ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ

ਅੰਗ - 846


ਸਾਹਾ ਅਟਲੁ ਗਣਿਆ ਪੂਰਨ ਸੰਜੋਗੋ ਰਾਮ ॥

(ਕੁੜੀ ਮੁੰਡੇ ਦੇ ਵਿਆਹ ਦਾ ਮੁਹੂਰਤ ਮਿਥਿਆ ਜਾਂਦਾ ਹੈ। ਲਾੜੇ ਦੇ ਨਾਲ ਜਾਂਞੀ ਆਉਂਦੇ ਹਨ, ਲੜਕੀ ਵਾਲਿਆਂ ਦੇ ਘਰ ਢੁਕਦੇ ਹਨ, ਲੜਕੀ ਦੇ ਸਨ-ਬੰਧੀਆਂ ਦੇ ਮਨ ਵਿਚ ਉਸ ਵੇਲੇ ਖ਼ੁਸ਼ੀ ਹੁੰਦੀ ਹੈ। ਜਾਂਞੀਆਂ ਨੂੰ ਉਹ ਕਈ ਸੁਆਦਲੇ ਭੋਜਨ ਖੁਆਂਦੇ ਹਨ। ਪਾਂਧਾ ਲਾਵਾਂ ਪੜ੍ਹ ਕੇ ਲੜਕੇ ਲੜਕੀ ਦਾ ਮੇਲ ਕਰ ਦੇਂਦਾ ਹੈ)। (ਇਸੇ ਤਰ੍ਹਾਂ ਸਾਧ ਸੰਗਤਿ ਦੀ ਬਰਕਤ ਨਾਲ ਜੀਵ-ਇਸਤ੍ਰੀ ਅਤੇ ਪ੍ਰਭੂ-ਪਤੀ ਦੇ ਮਿਲਾਪ ਦਾ) ਕਦੇ ਨਾਹ ਖੁੰਝਣ ਵਾਲਾ ਮੁਹੂਰਤ ਸੋਧਿਆ ਜਾਂਦਾ ਹੈ।

ਸੁਖਹ ਸਮੂਹ ਭਇਆ ਗਇਆ ਵਿਜੋਗੋ ਰਾਮ ॥

(ਸਾਧ ਸੰਗਤਿ ਦੀ ਕਿਰਪਾ ਨਾਲ ਜੀਵ-ਇਸਤ੍ਰੀ ਦਾ) ਪੂਰਨ ਪਰਮਾਤਮਾ ਨਾਲ ਮਿਲਾਪ (ਵਿਆਹ) ਹੋ ਜਾਂਦਾ ਹੈ, (ਜੀਵ-ਇਸਤ੍ਰੀ ਦੇ ਹਿਰਦੇ ਵਿਚ) ਸਾਰੇ ਸੁਖ ਆ ਵੱਸਦੇ ਹਨ (ਪ੍ਰਭੂ-ਪਤੀ ਨਾਲੋਂ ਉਸਦਾ) ਵਿਛੋੜਾ ਮੁੱਕ ਜਾਂਦਾ ਹੈ।

ਮਿਲਿ ਸੰਤ ਆਏ ਪ੍ਰਭ ਧਿਆਏ ਬਣੇ ਅਚਰਜ ਜਾਞੀਆਂ ॥

ਸੰਤ ਜਨ ਮਿਲ ਕੇ (ਸਾਧ ਸੰਗਤਿ ਵਿਚ) ਆਉਂਦੇ ਹਨ, ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਹਨ (ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਨਾਲ ਮਿਲਾਣ ਵਾਸਤੇ ਇਹ ਸਤਸੰਗੀ) ਅਸਚਰਜ ਜਾਂਞੀ ਬਣ ਜਾਂਦੇ ਹਨ।

ਮਿਲਿ ਇਕਤ੍ਰ ਹੋਏ ਸਹਜਿ ਢੋਏ ਮਨਿ ਪ੍ਰੀਤਿ ਉਪਜੀ ਮਾਞੀਆ ॥

(ਸੰਤ ਜਨ) ਮਿਲ ਕੇ (ਸਾਧ ਸੰਗਤਿ ਵਿਚ) ਇਕੱਠੇ ਹੁੰਦੇ ਹਨ, ਆਤਮਕ ਅਡੋਲਤਾ ਵਿਚ (ਟਿਕਦੇ ਹਨ, ਮਾਨੋ, ਲੜਕੀ ਵਾਲਿਆਂ ਦੇ ਘਰ) ਢੁਕਾਉ ਹੋ ਰਿਹਾ ਹੈ, (ਜਿਵੇਂ,) ਲੜਕੀ ਦੇ ਸਨਬੰਧੀਆਂ ਦੇ ਮਨ ਵਿਚ ਚਾਉ ਪੈਦਾ ਹੁੰਦਾ ਹੈ (ਤਿਵੇਂ, ਜਿੰਦ ਦੇ ਸਾਥੀਆਂ ਦੇ ਮਨ ਵਿਚ, ਸਾਰੇ ਗਿਆਨ-ਇੰਦ੍ਰਿਆਂ ਦੇ ਅੰਦਰ ਉਤਸ਼ਾਹ ਪੈਦਾ ਹੁੰਦਾ ਹੈ)।

ਮਿਲਿ ਜੋਤਿ ਜੋਤੀ ਓਤਿ ਪੋਤੀ ਹਰਿ ਨਾਮੁ ਸਭਿ ਰਸ ਭੋਗੋ ॥

(ਸਾਧ ਸੰਗਤਿ ਦੇ ਪਰਤਾਪ ਨਾਲ ਜੀਵ-ਇਸਤ੍ਰੀ ਦੀ) ਜਿੰਦ ਪ੍ਰਭੂ ਦੀ ਜੋਤਿ ਵਿਚ ਮਿਲ ਕੇ ਤਾਣੇ-ਪੇਟੇ ਵਾਂਗ ਇਕ-ਮਿਕ ਹੋ ਜਾਂਦੀ ਹੈ (ਜਿਵੇਂ ਜਾਂਞੀਆਂ ਮਾਂਞੀਆਂ ਨੂੰ) ਸਾਰੇ ਸੁਆਦਲੇ ਭੋਜਨ ਛਕਾਏ ਜਾਂਦੇ ਹਨ, (ਤਿਵੇਂ ਜੀਵ-ਇਸਤ੍ਰੀ ਨੂੰ) ਪਰਮਾਤਮਾ ਦਾ ਨਾਮ-ਭੋਜਨ ਪ੍ਰਾਪਤ ਹੁੰਦਾ ਹੈ।

ਬਿਨਵੰਤਿ ਨਾਨਕ ਸਭ ਸੰਤਿ ਮੇਲੀ ਪ੍ਰਭੁ ਕਰਣ ਕਾਰਣ ਜੋਗੋ ॥੩॥

ਨਾਨਕ ਬੇਨਤੀ ਕਰਦਾ ਹੈ-(ਇਹ ਸਾਰੀ ਗੁਰੂ ਦੀ ਹੀ ਮਿਹਰ ਹੈ) ਗੁਰੂ-ਸੰਤ ਨੇ (ਸਰਨ ਪਈ) ਸਾਰੀ ਲੁਕਾਈ ਨੂੰ ਸਾਰੇ ਜਗਤ ਦਾ ਮੂਲ ਸਭਨਾਂ ਤਾਕਤਾਂ ਦਾ ਮਾਲਕ ਪਰਮਾਤਮਾ ਮਿਲਾਇਆ ਹੈ ॥੩॥

ਭਵਨੁ ਸੁਹਾਵੜਾ ਧਰਤਿ ਸਭਾਗੀ ਰਾਮ ॥

ਉਸ ਦਾ (ਜੀਵ-ਇਸਤ੍ਰੀਦਾ ਸਰੀਰ-) ਭਵਨ ਸੋਹਣਾ ਹੋ ਜਾਂਦਾ ਹੈ, ਉਸ ਦੀ (ਹਿਰਦਾ-) ਧਰਤੀ ਭਾਗਾਂ ਵਾਲੀ ਬਣ ਜਾਂਦੀ ਹੈ,

ਪ੍ਰਭੁ ਘਰਿ ਆਇਅੜਾ ਗੁਰ ਚਰਣੀ ਲਾਗੀ ਰਾਮ ॥

(ਜਿਹੜੀ ਜੀਵ-ਇਸਤ੍ਰੀ) ਗੁਰੂ ਦੀ ਚਰਨੀਂ ਲੱਗਦੀ ਹੈ, ਉਸ ਦੇ (ਹਿਰਦੇ-) ਘਰ ਵਿਚ ਪ੍ਰਭੂ-ਪਤੀ ਆ ਬੈਠਦਾ ਹੈ।

ਗੁਰ ਚਰਣ ਲਾਗੀ ਸਹਜਿ ਜਾਗੀ ਸਗਲ ਇਛਾ ਪੁੰਨੀਆ ॥

(ਜਿਹੜੀ ਜੀਵ-ਇਸਤ੍ਰੀ) ਗੁਰੂ ਦੀ ਚਰਨੀਂ ਲੱਗਦੀ ਹੈ, ਉਹ ਆਤਮਕ ਅਡੋਲਤਾ ਵਿਚ (ਟਿਕ ਕੇ ਵਿਕਾਰਾਂ ਦੇ ਹੱਲਿਆਂ ਵਲੋਂ) ਸੁਚੇਤ ਰਹਿੰਦੀ ਹੈ, ਉਸ ਦੀਆਂ ਸਾਰੀਆਂ ਇੱਛਾਂ ਪੂਰੀਆਂ ਹੋ ਜਾਂਦੀਆਂ ਹਨ।

ਮੇਰੀ ਆਸ ਪੂਰੀ ਸੰਤ ਧੂਰੀ ਹਰਿ ਮਿਲੇ ਕੰਤ ਵਿਛੁੰਨਿਆ ॥

ਸਾਧ ਸੰਗਤਿ ਦੀ ਚਰਨ-ਧੂੜ ਦੇ ਪਰਤਾਪ ਨਾਲ (ਉਸ ਦੇ ਅੰਦਰੋਂ) ਮਮਤਾ ਵਧਾਣ ਵਾਲੀ ਆਸ ਖ਼ਤਮ ਹੋ ਜਾਂਦੀ ਹੈ, ਉਸ ਨੂੰ ਚਿਰਾਂ ਦੇ ਵਿਛੁੜੇ ਹੋਏ ਪ੍ਰਭੂ-ਕੰਤ ਜੀ ਮਿਲ ਪੈਂਦੇ ਹਨ।

ਆਨੰਦ ਅਨਦਿਨੁ ਵਜਹਿ ਵਾਜੇ ਅਹੰ ਮਤਿ ਮਨ ਕੀ ਤਿਆਗੀ ॥

(ਗੁਰੂ ਦੀ ਚਰਨੀਂ ਲੱਗੀ ਹੋਈ ਜੀਵ-ਇਸਤ੍ਰੀ ਦੇ ਅੰਦਰ) ਹਰ ਵੇਲੇ ਆਤਮਕ ਆਨੰਦ ਦੇ ਵਾਜੇ ਵੱਜਦੇ ਰਹਿੰਦੇ ਹਨ (ਜਿਸ ਦਾ ਸਦਕਾ ਉਹ ਆਪਣੇ) ਮਨ ਦੀ ਹਉਮੈ ਵਾਲੀ ਮਤਿ ਤਿਆਗ ਦੇਂਦੀ ਹੈ।

ਬਿਨਵੰਤਿ ਨਾਨਕ ਸਰਣਿ ਸੁਆਮੀ ਸੰਤਸੰਗਿ ਲਿਵ ਲਾਗੀ ॥੪॥੧॥

ਨਾਨਕ ਬੇਨਤੀ ਕਰਦਾ ਹੈ- ਸਾਧ ਸੰਗਤਿ ਵਿਚ ਰਹਿ ਕੇ ਉਸ ਦੀ ਸੁਰਤ ਮਾਲਕ-ਪ੍ਰਭੂ ਵਿਚ ਲੱਗੀ ਰਹਿੰਦੀ ਹੈ, ਉਹ ਜੀਵ-ਇਸਤ੍ਰੀ ਮਾਲਕ-ਪ੍ਰਭੂ ਦੀ ਸਰਨ ਪਈ ਰਹਿੰਦੀ ਹੈ ॥੪॥੧॥

ਬਿਲਾਵਲੁ ਮਹਲਾ ੫ ॥

ਭਾਗ ਸੁਲਖਣਾ ਹਰਿ ਕੰਤੁ ਹਮਾਰਾ ਰਾਮ ॥

ਹੇ ਸਹੇਲੀਏ! ਸਾਡਾ ਕੰਤ-ਪ੍ਰਭੂ ਸੋਹਣੇ ਲੱਛਣਾਂ ਵਾਲੇ ਭਾਗਾਂ ਵਾਲਾ ਹੈ,

ਅਨਹਦ ਬਾਜਿਤ੍ਰਾ ਤਿਸੁ ਧੁਨਿ ਦਰਬਾਰਾ ਰਾਮ ॥

ਉਸ (ਕੰਤ) ਦੇ ਦਰਬਾਰ ਵਿਚ ਇਕ-ਰਸ (ਵੱਸ ਰਹੇ) ਵਾਜਿਆਂ ਦੀ ਧੁਨ ਉਠ ਰਹੀ ਹੈ।

ਆਨੰਦ ਅਨਦਿਨੁ ਵਜਹਿ ਵਾਜੇ ਦਿਨਸੁ ਰੈਣਿ ਉਮਾਹਾ ॥

ਹੇ ਸਹੇਲੀਏ! (ਉਸ ਕੰਤ ਦੇ ਦਰਬਾਰ ਵਿਚ ਸਦਾ) ਆਨੰਦ ਦੇ ਵਾਜੇ ਵੱਜਦੇ ਰਹਿੰਦੇ ਹਨ, ਦਿਨ ਰਾਤ (ਉਥੇ) ਚਾਉ (ਬਣਿਆ ਰਹਿੰਦਾ ਹੈ)।

ਤਹ ਰੋਗ ਸੋਗ ਨ ਦੂਖੁ ਬਿਆਪੈ ਜਨਮ ਮਰਣੁ ਨ ਤਾਹਾ ॥

ਉਥੇ ਰੋਗ ਨਹੀਂ ਹਨ, ਉਥੇ ਚਿੰਤਾ-ਫ਼ਿਕਰ ਨਹੀਂ ਹਨ, ਉਥੇ (ਕੋਈ) ਦੁੱਖ ਆਪਣਾ ਜ਼ੋਰ ਨਹੀਂ ਪਾ ਸਕਦਾ, ਉਸ (ਕੰਤ) ਨੂੰ ਜਨਮ ਮਰਨ ਦਾ ਗੇੜ ਨਹੀਂ ਹੈ।

ਰਿਧਿ ਸਿਧਿ ਸੁਧਾ ਰਸੁ ਅੰਮ੍ਰਿਤੁ ਭਗਤਿ ਭਰੇ ਭੰਡਾਰਾ ॥

ਹੇ ਸਹੇਲੀਏ! (ਉਸ ਕੰਤ-ਪ੍ਰਭੂ ਦੇ ਦਰਬਾਰ ਵਿਚ) ਰਿੱਧੀਆਂ ਹਨ ਸਿੱਧੀਆਂ ਹਨ, ਆਤਮਕ ਜੀਵਨ ਦੇਣ ਵਾਲਾ ਨਾਮ ਰਸ ਹੈ, ਭਗਤੀ ਦੇ ਖ਼ਜ਼ਾਨੇ ਭਰੇ ਪਏ ਹਨ।

ਬਿਨਵੰਤਿ ਨਾਨਕ ਬਲਿਹਾਰਿ ਵੰਞਾ ਪਾਰਬ੍ਰਹਮ ਪ੍ਰਾਨ ਅਧਾਰਾ ॥੧॥

ਨਾਨਕ ਬੇਨਤੀ ਕਰਦਾ ਹੈ-(ਸਭ ਜੀਵਾਂ ਦੀ) ਜ਼ਿੰਦਗੀ ਦੇ ਆਸਰੇ ਉਸ ਪਾਰਬ੍ਰਹਮ ਤੋਂ ਮੈਂ ਸਦਕੇ ਜਾਂਦਾ ਹਾਂ ॥੧॥

ਸੁਣਿ ਸਖੀਅ ਸਹੇਲੜੀਹੋ ਮਿਲਿ ਮੰਗਲੁ ਗਾਵਹ ਰਾਮ ॥

ਹੇ ਸਖੀਓ! ਹੇ ਸਹੇਲੀਓ! ਸੁਣੋ, ਆਓ ਮਿਲ ਕੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਗੀਤ ਗਾਵੀਏ।

ਮਨਿ ਤਨਿ ਪ੍ਰੇਮੁ ਕਰੇ ਤਿਸੁ ਪ੍ਰਭ ਕਉ ਰਾਵਹ ਰਾਮ ॥

ਹੇ ਸਹੇਲੀਓ! ਮਨ ਵਿਚ ਹਿਰਦੇ ਵਿਚ ਪਿਆਰ ਪੈਦਾ ਕਰ ਕੇ ਉਸ ਪ੍ਰਭੂ ਨੂੰ ਸਿਮਰੀਏ।

ਕਰਿ ਪ੍ਰੇਮੁ ਰਾਵਹ ਤਿਸੈ ਭਾਵਹ ਇਕ ਨਿਮਖ ਪਲਕ ਨ ਤਿਆਗੀਐ ॥

(ਹਿਰਦੇ ਵਿਚ) ਪ੍ਰੇਮ ਕਰ ਕੇ (ਉਸ ਨੂੰ) ਸਿਮਰੀਏ, ਤੇ, ਉਸ ਨੂੰ ਪਿਆਰੀਆਂ ਲੱਗੀਏ। ਹੇ ਸਹੇਲੀਓ! (ਉਸ ਕੰਤ-ਪ੍ਰਭੂ ਨੂੰ) ਅੱਖ ਝਮਕਣ ਜਿਤਨੇ ਸਮੇ ਲਈ ਭੀ ਵਿਸਾਰਨਾ ਨਹੀਂ ਚਾਹੀਦਾ।

ਗਹਿ ਕੰਠਿ ਲਾਈਐ ਨਹ ਲਜਾਈਐ ਚਰਨ ਰਜ ਮਨੁ ਪਾਗੀਐ ॥

ਉਸ ਨੂੰ ਫੜ ਕੇ ਗਲ ਨਾਲ ਲਾ ਲੈਣਾ ਚਾਹੀਦਾ ਹੈ (ਉਸ ਦਾ ਨਾਮ ਸੁਰਤ ਜੋੜ ਕੇ ਗਲੇ ਵਿਚ ਪ੍ਰੋ ਲੈਣਾ ਚਾਹੀਦਾ ਹੈ, ਇਸ ਕੰਮ ਤੋਂ) ਸ਼ਰਮ ਨਹੀਂ ਕਰਨੀ ਚਾਹੀਦੀ, (ਉਸ ਦੇ) ਚਰਨਾਂ ਦੀ ਧੂੜ ਨਾਲ (ਆਪਣਾ ਇਹ) ਮਨ ਰੰਗ ਲੈਣਾ ਚਾਹੀਦਾ ਹੈ।

ਭਗਤਿ ਠਗਉਰੀ ਪਾਇ ਮੋਹਹ ਅਨਤ ਕਤਹੂ ਨ ਧਾਵਹ ॥

ਹੇ ਸਹੇਲੀਓ! ਭਗਤੀ ਦੀ ਠਗਬੂਟੀ ਵਰਤ ਕੇ, ਆਓ ਉਸ ਕੰਤ-ਪ੍ਰਭੂ ਨੂੰ ਵੱਸ ਵਿਚ ਕਰ ਲਈਏ, ਤੇ, ਹੋਰ ਹੋਰ ਪਾਸੇ ਨਾਹ ਭਟਕਦੀਆਂ ਫਿਰੀਏ।

ਬਿਨਵੰਤਿ ਨਾਨਕ ਮਿਲਿ ਸੰਗਿ ਸਾਜਨ ਅਮਰ ਪਦਵੀ ਪਾਵਹ ॥੨॥

ਨਾਨਕ ਬੇਨਤੀ ਕਰਦਾ ਹੈ-ਉਸ ਸੱਜਣ ਪ੍ਰਭੂ ਨੂੰ ਮਿਲ ਕੇ ਉਹ ਦਰਜਾ ਹਾਸਲ ਕਰ ਲਈਏ, ਜਿੱਥੇ ਆਤਮਕ ਮੌਤ ਕਦੇ ਭੀ ਪੋਹ ਨਹੀਂ ਸਕਦੀ ॥੨॥

ਬਿਸਮਨ ਬਿਸਮ ਭਈ ਪੇਖਿ ਗੁਣ ਅਬਿਨਾਸੀ ਰਾਮ ॥

ਹੇ ਸਹੇਲੀਓ! ਅਬਿਨਾਸੀ ਕੰਤ-ਪ੍ਰਭੂ ਦੇ ਗੁਣ (ਉਪਕਾਰ) ਵੇਖ ਵੇਖ ਕੇ ਮੈਂ ਤਾਂ ਹੈਰਾਨ ਹੀ ਹੋ ਗਈ ਹਾਂ।

ਕਰੁ ਗਹਿ ਭੁਜਾ ਗਹੀ ਕਟਿ ਜਮ ਕੀ ਫਾਸੀ ਰਾਮ ॥

(ਉਸ ਨੇ ਮੇਰਾ) ਹੱਥ ਫੜ ਕੇ, (ਮੇਰੀ) ਜਮਾਂ ਵਾਲੀ ਫਾਹੀ ਕੱਟ ਕੇ, ਮੇਰੀ ਬਾਂਹ ਫੜ ਲਈ ਹੈ।

ਗਹਿ ਭੁਜਾ ਲੀਨੑੀ ਦਾਸਿ ਕੀਨੑੀ ਅੰਕੁਰਿ ਉਦੋਤੁ ਜਣਾਇਆ ॥

ਉਸ ਨੇ ਮੇਰੀ ਬਾਂਹ ਘੁੱਟ ਕੇ ਫੜ ਲਈ ਹੈ, ਮੈਨੂੰ (ਆਪਣੀ) ਦਾਸੀ ਬਣਾ ਲਿਆ ਹੈ, (ਮੇਰੇ ਭਾਗਾਂ ਦੇ ਫੁੱਟ-ਰਹੇ) ਅੰਗੂਰ ਦੇ ਕਾਰਨ, (ਉਸ ਨੇ ਮੇਰੇ ਅੰਦਰ ਆਤਮਕ ਜੀਵਨ ਦਾ) ਪਰਕਾਸ਼ ਕਰ ਦਿੱਤਾ ਹੈ।

ਮਲਨ ਮੋਹ ਬਿਕਾਰ ਨਾਠੇ ਦਿਵਸ ਨਿਰਮਲ ਆਇਆ ॥

ਮੋਹ ਆਦਿਕ ਭੈੜੈ ਵਿਕਾਰ (ਮੇਰੇ ਅੰਦਰੋਂ) ਨੱਸ ਗਏ ਹਨ, (ਮੇਰੀ ਜ਼ਿੰਦਗੀ ਦੇ) ਪਵਿੱਤਰ ਦਿਨ ਆ ਗਏ ਹਨ।

ਦ੍ਰਿਸਟਿ ਧਾਰੀ ਮਨਿ ਪਿਆਰੀ ਮਹਾ ਦੁਰਮਤਿ ਨਾਸੀ ॥

(ਹੇ ਸਹੇਲੀਓ! ਉਸ ਕੰਤ ਪ੍ਰਭੂ ਨੇ ਮੇਰੇ ਉਤੇ ਪਿਆਰ ਭਰੀ) ਨਿਗਾਹ ਕੀਤੀ (ਜਿਹੜੀ ਮੇਰੇ) ਮਨ ਵਿਚ ਪਿਆਰੀ ਲੱਗੀ ਹੈ, (ਉਸ ਦੇ ਪਰਤਾਪ ਨਾਲ ਮੇਰੇ ਅੰਦਰੋਂ) ਬਹੁਤ ਹੀ ਖੋਟੀ ਮਤਿ ਨਾਸ ਹੋ ਗਈ ਹੈ।

ਬਿਨਵੰਤਿ ਨਾਨਕ ਭਈ ਨਿਰਮਲ ਪ੍ਰਭ ਮਿਲੇ ਅਬਿਨਾਸੀ ॥੩॥

ਨਾਨਕ ਬੇਨਤੀ ਕਰਦਾ ਹੈ- ਅਬਿਨਾਸੀ ਪ੍ਰਭੂ ਜੀ ਮੈਨੂੰ ਮਿਲ ਪਏ ਹਨ, ਮੈਂ ਪਵਿੱਤਰ ਜੀਵਨ ਵਾਲੀ ਹੋ ਗਈ ਹਾਂ ॥੩॥

ਸੂਰਜ ਕਿਰਣਿ ਮਿਲੇ ਜਲ ਕਾ ਜਲੁ ਹੂਆ ਰਾਮ ॥

ਹੇ ਭਾਈ! (ਜਿਵੇਂ) ਸੂਰਜ ਦੀ ਕਿਰਣ ਨਾਲ ਮਿਲ ਕੇ (ਬਰਫ਼ ਤੋਂ) ਪਾਣੀ ਦਾ ਪਾਣੀ ਬਣ ਜਾਂਦਾ ਹੈ (ਸੂਰਜ ਦੇ ਨਿੱਘ ਨਾਲ ਬਰਫ਼-ਬਣੇ ਪਾਣੀ ਦੀ ਕਠੋਰਤਾ ਖ਼ਤਮ ਹੋ ਜਾਂਦੀ ਹੈ),

ਜੋਤੀ ਜੋਤਿ ਰਲੀ ਸੰਪੂਰਨੁ ਥੀਆ ਰਾਮ ॥

(ਤਿਵੇਂ ਸਿਫ਼ਤਿ-ਸਾਲਾਹ ਦੀ ਬਰਕਤ ਨਾਲ ਜੀਵ ਦੇ ਅੰਦਰੋਂ ਰੁੱਖਾ-ਪਨ ਮੁੱਕ ਕੇ ਜੀਵ ਦੀ) ਜਿੰਦ ਪਰਮਾਤਮਾ ਦੀ ਜੋਤਿ ਨਾਲ ਇਕ-ਮਿਕ ਹੋ ਜਾਂਦੀ ਹੈ, ਜੀਵ ਸਾਰੇ ਗੁਣਾਂ ਦੇ ਮਾਲਕ ਪਰਮਾਤਮਾ ਦਾ ਰੂਪ ਹੋ ਜਾਂਦਾ ਹੈ।

ਬ੍ਰਹਮੁ ਦੀਸੈ ਬ੍ਰਹਮੁ ਸੁਣੀਐ ਏਕੁ ਏਕੁ ਵਖਾਣੀਐ ॥

(ਤਦੋਂ ਉਸ ਨੂੰ ਹਰ ਥਾਂ) ਪਰਮਾਤਮਾ ਹੀ (ਵੱਸਦਾ) ਨਜ਼ਰੀਂ ਆਉਂਦਾ ਹੈ, (ਹਰੇਕ ਵਿਚ) ਪਰਮਾਤਮਾ ਹੀ (ਬੋਲਦਾ ਉਸ ਨੂੰ) ਸੁਣੀਦਾ ਹੈ (ਉਸ ਨੂੰ ਇਉਂ ਜਾਪਦਾ ਹੈ ਕਿ ਹਰ ਥਾਂ) ਇਕ ਪਰਮਾਤਮਾ ਦਾ ਹੀ ਜ਼ਿਕਰ ਹੋ ਰਿਹਾ ਹੈ।

ਆਤਮ ਪਸਾਰਾ ਕਰਣਹਾਰਾ ਪ੍ਰਭ ਬਿਨਾ ਨਹੀ ਜਾਣੀਐ ॥

(ਉਸ ਨੂੰ ਹਰ ਥਾਂ) ਸਿਰਜਣਹਾਰ ਦੀ ਆਤਮਾ ਦਾ ਹੀ ਖਿਲਾਰਾ ਦਿੱਸਦਾ ਹੈ, ਪ੍ਰਭੂ ਤੋਂ ਬਿਨਾ ਉਹ ਕਿਸੇ ਹੋਰ ਨੂੰ ਕਿਤੇ ਨਹੀਂ ਪਛਾਣਦਾ।

ਆਪਿ ਕਰਤਾ ਆਪਿ ਭੁਗਤਾ ਆਪਿ ਕਾਰਣੁ ਕੀਆ ॥

(ਉਸ ਨੂੰ ਨਿਸ਼ਚਾ ਹੋ ਜਾਂਦਾ ਹੈ ਕਿ) ਪਰਮਾਤਮਾ ਆਪ (ਹੀ ਸਭ ਨੂੰ) ਪੈਦਾ ਕਰਨ ਵਾਲਾ ਹੈ, (ਜੀਵਾਂ ਵਿਚ ਵਿਆਪਕ ਹੋ ਕੇ) ਆਪ (ਹੀ ਸਾਰੇ ਰੰਗ) ਮਾਣ ਰਿਹਾ ਹੈ, ਉਹ ਆਪ ਹੀ ਹਰੇਕ ਕੰਮ ਦੀ ਪ੍ਰੇਰਨਾ ਕਰ ਰਿਹਾ ਹੈ।

ਬਿਨਵੰਤਿ ਨਾਨਕ ਸੇਈ ਜਾਣਹਿ ਜਿਨੑੀ ਹਰਿ ਰਸੁ ਪੀਆ ॥੪॥੨॥

(ਪਰ) ਨਾਨਕ ਬੇਨਤੀ ਕਰਦਾ ਹੈ (ਕਿ ਇਸ ਅਵਸਥਾ ਨੂੰ) ਉਹੀ ਮਨੁੱਖ ਸਮਝਦੇ ਹਨ, ਜਿਨ੍ਹਾਂ ਨੇ ਪਰਮਾਤਮਾ ਦੇ ਨਾਮ ਦਾ ਸੁਆਦ ਚੱਖਿਆ ਹੈ ॥੪॥੨॥


ਸੂਚੀ (1 - 1430)
ਜਪੁ ਅੰਗ: 1 - 8
ਸੋ ਦਰੁ ਅੰਗ: 8 - 10
ਸੋ ਪੁਰਖੁ ਅੰਗ: 10 - 12
ਸੋਹਿਲਾ ਅੰਗ: 12 - 13
ਸਿਰੀ ਰਾਗੁ ਅੰਗ: 14 - 93
ਰਾਗੁ ਮਾਝ ਅੰਗ: 94 - 150
ਰਾਗੁ ਗਉੜੀ ਅੰਗ: 151 - 346
ਰਾਗੁ ਆਸਾ ਅੰਗ: 347 - 488
ਰਾਗੁ ਗੂਜਰੀ ਅੰਗ: 489 - 526
ਰਾਗੁ ਦੇਵਗੰਧਾਰੀ ਅੰਗ: 527 - 536
ਰਾਗੁ ਬਿਹਾਗੜਾ ਅੰਗ: 537 - 556
ਰਾਗੁ ਵਡਹੰਸੁ ਅੰਗ: 557 - 594
ਰਾਗੁ ਸੋਰਠਿ ਅੰਗ: 595 - 659
ਰਾਗੁ ਧਨਾਸਰੀ ਅੰਗ: 660 - 695
ਰਾਗੁ ਜੈਤਸਰੀ ਅੰਗ: 696 - 710
ਰਾਗੁ ਟੋਡੀ ਅੰਗ: 711 - 718
ਰਾਗੁ ਬੈਰਾੜੀ ਅੰਗ: 719 - 720
ਰਾਗੁ ਤਿਲੰਗ ਅੰਗ: 721 - 727
ਰਾਗੁ ਸੂਹੀ ਅੰਗ: 728 - 794
ਰਾਗੁ ਬਿਲਾਵਲੁ ਅੰਗ: 795 - 858
ਰਾਗੁ ਗੋਂਡ ਅੰਗ: 859 - 875
ਰਾਗੁ ਰਾਮਕਲੀ ਅੰਗ: 876 - 974
ਰਾਗੁ ਨਟ ਨਾਰਾਇਨ ਅੰਗ: 975 - 983
ਰਾਗੁ ਮਾਲੀ ਗਉੜਾ ਅੰਗ: 984 - 988
ਰਾਗੁ ਮਾਰੂ ਅੰਗ: 989 - 1106
ਰਾਗੁ ਤੁਖਾਰੀ ਅੰਗ: 1107 - 1117
ਰਾਗੁ ਕੇਦਾਰਾ ਅੰਗ: 1118 - 1124
ਰਾਗੁ ਭੈਰਉ ਅੰਗ: 1125 - 1167
ਰਾਗੁ ਬਸੰਤੁ ਅੰਗ: 1168 - 1196
ਰਾਗੁ ਸਾਰੰਗ ਅੰਗ: 1197 - 1253
ਰਾਗੁ ਮਲਾਰ ਅੰਗ: 1254 - 1293
ਰਾਗੁ ਕਾਨੜਾ ਅੰਗ: 1294 - 1318
ਰਾਗੁ ਕਲਿਆਨ ਅੰਗ: 1319 - 1326
ਰਾਗੁ ਪ੍ਰਭਾਤੀ ਅੰਗ: 1327 - 1351
ਰਾਗੁ ਜੈਜਾਵੰਤੀ ਅੰਗ: 1352 - 1359
ਸਲੋਕ ਸਹਸਕ੍ਰਿਤੀ ਅੰਗ: 1353 - 1360
ਗਾਥਾ ਮਹਲਾ ੫ ਅੰਗ: 1360 - 1361
ਫੁਨਹੇ ਮਹਲਾ ੫ ਅੰਗ: 1361 - 1663
ਚਉਬੋਲੇ ਮਹਲਾ ੫ ਅੰਗ: 1363 - 1364
ਸਲੋਕੁ ਭਗਤ ਕਬੀਰ ਜੀਉ ਕੇ ਅੰਗ: 1364 - 1377
ਸਲੋਕੁ ਸੇਖ ਫਰੀਦ ਕੇ ਅੰਗ: 1377 - 1385
ਸਵਈਏ ਸ੍ਰੀ ਮੁਖਬਾਕ ਮਹਲਾ ੫ ਅੰਗ: 1385 - 1389
ਸਵਈਏ ਮਹਲੇ ਪਹਿਲੇ ਕੇ ਅੰਗ: 1389 - 1390
ਸਵਈਏ ਮਹਲੇ ਦੂਜੇ ਕੇ ਅੰਗ: 1391 - 1392
ਸਵਈਏ ਮਹਲੇ ਤੀਜੇ ਕੇ ਅੰਗ: 1392 - 1396
ਸਵਈਏ ਮਹਲੇ ਚਉਥੇ ਕੇ ਅੰਗ: 1396 - 1406
ਸਵਈਏ ਮਹਲੇ ਪੰਜਵੇ ਕੇ ਅੰਗ: 1406 - 1409
ਸਲੋਕੁ ਵਾਰਾ ਤੇ ਵਧੀਕ ਅੰਗ: 1410 - 1426
ਸਲੋਕੁ ਮਹਲਾ ੯ ਅੰਗ: 1426 - 1429
ਮੁੰਦਾਵਣੀ ਮਹਲਾ ੫ ਅੰਗ: 1429 - 1429
ਰਾਗਮਾਲਾ ਅੰਗ: 1430 - 1430