ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ

ਅੰਗ - 844


ਮੈ ਅਵਰੁ ਗਿਆਨੁ ਨ ਧਿਆਨੁ ਪੂਜਾ ਹਰਿ ਨਾਮੁ ਅੰਤਰਿ ਵਸਿ ਰਹੇ ॥

ਹੇ ਸਹੇਲੀਏ! (ਮੇਰੇ) ਮਨ ਵਿਚ ਪਰਮਾਤਮਾ ਦਾ ਨਾਮ ਵੱਸ ਰਿਹਾ ਹੈ (ਇਸ ਹਰਿ-ਨਾਮ ਦੇ ਬਰਾਬਰ ਦੀ) ਮੈਨੂੰ ਕੋਈ ਧਰਮ-ਚਰਚਾ, ਕੋਈ ਸਮਾਧੀ, ਕੋਈ ਦੇਵ-ਪੂਜਾ ਨਹੀਂ ਸੁੱਝਦੀ।

ਭੇਖੁ ਭਵਨੀ ਹਠੁ ਨ ਜਾਨਾ ਨਾਨਕਾ ਸਚੁ ਗਹਿ ਰਹੇ ॥੧॥

ਹੇ ਨਾਨਕ! (ਆਖ-ਹੇ ਸਹੇਲੀਏ!) ਮੈਂ ਸਦਾ ਕਾਇਮ ਰਹਿਣ ਵਾਲੇ ਹਰਿ-ਨਾਮ ਨੂੰ (ਆਪਣੇ ਹਿਰਦੇ ਵਿਚ) ਪੱਕੀ ਤਰ੍ਹਾਂ ਟਿਕਾ ਲਿਆ ਹੈ (ਇਸ ਦੇ ਬਰਾਬਰ ਦਾ) ਮੈਂ ਕੋਈ ਭੇਖ, ਕੋਈ ਤੀਰਥ-ਰਟਨ, ਕੋਈ ਹਠ-ਜੋਗ ਨਹੀਂ ਸਮਝਦੀ ॥੧॥

ਭਿੰਨੜੀ ਰੈਣਿ ਭਲੀ ਦਿਨਸ ਸੁਹਾਏ ਰਾਮ ॥

ਹਰਿ-ਨਾਮ-ਰਸ ਵਿਚ ਭਿੱਜੀ ਹੋਈ ਉਸ ਜੀਵ-ਇਸਤ੍ਰੀ ਨੂੰ (ਜ਼ਿੰਦਗੀ ਦੀਆਂ) ਰਾਤਾਂ ਤੇ ਦਿਨ ਸਭ ਸੁਹਾਵਣੇ ਲੱਗਦੇ ਹਨ।

ਨਿਜ ਘਰਿ ਸੂਤੜੀਏ ਪਿਰਮੁ ਜਗਾਏ ਰਾਮ ॥

ਹੇ ਆਪਣੇ ਆਪ ਵਿਚ ਹੀ ਮਸਤ ਰਹਿਣ ਵਾਲੀ ਜੀਵ-ਇਸਤ੍ਰੀਏ! (ਵੇਖ, ਜਿਸ ਜੀਵ-ਇਸਤ੍ਰੀ ਨੂੰ) ਪਰਮਾਤਮਾ ਦਾ ਪਿਆਰ (ਮਾਇਆ ਦੇ ਮੋਹ ਤੋਂ) ਸੁਚੇਤ ਕਰਦਾ ਹੈ।

ਨਵ ਹਾਣਿ ਨਵ ਧਨ ਸਬਦਿ ਜਾਗੀ ਆਪਣੇ ਪਿਰ ਭਾਣੀਆ ॥

ਜਿਹੜੀ ਜੀਵ-ਇਸਤ੍ਰੀ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਮਾਇਆ ਦੇ ਮੋਹ ਤੋਂ) ਸੁਚੇਤ ਹੁੰਦੀ ਹੈ, ਉਹ ਜੀਵ-ਇਸਤ੍ਰੀ ਵਿਕਾਰਾਂ ਤੋਂ ਬਚੀ ਰਹਿੰਦੀ ਹੈ ਅਤੇ ਆਪਣੇ ਪ੍ਰਭੂ-ਪਤੀ ਨੂੰ ਪਿਆਰੀ ਲੱਗਣ ਲੱਗ ਪੈਂਦੀ ਹੈ।

ਤਜਿ ਕੂੜੁ ਕਪਟੁ ਸੁਭਾਉ ਦੂਜਾ ਚਾਕਰੀ ਲੋਕਾਣੀਆ ॥

ਉਹ ਜੀਵ-ਇਸਤ੍ਰੀ ਨਾਸਵੰਤ ਪਦਾਰਥਾਂ ਦਾ ਮੋਹ, ਠੱਗੀ-ਫ਼ਰੇਬ, ਮਾਇਆ ਨਾਲ ਪਿਆਰ ਪਾਈ ਰੱਖਣ ਵਾਲੀ ਆਦਤ, ਅਤੇ ਲੋਕਾਂ ਦੀ ਮੁਥਾਜੀ ਛੱਡ ਕੇ (ਪ੍ਰਭੂ-ਪਤੀ ਨੂੰ ਪਿਆਰ ਕਰਦੀ ਹੈ)।

ਮੈ ਨਾਮੁ ਹਰਿ ਕਾ ਹਾਰੁ ਕੰਠੇ ਸਾਚ ਸਬਦੁ ਨੀਸਾਣਿਆ ॥

ਹੇ ਸਹੇਲੀਏ! (ਜਿਵੇਂ) ਗਲ ਵਿਚ ਹਾਰ (ਪਾਈਦਾ ਹੈ, ਤਿਵੇਂ) ਪਰਮਾਤਮਾ ਦਾ ਨਾਮ ਮੈਂ (ਆਪਣੇ ਗਲੇ ਵਿਚ ਪ੍ਰੋ ਲਿਆ ਹੈ) ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ (ਮੇਰੀ ਜ਼ਿੰਦਗੀ ਦੀ ਅਗਵਾਈ ਕਰਨ ਵਾਲਾ) ਪਰਵਾਨਾ ਹੈ।

ਕਰ ਜੋੜਿ ਨਾਨਕੁ ਸਾਚੁ ਮਾਗੈ ਨਦਰਿ ਕਰਿ ਤੁਧੁ ਭਾਣਿਆ ॥੨॥

ਨਾਨਕ (ਦੋਵੇਂ) ਹੱਥ ਜੋੜ ਕੇ (ਪਰਮਾਤਮਾ ਦੇ ਦਰ ਤੋਂ ਉਸ ਦਾ) ਸਦਾ-ਥਿਰ ਰਹਿਣ ਵਾਲਾ ਨਾਮ ਮੰਗਦਾ ਰਹਿੰਦਾ ਹੈ (ਅਤੇ ਆਖਦਾ ਹੈ-ਹੇ ਪ੍ਰਭੂ!) ਜੇ ਤੈਨੂੰ ਚੰਗਾ ਲੱਗੇ (ਤਾਂ ਮੇਰੇ ਉੱਤੇ) ਮਿਹਰ ਦੀ ਨਿਗਾਹ ਕਰ (ਮੈਨੂੰ ਆਪਣਾ ਨਾਮ ਦੇਹ) ॥੨॥

ਜਾਗੁ ਸਲੋਨੜੀਏ ਬੋਲੈ ਗੁਰਬਾਣੀ ਰਾਮ ॥

ਹੇ ਸੋਹਣੇ ਨੇਤ੍ਰਾਂ ਵਾਲੀ ਜੀਵ-ਇਸਤ੍ਰੀਏ! (ਮਾਇਆ ਦੇ ਹੱਲਿਆਂ ਵਲੋਂ) ਸਾਵਧਾਨ ਰਹੁ, (ਤੈਨੂੰ) ਗੁਰੂ ਦੀ ਬਾਣੀ ਜਗਾ ਰਹੀ ਹੈ।

ਜਿਨਿ ਸੁਣਿ ਮੰਨਿਅੜੀ ਅਕਥ ਕਹਾਣੀ ਰਾਮ ॥

ਜਿਸ (ਜੀਵ-ਇਸਤ੍ਰੀ) ਨੇ (ਗੁਰੂ ਦੀ ਬਾਣੀ) ਸੁਣ ਕੇ (ਉਸ ਵਿਚ) ਸਰਧਾ ਬਣਾਈ ਹੈ, ਉਹ ਅਕੱਥ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨ ਲੱਗ ਪੈਂਦੀ ਹੈ।

ਅਕਥ ਕਹਾਣੀ ਪਦੁ ਨਿਰਬਾਣੀ ਕੋ ਵਿਰਲਾ ਗੁਰਮੁਖਿ ਬੂਝਏ ॥

ਅਕੱਥ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਰਕਤ ਨਾਲ ਉਹ ਉਸ ਆਤਮਕ ਦਰਜੇ ਤੇ ਪਹੁੰਚ ਜਾਂਦੀ ਹੈ ਜਿੱਥੇ ਕੋਈ ਵਾਸਨਾ ਪੋਹ ਨਹੀਂ ਸਕਦੀ। ਪਰ ਗੁਰੂ ਦੇ ਸਨਮੁਖ ਰਹਿਣ ਵਾਲਾ ਕੋਈ ਵਿਰਲਾ ਮਨੁੱਖ ਇਹ ਗੱਲ ਸਮਝਦਾ ਹੈ।

ਓਹੁ ਸਬਦਿ ਸਮਾਏ ਆਪੁ ਗਵਾਏ ਤ੍ਰਿਭਵਣ ਸੋਝੀ ਸੂਝਏ ॥

ਉਹ (ਗੁਰਮੁਖ) ਮਨੁੱਖ ਗੁਰੂ ਦੇ ਸਬਦ ਵਿਚ ਲੀਨ ਰਹਿੰਦਾ ਹੈ, (ਆਪਣੇ ਅੰਦਰੋਂ) ਆਪਾ-ਭਾਵ ਦੂਰ ਕਰ ਲੈਂਦਾ ਹੈ, ਜਗਤ ਵਿਚ ਵਿਆਪਕ ਪਰਮਾਤਮਾ ਨਾਲ ਉਸ ਦੀ ਡੂੰਘੀ ਸਾਂਝ ਹੋ ਜਾਂਦੀ ਹੈ।

ਰਹੈ ਅਤੀਤੁ ਅਪਰੰਪਰਿ ਰਾਤਾ ਸਾਚੁ ਮਨਿ ਗੁਣ ਸਾਰਿਆ ॥

ਉਹ ਮਨੁੱਖ ਮਾਇਆ ਦੇ ਮੋਹ ਤੋਂ ਬਚਿਆ ਰਹਿੰਦਾ ਹੈ, ਬੇਅੰਤ ਪ੍ਰਭੂ (ਦੇ ਪ੍ਰੇਮ) ਵਿਚ ਮਸਤ ਰਹਿੰਦਾ ਹੈ, ਸਦਾ-ਥਿਰ ਰਹਿਣ ਵਾਲਾ ਪਰਮਾਤਮਾ (ਹਰ ਵੇਲੇ ਉਸ ਦੇ) ਮਨ ਵਿਚ (ਵੱਸਿਆ ਰਹਿੰਦਾ ਹੈ), ਉਹ (ਪਰਮਾਤਮਾ ਦੇ) ਗੁਣਾਂ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ।

ਓਹੁ ਪੂਰਿ ਰਹਿਆ ਸਰਬ ਠਾਈ ਨਾਨਕਾ ਉਰਿ ਧਾਰਿਆ ॥੩॥

ਹੇ ਨਾਨਕ! ਉਹ ਮਨੁੱਖ ਉਸ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ ਜਿਹੜਾ ਸਭਨੀਂ ਥਾਈਂ ਵਿਆਪਕ ਹੋ ਰਿਹਾ ਹੈ ॥੩॥

ਮਹਲਿ ਬੁਲਾਇੜੀਏ ਭਗਤਿ ਸਨੇਹੀ ਰਾਮ ॥

ਹੇ ਪ੍ਰਭੂ-ਦਰ ਤੇ ਪਹੁੰਚੀ ਹੋਈ ਜੀਵ-ਇਸਤ੍ਰੀਏ! (ਜਿਸ ਪ੍ਰਭੂ ਨੇ ਤੈਨੂੰ ਆਪਣੇ ਚਰਨਾਂ ਵਿਚ ਜੋੜਿਆ ਹੈ, ਉਹ) ਭਗਤੀ ਨਾਲ ਪਿਆਰ ਕਰਨ ਵਾਲਾ ਹੈ।

ਗੁਰਮਤਿ ਮਨਿ ਰਹਸੀ ਸੀਝਸਿ ਦੇਹੀ ਰਾਮ ॥

(ਜਿਹੜੀ ਜੀਵ-ਇਸਤ੍ਰੀ) ਗੁਰੂ ਦੀ ਮਤਿ ਉੱਤੇ ਤੁਰ ਕੇ (ਪ੍ਰਭੂ ਦੀ ਭਗਤੀ ਕਰਦੀ ਹੈ, ਉਸ ਦੇ) ਮਨ ਵਿਚ ਆਤਮਕ ਆਨੰਦ ਬਣਿਆ ਰਹਿੰਦਾ ਹੈ, (ਉਹ ਦਾ ਮਨੁੱਖਾ) ਸਰੀਰ ਸਫਲ ਹੋ ਜਾਂਦਾ ਹੈ।

ਮਨੁ ਮਾਰਿ ਰੀਝੈ ਸਬਦਿ ਸੀਝੈ ਤ੍ਰੈ ਲੋਕ ਨਾਥੁ ਪਛਾਣਏ ॥

(ਜਿਹੜੀ ਜੀਵ-ਇਸਤ੍ਰੀ ਆਪਣੇ) ਮਨ ਨੂੰ ਵੱਸ ਵਿਚ ਕਰ ਕੇ ਆਤਮਕ ਆਨੰਦ ਹਾਸਲ ਕਰਦੀ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਹ (ਜੀਵਨ ਵਿਚ) ਕਾਮਯਾਬ ਹੁੰਦੀ ਹੈ ਸਾਰੇ ਜਗਤ ਦੇ ਮਾਲਕ ਪ੍ਰਭੂ ਨਾਲ ਉਹ ਸਾਂਝ ਪਾ ਲੈਂਦੀ ਹੈ।

ਮਨੁ ਡੀਗਿ ਡੋਲਿ ਨ ਜਾਇ ਕਤ ਹੀ ਆਪਣਾ ਪਿਰੁ ਜਾਣਏ ॥

(ਉਸ ਦਾ ਮਨ) ਕਿਸੇ ਭੀ ਹੋਰ ਪਾਸੇ ਵਲ ਡੋਲਦਾ ਨਹੀਂ, ਉਹ (ਹਰ ਵੇਲੇ) ਆਪਣੇ ਪ੍ਰਭੂ-ਪਤੀ ਨਾਲ ਡੂੰਘੀ ਸਾਂਝ ਪਾਈ ਰੱਖਦੀ ਹੈ।

ਮੈ ਆਧਾਰੁ ਤੇਰਾ ਤੂ ਖਸਮੁ ਮੇਰਾ ਮੈ ਤਾਣੁ ਤਕੀਆ ਤੇਰਓ ॥

ਹੇ ਪ੍ਰਭੂ! ਮੈਨੂੰ ਤੇਰਾ ਹੀ ਆਸਰਾ ਹੈ, ਤੂੰ (ਹੀ) ਮੇਰਾ ਖਸਮ ਹੈਂ, ਮੈਨੂੰ ਤੇਰਾ ਹੀ ਆਸਰਾ ਤੇਰਾ ਹੀ ਸਹਾਰਾ ਹੈ।

ਸਾਚਿ ਸੂਚਾ ਸਦਾ ਨਾਨਕ ਗੁਰ ਸਬਦਿ ਝਗਰੁ ਨਿਬੇਰਓ ॥੪॥੨॥

ਹੇ ਨਾਨਕ! ਜਿਹੜਾ ਮਨੁੱਖ ਸਦਾ-ਥਿਰ ਹਰਿ-ਨਾਮ ਵਿਚ (ਸਦਾ ਲੀਨ ਰਹਿੰਦਾ ਹੈ) ਉਹ ਪਵਿੱਤਰ ਜੀਵਨ ਵਾਲਾ ਹੋ ਜਾਂਦਾ ਹੈ। ਗੁਰੂ ਦੇ ਸ਼ਬਦ ਦੀ ਰਾਹੀਂ (ਉਹ ਮਨੁੱਖ ਆਪਣੇ ਅੰਦਰੋਂ ਮਾਇਆ ਦੇ ਮੋਹ ਦੀ) ਖਹ-ਖਹ ਮੁਕਾ ਲੈਂਦਾ ਹੈ ॥੪॥੨॥

ਛੰਤ ਬਿਲਾਵਲੁ ਮਹਲਾ ੪ ਮੰਗਲ ॥

ਰਾਗ ਬਿਲਾਵਲੁ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ 'ਛੰਤ-ਮੰਗਲ'।

ੴ ਸਤਿਗੁਰ ਪ੍ਰਸਾਦਿ ॥

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।

ਮੇਰਾ ਹਰਿ ਪ੍ਰਭੁ ਸੇਜੈ ਆਇਆ ਮਨੁ ਸੁਖਿ ਸਮਾਣਾ ਰਾਮ ॥

ਹੇ ਸਹੇਲੀਏ! (ਜਿਸ ਭਾਗਾਂ ਵਾਲੀ ਜੀਵ-ਇਸਤ੍ਰੀ ਦੇ ਹਿਰਦੇ ਦੀ) ਸੇਜ ਉਤੇ ਪਿਆਰਾ ਹਰੀ-ਪ੍ਰਭੂ ਆ ਬੈਠਾ, ਉਸ ਦਾ ਮਨ ਆਤਮਕ ਆਨੰਦ ਵਿਚ ਮਗਨ ਹੋ ਜਾਂਦਾ ਹੈ।

ਗੁਰਿ ਤੁਠੈ ਹਰਿ ਪ੍ਰਭੁ ਪਾਇਆ ਰੰਗਿ ਰਲੀਆ ਮਾਣਾ ਰਾਮ ॥

ਗੁਰੂ ਦੇ ਪ੍ਰਸੰਨ ਹੋਇਆਂ ਜਿਸ (ਜੀਵ-ਇਸਤ੍ਰੀ) ਨੂੰ ਹਰੀ-ਪ੍ਰਭੂ ਮਿਲ ਪਿਆ, ਉਹ ਪ੍ਰੇਮ ਵਿਚ (ਮਸਤ ਹੋ ਕੇ ਪ੍ਰਭੂ ਦੇ ਮਿਲਾਪ ਦਾ) ਸੁਆਦ ਮਾਣਦੀ ਹੈ।

ਵਡਭਾਗੀਆ ਸੋਹਾਗਣੀ ਹਰਿ ਮਸਤਕਿ ਮਾਣਾ ਰਾਮ ॥

(ਹੇ ਸਹੇਲੀਏ!) ਜਿਨ੍ਹਾਂ ਦੇ ਮੱਥੇ ਉੱਤੇ ਹਰਿ (-ਮਿਲਾਪ ਦਾ) ਮੋਤੀ (ਚਮਕ ਪੈਂਦਾ) ਹੈ, ਉਹ ਵੱਡੇ ਭਾਗਾਂ ਵਾਲੀਆਂ ਹੋ ਜਾਂਦੀਆਂ ਹਨ, ਉਹ ਸੁਹਾਗਣਾਂ ਬਣ ਜਾਂਦੀਆਂ ਹਨ।

ਹਰਿ ਪ੍ਰਭੁ ਹਰਿ ਸੋਹਾਗੁ ਹੈ ਨਾਨਕ ਮਨਿ ਭਾਣਾ ਰਾਮ ॥੧॥

ਹੇ ਨਾਨਕ! (ਆਖ-) ਹਰੀ-ਪ੍ਰਭੂ ਖਸਮ (ਉਹਨਾਂ ਦੇ ਸਿਰ ਉੱਤੇ) ਕਾਇਮ ਹੋ ਜਾਂਦਾ ਹੈ, ਉਹਨਾਂ ਨੂੰ ਪ੍ਰਭੂ-ਖਸਮ ਮਨ ਵਿਚ ਪਿਆਰਾ ਲੱਗ ਪੈਂਦਾ ਹੈ ॥੧॥

ਨਿੰਮਾਣਿਆ ਹਰਿ ਮਾਣੁ ਹੈ ਹਰਿ ਪ੍ਰਭੁ ਹਰਿ ਆਪੈ ਰਾਮ ॥

ਹੇ ਭਾਈ! ਜਿਨ੍ਹਾਂ ਨੂੰ ਕੋਈ ਆਦਰ ਨਹੀਂ ਦੇਂਦਾ, ਪਰਮਾਤਮਾ ਉਹਨਾਂ ਦਾ ਆਦਰ-ਸਹਾਰਾ ਬਣ ਜਾਂਦਾ ਹੈ। ਹਰਿ-ਪ੍ਰਭੂ ਉਸ ਦੇ ਆਪੇ ਵਿਚ (ਜਿੰਦ ਵਿਚ) ਸਦਾ ਟਿਕਿਆ ਰਹਿੰਦਾ ਹੈ।

ਗੁਰਮੁਖਿ ਆਪੁ ਗਵਾਇਆ ਨਿਤ ਹਰਿ ਹਰਿ ਜਾਪੈ ਰਾਮ ॥

(ਜਿਸ ਨੂੰ ਇਹ ਸਮਝ ਆ ਜਾਂਦੀ ਹੈ, ਉਹ) ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਆਪਣੇ ਅੰਦਰੋਂ) ਆਪਾ-ਭਾਵ ਦੂਰ ਕਰ ਲੈਂਦਾ ਹੈ, ਅਤੇ ਸਦਾ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ।

ਮੇਰੇ ਹਰਿ ਪ੍ਰਭ ਭਾਵੈ ਸੋ ਕਰੈ ਹਰਿ ਰੰਗਿ ਹਰਿ ਰਾਪੈ ਰਾਮ ॥

(ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ) ਸਦਾ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗਿਆ ਰਹਿੰਦਾ ਹੈ (ਉਸ ਨੂੰ ਨਿਸਚਾ ਹੋ ਜਾਂਦਾ ਹੈ ਕਿ) ਮੇਰਾ ਪ੍ਰਭੂ ਉਹੀ ਕੁਝ ਕਰਦਾ ਹੈ ਜੋ ਉਸ ਨੂੰ ਚੰਗਾ ਲੱਗਦਾ ਹੈ।

ਜਨੁ ਨਾਨਕੁ ਸਹਜਿ ਮਿਲਾਇਆ ਹਰਿ ਰਸਿ ਹਰਿ ਧ੍ਰਾਪੈ ਰਾਮ ॥੨॥

ਦਾਸ ਨਾਨਕ (ਆਖਦਾ ਹੈ-ਹੇ ਭਾਈ! ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ) ਆਤਮਕ ਅਡੋਲਤਾ ਵਿਚ ਲੀਨ ਰਹਿੰਦਾ ਹੈ, ਪਰਮਾਤਮਾ ਦੇ ਨਾਮ-ਰਸ ਦੀ ਬਰਕਤਿ ਨਾਲ ਉਹ (ਮਾਇਆ ਵਲੋਂ) ਰੱਜਿਆ ਰਹਿੰਦਾ ਹੈ ॥੨॥

ਮਾਣਸ ਜਨਮਿ ਹਰਿ ਪਾਈਐ ਹਰਿ ਰਾਵਣ ਵੇਰਾ ਰਾਮ ॥

ਹੇ ਭਾਈ! ਮਨੁੱਖਾ ਜਨਮ ਵਿਚ (ਹੀ) ਪਰਮਾਤਮਾ ਨੂੰ ਮਿਲ ਸਕੀਦਾ ਹੈ। (ਮਨੁੱਖਾ ਜਨਮ ਹੀ) ਪਰਮਾਤਮਾ ਦਾ ਮਿਲਾਪ ਮਾਣਨ ਦਾ ਸਮਾ ਹੈ।

ਗੁਰਮੁਖਿ ਮਿਲੁ ਸੋਹਾਗਣੀ ਰੰਗੁ ਹੋਇ ਘਣੇਰਾ ਰਾਮ ॥

ਹੇ ਚੰਗੇ ਭਾਗਾਂ ਵਾਲੀ ਜੀਵ-ਇਸਤ੍ਰੀਏ! ਗੁਰੂ ਦੀ ਰਾਹੀਂ ਪ੍ਰਭੂ ਨੂੰ ਮਿਲ। (ਗੁਰੂ ਦੀ ਸਰਨ ਪਿਆਂ ਮਿਲਾਪ ਦਾ ਪ੍ਰੇਮ-) ਰੰਗ ਬਹੁਤ ਚੜ੍ਹਦਾ ਹੈ।

ਜਿਨ ਮਾਣਸ ਜਨਮਿ ਨ ਪਾਇਆ ਤਿਨੑ ਭਾਗੁ ਮੰਦੇਰਾ ਰਾਮ ॥

ਹੇ ਭਾਈ! ਜਿਨ੍ਹਾਂ ਨੇ ਮਨੁੱਖਾ ਜਨਮ ਵਿਚ ਪਰਮਾਤਮਾ ਦਾ ਮਿਲਾਪ ਹਾਸਲ ਨਾਹ ਕੀਤਾ, ਉਹਨਾਂ ਦੀ ਖੋਟੀ ਕਿਸਮਤ ਜਾਣੋ।

ਹਰਿ ਹਰਿ ਹਰਿ ਹਰਿ ਰਾਖੁ ਪ੍ਰਭ ਨਾਨਕੁ ਜਨੁ ਤੇਰਾ ਰਾਮ ॥੩॥

ਹੇ ਹਰੀ! ਹੇ ਪ੍ਰਭੂ! ਨਾਨਕ ਨੂੰ (ਆਪਣੇ ਚਰਨਾਂ ਵਿਚ) ਜੋੜੀ ਰੱਖ, ਨਾਨਕ ਤੇਰਾ ਦਾਸ ਹੈ ॥੩॥

ਗੁਰਿ ਹਰਿ ਪ੍ਰਭੁ ਅਗਮੁ ਦ੍ਰਿੜਾਇਆ ਮਨੁ ਤਨੁ ਰੰਗਿ ਭੀਨਾ ਰਾਮ ॥

ਹੇ ਭਾਈ! (ਜਿਸ ਮਨੁੱਖ ਦੇ ਹਿਰਦੇ ਵਿਚ) ਗੁਰੂ ਨੇ ਅਪਹੁੰਚ ਹਰੀ ਪ੍ਰਭੂ (ਦਾ ਨਾਮ) ਪੱਕਾ ਕਰ ਦਿੱਤਾ, ਉਸ ਦਾ ਮਨ ਉਸ ਦਾ ਤਨ (ਪਰਮਾਤਮਾ ਦੇ ਪ੍ਰੇਮ-) ਰੰਗ ਵਿਚ ਭਿੱਜਾ ਰਹਿੰਦਾ ਹੈ।


ਸੂਚੀ (1 - 1430)
ਜਪੁ ਅੰਗ: 1 - 8
ਸੋ ਦਰੁ ਅੰਗ: 8 - 10
ਸੋ ਪੁਰਖੁ ਅੰਗ: 10 - 12
ਸੋਹਿਲਾ ਅੰਗ: 12 - 13
ਸਿਰੀ ਰਾਗੁ ਅੰਗ: 14 - 93
ਰਾਗੁ ਮਾਝ ਅੰਗ: 94 - 150
ਰਾਗੁ ਗਉੜੀ ਅੰਗ: 151 - 346
ਰਾਗੁ ਆਸਾ ਅੰਗ: 347 - 488
ਰਾਗੁ ਗੂਜਰੀ ਅੰਗ: 489 - 526
ਰਾਗੁ ਦੇਵਗੰਧਾਰੀ ਅੰਗ: 527 - 536
ਰਾਗੁ ਬਿਹਾਗੜਾ ਅੰਗ: 537 - 556
ਰਾਗੁ ਵਡਹੰਸੁ ਅੰਗ: 557 - 594
ਰਾਗੁ ਸੋਰਠਿ ਅੰਗ: 595 - 659
ਰਾਗੁ ਧਨਾਸਰੀ ਅੰਗ: 660 - 695
ਰਾਗੁ ਜੈਤਸਰੀ ਅੰਗ: 696 - 710
ਰਾਗੁ ਟੋਡੀ ਅੰਗ: 711 - 718
ਰਾਗੁ ਬੈਰਾੜੀ ਅੰਗ: 719 - 720
ਰਾਗੁ ਤਿਲੰਗ ਅੰਗ: 721 - 727
ਰਾਗੁ ਸੂਹੀ ਅੰਗ: 728 - 794
ਰਾਗੁ ਬਿਲਾਵਲੁ ਅੰਗ: 795 - 858
ਰਾਗੁ ਗੋਂਡ ਅੰਗ: 859 - 875
ਰਾਗੁ ਰਾਮਕਲੀ ਅੰਗ: 876 - 974
ਰਾਗੁ ਨਟ ਨਾਰਾਇਨ ਅੰਗ: 975 - 983
ਰਾਗੁ ਮਾਲੀ ਗਉੜਾ ਅੰਗ: 984 - 988
ਰਾਗੁ ਮਾਰੂ ਅੰਗ: 989 - 1106
ਰਾਗੁ ਤੁਖਾਰੀ ਅੰਗ: 1107 - 1117
ਰਾਗੁ ਕੇਦਾਰਾ ਅੰਗ: 1118 - 1124
ਰਾਗੁ ਭੈਰਉ ਅੰਗ: 1125 - 1167
ਰਾਗੁ ਬਸੰਤੁ ਅੰਗ: 1168 - 1196
ਰਾਗੁ ਸਾਰੰਗ ਅੰਗ: 1197 - 1253
ਰਾਗੁ ਮਲਾਰ ਅੰਗ: 1254 - 1293
ਰਾਗੁ ਕਾਨੜਾ ਅੰਗ: 1294 - 1318
ਰਾਗੁ ਕਲਿਆਨ ਅੰਗ: 1319 - 1326
ਰਾਗੁ ਪ੍ਰਭਾਤੀ ਅੰਗ: 1327 - 1351
ਰਾਗੁ ਜੈਜਾਵੰਤੀ ਅੰਗ: 1352 - 1359
ਸਲੋਕ ਸਹਸਕ੍ਰਿਤੀ ਅੰਗ: 1353 - 1360
ਗਾਥਾ ਮਹਲਾ ੫ ਅੰਗ: 1360 - 1361
ਫੁਨਹੇ ਮਹਲਾ ੫ ਅੰਗ: 1361 - 1363
ਚਉਬੋਲੇ ਮਹਲਾ ੫ ਅੰਗ: 1363 - 1364
ਸਲੋਕੁ ਭਗਤ ਕਬੀਰ ਜੀਉ ਕੇ ਅੰਗ: 1364 - 1377
ਸਲੋਕੁ ਸੇਖ ਫਰੀਦ ਕੇ ਅੰਗ: 1377 - 1385
ਸਵਈਏ ਸ੍ਰੀ ਮੁਖਬਾਕ ਮਹਲਾ ੫ ਅੰਗ: 1385 - 1389
ਸਵਈਏ ਮਹਲੇ ਪਹਿਲੇ ਕੇ ਅੰਗ: 1389 - 1390
ਸਵਈਏ ਮਹਲੇ ਦੂਜੇ ਕੇ ਅੰਗ: 1391 - 1392
ਸਵਈਏ ਮਹਲੇ ਤੀਜੇ ਕੇ ਅੰਗ: 1392 - 1396
ਸਵਈਏ ਮਹਲੇ ਚਉਥੇ ਕੇ ਅੰਗ: 1396 - 1406
ਸਵਈਏ ਮਹਲੇ ਪੰਜਵੇ ਕੇ ਅੰਗ: 1406 - 1409
ਸਲੋਕੁ ਵਾਰਾ ਤੇ ਵਧੀਕ ਅੰਗ: 1410 - 1426
ਸਲੋਕੁ ਮਹਲਾ ੯ ਅੰਗ: 1426 - 1429
ਮੁੰਦਾਵਣੀ ਮਹਲਾ ੫ ਅੰਗ: 1429 - 1429
ਰਾਗਮਾਲਾ ਅੰਗ: 1430 - 1430