ਹੇ ਪਾਂਡੇ! ਤੇਰੇ ਸ੍ਰੀ ਰਾਮ ਚੰਦਰ ਜੀ ਭੀ ਆਉਂਦੇ ਵੇਖੇ ਹਨ (ਭਾਵ, ਜਿਸ ਸ੍ਰੀ ਰਾਮ ਚੰਦਰ ਜੀ ਦੀ ਤੂੰ ਉਪਾਸ਼ਨਾ ਕਰਦਾ ਹੈਂ, ਉਹਨਾਂ ਦੀ ਬਾਬਤ ਭੀ ਤੈਥੋਂ ਇਹੀ ਕੁਝ ਅਸਾਂ ਸੁਣਿਆ ਹੈ ਕਿ)
ਰਾਵਣ ਨਾਲ ਉਹਨਾਂ ਦੀ ਲੜਾਈ ਹੋ ਪਈ, ਕਿਉਂਕਿ ਉਹ ਵਹੁਟੀ (ਸੀਤਾ ਜੀ) ਗਵਾ ਬੈਠੇ ਸਨ ॥੩॥
ਸੋ ਹਿੰਦੂ ਦੋਵੇਂ ਅੱਖਾਂ ਗਵਾ ਬੈਠਾ ਹੈ, ਪਰ ਮੁਸਲਮਾਨ ਦੀ ਇੱਕ ਅੱਖ ਹੀ ਖ਼ਰਾਬ ਹੋਈ ਹੈ;
ਇਹਨਾਂ ਦੋਹਾਂ ਨਾਲੋਂ ਸਿਆਣਾ ਉਹ ਬੰਦਾ ਹੈ ਜਿਸ ਨੂੰ (ਪ੍ਰਭੂ ਦੀ ਹਸਤੀ ਦਾ ਸਹੀ) ਗਿਆਨ ਹੋ ਗਿਆ ਹੈ।
(ਹਿੰਦੂ ਨੇ ਇੱਕ ਅੱਖ ਤਾਂ ਤਦੋਂ ਗਵਾਈ ਜਦੋਂ ਉਹ ਆਪਣੇ ਇਸ਼ਟ ਬਾਰੇ ਸ਼ਰਧਾ-ਹੀਣ ਕਹਾਣੀਆਂ ਘੜਨ ਲੱਗ ਪਿਆ, ਤੇ ਦੂਜੀ ਗਵਾਈ, ਜਦੋਂ ਉਹ ਪਰਮਾਤਮਾ ਨੂੰ ਨਿਰਾ ਮੰਦਰ ਵਿਚ ਬੈਠਾ ਸਮਝ ਕੇ) ਮੰਦਰ ਨੂੰ ਪੂਜਣ ਲੱਗ ਪਿਆ, ਮੁਸਲਮਾਨ (ਦੀ ਹਜ਼ਰਤ ਮੁਹੰਮਦ ਸਾਹਿਬ ਵਿਚ ਪੂਰੀ ਸ਼ਰਧਾ ਹੋਣ ਕਰਕੇ ਇੱਕ ਅੱਖ ਤਾਂ ਸਾਬਤ ਹੈ ਪਰ ਦੂਜੀ ਗਵਾ ਬੈਠਾ ਹੈ, ਕਿਉਂਕਿ ਰੱਬ ਨੂੰ ਨਿਰਾ ਮਸਜਿਦ ਵਿਚ ਜਾਣ ਕੇ) ਮਸਜਿਦ ਨੂੰ ਹੀ ਰੱਬ ਦਾ ਘਰ ਸਮਝ ਰਿਹਾ ਹੈ।
ਮੈਂ ਨਾਮਦੇਵ ਉਸ ਪਰਮਾਤਮਾ ਦਾ ਸਿਮਰਨ ਕਰਦਾ ਹਾਂ ਜਿਸ ਦਾ ਨਾਹ ਕੋਈ ਖ਼ਾਸ ਮੰਦਰ ਹੈ ਤੇ ਨਾ ਮਸਜਿਦ ॥੪॥੩॥੭॥
ਰਾਗ ਗੋਂਡ, ਘਰ ੨ ਵਿੱਚ ਭਗਤ ਰਵਿਦਾਸ ਜੀ ਦੀ ਬਾਣੀ।
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।
ਹੇ ਲੋਕੋ! ਮੁਕਤੀ-ਦਾਤੇ ਪ੍ਰਭੂ ਨੂੰ ਸਦਾ ਸਿਮਰੋ,
ਉਸ ਦੇ ਸਿਮਰਨ ਤੋਂ ਬਿਨਾ ਇਹ ਸਰੀਰ ਵਿਅਰਥ ਹੀ ਚਲਾ ਜਾਂਦਾ ਹੈ।
ਉਹ ਪ੍ਰਭੂ ਹੀ ਦੁਨੀਆ ਦੇ ਬੰਧਨਾਂ ਤੋਂ ਮੇਰੀ ਰਾਖੀ ਕਰ ਸਕਦਾ ਹੈ।
ਮੇਰਾ ਤਾਂ ਮਾਂ ਪਿਉ ਹੀ ਉਹ ਪ੍ਰਭੂ ਹੈ ॥੧॥
ਬੰਦਗੀ ਕਰਨ ਵਾਲਾ ਜਿਊਂਦਾ ਭੀ ਪ੍ਰਭੂ ਨੂੰ ਸਿਮਰਦਾ ਹੈ ਤੇ ਮਰਦਾ ਭੀ ਉਸੇ ਨੂੰ ਯਾਦ ਕਰਦਾ ਹੈ (ਸਾਰੀ ਉਮਰ ਹੀ ਪ੍ਰਭੂ ਨੂੰ ਚੇਤੇ ਰੱਖਦਾ ਹੈ)
ਮਾਇਆ ਦੇ ਬੰਧਨਾਂ ਤੋਂ ਖ਼ਲਾਸੀ ਦੇਣ ਵਾਲੇ ਪ੍ਰਭੂ ਦੀ ਬੰਦਗੀ ਕਰਨ ਵਾਲੇ ਨੂੰ ਸਦਾ ਹੀ ਅਨੰਦ ਬਣਿਆ ਰਹਿੰਦਾ ਹੈ ॥੧॥ ਰਹਾਉ ॥
ਪ੍ਰਭੂ ਦਾ ਸਿਮਰਨ ਮੇਰੀ ਜਿੰਦ (ਦਾ ਆਸਰਾ ਬਣ ਗਿਆ) ਹੈ,
ਪ੍ਰਭੂ ਨੂੰ ਸਿਮਰ ਕੇ ਮੇਰੇ ਮੱਥੇ ਉੱਤੇ ਭਾਗ ਜਾਗ ਪਏ ਹਨ;
ਪ੍ਰਭੂ ਦੀ ਭਗਤੀ (ਮਨੁੱਖ ਨੂੰ) ਵੈਰਾਗਵਾਨ ਕਰ ਦੇਂਦੀ ਹੈ,
ਮੈਨੂੰ ਗ਼ਰੀਬ ਨੂੰ ਪ੍ਰਭੂ ਦਾ ਨਾਮ ਹੀ ਧਨ ਲੱਭ ਪਿਆ ਹੈ ॥੨॥
ਜੇ ਇੱਕ ਪਰਮਾਤਮਾ ਮੇਰੇ ਉੱਤੇ ਮਿਹਰ ਕਰੇ,
ਤਾਂ (ਮੈਨੂੰ ਚਮਾਰ ਚਮਾਰ ਆਖਣ ਵਾਲੇ ਇਹ) ਲੋਕ ਮੇਰਾ ਕੁਝ ਭੀ ਵਿਗਾੜ ਨਹੀਂ ਸਕਦੇ।
ਹੇ ਪ੍ਰਭੂ! (ਤੇਰੀ ਭਗਤੀ ਨੇ) ਮੇਰੀ (ਨੀਵੀਂ) ਜਾਤ (ਵਾਲੀ ਢਹਿੰਦੀ ਕਲਾ ਮੇਰੇ ਅੰਦਰੋਂ) ਮਿਟਾ ਦਿੱਤੀ ਹੈ, ਕਿਉਂਕਿ ਮੈਂ ਸਦਾ ਤੇਰੇ ਦਰ ਤੇ ਹੁਣ ਰਹਿੰਦਾ ਹਾਂ;
ਤੂੰ ਹੀ ਸਦਾ ਮੈਨੂੰ (ਦੁਨੀਆ ਦੇ ਬੰਧਨਾਂ ਤੇ ਮੁਥਾਜੀਆਂ ਤੋਂ) ਪਾਰ ਲੰਘਾਉਣ ਵਾਲਾ ਹੈਂ ॥੩॥
(ਪ੍ਰਭੂ ਦੀ ਬੰਦਗੀ ਨਾਲ ਮੇਰੇ ਅੰਦਰ) ਆਤਮਕ ਜੀਵਨ ਦੀ ਸੂਝ ਪੈਦਾ ਹੋ ਗਈ ਹੈ, ਚਾਨਣ ਹੋ ਗਿਆ ਹੈ।
ਮਿਹਰ ਕਰ ਕੇ ਮੈਨੂੰ ਨਿਮਾਣੇ ਦਾਸ ਨੂੰ ਪ੍ਰਭੂ ਨੇ ਆਪਣਾ ਬਣਾ ਲਿਆ ਹੈ।
ਰਵਿਦਾਸ ਆਖਦਾ ਹੈ- ਹੁਣ ਮੇਰੀ ਤ੍ਰਿਸ਼ਨਾ ਮੁੱਕ ਗਈ ਹੈ,
ਮੈਂ ਹੁਣ ਪ੍ਰਭੂ ਨੂੰ ਸਿਮਰਦਾ ਹਾਂ, ਨਿੱਤ ਪ੍ਰਭੂ ਦੀ ਹੀ ਭਗਤੀ ਕਰਦਾ ਹਾਂ ॥੪॥੧॥
ਜੇ ਕੋਈ ਮਨੁੱਖ ਅਠਾਹਠ ਤੀਰਥਾਂ ਦਾ ਇਸ਼ਨਾਨ (ਭੀ) ਕਰੇ,
ਜੇ ਬਾਰਾਂ ਸ਼ਿਵਲਿੰਗਾਂ ਦੀ ਪੂਜਾ ਭੀ ਕਰੇ,
ਜੇ (ਲੋਕਾਂ ਦੇ ਭਲੇ ਲਈ) ਖੂਹ ਤਲਾਬ (ਆਦਿਕ) ਲਵਾਏ;
ਪਰ ਜੇ ਉਹ (ਗੁਰਮੁਖਾਂ ਦੀ) ਨਿੰਦਿਆ ਕਰਦਾ ਹੈ, ਤਾਂ ਉਸ ਦੀ ਇਹ ਸਾਰੀ ਮਿਹਨਤ ਵਿਅਰਥ ਜਾਂਦੀ ਹੈ ॥੧॥
ਸਾਧੂ ਗੁਰਮੁਖਿ ਦੀ ਨਿੰਦਾ ਕਰਨ ਵਾਲਾ ਮਨੁੱਖ (ਜਗਤ ਦੀਆਂ ਨਿਵਾਣਾਂ ਵਿਚੋਂ) ਪਾਰ ਨਹੀਂ ਲੰਘ ਸਕਦਾ,
ਯਕੀਨ ਨਾਲ ਜਾਣੋ ਉਹ ਸਦਾ ਨਰਕ ਵਿਚ ਹੀ ਪਿਆ ਰਹਿੰਦਾ ਹੈ ॥੧॥ ਰਹਾਉ ॥
ਜੇ ਕੋਈ ਮਨੁੱਖ ਕੁਲਖੇਤ੍ਰ ਤੇ (ਜਾ ਕੇ) ਗ੍ਰਹਿਣ (ਦਾ ਇਸ਼ਨਾਨ) ਕਰੇ,
ਗਹਿਣਿਆਂ ਸਮੇਤ ਆਪਣੀ ਵਹੁਟੀ (ਬ੍ਰਾਹਮਣਾਂ ਨੂੰ) ਦਾਨ ਕਰ ਦੇਵੇ,
ਸਾਰੀਆਂ ਸਿਮ੍ਰਿਤੀਆਂ ਧਿਆਨ ਨਾਲ ਸੁਣੇ;
ਪਰ ਜੇ ਉਹ ਭਲਿਆਂ ਦੀ ਨਿੰਦਿਆ ਕਰਦਾ ਹੈ, ਤਾਂ ਇਹਨਾਂ ਸਾਰੇ ਕੰਮਾਂ ਤੋਂ ਕੋਈ ਭੀ ਲਾਭ ਨਹੀਂ ॥੨॥
ਜੇ ਕੋਈ ਮਨੁੱਖ ਠਾਕਰਾਂ ਨੂੰ ਕਈ ਤਰ੍ਹਾਂ ਦੇ ਭੋਗ ਲਵਾਵੇ,
ਜ਼ਮੀਨ ਦਾ ਦਾਨ ਕਰੇ (ਜਿਸ ਕਰਕੇ) ਜਗਤ ਵਿਚ ਸ਼ੋਭਾ ਖੱਟ ਲਏ,
ਜੇ ਆਪਣਾ ਨੁਕਸਾਨ ਕਰ ਕੇ ਭੀ ਦੂਜਿਆਂ ਦੇ ਕੰਮ ਸਵਾਰੇ,
ਤਾਂ ਭੀ ਜੇ ਉਹ ਭਲਿਆਂ ਦੀ ਨਿੰਦਿਆ ਕਰਦਾ ਹੈ ਤਾਂ ਕਈ ਜੂਨਾਂ ਵਿਚ ਭਟਕਦਾ ਹੈ ॥੩॥
ਹੇ ਦੁਨੀਆ ਦੇ ਲੋਕੋ! ਤੁਸੀ (ਸੰਤਾਂ ਦੀ) ਨਿੰਦਿਆ ਕਿਉਂ ਕਰਦੇ ਹੋ?
(ਭਾਵੇਂ ਬਾਹਰੋਂ ਕਈ ਧਾਰਮਿਕ ਕੰਮ ਕਰੇ, ਪਰ ਜੇ ਮਨੁੱਖ ਸੰਤ ਦੀ ਨਿੰਦਾ ਕਰਦਾ ਹੈ ਤਾਂ ਸਾਰੇ ਧਾਰਮਿਕ ਕੰਮ ਇਕ ਠੱਗੀ ਹੀ ਹੈ, ਤੇ) ਨਿੰਦਕ ਦੀ ਇਹ ਠੱਗੀ ਦੀ ਦੁਕਾਨ ਉੱਘੜ ਪੈਂਦੀ ਹੈ।
ਨਿੰਦਕ (ਬਾਬਤ) ਅਸਾਂ ਚੰਗੀ ਤਰ੍ਹਾਂ ਵਿਚਾਰ ਕੇ ਵੇਖ ਲਿਆ ਹੈ,
ਰਵਿਦਾਸ ਆਖਦਾ ਹੈ- (ਕਿ ਸੰਤ ਦਾ ਨਿੰਦਕ) ਕੁਕਰਮੀ ਰਹਿੰਦਾ ਹੈ ਤੇ ਨਰਕ ਵਿਚ ਪਿਆ ਰਹਿੰਦਾ ਹੈ ॥੪॥੨॥੧੧॥੭॥੨॥੪੯॥ਜੋੜੁ ॥