ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ

ਅੰਗ - 919


ਗੁਰਪਰਸਾਦੀ ਜਿਨੀ ਆਪੁ ਤਜਿਆ ਹਰਿ ਵਾਸਨਾ ਸਮਾਣੀ ॥

ਪਰ ਜਿਨ੍ਹਾਂ ਨੇ ਗੁਰੂ ਦੀ ਕਿਰਪਾ ਨਾਲ ਆਪਾ-ਭਾਵ ਛੱਡ ਦਿੱਤਾ ਹੈ, ਉਹਨਾਂ ਦੀ (ਮਾਇਕ) ਵਾਸਨਾ ਹਰੀ-ਪ੍ਰਭੂ ਦੀ ਯਾਦ ਵਿਚ ਮੁੱਕ ਜਾਂਦੀ ਹੈ।

ਕਹੈ ਨਾਨਕੁ ਚਾਲ ਭਗਤਾ ਜੁਗਹੁ ਜੁਗੁ ਨਿਰਾਲੀ ॥੧੪॥

ਨਾਨਕ ਆਖਦਾ ਹੈ ਕਿ (ਆਤਮਕ ਆਨੰਦ ਮਾਣਨ ਵਾਲੇ) ਭਗਤ ਜਨਾਂ ਦੀ ਜੀਵਨ-ਜੁਗਤੀ ਸਦਾ ਤੋਂ ਹੀ (ਦੁਨੀਆ ਨਾਲੋਂ) ਵੱਖਰੀ ਚਲੀ ਆ ਰਹੀ ਹੈ ॥੧੪॥

ਜਿਉ ਤੂ ਚਲਾਇਹਿ ਤਿਵ ਚਲਹ ਸੁਆਮੀ ਹੋਰੁ ਕਿਆ ਜਾਣਾ ਗੁਣ ਤੇਰੇ ॥

ਹੇ ਮਾਲਕ-ਪ੍ਰਭੂ! ਜਿਵੇਂ ਤੂੰ (ਸਾਨੂੰ ਜੀਵਾਂ ਨੂੰ ਜੀਵਨ-ਸੜਕ ਉਤੇ) ਤੋਰਦਾ ਹੈਂ, ਤਿਵੇਂ ਅਸੀਂ ਤੁਰਦੇ ਹਾਂ (ਬੱਸ! ਮੈਨੂੰ ਇਤਨੀ ਹੀ ਸੂਝ ਪਈ ਹੈ), ਤੇਰੇ ਗੁਣਾਂ ਦਾ ਹੋਰ ਭੇਤ ਮੈਂ ਨਹੀਂ ਜਾਣਦਾ।

ਜਿਵ ਤੂ ਚਲਾਇਹਿ ਤਿਵੈ ਚਲਹ ਜਿਨਾ ਮਾਰਗਿ ਪਾਵਹੇ ॥

(ਮੈਂ ਇਹੀ ਸਮਝਿਆ ਹਾਂ ਕਿ) ਜਿਸ ਰਾਹੇ ਤੂੰ ਸਾਨੂੰ ਤੋਰਦਾ ਹੈਂ, ਉਸੇ ਰਾਹੇ ਅਸੀਂ ਤੁਰਦੇ ਹਾਂ। ਜਿਨ੍ਹਾਂ ਬੰਦਿਆਂ ਨੂੰ (ਆਤਮਕ ਆਨੰਦ ਮਾਣਨ ਦੇ) ਰਸਤੇ ਉਤੇ ਤੋਰਦਾ ਹੈਂ,

ਕਰਿ ਕਿਰਪਾ ਜਿਨ ਨਾਮਿ ਲਾਇਹਿ ਸਿ ਹਰਿ ਹਰਿ ਸਦਾ ਧਿਆਵਹੇ ॥

ਜਿਨ੍ਹਾਂ ਨੂੰ ਮੇਹਰ ਕਰ ਕੇ ਆਪਣੇ ਨਾਮ ਵਿਚ ਜੋੜਦਾ ਹੈਂ, ਉਹ ਬੰਦੇ ਸਦਾ ਹਰੀ-ਨਾਮ ਸਿਮਰਦੇ ਹਨ।

ਜਿਸ ਨੋ ਕਥਾ ਸੁਣਾਇਹਿ ਆਪਣੀ ਸਿ ਗੁਰਦੁਆਰੈ ਸੁਖੁ ਪਾਵਹੇ ॥

ਜਿਸ ਜਿਸ ਮਨੁੱਖ ਨੂੰ ਤੂੰ ਆਪਣੀ ਸਿਫ਼ਤ-ਸਾਲਾਹ ਦੀ ਬਾਣੀ ਸੁਣਾਉਂਦਾ ਹੈਂ (ਸੁਣਨ ਵਲ ਪ੍ਰੇਰਦਾ ਹੈਂ), ਉਹ ਬੰਦੇ ਗੁਰੂ ਦੇ ਦਰ ਤੇ (ਪਹੁੰਚ ਕੇ) ਆਤਮਕ ਆਨੰਦ ਮਾਣਦੇ ਹਨ।

ਕਹੈ ਨਾਨਕੁ ਸਚੇ ਸਾਹਿਬ ਜਿਉ ਭਾਵੈ ਤਿਵੈ ਚਲਾਵਹੇ ॥੧੫॥

ਨਾਨਕ ਆਖਦਾ ਹੈ ਕਿ ਹੇ ਸਦਾ-ਥਿਰ ਰਹਿਣ ਵਾਲੇ ਮਾਲਕ! ਜਿਵੇਂ ਤੈਨੂੰ ਚੰਗਾ ਲੱਗਦਾ ਹੈ, ਉਸੇ ਤਰ੍ਹਾਂ ਤੂੰ (ਸਾਨੂੰ ਜੀਵਾਂ ਨੂੰ) ਜੀਵਨ-ਰਾਹ ਉਤੇ ਤੋਰਦਾ ਹੈਂ ॥੧੫॥

ਏਹੁ ਸੋਹਿਲਾ ਸਬਦੁ ਸੁਹਾਵਾ ॥

(ਸਤਿਗੁਰੂ ਦਾ) ਇਹ ਸੋਹਣਾ ਸ਼ਬਦ (ਆਤਮਕ) ਆਨੰਦ ਦੇਣ ਵਾਲਾ ਗੀਤ ਹੈ,

ਸਬਦੋ ਸੁਹਾਵਾ ਸਦਾ ਸੋਹਿਲਾ ਸਤਿਗੁਰੂ ਸੁਣਾਇਆ ॥

(ਯਕੀਨ ਜਾਣੋ ਕਿ) ਸਤਿਗੁਰੂ ਨੇ ਜੇਹੜਾ ਸੋਹਣਾ ਸ਼ਬਦ ਸੁਣਾਇਆ ਹੈ ਉਹ ਸਦਾ ਆਤਮਕ ਆਨੰਦ ਦੇਣ ਵਾਲਾ ਹੈ।

ਏਹੁ ਤਿਨ ਕੈ ਮੰਨਿ ਵਸਿਆ ਜਿਨ ਧੁਰਹੁ ਲਿਖਿਆ ਆਇਆ ॥

ਪਰ ਇਹ ਗੁਰ-ਸ਼ਬਦ ਉਹਨਾਂ ਦੇ ਮਨ ਵਿਚ ਵੱਸਦਾ ਹੈ ਜਿਨ੍ਹਾਂ ਦੇ ਮੱਥੇ ਤੇ ਧੁਰੋਂ ਲਿਖਿਆ ਲੇਖ ਉੱਘੜਦਾ ਹੈ।

ਇਕਿ ਫਿਰਹਿ ਘਨੇਰੇ ਕਰਹਿ ਗਲਾ ਗਲੀ ਕਿਨੈ ਨ ਪਾਇਆ ॥

ਬਥੇਰੇ ਅਨੇਕਾਂ ਐਸੇ ਬੰਦੇ ਫਿਰਦੇ ਹਨ (ਜਿਨ੍ਹਾਂ ਦੇ ਮਨ ਵਿਚ ਗੁਰ-ਸ਼ਬਦ ਤਾਂ ਨਹੀਂ ਵੱਸਿਆ, ਪਰ ਗਿਆਨ ਦੀਆਂ) ਗੱਲਾਂ ਕਰਦੇ ਹਨ। ਨਿਰੀਆਂ ਗੱਲਾਂ ਨਾਲ ਆਤਮਕ ਆਨੰਦ ਕਿਸੇ ਨੂੰ ਨਹੀਂ ਮਿਲਿਆ।

ਕਹੈ ਨਾਨਕੁ ਸਬਦੁ ਸੋਹਿਲਾ ਸਤਿਗੁਰੂ ਸੁਣਾਇਆ ॥੧੬॥

ਨਾਨਕ ਆਖਦਾ ਹੈ ਕਿ ਸਤਿਗੁਰੂ ਦਾ ਸੁਣਾਇਆ ਹੋਇਆ ਸ਼ਬਦ ਹੀ ਆਤਮਕ ਆਨੰਦ-ਦਾਤਾ ਹੈ ॥੧੬॥

ਪਵਿਤੁ ਹੋਏ ਸੇ ਜਨਾ ਜਿਨੀ ਹਰਿ ਧਿਆਇਆ ॥

(ਗੁਰ ਸ਼ਬਦ ਦਾ ਸਦਕਾ) ਜਿਨ੍ਹਾਂ ਬੰਦਿਆਂ ਨੇ ਪਰਮਾਤਮਾ ਦਾ ਨਾਮ ਸਿਮਰਿਆ (ਉਹਨਾਂ ਦੇ ਅੰਦਰ ਐਸਾ ਆਨੰਦ ਪੈਦਾ ਹੋਇਆ ਕਿ ਮਾਇਆ ਵਾਲੇ ਰਸਾਂ ਦੀ ਉਹਨਾਂ ਨੂੰ ਖਿੱਚ ਹੀ ਨਾਹ ਰਹੀ, ਤੇ) ਉਹ ਬੰਦੇ ਪਵਿਤ੍ਰ ਜੀਵਨ ਵਾਲੇ ਬਣ ਗਏ।

ਹਰਿ ਧਿਆਇਆ ਪਵਿਤੁ ਹੋਏ ਗੁਰਮੁਖਿ ਜਿਨੀ ਧਿਆਇਆ ॥

ਗੁਰੂ ਦੀ ਸਰਨ ਪੈ ਕੇ ਜਿਨ੍ਹਾਂ ਜਿਨ੍ਹਾਂ ਨੇ ਹਰੀ ਦਾ ਨਾਮ ਸਿਮਰਿਆ ਉਹ ਸੁੱਧ ਆਚਰਨ ਵਾਲੇ ਹੋ ਗਏ।

ਪਵਿਤੁ ਮਾਤਾ ਪਿਤਾ ਕੁਟੰਬ ਸਹਿਤ ਸਿਉ ਪਵਿਤੁ ਸੰਗਤਿ ਸਬਾਈਆ ॥

(ਉਹਨਾਂ ਦੀ ਲਾਗ ਨਾਲ) ਉਹਨਾਂ ਦੇ ਮਾਤਾ ਪਿਤਾ ਪਰਵਾਰ ਦੇ ਜੀਵ ਪਵਿਤ੍ਰ ਜੀਵਨ ਵਾਲੇ ਬਣੇ, ਜਿਨ੍ਹਾਂ ਜਿਨ੍ਹਾਂ ਨੇ ਉਹਨਾਂ ਦੀ ਸੰਗਤ ਕੀਤੀ ਉਹ ਸਾਰੇ ਪਵਿਤ੍ਰ ਹੋ ਗਏ।

ਕਹਦੇ ਪਵਿਤੁ ਸੁਣਦੇ ਪਵਿਤੁ ਸੇ ਪਵਿਤੁ ਜਿਨੀ ਮੰਨਿ ਵਸਾਇਆ ॥

ਹਰੀ-ਨਾਮ (ਇਕ ਐਸਾ ਆਨੰਦ ਦਾ ਸੋਮਾ ਹੈ ਕਿ ਇਸ ਨੂੰ) ਜਪਣ ਵਾਲੇ ਭੀ ਪਵਿਤ੍ਰ ਤੇ ਸੁਣਨ ਵਾਲੇ ਭੀ ਪਵਿਤ੍ਰ ਹੋ ਜਾਂਦੇ ਹਨ, ਜੇਹੜੇ ਇਸ ਨੂੰ ਮਨ ਵਿਚ ਵਸਾਂਦੇ ਹਨ ਉਹ ਭੀ ਪਵਿਤ੍ਰ ਹੋ ਜਾਂਦੇ ਹਨ।

ਕਹੈ ਨਾਨਕੁ ਸੇ ਪਵਿਤੁ ਜਿਨੀ ਗੁਰਮੁਖਿ ਹਰਿ ਹਰਿ ਧਿਆਇਆ ॥੧੭॥

ਨਾਨਕ ਆਖਦਾ ਹੈ ਕਿ ਜਿਨ੍ਹਾਂ ਬੰਦਿਆਂ ਨੇ ਗੁਰੂ ਦੀ ਸਰਨ ਪੈ ਕੇ ਹਰੀ-ਨਾਮ ਸਿਮਰਿਆ ਹੈ ਉਹ ਸੁੱਧ ਆਚਰਨ ਵਾਲੇ ਹੋ ਗਏ ਹਨ ॥੧੭॥

ਕਰਮੀ ਸਹਜੁ ਨ ਊਪਜੈ ਵਿਣੁ ਸਹਜੈ ਸਹਸਾ ਨ ਜਾਇ ॥

ਮਾਇਆ ਦੇ ਮੋਹ ਵਿਚ ਫਸੇ ਰਿਹਾਂ ਮਨ ਵਿਚ ਸਦਾ ਤੌਖ਼ਲਾ-ਸਹਿਮ ਬਣਿਆ ਰਹਿੰਦਾ ਹੈ, (ਇਹ) ਤੌਖ਼ਲਾ-ਸਹਿਮ ਆਤਮਕ ਆਨੰਦ ਤੋਂ ਬਿਨਾ ਦੂਰ ਨਹੀਂ ਹੁੰਦਾ, (ਤੇ,) ਆਤਮਕ ਆਨੰਦ ਬਾਹਰੋਂ ਧਾਰਮਿਕ ਜਾਪਦੇ ਕਰਮ ਕੀਤਿਆਂ ਪੈਦਾ ਨਹੀਂ ਹੋ ਸਕਦਾ।

ਨਹ ਜਾਇ ਸਹਸਾ ਕਿਤੈ ਸੰਜਮਿ ਰਹੇ ਕਰਮ ਕਮਾਏ ॥

ਅਨੇਕਾਂ ਬੰਦੇ (ਅਜੇਹੇ) ਕਰਮ ਕਰ ਕਰ ਕੇ ਹਾਰ ਗਏ ਹਨ, ਪਰ ਮਨ ਦਾ ਤੌਖ਼ਲਾ-ਸਹਿਮ ਅਜੇਹੇ ਕਿਸੇ ਤਰੀਕੇ ਨਾਲ ਨਹੀਂ ਜਾਂਦਾ।

ਸਹਸੈ ਜੀਉ ਮਲੀਣੁ ਹੈ ਕਿਤੁ ਸੰਜਮਿ ਧੋਤਾ ਜਾਏ ॥

(ਜਿਤਨਾ ਚਿਰ) ਮਨ ਸਹਿਮ ਵਿਚ (ਹੈ ਉਤਨਾ ਚਿਰ) ਮੈਲਾ ਰਹਿੰਦਾ ਹੈ, ਮਨ ਦੀ ਇਹ ਮੈਲ ਕਿਸੇ (ਬਾਹਰਲੀ) ਜੁਗਤੀ ਨਾਲ ਨਹੀਂ ਧੁਪਦੀ।

ਮੰਨੁ ਧੋਵਹੁ ਸਬਦਿ ਲਾਗਹੁ ਹਰਿ ਸਿਉ ਰਹਹੁ ਚਿਤੁ ਲਾਇ ॥

ਗੁਰੂ ਦੇ ਸ਼ਬਦ ਵਿਚ ਜੁੜੋ, ਪਰਮਾਤਮਾ ਦੇ ਚਰਨਾਂ ਵਿਚ ਸਦਾ ਚਿੱਤ ਜੋੜੀ ਰੱਖੋ, (ਜੇ) ਮਨ (ਧੋਣਾ ਹੈ ਤਾਂ ਇਸ ਤਰ੍ਹਾਂ) ਧੋਵੋ।

ਕਹੈ ਨਾਨਕੁ ਗੁਰਪਰਸਾਦੀ ਸਹਜੁ ਉਪਜੈ ਇਹੁ ਸਹਸਾ ਇਵ ਜਾਇ ॥੧੮॥

ਨਾਨਕ ਆਖਦਾ ਹੈ ਕਿ ਗੁਰੂ ਦੀ ਕਿਰਪਾ ਨਾਲ ਹੀ (ਮਨੁੱਖ ਦੇ ਅੰਦਰ) ਆਤਮਕ ਆਨੰਦ ਪੈਦਾ ਹੁੰਦਾ ਹੈ, ਤੇ ਇਸ ਤਰ੍ਹਾਂ ਮਨ ਦਾ ਤੌਖ਼ਲਾ-ਸਹਿਮ ਦੂਰ ਹੋ ਜਾਂਦਾ ਹੈ ॥੧੮॥

ਜੀਅਹੁ ਮੈਲੇ ਬਾਹਰਹੁ ਨਿਰਮਲ ॥

(ਨਿਰੇ ਬਾਹਰੋਂ ਧਾਰਮਿਕ ਦਿੱਸਦੇ ਕਰਮ ਕਰਨ ਵਾਲੇ ਬੰਦੇ) ਮਨ ਵਿਚ (ਵਿਕਾਰਾਂ ਨਾਲ) ਮੈਲੇ ਰਹਿੰਦੇ ਹਨ ਤੇ ਸਿਰਫ਼ ਵੇਖਣ ਨੂੰ ਹੀ ਪਵਿਤ੍ਰ ਜਾਪਦੇ ਹਨ।

ਬਾਹਰਹੁ ਨਿਰਮਲ ਜੀਅਹੁ ਤ ਮੈਲੇ ਤਿਨੀ ਜਨਮੁ ਜੂਐ ਹਾਰਿਆ ॥

ਤੇ, ਜੇਹੜੇ ਬੰਦੇ ਬਾਹਰੋਂ ਪਵਿਤ੍ਰ ਦਿੱਸਣ, ਉਂਞ ਮਨੋਂ ਵਿਕਾਰੀ ਹੋਣ, ਉਹਨਾਂ ਨੇ ਆਪਣਾ ਜੀਵਨ ਇਉਂ ਵਿਅਰਥ ਗਵਾ ਲਿਆ ਸਮਝੋ ਜਿਵੇਂ ਕੋਈ ਜੁਆਰੀਆ ਜੂਏ ਵਿਚ ਧਨ ਹਾਰ ਆਉਂਦਾ ਹੈ।

ਏਹ ਤਿਸਨਾ ਵਡਾ ਰੋਗੁ ਲਗਾ ਮਰਣੁ ਮਨਹੁ ਵਿਸਾਰਿਆ ॥

(ਉਹਨਾਂ ਨੂੰ ਅੰਦਰੋ-ਅੰਦਰ) ਮਾਇਆ ਦੀ ਤ੍ਰਿਸ਼ਨਾ ਦਾ ਭਾਰਾ ਰੋਗ ਖਾਈ ਜਾਂਦਾ ਹੈ, (ਮਾਇਆ ਦੇ ਲਾਲਚ ਵਿਚ) ਮੌਤ ਨੂੰ ਉਹਨਾਂ ਭੁਲਾਇਆ ਹੁੰਦਾ ਹੈ।

ਵੇਦਾ ਮਹਿ ਨਾਮੁ ਉਤਮੁ ਸੋ ਸੁਣਹਿ ਨਾਹੀ ਫਿਰਹਿ ਜਿਉ ਬੇਤਾਲਿਆ ॥

(ਲੋਕਾਂ ਦੀਆਂ ਨਜ਼ਰਾਂ ਵਿਚ ਧਾਰਮਿਕ ਦਿੱਸਣ ਵਾਸਤੇ ਉਹ ਆਪਣੇ ਬਾਹਰੋਂ ਧਾਰਮਿਕ ਦਿੱਸਦੇ ਕਰਮਾਂ ਦੀ ਵਡਿਆਈ ਦੱਸਣ ਲਈ ਵੇਦ ਆਦਿਕ ਧਰਮ-ਪੁਸਤਕਾਂ ਵਿਚੋਂ ਹਵਾਲੇ ਦੇਂਦੇ ਹਨ, ਪਰ) ਵੇਦ ਆਦਿਕ ਧਰਮ-ਪੁਸਤਕਾਂ ਵਿਚ ਜੋ ਪ੍ਰਭੂ ਦਾ ਨਾਮ ਜਪਣ ਦਾ ਉੱਤਮ ਉਪਦੇਸ਼ ਹੈ ਉਸ ਵਲ ਉਹ ਧਿਆਨ ਨਹੀਂ ਕਰਦੇ, ਤੇ ਭੂਤਾਂ ਵਾਂਗ ਹੀ ਜਗਤ ਵਿਚ ਵਿਚਰਦੇ ਹਨ (ਜੀਵਨ-ਤਾਲ ਤੋਂ ਖੁੰਝੇ ਰਹਿੰਦੇ ਹਨ)।

ਕਹੈ ਨਾਨਕੁ ਜਿਨ ਸਚੁ ਤਜਿਆ ਕੂੜੇ ਲਾਗੇ ਤਿਨੀ ਜਨਮੁ ਜੂਐ ਹਾਰਿਆ ॥੧੯॥

ਨਾਨਕ ਆਖਦਾ ਹੈ ਕਿ ਜਿਨ੍ਹਾਂ ਨੇ ਪਰਮਾਤਮਾ ਦਾ ਨਾਮ (-ਸਿਮਰਨ) ਛੱਡਿਆ ਹੋਇਆ ਹੈ, ਤੇ ਜੋ ਮਾਇਆ ਦੇ ਮੋਹ ਵਿਚ ਫਸੇ ਹੋਏ ਹਨ, ਉਹਨਾਂ ਆਪਣੀ ਜੀਵਨ-ਖੇਡ ਜੂਏ ਵਿਚ ਹਾਰ ਲਈ ਸਮਝੋ ॥੧੯॥

ਜੀਅਹੁ ਨਿਰਮਲ ਬਾਹਰਹੁ ਨਿਰਮਲ ॥

ਉਹ ਬੰਦੇ ਮਨੋਂ ਭੀ ਪਵਿਤ੍ਰ ਹੁੰਦੇ ਹਨ, ਤੇ ਬਾਹਰੋਂ ਭੀ ਪਵਿਤ੍ਰ ਹੁੰਦੇ ਹਨ,

ਬਾਹਰਹੁ ਤ ਨਿਰਮਲ ਜੀਅਹੁ ਨਿਰਮਲ ਸਤਿਗੁਰ ਤੇ ਕਰਣੀ ਕਮਾਣੀ ॥

ਜੋ ਬੰਦੇ (ਆਚਰਨ-ਉਸਾਰੀ ਦੀ) ਉਹ ਕਮਾਈ ਕਰਦੇ ਹਨ ਜਿਸ ਦੀ ਹਿਦਾਇਤ ਗੁਰੂ ਤੋਂ ਮਿਲਦੀ ਹੈ, ਉਹ ਮਨੋਂ ਭੀ ਪਵਿਤ੍ਰ ਹੁੰਦੇ ਹਨ, ਤੇ ਬਾਹਰੋਂ ਭੀ ਪਵਿਤ੍ਰ ਹੁੰਦੇ ਹਨ (ਭਾਵ, ਉਹਨਾਂ ਦਾ ਜਗਤ ਨਾਲ ਵਰਤਾਰਾ ਭੀ ਸੁਚੱਜਾ ਹੁੰਦਾ ਹੈ), ਉਹ ਬਾਹਰੋਂ ਭੀ ਪਵਿਤ੍ਰ ਤੇ ਅੰਦਰੋਂ ਭੀ ਸੁੱਚੇ ਰਹਿੰਦੇ ਹਨ।

ਕੂੜ ਕੀ ਸੋਇ ਪਹੁਚੈ ਨਾਹੀ ਮਨਸਾ ਸਚਿ ਸਮਾਣੀ ॥

ਉਹਨਾਂ ਦੇ ਮਨ ਦਾ ਮਾਇਕ ਫੁਰਨਾ ਸਿਮਰਨ ਵਿਚ ਹੀ ਮੁੱਕ ਜਾਂਦਾ ਹੈ, (ਉਹਨਾਂ ਦੇ ਅੰਦਰ ਇਤਨਾ ਆਤਮਕ ਆਨੰਦ ਬਣਦਾ ਹੈ ਕਿ) ਮਾਇਆ ਦੇ ਮੋਹ ਦੀ ਖ਼ਬਰ ਤਕ ਉਹਨਾਂ ਦੇ ਮਨ ਤਕ ਨਹੀਂ ਪਹੁੰਚਦੀ।

ਜਨਮੁ ਰਤਨੁ ਜਿਨੀ ਖਟਿਆ ਭਲੇ ਸੇ ਵਣਜਾਰੇ ॥

(ਜੀਵ ਜਗਤ ਵਿਚ ਆਤਮਕ ਆਨੰਦ ਦਾ ਵੱਖਰ ਵਿਹਾਝਣ ਆਏ ਹਨ) ਉਹੀ ਜੀਵ-ਵਪਾਰੀ ਚੰਗੇ ਕਹੇ ਜਾਂਦੇ ਹਨ ਜਿਨ੍ਹਾਂ ਨੇ (ਗੁਰੂ ਦੇ ਦੱਸੇ ਰਾਹ ਉਤੇ ਤੁਰ ਕੇ ਨਾਮ-ਕਮਾਈ ਕਰ ਕੇ) ਸ੍ਰੇਸ਼ਟ ਮਨੁੱਖਾ ਜਨਮ ਸਫਲਾ ਕਰ ਲਿਆ।

ਕਹੈ ਨਾਨਕੁ ਜਿਨ ਮੰਨੁ ਨਿਰਮਲੁ ਸਦਾ ਰਹਹਿ ਗੁਰ ਨਾਲੇ ॥੨੦॥

ਨਾਨਕ ਆਖਦਾ ਹੈ ਕਿ ਜਿਨ੍ਹਾਂ ਬੰਦਿਆਂ ਦਾ ਮਨ ਪਵਿਤ੍ਰ ਹੋ ਜਾਂਦਾ ਹੈ (ਜਿਨ੍ਹਾਂ ਦੇ ਅੰਦਰ ਆਤਮਕ ਆਨੰਦ ਬਣ ਜਾਂਦਾ ਹੈ) ਉਹ (ਅੰਤਰ ਆਤਮੇ) ਸਦਾ ਗੁਰੂ ਦੇ ਚਰਨਾਂ ਵਿਚ ਰਹਿੰਦੇ ਹਨ ॥੨੦॥

ਜੇ ਕੋ ਸਿਖੁ ਗੁਰੂ ਸੇਤੀ ਸਨਮੁਖੁ ਹੋਵੈ ॥

ਜੇ ਕੋਈ ਸਿੱਖ ਗੁਰੂ ਦੇ ਸਾਹਮਣੇ ਸੁਰਖ਼ਰੂ ਹੋਣਾ ਚਾਹੁੰਦਾ ਹੈ,

ਹੋਵੈ ਤ ਸਨਮੁਖੁ ਸਿਖੁ ਕੋਈ ਜੀਅਹੁ ਰਹੈ ਗੁਰ ਨਾਲੇ ॥

ਜੋ ਸਿੱਖ ਇਹ ਚਾਹੁੰਦਾ ਹੈ ਕਿ ਕਿਸੇ ਲੁਕਵੇਂ ਖੋਟ ਦੇ ਕਾਰਨ ਉਸ ਨੂੰ ਗੁਰੂ ਦੇ ਸਾਹਮਣੇ ਅੱਖਾਂ ਨੀਵੀਆਂ ਨ ਕਰਨੀਆਂ ਪੈਣ, (ਤਾਂ ਰਸਤਾ ਇਕੋ ਹੀ ਹੈ ਕਿ) ਉਹ ਸੱਚੇ ਦਿਲੋਂ ਗੁਰੂ ਦੇ ਚਰਨਾਂ ਵਿਚ ਟਿਕੇ।

ਗੁਰ ਕੇ ਚਰਨ ਹਿਰਦੈ ਧਿਆਏ ਅੰਤਰ ਆਤਮੈ ਸਮਾਲੇ ॥

ਸਿੱਖ ਗੁਰੂ ਦੇ ਚਰਨਾਂ ਨੂੰ ਆਪਣੇ ਹਿਰਦੇ ਵਿਚ ਥਾਂ ਦੇਵੇ, ਆਪਣੇ ਆਤਮਾ ਦੇ ਅੰਦਰ ਸੰਭਾਲ ਰੱਖੇ।

ਆਪੁ ਛਡਿ ਸਦਾ ਰਹੈ ਪਰਣੈ ਗੁਰ ਬਿਨੁ ਅਵਰੁ ਨ ਜਾਣੈ ਕੋਏ ॥

ਆਪਾ-ਭਾਵ ਛੱਡ ਕੇ ਸਦਾ ਗੁਰੂ ਦੇ ਆਸਰੇ, ਗੁਰੂ ਤੋਂ ਬਿਨਾ ਕਿਸੇ ਹੋਰ ਨੂੰ (ਆਪਣੇ ਆਤਮਕ ਜੀਵਨ ਦਾ, ਆਤਮਕ ਆਨੰਦ ਦਾ ਵਸੀਲਾ) ਨਾ ਸਮਝੇ।


ਸੂਚੀ (1 - 1430)
ਜਪੁ ਅੰਗ: 1 - 8
ਸੋ ਦਰੁ ਅੰਗ: 8 - 10
ਸੋ ਪੁਰਖੁ ਅੰਗ: 10 - 12
ਸੋਹਿਲਾ ਅੰਗ: 12 - 13
ਸਿਰੀ ਰਾਗੁ ਅੰਗ: 14 - 93
ਰਾਗੁ ਮਾਝ ਅੰਗ: 94 - 150
ਰਾਗੁ ਗਉੜੀ ਅੰਗ: 151 - 346
ਰਾਗੁ ਆਸਾ ਅੰਗ: 347 - 488
ਰਾਗੁ ਗੂਜਰੀ ਅੰਗ: 489 - 526
ਰਾਗੁ ਦੇਵਗੰਧਾਰੀ ਅੰਗ: 527 - 536
ਰਾਗੁ ਬਿਹਾਗੜਾ ਅੰਗ: 537 - 556
ਰਾਗੁ ਵਡਹੰਸੁ ਅੰਗ: 557 - 594
ਰਾਗੁ ਸੋਰਠਿ ਅੰਗ: 595 - 659
ਰਾਗੁ ਧਨਾਸਰੀ ਅੰਗ: 660 - 695
ਰਾਗੁ ਜੈਤਸਰੀ ਅੰਗ: 696 - 710
ਰਾਗੁ ਟੋਡੀ ਅੰਗ: 711 - 718
ਰਾਗੁ ਬੈਰਾੜੀ ਅੰਗ: 719 - 720
ਰਾਗੁ ਤਿਲੰਗ ਅੰਗ: 721 - 727
ਰਾਗੁ ਸੂਹੀ ਅੰਗ: 728 - 794
ਰਾਗੁ ਬਿਲਾਵਲੁ ਅੰਗ: 795 - 858
ਰਾਗੁ ਗੋਂਡ ਅੰਗ: 859 - 875
ਰਾਗੁ ਰਾਮਕਲੀ ਅੰਗ: 876 - 974
ਰਾਗੁ ਨਟ ਨਾਰਾਇਨ ਅੰਗ: 975 - 983
ਰਾਗੁ ਮਾਲੀ ਗਉੜਾ ਅੰਗ: 984 - 988
ਰਾਗੁ ਮਾਰੂ ਅੰਗ: 989 - 1106
ਰਾਗੁ ਤੁਖਾਰੀ ਅੰਗ: 1107 - 1117
ਰਾਗੁ ਕੇਦਾਰਾ ਅੰਗ: 1118 - 1124
ਰਾਗੁ ਭੈਰਉ ਅੰਗ: 1125 - 1167
ਰਾਗੁ ਬਸੰਤੁ ਅੰਗ: 1168 - 1196
ਰਾਗੁ ਸਾਰੰਗ ਅੰਗ: 1197 - 1253
ਰਾਗੁ ਮਲਾਰ ਅੰਗ: 1254 - 1293
ਰਾਗੁ ਕਾਨੜਾ ਅੰਗ: 1294 - 1318
ਰਾਗੁ ਕਲਿਆਨ ਅੰਗ: 1319 - 1326
ਰਾਗੁ ਪ੍ਰਭਾਤੀ ਅੰਗ: 1327 - 1351
ਰਾਗੁ ਜੈਜਾਵੰਤੀ ਅੰਗ: 1352 - 1359
ਸਲੋਕ ਸਹਸਕ੍ਰਿਤੀ ਅੰਗ: 1353 - 1360
ਗਾਥਾ ਮਹਲਾ ੫ ਅੰਗ: 1360 - 1361
ਫੁਨਹੇ ਮਹਲਾ ੫ ਅੰਗ: 1361 - 1663
ਚਉਬੋਲੇ ਮਹਲਾ ੫ ਅੰਗ: 1363 - 1364
ਸਲੋਕੁ ਭਗਤ ਕਬੀਰ ਜੀਉ ਕੇ ਅੰਗ: 1364 - 1377
ਸਲੋਕੁ ਸੇਖ ਫਰੀਦ ਕੇ ਅੰਗ: 1377 - 1385
ਸਵਈਏ ਸ੍ਰੀ ਮੁਖਬਾਕ ਮਹਲਾ ੫ ਅੰਗ: 1385 - 1389
ਸਵਈਏ ਮਹਲੇ ਪਹਿਲੇ ਕੇ ਅੰਗ: 1389 - 1390
ਸਵਈਏ ਮਹਲੇ ਦੂਜੇ ਕੇ ਅੰਗ: 1391 - 1392
ਸਵਈਏ ਮਹਲੇ ਤੀਜੇ ਕੇ ਅੰਗ: 1392 - 1396
ਸਵਈਏ ਮਹਲੇ ਚਉਥੇ ਕੇ ਅੰਗ: 1396 - 1406
ਸਵਈਏ ਮਹਲੇ ਪੰਜਵੇ ਕੇ ਅੰਗ: 1406 - 1409
ਸਲੋਕੁ ਵਾਰਾ ਤੇ ਵਧੀਕ ਅੰਗ: 1410 - 1426
ਸਲੋਕੁ ਮਹਲਾ ੯ ਅੰਗ: 1426 - 1429
ਮੁੰਦਾਵਣੀ ਮਹਲਾ ੫ ਅੰਗ: 1429 - 1429
ਰਾਗਮਾਲਾ ਅੰਗ: 1430 - 1430