਗਾ ਲੱਗਦਾ ਹੈ।
ਹੇ ਪ੍ਰਭੂ! ਤੂੰ ਮਿਹਰ ਦਾ ਸਮੁੰਦਰ ਹੈਂ, ਤੂੰ ਸਦਾ ਹੀ ਦਇਆ ਦਾ ਸੋਮਾ ਹੈਂ, ਤੂੰ ਹੀ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਸਭ ਜੀਵਾਂ ਦੇ ਅੰਦਰ ਜਿੰਦ ਹੈਂ।